You’re viewing a text-only version of this website that uses less data. View the main version of the website including all images and videos.
ਹਰਦੀਪ ਸਿੰਘ ਨਿੱਝਰ: ਵਿਵਾਦ ਮਗਰੋਂ ਭਾਰਤ ਅਤੇ ਕੈਨੇਡਾ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ ’ਚ ਇਹ ਦਿੱਤੀਆਂ ਹਦਾਇਤਾਂ
ਭਾਰਤ ਸਰਕਾਰ ਨੇ ਕੈਨੇਡਾ ਵਿੱਚ ਵਸਦੇ ਆਪਣੇ ਨਾਗਰਿਕਾਂ ਲਈ ਵੀ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ।
ਇਸ ਤੋਂ ਪਹਿਲਾਂ ਕੈਨੇਡਾ ਵੀ ਅਜਿਹੀ ਹੀ ਐਡਵਾਇਜ਼ਰੀ ਜਾਰੀ ਕਰ ਚੁੱਕਿਆ ਹੈ।
ਦਰਅਸਲ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਏਜੰਸੀਆਂ ਦੇ ਹਵਾਲੇ ਨਾਲ ਨਿੱਝਰ ਕਤਲ ਕੇਸ ਅਤੇ ਭਾਰਤ ਸਰਕਾਰ ਵਿਚਾਲੇ ਪ੍ਰਤੱਖ਼ ਲਿੰਕ ਹੋਣ ਦੀ ਗੱਲ ਕਹੀ ਸੀ।
ਹਾਲਾਂਕਿ, ਭਾਰਤ ਸਰਕਾਰ ਨੇ ਇਸ ਬਿਆਨ ਨੂੰ ਬੇ-ਬੁਨਿਆਦ ਅਤੇ ਸਿਆਸੀ ਤੌਰ ਉੱਤੇ ਪ੍ਰੇਰਿਤ ਕਰਾਰ ਦਿੱਤਾ ਸੀ।
ਇਸ ਮੁੱਦੇ ਬਾਰੇ ਤਾਜ਼ਾ ਤੇ ਵਧੇਰੇ ਜਾਣਕਾਰੀ ਹੇਠਲੇ ਲਿੰਕ ਉੱਤੇ ਕਲਿੱਕ ਕਰੋ-
ਭਾਰਤ ਵੱਲੋਂ ਜਾਰੀ ਐਡਵਾਇਜ਼ਰੀ
ਭਾਰਤ ਨੇ ਆਪਣੇ ਬਿਆਨ ਵਿੱਚ ਕਿਹਾ, "ਕੈਨੇਡਾ ਵਿੱਚ ਵੱਧ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਸਿਆਸੀ ਤੌਰ 'ਤੇ ਸਮਰਥਨ ਹਾਸਿਲ ਨਫ਼ਰਤੀ ਅਪਰਾਧਾਂ ਅਤੇ ਅਪਰਾਧਿਕ ਹਿੰਸਾ ਦੇ ਮੱਦੇਨਜ਼ਰ ਵਧੇਰੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।"
ਐਡਵਾਇਜ਼ਰੀ ਮੁਤਾਬਕ-
- ਕੈਨੇਡਾ ਰਹਿਣ ਵਾਲੇ ਅਤੇ ਜਾਣ ਵਾਲੇ ਵਧੇਰੇ ਸੁਚੇਤ ਰਹਿਣ
- ਭਾਰਤੀ ਕੂਟਨੀਤਕਾਂ ਨੂੰ ਅਤੇ ਭਾਰਤ ਵਿਰੋਧੀ ਏਜੰਡੇ ਦੇ ਖ਼ਿਲਾਫ਼ ਬੋਲਣ ਵਾਲੇ ਭਾਰਤੀਆਂ ਲਈ ਖ਼ਤਰੇ ਦੇ ਹਾਲਾਤ ਬਣੇ ਹਨ।
