ਪੰਜਾਬੀਆਂ ਨੂੰ ਕਿਵੇਂ ਏਜੰਟ ਨੌਕਰੀਆਂ ਦਾ ਲਾਰਾ ਲਾ ਕੇ ਵਿਦੇਸ਼ਾਂ ’ਚ ਗੁਲਾਮ ਬਣਾਉਂਦੇ ਤੇ ਸਾਈਬਰ ਠੱਗੀ ਕਰਵਾਉਂਦੇ ਹਨ

ਤਸਵੀਰ ਸਰੋਤ, Getty Images
ਪੰਜਾਬ ਤੋਂ ਗ਼ੈਰ ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਦੇ ਇਲਜ਼ਾਮਾਂ ਤਹਿਤ 2 ਟਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਨ੍ਹਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਇਲਜ਼ਾਮਾਂ ਹੇਠ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ ਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ। ਅਮਰਜੀਤ ਸਿੰਘ ਮੋਹਾਲੀ 'ਚ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ।
ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਨੇ ਕਈ ਵਿਅਕਤੀਆਂ ਨੂੰ ਧੋਖੇ ਨਾਲ ਕੰਬੋਡੀਆ ਭੇਜਿਆ ਸੀ, ਜਿੱਥੇ ਹੁਣ ਉਹ ਜ਼ਬਰਦਸਤੀ 'ਸਾਈਬਰ ਗੁਲਾਮੀ ਵਿੱਚ ਫਸੇ ਹੋਏ ਹਨ।
ਇੱਕ ਪੀੜਤ ਵਿਅਕਤੀ ਦੇ ਬਿਆਨ ਦੇ ਅਧਾਰ 'ਤੇ ਸੂਬੇ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਐਫਆਈਆਰ ਦਰਜ ਕਰਕੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਨ੍ਹਾਂ ਦੋ ਏਜੰਟਾਂ ਖਿਲਾਫ਼ ਆਈਪੀਸੀ ਦੀ ਧਾਰਾ 370, 406, 420 ਅਤੇ 120-ਬੀ ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਦੇ ਤਹਿਤ ਮਾਮਲਾ ਦਰਜ ਹੋ ਚੁਕਿਆ ਹੈ।
ਇਨ੍ਹਾਂ ਏਜੰਟਾਂ ਵੱਲੋਂ ਕੀਤੀ ਗਈ ਕਥਿਤ ਧੋਖਾਧੜੀ ਅਤੇ ਇਨ੍ਹਾਂ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਬੁੱਧਵਾਰ ਨੂੰ ਦਿੱਤੀ ਗਈ।
ਕਿਹੜੇ ਨੌਜਵਾਨ ਤਸਕਰਾਂ ਦੇ ਨਿਸ਼ਾਨੇ ਉੱਤੇ ਹੁੰਦੇ ਹਨ

ਤਸਵੀਰ ਸਰੋਤ, Getty Images
ਬੀਬੀਸੀ ਦੀ ਇੱਕ ਰਿਪੋਰਟ ਮੁਤਾਬਕ ਬੀਤੇ ਕੁਝ ਸਾਲਾਂ ਵਿੱਚ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਦੋਂ ਨੌਜਵਾਨਾਂ ਨੂੰ ਨੌਕਰੀਆਂ ਦਾ ਝਾਂਸਾ ਦੇ ਕੇ ਮਨੁੱਖੀ ਤਸਕਰ ਦੱਖਣੀ ਏਸ਼ੀਆਈ ਦੇਸ਼ਾਂ ਜਿਵੇਂ ਇੰਡੋਨੇਸ਼ੀਆ, ਵੀਅਤਨਾਮ, ਮਲੇਸ਼ੀਆ, ਹਾਂਗਕਾਂਗ, ਅਤੇ ਤਾਈਵਾਨ ਵਿੱਚ ਭੇਜ ਦਿੰਦੇ ਹਨ।
