ਸੁਖਬੀਰ ਬਾਦਲ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕਿਉਂ ਹੋਣਾ ਪਿਆ, ਪਾਰਟੀ ਦਾ ਭਵਿੱਖ ਹੁਣ ਕੀ ਹੋਵੇਗਾ

ਤਸਵੀਰ ਸਰੋਤ, Sukhbir Badal/FB
- ਲੇਖਕ, ਰਾਜਵੀਰ ਕੌਰ ਗਿੱਲ
- ਰੋਲ, ਬੀਬੀਸੀ ਪੱਤਰਕਾਰ
ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਅਕਾਲੀ ਦਲ ਦੇ ਭਵਿੱਖ ਨੂੰ ਲੈ ਕੇ ਬਹਿਸ ਛਿੜ ਗਈ ਹੈ।
ਜ਼ਿਕਰਯੋਗ ਹੈ, ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਲੰਬੇ ਸਮੇਂ ਤੋਂ ਪਾਰਟੀ ਵਿੱਚ ਬਗਾਵਤੀ ਸੁਰਾਂ ਉੱਠ ਰਹੀਆਂ ਹਨ।
ਪਾਰਟੀ ਅੰਦਰਲੀ ਬਗਾਵਤ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆਈ ਜਦੋਂ ਜੁਲਾਈ ਮਹੀਨੇ ਬੀਬੀ ਜਗੀਰ ਕੌਰ ਤੇ ਪ੍ਰੇਮ ਸਿੰਘ ਚੰਦੂਮਾਜਰਾ ਸਣੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਵਿਖੇ ਹਾਜ਼ਰ ਹੋ ਕੇ ਪਾਰਟੀ ਦੀਆਂ ਗ਼ਲਤੀਆਂ ਲਈ ਮਾਫ਼ੀਨਾਮਾ ਦਿੱਤਾ ਸੀ ਅਤੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਚੁਣੌਤੀ ਦਿੱਤੀ।
ਜਥੇਦਾਰ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਨੂੰ ਦਿੱਤੀ ਗਈ ਚਿੱਠੀ ਵਿੱਚ ਮੁਆਫ਼ੀ ਮੰਗਦਿਆਂ ਕਿਹਾ ਗਿਆ ਕਿ 2007 ਤੋਂ ਲੈ ਕੇ 2017 ਤੱਕ ਪਾਰਟੀ ਵੱਲੋਂ ਕਈ ਗ਼ਲਤੀਆਂ ਹੋਈਆਂ।
ਜਿਨ੍ਹਾਂ ਵਿੱਚ ਬੇਅਦਬੀ ਤੇ ਡੇਰਾ ਸੱਚਾ ਸੌਦਾ, ਸਿਰਸਾ ਮੁਖੀ ਰਾਮ ਰਹੀਮ ਸਬੰਧੀ ਲਏ ਗਏ ਫ਼ੈਸਲਿਆਂ ਦਾ ਜ਼ਿਕਰ ਕੀਤਾ ਗਿਆ ਹੈ।
ਪਾਰਟੀ ਦਾ ਸਿਆਸੀ ਪ੍ਰਦਰਸ਼ਨ ਵੀ 2017 ਦੀਆਂ ਆਮ ਵਿਧਾਨ ਸਭਾ ਚੋਣਾਂ ਦੌਰਾਨ ਸੱਤਾ ਖੁੱਸਣ ਤੋਂ ਬਾਅਦ ਲਗਾਤਾਰ ਨਿਘਾਰ ਵੱਲ ਜਾ ਰਿਹਾ ਹੈ।
ਵਿਧਾਨ ਸਭਾ ਵਿੱਚ ਪਾਰਟੀ ਦੇ ਸਿਰਫ਼ ਤਿੰਨ ਵਿਧਾਇਕ ਰਹਿ ਗਏ ਹਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਬਠਿੰਡਾ ਦੀ ਇੱਕ ਸੀਟ ਤੱਕ ਸੀਮਤ ਹੋ ਕੇ ਰਹਿ ਗਈ।
ਪਾਰਟੀ ਦੇ ਚੋਣ ਮੈਦਾਨ ਵਿੱਚ ਹਾਸ਼ੀਏ ’ਤੇ ਜਾਣ ਲਈ ਵੀ ਪਾਰਟੀ ਦੇ ਸੀਨੀਅਰ ਆਗੂ ਤੇ ਸਿਆਸੀ ਮਾਹਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਉੱਤੇ ਸਵਾਲ ਕਰਦੇ ਰਹੇ ਹਨ।