- ਅਜਿਹੇ ਇਲਾਕਿਆਂ 'ਚ ਭਾਰਤੀ ਜਾਣ ਤੋਂ ਗੁਰੇਜ਼ ਕਰਨ ਜਿੱਥੇ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ।
- ਸਾਡਾ ਹਾਈ ਕਮੀਸ਼ਨ ਕੈਨੇਡਾ ਦੀ ਅਥਾਰਿਟੀ ਨਾਲ ਸਭ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਰਾਬਤਾ ਕਾਇਮ ਰੱਖ ਰਿਹਾ ਹੈ।
- ਭਾਰਤ ਨੇ ਕੈਨੇਡਾ ਵਿੱਚ ਰਹਿੰਦੇ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਆਪਣਾ ਨਾਮ ਪੋਰਟਲ 'ਤੇ ਰਜਿਸਟਰ ਜ਼ਰੂਰ ਕਰਵਾਉਣ।
ਭਾਰਤ-ਕੈਨੇਡਾ ਮਸਲਾ: ਹੁਣ ਤੱਕ ਕੀ ਕੁਝ ਹੋਇਆ
- ਸੋਮਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਏਜੰਸੀਆਂ ਦੇ ਹਵਾਲੇ ਨਾਲ ਨਿੱਝਰ ਕਤਲ ਕੇਸ ਅਤੇ ਭਾਰਤ ਸਰਕਾਰ ਵਿਚਾਲੇ ਪ੍ਰਤੱਖ਼ ਲਿੰਕ ਹੋਣ ਦੀ ਗੱਲ ਕਹੀ ਸੀ।
- ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ।
- ਭਾਰਤ ਨੇ ਵੀ ਮੰਗਲਵਾਰ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।
- ਭਾਰਤ ਸਰਕਾਰ ਨੇ ਇਸ ਬਿਆਨ ਨੂੰ ਬੇ-ਬੁਨਿਆਦ ਅਤੇ ਸਿਆਸੀ ਤੌਰ ਉੱਤੇ ਪ੍ਰੇਰਿਤ ਕਰਾਰ ਦਿੱਤਾ ਸੀ।
- 21 ਸਤੰਬਰ ਨੂੰ ਨਿਊਯਾਰਕ ਵਿੱਚ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣੇ ਇਲਜ਼ਾਮ ਦੁਹਰਾਏ, “ਇਸ ਗੱਲ ਉੱਤੇ ਭਰੋਸਾ ਕਰਨ ਲਈ ਪੁਖ਼ਤਾ ਕਾਰਨ ਹਨ ਕਿ ਭਾਰਤੀ ਏਜੰਟ ਇੱਕ ਕੈਨੇਡੀਅਨ ਨਾਗਰਿਕ ਦੇ ਕੈਨੇਡੀਅਨ ਧਰਤੀ ਉੱਤੇ ਹੋਏ ਕਤਲ ਵਿੱਚ ਸ਼ਾਮਿਲ ਹਨ।”
- ਇਸ ਵਿਵਾਦ ਦੇ ਚਲਦਿਆਂ ਦੋਵੇਂ ਦੇਸ਼ਾਂ ਨੇ ਆਪਣੇ-ਆਪਣੇ ਨਾਗਰਿਕਾਂ ਨੂੰ ਇੱਕ-ਦੂਜੇ ਦੇ ਦੇਸ਼ 'ਚ ਰਹਿਣ ਜਾਂ ਯਾਤਰਾ ਦੌਰਾਨ ਵਧੇਰੇ ਸਾਵਧਾਨ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ।