ਉਨ੍ਹਾਂ ਨੂੰ ਚੰਗੀਆਂ ਤਨਖ਼ਾਹਾਂ ਦਾ ਲਾਲਚ ਦਿੱਤਾ ਜਾਂਦਾ ਹੈ। ਨੌਜਵਾਨ ਜਿਵੇਂ ਹੀ ਇਨ੍ਹਾਂ ਦੇਸਾਂ ਵਿੱਚ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਕੈਦ ਕਰ ਲਿਆ ਜਾਂਦਾ ਹੈ ਤੇ ਆਨਲਾਈਨ ਸਕੈਮ ਸੈਂਟਰਾਂ ਵਿੱਚ ਜਬਰੀ ਕੰਮ ਕਰਵਾਇਆ ਜਾਂਦਾ ਹੈ।
ਇਨ੍ਹਾਂ ਸੈਂਟਰਾਂ ਨੂੰ ਫਰਾਡ ਫੈਕਟਰੀਆਂ ਕਿਹਾ ਜਾਂਦਾ ਹੈ। ਇਨ੍ਹਾਂ ਦੇ ਟਾਰਗੇਟ ਉਹ ਨੌਜਵਾਨ ਹੁੰਦੇ ਹਨ ਜੋ ਪੜ੍ਹੇ-ਲਿਖੇ ਹੁੰਦੇ ਤੇ ਕੰਮਿਊਟਰ ਚਲਾਉਣਾ ਜਾਣਦੇ ਹਨ।
ਬੀਬੀਸੀ ਦੀ ਇੱਕ ਰਿਪੋਰਟ ਮੁਤਾਬਕ ਮਾਰਚ 2024 ਵਿੱਚ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਆਈਟੀ ਅਤੇ ਇੰਡੀਅਨ ਸਾਇਬਰ ਕਰਾਇਮ ਨੂੰ ਡੀਲ ਕਰਨ ਵਾਲੀਆਂ ਏਜੰਸੀਆਂ ਨਾਲ ਬੈਠਕ ਕੀਤੀ ਸੀ। ਜਿਸ ਵਿੱਚ ਪਿਛਲੇ 6 ਮਹੀਨੇ ਦੌਰਾਨ 5 ਹਜਾਰ ਭਾਰਤੀਆਂ ਦੇ ਕੰਬੋਡੀਆ ਵਿੱਚ ਫਸਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਸੀ।
ਕਿਵੇਂ ਲੋਕਾਂ ਨੂੰ ਝਾਂਸਾ ਦੇ ਕੇ ਵਿਦੇਸ਼ ਭੇਜਦੇ ਏਜੰਟ

ਤਸਵੀਰ ਸਰੋਤ, Getty Images
ਪੰਜਾਬ ਦੇ ਲੋਕਾਂ ਅੰਦਰ ਵਿਦੇਸ਼ ਜਾਣ ਦਾ ਰੁਝਾਨ ਕਾਫ਼ੀ ਜ਼ਿਆਦਾ ਦੇਖਿਆ ਜਾਂਦਾ ਹੈ। ਵਿਦੇਸ਼ ਜਾ ਕੇ ਆਪਣਾ ਭਵਿੱਖ ਸਵਾਰਨ ਲਈ ਏਜੰਟਾਂ ਵੱਲੋਂ ਇਨ੍ਹਾਂ ਲੋਕਾਂ ਨਾਲ ਕਈ ਤਰ੍ਹਾਂ ਦੇ ਵਾਅਦੇ ਅਤੇ ਲਾਲਚ ਦਿੱਤੇ ਜਾਂਦੇ ਹਨ।
ਪਰ ਇਸ ਦੇ ਨਾਲ ਹੀ ਕੁਝ ਫ਼ਰਜ਼ੀ ਏਜੰਟਾਂ ਵੱਲੋਂ ਪੰਜਾਬੀ ਨੌਜਵਾਨਾਂ ਨੂੰ ਝਾਂਸੇ 'ਚ ਲੈ ਕੇ, ਲੱਖਾਂ ਰੁਪਏ ਠੱਗ ਕੇ, ਵਿਦੇਸ਼ ਭੇਜਣ ਦੇ ਮਾਮਲੇ ਸਾਹਮਣੇ ਆਉਣਾ ਵੀ ਕੋਈ ਨਵੀਂ ਗੱਲ ਨਹੀਂ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਮੁਤਾਬਕ ਧੋਖੇ ਨਾਲ ਕੰਬੋਡੀਆ ਭੇਜੇ ਗਏ ਪੰਜਾਬੀਆਂ ਵਿੱਚੋਂ ਇੱਕ ਪੀੜਤ ਕੰਬੋਡੀਆ ਵਿਚਲੇ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆਉਣ ਮਗਰੋਂ ਉਥੋਂ ਭੱਜਣ ਵਿੱਚ ਕਾਮਯਾਬ ਰਿਹਾ।
ਡੀਜੀਪੀ ਨੇ ਦੱਸਿਆ ਕਿ ਭੱਜਣ ਵਿੱਚ ਕਾਮਯਾਬ ਹੋਏ ਵਿਅਕਤੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਠੱਗ ਟਰੈਵਲ ਏਜੰਟ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਭੋਲੇ-ਭਾਲੇ ਪੰਜਾਬੀ ਲੋਕਾਂ ਨੂੰ ਕੰਬੋਡੀਆ ਭੇਜ ਰਹੇ ਸਨ।