ਇੱਥੇ ਅਸੀਂ ਉਨ੍ਹਾਂ ਤੱਥਾਂ ਦੀ ਗੱਲ ਕਰ ਰਹੇ ਹਾਂ ਜਿਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜ਼ਬੂਰ ਕੀਤਾ ਹੋ ਸਕਦਾ ਹੈ।

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦਾ ਮਾਮਲਾ

ਤਸਵੀਰ ਸਰੋਤ, Getty Images
ਮਾਮਲਾ 2007 ਦਾ ਹੈ। ਜਦੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਪਿੰਡ ਸਲਾਬਤਪੁਰਾ ਵਿੱਚ ਬਣੇ ਆਪਣੇ ਡੇਰੇ ਵਿੱਚ ਗੁਰੂ ਗੋਬਿੰਦ ਸਿੰਘ ਵਰਗੇ ਕੱਪੜੇ ਪਾਏ ਸਨ ਅਤੇ ਉਨ੍ਹਾਂ ਵਾਂਗ ਹੀ ਅੰਮ੍ਰਿਤ ਛਕਾਉਣ ਦੀ ਨਕਲ ਕੀਤੀ ਸੀ।
ਉਸ ਸਮੇਂ ਤੋਂ ਹੀ ਬਾਦਲ ਪਰਿਵਾਰ ਦੇ ਖਿਲਾਫ਼ ਪੰਥਕ ਹਲਕਿਆਂ ਵਿੱਚ ਰੋਸ ਪੈਦਾ ਹੋ ਗਿਆ ਸੀ।
ਇਸ ਮਾਮਲੇ ਵਿੱਚ ਐੱਫ਼ਆਈਆਰ ਵੀ ਦਰਜ ਹੋਈ ਸੀ ਪਰ ਕਿਸੇ ਨੂੰ ਵੀ ਕੋਈ ਸਜ਼ਾ ਨਹੀਂ ਹੋਈ ਸੀ। ਬਲਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਇਹ ਕੇਸ ਵਾਪਸ ਲੈ ਲਿਆ ਗਿਆ ਸੀ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦੀ 'ਦਖ਼ਲਅੰਦਾਜ਼ੀ' ਨਾਲ ਸਿੱਖਾਂ ਦੀ ਸਰਬ-ਉੱਚ ਸੰਸਥਾ ਅਕਾਲ ਤਖ਼ਤ ਤੋਂ ਵੀ ਰਾਮ-ਰਹੀਮ ਨੂੰ ਮਾਫ਼ ਕਰ ਦਿੱਤਾ ਗਿਆ ਸੀ।
ਇਸ ਮਾਮਲੇ ਉੱਤੇ ਅਕਾਲੀ ਨੂੰ ਪੰਥਕ ਦਰਦੀਆਂ ਵੱਲੋਂ ਲਗਾਤਾਰ ਸਵਾਲ ਕੀਤੇ ਜਾਂਦੇ ਰਹੇ ਹਨ। ਮਾਹਰਾਂ ਮੁਤਾਬਕ ਇਸ ਘਟਨਾਕ੍ਰਮ ਨੇ ਪਾਰਟੀ ਦੇ ਚੋਣ ਕਾਰਗੁਜ਼ਾਰੀ ਉੱਤੇ ਵੀ ਸਿੱਧਾ ਅਸਰ ਪਾਇਆ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਬਗਾਵਤੀ ਧੜੇ ਨੇ ਵੀ ਜਦੋਂ ਅਕਾਲ ਤਖ਼ਤ ਵਿਖੇ ਖਿਮਾ ਪੱਤਰ ਸੌਂਪਿਆ ਉਸ ਸਮੇਂ ਰਾਮ ਰਹੀਮ ਨੂੰ ਸਿੱਖ ਪੰਥ ਵਿੱਚੋਂ ਛੇਕਣ ਦੀ ਅਪੀਲ ਵੀ ਕੀਤੀ ਗਈ।
ਬੇਅਦਬੀਆਂ ਦਾ ਮਾਮਲਾ

ਪਹਿਲੀ ਜੂਨ, 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਤੇ 12 ਅਕਤੂਬਰ, 2015 ਨੂੰ ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਪ੍ਰਤੀ ਰੋਸ ਨੂੰ ਵਧਾਇਆ।
ਪਹਿਲੀ ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਕੋਟਕਪੂਰਾ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਚੋਰੀ ਹੋ ਗਿਆ ਸੀ।