- ਇਸੇ ਦੌਰਾਨ ਅਮਰੀਕਾ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਟਰੂ਼ਡੋ ਵਲੋਂ ਲਾਏ ਇਲਜ਼ਾਮਾਂ ਦੀ ਵਿਸਥਾਰਤ ਜਾਂਚ ਦਾ ਸਮਰਥਕ ਹੈ ਅਤੇ ਭਾਰਤ ਨੂੰ ਇਸ ਮਸਲੇ ਉੱਤੇ ਸਹਿਯੋਗ ਕਰਨਾ ਚਾਹੀਦਾ ਹੈ।
- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਮਹਿਲਾ ਬੁਲਾਰੇ ਮੁਮਤਾਜ਼ ਜ਼ਾਹਰਾ ਬਲੋਚ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, ''ਇਹ ਇੱਕ ਲਾਪਰਵਾਹ ਅਤੇ ਗ਼ੈਰ-ਜ਼ਿੰਮੇਦਾਰ ਹਰਕਤ ਹੈ ਜੋ ਇੱਕ ਭਰੋਸੇਯੋਗ ਅੰਤਰ-ਰਾਸ਼ਟਰੀ ਸਹਿਯੋਗੀ ਦੇ ਰੂਪ 'ਚ ਭਾਰਤ ਦੀ ਭਰੋਸੇਯੋਗਤਾ 'ਤੇ ਸਵਾਲ ਹੈ।’’
ਅਕਾਲ ਤਖ਼ਤ ਦੇ ਜਥੇਦਾਰ ਨੇ ਕੀ ਕਿਹਾ
ਅਕਾਲ ਤਖ਼ਤ ਜਥੇਦਾਰ ਨੇ ਕਿਹਾ ਹੈ ਕਿ ਟਰੂਡੋ ਦੇ ਖ਼ੁਲਾਸੇ ਤੋਂ ਸੰਸਾਰ ਭਰ ਵਿੱਚ ਸਿੱਖਾਂ ਦੇ ਹਿਰਦੇ ਵਲੂੰਦਰੇ ਗਏ ਹਨ।
ਦਰਸਅਲ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਨੇ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਜ਼ਾਮ ਭਾਰਤ ਸਰਕਾਰ ਉੱਤੇ ਲਗਾਉਣ ਤੋਂ ਬਾਅਦ ਪ੍ਰਤਿਕਿਰਿਆ ਦਿੱਤੀ ਹੈ।
ਅਕਾਲ ਤਖ਼ਤ ਜਥੇਦਾਰ ਨੇ ਇਸ ਘਟਨਾ ਬਾਰੇ ਕਿਹਾ ਕਿ ਇਸ ਨਾਲ ਸਾਕਾ ਨੀਲਾ ਤਾਰਾ, 1984 ਸਿੱਖ ਕਤਲ-ਏ-ਆਮ ਦੀ ਯਾਦ ਤਾਜ਼ਾ ਹੋ ਗਈ ਹੈ।
ਉਨ੍ਹਾਂ ਕਿਹਾ, ‘‘ਜੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਸ਼ਾਮਲ ਹੈ ਤਾਂ ਇਸ ਤੋਂ ਮਾੜੀ ਗੱਲ ਨਹੀਂ ਹੋ ਸਕਦੀ।’’
‘‘ਜੇ ਵਾੜ ਹੀ ਖ਼ੇਤ ਨੂੰ ਖਾਣ ਲੱਗ ਜਾਵੇ ਤਾਂ ਖ਼ੇਤ ਦੀ ਰਾਖ਼ੀ ਕੌਣ ਕਰੇਗਾ?’’