ਡੀਜੀਪੀ ਨੇ ਦੱਸਿਆ, “ਕੰਬੋਡੀਆ ਦੇ ਸਿਆਮ ਰੀਪ ਪਹੁੰਚਣ 'ਤੇ ਹੀ ਉਨ੍ਹਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਸਨ।”
“ਫਿਰ ਵਿੱਤੀ ਸਾਈਬਰ ਧੋਖਾਧੜੀ ਕਰਨ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਉਨ੍ਹਾਂ ਨੂੰ ਤਸੀਹੇ ਦੇ ਕੇ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਨੂੰ ਮਜਬੂਰ ਕੀਤਾ ਜਾਂਦਾ ਸੀ।”
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਪਤਾ ਲੱਗਿਆ ਕਿ ਮੁਲਜ਼ਮਾਂ ਨੇ ਧੋਖਾਧੜੀ ਨਾਲ ਕੰਬੋਡੀਆ ਅਤੇ ਦੱਖਣੀ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਕਈ ਲੋਕਾਂ ਨੂੰ ਭੇਜਿਆ ਹੈ।
ਉਥੇ ਉਨ੍ਹਾਂ ਨੂੰ ਜ਼ਬਰਦਸਤੀ ਭਾਰਤੀਆਂ ਨੂੰ ਸਾਈਬਰ ਸਕੈਮਿੰਗ ਵਿੱਚ ਫਸਾਉਣ ਵਾਲੇ ਕੇਂਦਰਾਂ ਵਿੱਚ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਾਈਬਰ ਗੁਲਾਮੀ ਵਿੱਚ ਫਸੇ ਇਨ੍ਹਾਂ ਵਿਅਕਤੀਆਂ ਦੇ ਵੇਰਵੇ ਅਤੇ ਸੰਪਰਕ ਪ੍ਰਾਪਤ ਕਰ ਲਏ ਗਏ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ।
ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀ ਕਿਹਾ

ਤਸਵੀਰ ਸਰੋਤ, Cyber Crime Division, Punjab/X
ਇਸ ਮਾਮਲੇ ਬਾਰੇ ਗੱਲ ਕਰਦਿਆਂ ਏਡੀਜੀਪੀ ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਦੱਸਿਆ ਕਿ ਸੂਬੇ ਦੀਆਂ ਸਾਈਬਰ ਕ੍ਰਾਈਮ ਦੀਆਂ ਟੀਮਾਂ ਨੇ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਫ਼ਤਰ 'ਤੇ ਛਾਪੇਮਾਰੀ ਕੀਤੀ ਅਤੇ ਦੋਵਾਂ ਮੁਲਜ਼ਮਾਂ, ਅਮਰਜੀਤ ਸਿੰਘ ਤੇ ਉਸ ਦੇ ਸਾਥੀ ਗੁਰਜੋਧ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਇਹ ਵੀ ਖੁਲਾਸਾ ਕੀਤਾ ਹੈ ਕਿ ਉਹ ਵੱਖ-ਵੱਖ ਸੂਬਿਆਂ ਦੇ ਏਜੰਟਾਂ ਨਾਲ ਮਿਲੇ ਹੋਏ ਸਨ ਅਤੇ ਕਈ ਤਰ੍ਹਾਂ ਦੀਆਂ ਗੈਰ-ਕਾਨੂੰਨੀ ਸਰਗਰਮੀਆਂ ਵਿੱਚ ਸ਼ਾਮਲ ਸਨ।