12 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਬਰਗਾੜੀ ਪਿੰਡ ਵਿਚੋਂ ਖਿੱਲਰੇ ਮਿਲੇ ਸਨ।
ਇਸ ਤੋਂ ਬਾਅਦ 14 ਅਕਤੂਬਰ 2015 ਨੂੰ ਬੇਅਦਬੀ ਦੇ ਵਿਰੁੱਧ ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ਵਿੱਚੋਂ ਦੋ ਨੌਜਵਾਨ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਕਥਿਤ ਤੌਰ 'ਤੇ ਪੁਲਿਸ ਦੀ ਗੋਲੀ ਨਾਲ ਮਾਰੇ' ਗਏ ਸਨ।
ਇਹ ਲੋਕ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਧਰਨਾ ਦੇ ਰਹੇ ਸਨ।
ਇਸ ਮਾਮਲੇ ਵਿੱਚ ਵੀ ਡੇਰਾ ਸੱਚਾ ਸੌਦਾ ਦਾ ਨਾਮ ਆਇਆ ਸੀ। ਜਿਸ ਵਿਅਕਤੀ ਉੱਤੇ ਮੁੱਖ ਮੁਲਜ਼ਮ ਹੋਣ ਦੇ ਇਲਜ਼ਾਮ ਲੱਗੇ ਸਨ, ਉਸ ਦਾ ਨਾਂ ਮਹਿੰਦਰ ਸਿੰਘ ਬਿੱਟੂ ਸੀ ਅਤੇ ਉਹ ਡੇਰਾ ਸੱਚਾ ਸੌਦਾ ਦਾ ਸ਼ਰਧਾਲੂ ਸੀ।
ਜਦੋਂ ਘਟਨਾਵਾਂ ਵਾਪਰੀਆਂ ਉਸ ਸਮੇਂ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ।

ਤਸਵੀਰ ਸਰੋਤ, Getty Images
ਇਸ ਮਾਮਲੇ ਵਿੱਚ ਇੱਕ ਵਿਸ਼ੇਸ਼ ਜਾਂਚ ਕਮੇਟੀ ਵੀ ਬਣਾਈ ਗਈ ਸੀ। ਕਮੇਟੀ ਵੱਲੋਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਰਾਮ ਰਹੀਮ ਤੋਂ ਇਲਾਵਾ, ਅਦਾਕਾਰ ਅਕਸ਼ੇ ਕੁਮਾਰ ਤੋਂ ਵੀ ਪੁੱਛ-ਗਿੱਛ ਕੀਤੀ ਗਈ ਸੀ।
ਲੋਕਾਂ ਦਾ ਗਿਲਾ ਹੈ ਕਿ ਪੰਥਕ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੀ ਅਕਾਲੀ ਸਰਕਾਰ ਗੁਰੂ ਗ੍ਰੰਥ ਸਾਹਿਬ, ਜਿਨ੍ਹਾਂ ਨੂੰ ਦਸਵੇਂ ਗੁਰੂ ਦੇ ਹੁਕਮਾਂ ਮੁਤਾਬਕ ਸਿੱਖ ਧਰਮ ਵਿੱਚ ਜ਼ਿੰਦਾ ਅਤੇ ਹਾਜ਼ਰ-ਨਾਜ਼ਰ ਗੁਰੂ ਦਾ ਦਰਜਾ ਹਾਸਲ ਹੈ— ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਵਿੱਚ ਨਾਕਾਮ ਰਹੀ ਸੀ।
ਪੰਥਕ ਹਲਕਿਆਂ ਵਿੱਚ ਉਸ ਸਮੇਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਤਤਕਾਲੀ ਅਕਾਲੀ ਸਰਕਾਰ ਵਿਰੁੱਧ ਕਾਫ਼ੀ ਰੋਹ ਪੈਦਾ ਹੋ ਗਿਆ ਸੀ।
ਕਿਸਾਨ ਅੰਦੋਲਨ ਸਮੇਂ ਅਕਾਲੀ ਦੌਰਾਨ ਦਲ ਦਾ ਯੂ-ਟਰਨ
ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਤੋਂ ਸਣੇ ਦੇਸ਼ ਭਰ ਦੇ ਵੱਡੀ ਗਿਣਤੀ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਲੱਗੇ ਧਰਨੇ ਦਾ ਹਿੱਸਾ ਬਣੇ।
ਜਦੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ 17 ਸਤੰਬਰ 2020 ਨੂੰ ਸੰਸਦ 'ਚ ਤਿੰਨ ਖੇਤੀ ਕਾਨੂੰਨਾਂ ਸਬੰਧੀ ਬਿੱਲ ਪਾਸ ਕੀਤਾ ਗਿਆ ਸੀ, ਉਸ ਸਮੇਂ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਭਾਈਵਾਲ ਸਨ।
ਉਸ ਸਮੇਂ ਹਰਸਿਮਰਤ ਕੌਰ ਬਾਦਲ, ਨਰਿੰਦਰ ਮੋਦੀ ਦੀ ਸਰਕਾਰ ਵਿੱਚ ਅਕਾਲੀ ਦਲ ਦੇ ਇਕਲੌਤੀ ਮੰਤਰੀ ਸੀ।
ਕਿਸਾਨ ਅੰਦੋਲਨ ਜਦੋਂ ਸਿਖਰਾਂ ਉੱਤੇ ਸੀ ਉਸ ਸਮੇਂ ਅਕਾਲੀ ਦਲ ਨੂੰ ਭਾਜਪਾ ਦਾ ਸਾਥ ਦੇਣ ਲਈ ਅਤੇ ਉਨ੍ਹਾਂ ਦੇ ਕੇਂਦਰੀ ਮੰਤਰੀ ਮੰਡਲ ਦਾ ਹਿੱਸਾ ਹੋਣ ਕਾਰਨ ਸੂਬੇ ਵਿੱਚ ਵਿਆਪਕ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।
ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦੇ ਚਲਦਿਆਂ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਵਜ਼ਾਰਤ ਵਿੱਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।
ਹਰਸਿਮਰਤ ਕੌਰ ਨੇ ਇੱਕ ਟਵੀਟ ਰਾਹੀ ਕੈਬਨਿਟ ਮੰਤਰੀ ਦਾ ਅਹੁਦਾ ਛੱਡਣ ਦਾ ਐਲਾਨ ਕਰਦਿਆਂ ਲਿਖਿਆ ਸੀ, ''ਮੈਂ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਬਿੱਲਾਂ ਦੇ ਖ਼ਿਲਾਫ਼ ਕੈਬਨਿਟ ਮੰਤਰੀ ਦਾ ਅਹੁਦਾ ਛੱਡ ਰਹੀ ਹਾਂ। ਕਿਸਾਨਾਂ ਦੀ ਭੈਣ ਅਤੇ ਧੀ ਵਜੋਂ ਉਨ੍ਹਾਂ ਨਾਲ ਖੜ੍ਹੇ ਹੋਣ ਵਿੱਚ ਮਾਣ ਮਹਿਸੂਸ ਕਰ ਰਹੀ ਹਾਂ।''
ਲੇਕਿਨ ਕਈ ਸਿਆਸੀ ਮਾਹਰਾਂ ਨੇ ਇਸ ਨੂੰ ਮੌਕੇ ਦੀ ਨਜ਼ਾਕਤ ਨੂੰ ਦੇਖ ਕੇ ਲਈ ਗਈ ਸਿਆਸੀ ਕਰਵਟ ਕਰਾਰ ਦਿੱਤਾ ਸੀ।
ਲੋਕਾਂ ਵੱਲੋਂ ਸਿਆਸੀ ਮੈਦਾਨ ਵਿੱਚ ਵਿਰੋਧ ਦਰਜ ਕਰਵਾਇਆ ਗਿਆ।
ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕ ਰੋਹ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਲਗਾਤਾਰ ਦੇਖਣ ਨੂੰ ਮਿਲਿਆ।
ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਤਿੰਨ ਸੀਟਾਂ ਉੱਤੇ ਜਿੱਤ ਦਰਜ ਕਰਵਾ ਸਕੀ ਅਤੇ ਲੋਕ ਸਭਾ ਚੋਣਾਂ ਵਿੱਚ ਵੀ ਇੱਕ ਹੀ ਸੀਟ ਬਚਾ ਸਕਿਆ, ਹਰਸਿਰਮਤ ਕੌਰ ਬਾਦਲ ਦੀ ਬਠਿੰਡਾ ਸੀਟ।

ਤਸਵੀਰ ਸਰੋਤ, Getty Images
2024 ਦੀ ਜਲੰਧਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋ ਗਈ ਸੀ।
ਪਾਰਟੀ ਦੇ ਮਾੜੇ ਪ੍ਰਦਰਸ਼ਨ ਲਈ ਵੀ ਪਾਰਟੀ ਪ੍ਰਧਾਨ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਰਿਹਾ ਹੈ।
ਬੀਬੀਸੀ ਪੱਤਰਕਾਰ ਗਗਨਦੀਪ ਸਿੰਘ ਨਾਲ ਗੱਲ ਕਰਦਿਆਂ ਸਿਆਸੀ ਮਾਹਿਰ ਮਾਲਵਿੰਦਰ ਸਿੰਘ ਮਾਲੀ ਨੇ ਬੀਬੀਸੀ ਨੂੰ ਕਿਹਾ ਸੀ, “ਪੰਜਾਬ ਦੇ ਲੋਕਾਂ ਨੇ ਆਪਣੀ ਅਸਹਿਮਤੀ ਜ਼ਾਹਰ ਕਰਨ ਲਈ ਚੋਣ ਪ੍ਰਕਿਰਿਆ ਦੀ ਵਰਤੋਂ ਕੀਤੀ ਹੈ।”
“ਸ਼੍ਰੋਮਣੀ ਅਕਾਲੀ ਦਲ ਵਿੱਚ 1996 ਵਿੱਚ ਸ਼ੁਰੂ ਹੋਈ ਪਰਿਵਾਰਵਾਦ, ਨਿੱਜਪ੍ਰਸਤੀ ਦੀ ਰਾਜਨੀਤੀ ਤੇ ਗੁੱਟ ਹੁਣ ਟੁੱਟਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰਾਂ ਦੇ ਸਾਰੇ ਸੰਘ ਵਿਰੋਧੀ ਫ਼ੈਸਲਿਆਂ ਦਾ ਸਮਰਥਨ ਕੀਤਾ ਹੈ। ਜੋ ਹੁਣ ਲੋਕਾਂ ਨੂੰ ਮਨਜ਼ੂਰ ਨਹੀਂ।”
ਅਮ੍ਰਿਤਪਾਲ ਸਿੰਘ ਦੀ ਖਡੂਰ ਸਾਹਿਬ ਸੀਟ ਤੋਂ ਜਿੱਤ

ਤਸਵੀਰ ਸਰੋਤ, Surinder Singh Mann/BBC
ਸਿੱਖਾਂ ਲਈ ਵੱਖਰੇ ਰਾਜ ਯਾਨੀ 'ਖਾਲਿਸਤਾਨ' ਦੀ ਮੰਗ ਕਰਨ ਵਾਲੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਨੇ ਸਿੱਖਾਂ ਨੂੰ ਲਾਮਬੰਦ ਕਰਨ ਲਈ ਸੂਬੇ ਵਿੱਚ ‘ਖਾਲਸਾ ਵਹੀਰ’ ਨਾਮ ਹੇਠ ਯਾਤਰਾ ਕੱਢੀ ਸੀ।
ਜਿਸ ਦੌਰਾਨ ਉਨ੍ਹਾਂ ਨੂੰ ਸਿੱਖ ਹਲਕਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ।
2024 ਦੀਆਂ ਲੋਕ ਸਭਾ ਚੋਣਾਂ ਵਿੱਚ ਅਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਸ਼ਾਨਦਾਰ ਜਿੱਤ ਦਰਜ ਕਰਵਾਈ।
ਖਡੂਰ ਸਾਹਿਬ ਸੀਟ ਤੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਚੌਥੇ ਨੰਬਰ ਉੱਤੇ ਰਹੇ ਸਨ। ਅਸਲ ਵਿੱਚ ਕਈ ਸਿੱਖ ਜਥੇਬੰਦੀਆਂ ਦਾ ਮੰਨਣਾ ਸੀ ਕਿ ਅਕਾਲੀ ਦਲ ਨੂੰ ਖਡੂਰ ਸਾਹਿਬ ਸੀਟ ਤੋਂ ਅਮ੍ਰਿਤਪਾਲ ਸਿੰਘ ਖ਼ਿਲਾਫ਼ ਚੋਣ ਨਹੀਂ ਲੜਨੀ ਚਾਹੀਦੀ ਸੀ।
ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਲੋਕਾਂ ਨੇ ਅਮ੍ਰਿਤਪਾਲ ਸਿੰਘ ਨੂੰ ਜਤਾਇਆ ਕਿਉਂਕਿ ਉਨ੍ਹਾਂ ਨੂੰ ਲੱਗਿਆ ਕਿ ਉਸ ਨਾਲ ਗ਼ਲਤ ਹੋਇਆ ਹੈ।
ਸਿੱਖ ਇਤਿਹਾਸਕਰ ਗੁਰਦਰਸ਼ਨ ਸਿੰਘ ਢਿੱਲੋਂ ਨੇ ਬੀਬੀਸੀ ਸਹਿਯੋਗੀ ਸੁਰਿੰਦਰ ਸਿੰਘ ਮਾਨ ਨਾਲ ਗੱਲ ਕਰਦਿਆਂ ਕਿਹਾ, "ਇਸ ਵਿੱਚ ਵੀ ਕੋਈ ਸ਼ੱਕ ਨਹੀਂ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਅਣਗਹਿਲੀਆਂ ਕਾਰਨ ਹੀ ਪੰਜਾਬ ਵਿੱਚ ਇਹ ਮੂਧੇ-ਮੂੰਹ ਡਿੱਗ ਰਹੀ ਹੈ।”
ਉਹ ਕਹਿੰਦੇ ਹਨ, “ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਕਾਰਨ ਵੀ ਸ਼੍ਰੋਮਣੀ ਅਕਾਲੀ ਦਲ ਦਾ ਨਿਘਾਰ ਹੀ ਸੀ।"
ਜ਼ਿਮਨੀ ਚੋਣਾਂ ਤੋਂ ਪਾਰਟੀ ਦਾ ਕਿਨਾਰਾ ਕਰਨਾ

ਤਸਵੀਰ ਸਰੋਤ, RAVINDER SINGH ROBIN/BBC
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ 24 ਅਕਤੂਬਰ ਨੂੰ ਪਾਰਟੀ ਨੇ ਜ਼ਿਮਨੀ ਚੋਣਾਂ ਨਾ ਲੜਨ ਦਾ ਐਲਾਨ ਕੀਤਾ।
ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਅਕਾਲੀ ਆਗੂਆਂ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਸੀ।
ਜ਼ਿਮਨੀ ਚੋਣਾਂ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ 'ਕਿਨਾਰਾਕਸ਼ੀ' ਨੇ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਸੀ।
ਅਕਾਲੀ ਦਲ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਸ ਪਿੱਛੇ ਮੁੱਖ ਕਾਰਨ ਤਖ਼ਤ ਸ਼੍ਰੀ ਅਕਾਲ ਤਖ਼ਤ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣਾ ਦੱਸਿਆ ਸੀ।
ਉਨ੍ਹਾਂ ਕਿਹਾ ਸੀ, "ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਜਾਣ ਕਾਰਨ ਸੁਖਬੀਰ ਸਿੰਘ ਬਾਦਲ ਚੋਣ ਨਹੀਂ ਲੜ ਸਕਦੇ। ਇਸ ਲਈ ਸਾਡੀ ਵੀ ਜ਼ਿੰਮੇਵਾਰੀ ਬਣਦੀ ਹੈ ਕੇ ਅਸੀਂ ਜ਼ਿਮਨੀ ਚੋਣਾਂ ਨਾ ਲੜ ਕੇ ਉਨ੍ਹਾਂ ਦਾ ਸਾਥ ਦੇਈਏ।"
30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ।