'ਭਾਰਤੀ ਏਜੰਸੀਆਂ ਮੈਨੂੰ ਕਤਲ ਕਰ ਸਕਦੀਆਂ ਹਨ'
ਹਰਦੀਪ ਸਿੰਘ ਨਿੱਝਰ ਦਾ ਤਕਰੀਬਨ ਇੱਕ ਮਹੀਨੇ ਪਹਿਲਾਂ ਇੰਟਰਵਿਊ ਲੈਣ ਵਾਲੇ ਕੈਨੇਡਾ ਰਹਿੰਦੇ ਪੱਤਰਕਾਰ ਗੁਰਪ੍ਰੀਤ ਸਿੰਘ ਨੇ ਬੀਬੀਸੀ ਪੱਤਰਕਾਰ ਅਵਤਾਰ ਸਿੰਘ ਨਾਲ ਗੱਲ ਕੀਤੀ।
ਗੁਰਪ੍ਰੀਤ ਸਿੰਘ ਨੇ ਦੱਸਿਆ, “ਟਰੂਡੋ ਦੇ ਬਿਆਨ ਨੇ ਹਰਦੀਪ ਸਿੰਘ ਨਿੱਝਰ ਦੇ ਹਮਾਇਤੀਆਂ ਦੇ ਦਾਅਵਿਆਂ ਉੱਤੇ ਮੋਹਰ ਲਾਈ ਹੈ।”
ਨਿੱਝਰ ਨੇ ਮੇਰੇ ਨਾਲ 18 ਮਈ ਨੂੰ ਇੰਟਰਵਿਊ ਵਿੱਚ ਕਿਹਾ ਸੀ ਕਿ ਭਾਰਤੀ ਏਜੰਸੀਆਂ ਮੈਨੂੰ ਕਤਲ ਕਰ ਸਕਦੀਆਂ ਹਨ।”
ਉਨ੍ਹਾਂ ਕਿਹਾ ਕਿ ਇੱਥੇ ਰਹਿੰਦੇ ਲੋਕਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਪੜਤਾਲ ਕਰਕੇ ਇਸ ਮਾਮਲੇ ਦੇ ਸੂਤਰਧਾਰਾਂ ਦੇ ਚਿਹਰੇ ਨੰਗੇ ਕੀਤੇ ਜਾਣ ਅਤੇ ਨਿਆਂ ਹੋਵੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਕਰਕੇ ਦੋਵਾਂ ਦੇਸ਼ਾਂ ਦੇ ਰਿਸ਼ਤੇ ਖ਼ਰਾਬ ਹੋਏ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ।
ਵੀਡੀਓ-ਹਰਦੀਪ ਸਿੰਘ ਕਤਲ ਕੇਸ : ਭਾਰਤ-ਕੈਨੇਡਾ ਵਿਵਾਦ 'ਤੇ ਕੈਨੇਡੀਅਨ ਪੰਜਾਬੀ ਕੀ ਕਹਿ ਰਹੇ ਹਨ
ਬੇਲੋੜਾ ਭਾਰਤ ਨਾ ਜਾਣ ਦੀ ਸਲਾਹ
ਜੂਨ ਮਹੀਨੇ ਵਿੱਚ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਹੁਣ ਜਦੋਂ ਉੱਥੋਂ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਖ਼ਦਸ਼ਾ ਜਤਾਇਆ ਹੈ ਤਾਂ ਦੋਵਾਂ ਮੁਲਕਾਂ ਵਿਚਾਲੇ ਕੁੜੱਤਣ ਵੱਧ ਗਈ ਹੈ।
ਮਸਲਾ ਇੰਨਾ ਗਰਮਾ ਗਿਆ ਹੈ ਕਿ ਦੋਵਾਂ ਮੁਲਕਾਂ ਦੇ ਇੱਕ ਦੂਜੇ ਦੇ ਇੱਕ -ਇੱਕ ਸੀਨੀਅਰ ਕੂਟਨੀਤਿਕਾਂ ਨੂੰ ਮੁਲਕ ਤੋਂ ਬਾਹਰ ਚਲੇ ਜਾਣ ਲਈ ਕਿਹਾ।
ਭਾਵੇਂ ਕਿ ਦੂਜੇ ਬਿਆਨ ਵਿੱਚ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦਾ ਮਕਸਦ ਭਾਰਤ ਨੂੰ ਭੜਕਾਉਣਾ ਨਹੀਂ ਸੀ, ਸਗੋਂ ਉਹ ਤਾਂ ਭਾਰਤ ਨਾਲ ਮਿਲਕੇ ਇਸ ਮਾਮਲੇ ਦਾ ਨਿਤਾਰਾ ਕਰਨਾ ਚਾਹੁੰਦੇ ਹਨ।