ਏਡੀਜੀਪੀ ਨੇ ਕਿਹਾ ਕਿ ਅਜਿਹੇ ਹੋਰ ਟਰੈਵਲ ਏਜੰਟਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਏਡੀਜੀਪੀ ਵੀ. ਨੀਰਜਾ ਨੇ ਲੋਕਾਂ ਨੂੰ ਅਜਿਹੀਆਂ ਧੋਖੇਧੜੀਆਂ ਪ੍ਰਤੀ ਸੁਚੇਤ ਰਹਿਣ ਲਈ ਵੀ ਆਖਿਆ।
ਉਨ੍ਹਾਂ ਕਿਹਾ ਕਿ ਨਾਗਰਿਕ ਅਜਿਹੀਆਂ ਫਰਜ਼ੀ ਇਮੀਗ੍ਰੇਸ਼ਨ ਗਤੀਵਿਧੀਆਂ ਤੋਂ ਸੁਚੇਤ ਰਹਿਣ ਅਤੇ ਵਿਦੇਸ਼ਾਂ, ਖਾਸ ਕਰਕੇ ਦੱਖਣੀ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਵਾਲੇ ਟਰੈਵਲ ਏਜੰਟਾਂ ਦੇ ਝੂਠੇ ਲਾਰਿਆਂ ਦਾ ਸ਼ਿਕਾਰ ਨਾ ਬਣਨ।
ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਨੌਕਰੀ ਦੇਣ ਵਾਲੇ ਦੇ ਪਿਛੋਕੜ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ, ਖਾਸ ਤੌਰ 'ਤੇ ਜਦੋਂ ਤੁਹਾਨੂੰ 'ਡਾਟਾ ਐਂਟਰੀ ਆਪਰੇਟਰ' ਦੀ ਨੌਕਰੀ ਦੀ ਪੇਸ਼ਕਸ਼ ਕੀਤੀ ਜਾਂਦੀ ਹੈ।
ਉਨ੍ਹਾਂ ਅੱਗੇ ਲੋਕਾਂ ਨੂੰ ਕੋਈ ਵੀ ਗੈਰ-ਕਾਨੂੰਨੀ ਸਾਈਬਰ ਗਤੀਵਿਧੀਆਂ ਵਿੱਚ ਸ਼ਾਮਲ ਨਾ ਹੋਣ ਅਤੇ ਪੀੜਤ ਭਾਰਤੀ ਦੂਤਾਵਾਸ ਤੱਕ ਪਹੁੰਚ ਕਰਨ।

ਠੱਗੀ ਤੋਂ ਕਿਵੇਂ ਬਚੀਏ ?
ਭਾਰਤ ਸਰਕਾਰ ਵੱਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਇੱਕ ਨਵੀਂ ਸੇਵਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਭਾਰਤੀ ਵਿਦੇਸ਼ ਮੰਤਰਾਲੇ ਨੇ ਰੁਜ਼ਗਾਰ ਲਈ ਵਿਦੇਸ਼ ਜਾਣ ਵਾਲੇ ਵਿਅਕਤੀਆਂ ਨੂੰ ਲੋੜੀਂਦੀਆਂ ਸਹਾਇਤਾ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਸਿੰਗਲ-ਵਿੰਡੋ ਸੁਵਿਧਾ ਕੇਂਦਰ ਵਜੋਂ ਓਵਰਸੀਜ਼ ਵਰਕਰਜ਼ ਰਿਸੋਰਸ ਸੈਂਟਰ (OWRC) ਦੀ ਸਥਾਪਨਾ ਵੀ ਕੀਤੀ ਹੈ।
ਓਵਰਸੀਜ਼ ਵਰਕਰਜ਼ ਰਿਸੋਰਸ ਸੈਂਟਰ ਇੱਕ 24x7 ਹੈਲਪਲਾਈਨ (1800113090) ਦਾ ਸੰਚਾਲਨ ਕਰ ਰਿਹਾ ਹੈ ਤਾਂ ਜੋ ਪਰਵਾਸੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇੱਕ ਟੋਲ ਫਰੀ ਨੰਬਰ ਰਾਹੀਂ ਲੋੜ ਅਧਾਰਤ ਜਾਣਕਾਰੀ ਮੁੱਹਈਆ ਕਰਵਾਈ ਜਾ ਸਕੇ।
ਜੇਕਰ ਪੰਜਾਬ ਦਾ ਕੋਈ ਹੋਰ ਨਾਗਰਿਕ ਵੀ ਇਸ ਕਥਿਤ ਘੁਟਾਲੇ ਦਾ ਸ਼ਿਕਾਰ ਹੋਇਆ ਹੈ, ਤਾਂ ਉਹ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ, ਪੰਜਾਬ ਹੈਲਪਲਾਈਨ ਨੰ. 0172-2226258 'ਤੇ ਸੰਪਰਕ ਕਰ ਸਕਦਾ ਹੈ।