ਸ੍ਰੀ ਅਕਾਲ ਤਖਤ ਸਾਹਿਬ ਤੋਂ ‘ਤਨਖ਼ਾਹੀਆ’ ਕਰਾਰ ਦਿੱਤੇ ਜਾਣ ਤੋਂ ਇੱਕ ਦਿਨ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਨਤਮਸਤਕ ਹੋਏ ਸਨ।
ਉਨ੍ਹਾਂ ਨੇ ਸਿੰਘ ਸਾਹਿਬ ਨੂੰ ਬੇਨਤੀ ਕੀਤੀ ਸੀ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾ ਕੇ ਜਲਦੀ ਤੋਂ ਜਲਦੀ ਇਸ ਬਾਰੇ ਫ਼ੈਸਲਾ ਲੈਣ। ਇਸ ਤੋਂ ਬਾਅਦ ਇੱਕ ਵਾਰ ਫੇਰ 13 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਅਤੇ ਆਪਣੇ ਲਈ ਤਨਖ਼ਾਹ ਯਾਨਿ ਧਾਰਮਿਕ ਸਜ਼ਾ ਦੀ ਮੰਗ ਕੀਤੀ ਸੀ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਉੱਤੇ 30 ਅਗਸਤ ਤੋਂ ਬਾਅਦ ਹਾਲੇ ਤੱਕ ਅਕਾਲ ਤਖ਼ਤ ਵੱਲੋਂ ਕੋਈ ਸਜ਼ਾ ਨਹੀਂ ਸੁਣਾਈ ਗਈ ਅਤੇ ਸੁਖਬੀਰ ਸਿੰਘ ਬਾਦਲ ਜ਼ਿਮਨੀ ਚੋਣਾਂ ਵਿੱਚ ਵੀ ਹਿੱਸਾ ਲੈਣ ਉੱਤੇ ਵੀ ਅਕਾਲ ਤਖ਼ਤ ਵੱਲੋਂ ਪਾਬੰਦੀ ਸੀ।
ਇਸੇ ਨੂੰ ਕਾਰਨ ਦੱਸਦਿਆਂ ਪਾਰਟੀ ਨੇ ਜ਼ਿਮਨੀ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਸੀ।
ਹਾਲਾਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਸੀ ਕਿ ਮਨਾਹੀ ਸਿਰਫ਼ ਸੁਖਬੀਰ ਸਿੰਘ ਬਾਦਲ ਲਈ ਹੈ। ਪਾਰਟੀ ਜ਼ਿਮਨੀ ਚੋਣਾਂ ਵਿੱਚ ਲੜ ਸਕਦੀ ਹੈ।
ਡਾ. ਜਗਰੂਪ ਸਿੰਘ ਸੇਖੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਲ ਜੁੜੇ ਹੋਏ ਹਨ। ਉਹ ਇਤਿਹਾਸ ਅਤੇ ਸਿਆਸੀ ਮਾਮਲਿਆਂ ਦੇ ਮਾਹਰ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ, "2007 ਤੋਂ 2017 ਤੱਕ ਅਕਾਲੀ ਦਲ ਦੀ ਕਾਰਗੁਜ਼ਾਰੀ ਨੂੰ ਲੋਕਾਂ ਨੇ ਬਹੁਤਾ ਪਸੰਦ ਨਹੀਂ ਕੀਤਾ। ਪਾਰਟੀ ਦਾ ਪੁਰਾਣਾ ਰਵਾਇਤੀ ਵੋਟ ਬੈਂਕ ਖੁਰ ਕੇ ਇਧਰ-ਉੱਧਰ ਭਟਕ ਗਿਆ, ਜਦੋਂ ਕਿ ਨੌਜਵਾਨ ਪੀੜ੍ਹੀ ਧਰਮ ਨਾਲ ਰਲ-ਗੱਡ ਸਿਆਸਤ ਨੂੰ ਪਸੰਦ ਨਹੀਂ ਕਰਦੀ।"
ਮਾਫ਼ੀਏ ਦੀ ਸਰਪ੍ਰਸਤੀ ਦੇ ਇਲਜ਼ਾਮ

ਤਸਵੀਰ ਸਰੋਤ, NARINDER NANU/AFP/Getty Images
2002 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਭ੍ਰਿਸ਼ਟਾਚਾਰ ਦੇ ਮੁੱਦੇ ਉੱਤੇ ਲੜੀਆਂ।