ਪਰ ਦੂਜੇ ਪਾਸੇ ਕੈਨੇਡਾ ਵਲੋਂ ਜਾਰੀ ਟਰੈਵਲ ਐਡਵਾਇਜ਼ਰੀ ਨੇ ਇਸ ਗਰਮੀ ਦੇ ਸੇਕ ਨੂੰ ਹੋਰ ਅੱਗੇ ਵਧਾ ਦਿੱਤਾ ਹੈ।
ਕੈਨੇਡਾ ਸਰਕਾਰ ਨੇ ਆਪਣੀ ਇਮੀਗ੍ਰੇਸ਼ਨ ਵੈੱਬਸਾਈਟ ਉੱਤੇ ਇੱਕ ਟਰੈਵਲ ਐਡਵਾਇਜ਼ਰੀ ਨਸ਼ਰ ਕੀਤੀ ਹੈ ਅਤੇ ਭਾਰਤ ਵਿੱਚ ਯਾਤਰਾ ਕਰਨ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ।
ਇਸ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਸੂਬਿਆਂ ਪੰਜਾਬ, ਗੁਜਰਾਤ ਅਤੇ ਰਾਜਸਥਾਨ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ।
ਕੈਨੇਡਾ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਵਿੱਚ ਕਿਹਾ ਗਿਆ ਹੈ, ‘‘ਕੁਝ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਹਨ, ਹਾਲਾਤ ਤੇਜ਼ੀ ਨਾਲ ਬਦਲ ਸਕਦੇ ਹਨ। ਹਰ ਸਮੇਂ ਬਹੁਤ ਸਾਵਧਾਨ ਰਹੋ, ਸਥਾਨਕ ਮੀਡੀਆ ਉੱਤੇ ਨਜ਼ਰ ਰੱਖੋ ਅਤੇ ਸਥਾਨਕ ਅਧਿਕਾਰੀਆਂ ਦੇ ਨਿਰਦੇਸ਼ਾਂ ਦਾ ਪਾਲਣ ਕਰੋ।’’
ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਵਿੱਚ ਗ਼ੈਰ-ਜ਼ਰੂਰੀ ਯਾਤਰਾ ਤੋਂ ਬਚਣ ਦਾ ਸੁਝਾਅ ਵੀ ਦਿੱਤਾ ਹੈ ਅਤੇ ਕਿਹਾ ਹੈ, ‘‘ਤੁਹਾਡੀ ਸੁਰੱਖਿਆ ਖ਼ਤਰੇ ਵਿੱਚ ਪੈ ਸਕਦੀ ਹਨ। ਤੁਹਾਨੂੰ ਪਰਿਵਾਰਕ ਲੋੜਾਂ, ਇਲਾਕੇ ਦੀ ਜਾਣਕਾਰੀ ਅਤੇ ਹੋਰ ਗੱਲਾਂ ਦੇ ਆਧਾਰ ਉੱਤੇ ਇਸ ਦੇਸ਼, ਖ਼ੇਤਰ ਜਾਂ ਖ਼ੇਤਰ ਦੀ ਯਾਤਰਾ ਕਰਨ ਦੀ ਆਪਣੀ ਜ਼ਰੂਰਤ ਬਾਰੇ ਸੋਚਣਾ ਚਾਹੀਦਾ ਹੈ। ਜੇ ਤੁਸੀਂ ਪਹਿਲਾਂ ਤੋਂ ਉੱਥੇ ਹੋ ਤਾਂ ਸੋਚੋ ਕਿ ਕੀ ਤੁਹਾਨੂੰ ਅਸਲ ਵਿੱਚ ਉੱਥੇ ਰਹਿਣ ਦੀ ਲੋੜ ਹੈ। ਜੇ ਇਹ ਲੋੜ ਨਹੀਂ ਹੈ ਤਾਂ ਤੁਹਾਨੂੰ ਵਾਪਸ ਆਉਣ ਬਾਰੇ ਸੋਚਣਾ ਚਾਹੀਦਾ ਹੈ।’’
‘ਅੱਤਵਾਦ ਦਾ ਖ਼ਤਰਾֹ’
ਇਸ ਐਡਵਾਇਜ਼ਰੀ ਵਿੱਚ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਤੁਹਾਡੀ ਸੁਰੱਖਿਆ ਵੱਡੇ ਖ਼ਤਰੇ ਹੇਠਾਂ ਹੈ।
ਸਰਕਾਰ ਵੱਲੋਂ ਜਾਰੀ ਐਡਵਾਇਜ਼ਰੀ ਵਿੱਚ ਅਸਾਮ ਅਤੇ ਮਣੀਪੁਰ ਸੂਬਿਆਂ ਤੋਂ ਕੇਂਦਰ ਸ਼ਾਸਿਤ ਸੂਬਿਆਂ ਜੰਮੂ-ਕਸ਼ਮੀਰ ਵਿੱਚ ਵੀ ਗ਼ੈਰ-ਜ਼ਰੂਰੀ ਯਾਤਰਾ ਤੋਂ ਗੁਰੇਜ਼ ਕਰਨ ਨੂੰ ਕਿਹਾ ਗਿਆ ਹੈ।
ਅਸਾਮ, ਮਣੀਪੁਰ, ਜੰਮੂ-ਕਸ਼ਮੀਰ ਦਾ ਜ਼ਿਕਰ ਕਰਦਿਆਂ ਐਵਡਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਖ਼ਾਸ ਤੌਰ ਉੱਤੇ ਇਹਨਾਂ ਇਲਾਕਿਆਂ ਵਿੱਚ ਅੱਤਵਾਦ ਦਾ ਖ਼ਤਰਾ ਹੈ।
ਐਡਵਾਇਜ਼ਰੀ ਵਿੱਚ ਨਕਸਲੀ (ਮਾਓਵਾਦੀਆਂ) ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ, ‘‘ਭਾਰਤ ਵਿੱਚ ਬਹੁਤੇ ਅੱਤਵਾਦੀ ਹਮਲਿਆਂ ਲਈ ਨਕਸਲੀ ਜ਼ਿੰਮੇਵਾਰ ਹਨ। ਭਾਰਤ ਸਰਕਾਰ ਮੁਤਾਬਕ ਇਹ ਸਮੂਹ ਆਮ ਤੌਰ ਉੱਤੇ ਦਿਹਾਤੀ ਅਤੇ ਜੰਗਲੀ ਖ਼ੇਤਰਾਂ ਵਿੱਚ ਸਥਿਤ ਹਨ। ਇਹਨਾਂ ਵਿੱਚ ਆਉਣ ਵਾਲੇ ਸੂਬੇ ਇਸ ਤਰ੍ਹਾਂ ਹਨ...’’
- ਆਂਧਰ ਪ੍ਰਦੇਸ਼
- ਬਿਹਾਰ
- ਛੱਤੀਸਗੜ੍ਹ
- ਝਾਰਖੰਡ
- ਮੱਧ ਪ੍ਰਦੇਸ਼
- ਮਹਾਰਾਸ਼ਟਰ
- ਓਡੀਸ਼ਾ
- ਤੇਲੰਗਾਨਾ
- ਉੱਤਰ ਪ੍ਰਦੇਸ਼
- ਪੱਛਮੀ ਬੰਗਾਲ
ਮਸਲਾ ਕਿਵੇਂ ਭਖਿਆ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਮੁਲਕ ਦੀ ਸੰਸਦ ਵਿੱਚ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਸਾਲ ਜੂਨ ਵਿੱਚ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਇਦ ਭਾਰਤ ਦੀ ਭੂਮਿਕਾ ਸੀ।
ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ। ਜਵਾਬੀ ਕਾਰਵਾਈ ਵਿੱਚ ਭਾਰਤ ਨੇ ਵੀ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।
ਇਸ ਮਾਮਲੇ 'ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ, ''ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਭਾਰਤ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ। ਸੰਬੰਧਿਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।”
"ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।"
ਭਾਰਤ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।
‘‘ਭਾਰਤ ਮਾਮਲੇ ਨੂੰ ਸਹੀ ਢੰਗ ਨਾਲ ਨਜਿੱਠੇ’’
ਜਸਟਿਨ ਟਰੂਡੋ ਦਾ ਇੱਕ ਹੋਰ ਬਿਆਨ ਆਇਆ, ਜਿਸ ਵਿੱਚ ਉਨ੍ਹਾਂ ਕਿਹਾ, "ਇੱਕ ਸਿੱਖ ਵੱਖਵਾਦੀ ਆਗੂ ਦੇ ਕਤਲ ਨਾਲ ਭਾਰਤੀ ਏਜੰਟਾਂ ਦੇ ਜੁੜੇ ਹੋਣ ਦਾ ਸ਼ੱਕ ਪ੍ਰਗਟਾਉਣ ਪਿੱਛੇ ਕੈਨੇਡਾ ਦਾ ਇਰਾਦਾ ਭਾਰਤ ਨੂੰ ਭੜਕਾਉਣਾ ਨਹੀਂ ਸੀ, ਪਰ ਕੈਨੇਡਾ ਚਾਹੁੰਦਾ ਹੈ ਕਿ ਭਾਰਤ ਇਸ ਮਾਮਲੇ ਨੂੰ ਸਹੀ ਢੰਗ ਨਾਲ ਨਜਿੱਠੇ।"
"ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਬਹੁਤ ਗੰਭੀਰਤਾ ਦਿਖਾਉਣ ਦੀ ਲੋੜ ਹੈ, ਅਸੀਂ ਇਹੀ ਕਰ ਰਹੇ ਹਾਂ। ਅਸੀਂ ਕਿਸੇ ਨੂੰ ਭੜਕਾਉਣਾ ਜਾਂ ਮਾਮਲੇ ਨੂੰ ਖਿੱਚਣਾ ਨਹੀਂ ਚਾਹੁੰਦੇ।"
ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਸੰਕਟ ਦਰਮਿਆਨ ਬ੍ਰਿਟੇਨ ਨੇ ਕਿਹਾ ਹੈ ਕਿ ਉਹ ਨਵੀਂ ਦਿੱਲੀ ਨਾਲ ਵਪਾਰਕ ਗੱਲਬਾਤ ਜਾਰੀ ਰੱਖੇਗਾ।
ਇਸ ਤੋਂ ਪਹਿਲਾਂ, ਬ੍ਰਿਟਿਸ਼ ਸਰਕਾਰ ਦੇ ਬੁਲਾਰੇ ਨੇ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ 'ਗੰਭੀਰ' ਦੱਸਦਿਆਂ ਕਿਹਾ ਸੀ, "ਅਸੀਂ ਕੈਨੇਡਾ ਨਾਲ ਨਜ਼ਦੀਕੀ ਸੰਪਰਕ ਬਣਾਕੇ ਰੱਖ ਰਹੇ ਹਾਂ।"
ਆਸਟ੍ਰੇਲੀਆ ਨੇ ਕਿਹਾ ਹੈ ਕਿ ਉਹ ਖਾਲਿਸਤਾਨੀ ਸਿੱਖ ਆਗੂ ਦੇ ਕਤਲ ਦੇ ਮਾਮਲੇ 'ਚ ਕੈਨੇਡਾ ਵੱਲੋਂ ਭਾਰਤ 'ਤੇ ਲਗਾਏ ਗਏ ਇਲਜ਼ਾਮਾਂ ਲੈ ਕੇ 'ਬਹੁਤ ਚਿੰਤਤ' ਹੈ। ਇਸ ਦੇ ਨਾਲ ਹੀ ਅਮਰੀਕਾ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ‘ਬਹੁਤ ਚਿੰਤਾਜਨਕ’ ਦੱਸਿਆ ਹੈ।
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲੀਨਾ ਜੋਲੀ ਨੇ ਵੀ ਇਸ 'ਤੇ ਬਿਆਨ ਦਿੱਤਾ ਹੈ।
ਉਨ੍ਹਾਂ ਕਿਹਾ, "ਕੈਨੇਡੀਅਨ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਵਿਦੇਸ਼ੀ ਸਰਕਾਰ ਦੇ ਏਜੰਟਾਂ ਦੇ ਸ਼ਾਮਲ ਹੋਣ ਦਾ ਇਲਜ਼ਾਮ ਪਰੇਸ਼ਾਨ ਕਰਨ ਵਾਲਾ ਹੈ। ਇਹ ਅਜਿਹੀ ਚੀਜ਼ ਹੈ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।"