ਇਸ ਦੌਰਾਨ ਸੁਖਬੀਰ ਦੀ ਅਗਵਾਈ ਵਿੱਚ ਅਕਾਲੀ ਦਲ ਉੱਤੇ ਪੰਜਾਬ ਵਿੱਚ ਰੇਤ-ਬਜਰੀ ਮਾਫ਼ੀਆ, ਸ਼ਰਾਬ ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਅਤੇ ਕੇਬਲ ਮਾਫ਼ੀਆ ਨੂੰ ਸਰਪ੍ਰਸਤੀ ਦੇਣ ਦੇ ਇਲਜ਼ਾਮ ਲੱਗੇ।
ਭਾਵੇਂ ਕਿ ਸੁਖਬੀਰ ਬਾਦਲ ਤੇ ਪੰਜਾਬ ਦੇ ਤਤਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਇਨ੍ਹਾਂ ਇਲਜ਼ਾਮਾਂ ਨੂੰ ਰੱਦ ਕਰਦੇ ਆਏ ਹਨ, ਪਰ ਚਰਨਜੀਤ ਸਿੰਘ ਚੰਨੀ ਦੇ 2021 ਵਿੱਚ ਮੁੱਖ ਮੰਤਰੀ ਬਣਨ ਤੋਂ ਬਾਅਦ ਬਿਕਰਮ ਮਜੀਠੀਆ ਉੱਤੇ ਨਸ਼ਾ ਤਸਕਰੀ ਕੇਸ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਸੀ।
ਸੁਖਬੀਰ ਬਾਦਲ ਉੱਤੇ ਸੁਖਦੇਵ ਸਿੰਘ ਢੀਂਡਸਾ ਵਰਗੇ ਕਈ ਟਕਸਾਲੀ ਤੇ ਬਾਗੀ ਆਗੂ, ਪਾਰਟੀ ਨੂੰ ਨਿੱਜੀ ਕੰਪਨੀ ਵਾਂਗ ਚਲਾਉਣ ਦੇ ਇਲਜ਼ਾਮ ਲਾਉਂਦੇ ਰਹੇ ਹਨ।
ਹਾਲਾਂਕਿ ਸੁਖਬੀਰ ਸਿੰਘ ਬਾਦਲ ਲਗਾਤਾਰ ਇਨ੍ਹਾਂ ਇਲਾਜ਼ਾਮਾਂ ਤੋਂ ਇਨਕਾਰ ਕਰਦੇ ਰਹੇ ਹਨ।
ਲੇਕਿਨ ਇਸ ਸਭ ਨੇ ਪੰਜਾਬ ਦੇ ਨੌਜਵਾਨਾਂ ਦੀ ਸਿਆਸੀ ਸੋਚ ਉੱਤੇ ਅਸਰ ਜ਼ਰੂਰ ਪਾਇਆ।
ਡਾ. ਜਗਰੂਪ ਸਿੰਘ ਸੇਖੋ ਕਹਿੰਦੇ ਹਨ, "ਪੰਜਾਬ ਵਿੱਚ ਇਸ ਵੇਲੇ ਖੇਤੀ ਸਭ ਤੋਂ ਵੱਡਾ ਸੰਕਟ ਹੈ। ਛੋਟੀਆਂ ਸਨਅਤੀ ਇਕਾਈਆਂ ਖ਼ਤਮ ਹੋ ਗਈਆਂ ਹਨ ਅਤੇ ਚੁਫ਼ੇਰੇ ਬੇਰੋਜ਼ਗਾਰੀ ਹੈ।”
"ਨਸ਼ਿਆਂ ਦੇ ਪਸਾਰ ਦਾ ਕਲੰਕ ਵੀ ਅਕਾਲੀ ਹਕੂਮਤ ਵੇਲੇ ਹੀ ਵਧਿਆ ਸੀ, ਜੋ ਸਿੱਧੇ ਤੌਰ 'ਤੇ ਪੰਜਾਬੀ ਵੋਟਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ।"
"ਬਿਨਾਂ ਸ਼ੱਕ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਨ ਦਾ ਫ਼ੈਸਲਾ ਪੰਜਾਬੀਆਂ ਨੂੰ ਨਿਰਾਸ਼ ਕਰਨ ਵਾਲਾ ਹੈ ਅਤੇ ਇਸ ਦਾ ਖ਼ਾਮਿਆਜ਼ਾ ਹਰ ਹਾਲਤ ਵਿੱਚ ਪਾਰਟੀ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੀ ਭੁਗਤਣਾ ਪੈ ਸਕਦਾ ਹੈ।"
ਪਾਰਟੀ ਦਾ ਭਵਿੱਖ
ਇਸ ਬਾਬਤ ਸਿੱਖ ਇਤਿਹਾਸਕਰ ਗੁਰਦਰਸ਼ਨ ਸਿੰਘ ਢਿੱਲੋਂ ਕਹਿੰਦੇ ਹਨ ਕਿ ਬਿਨਾਂ ਸ਼ੱਕ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪੰਥਕ ਹਲਕਿਆਂ ਵਿੱਚ ਅਹਿਮ 'ਅਰਥ' ਰੱਖਦਾ ਹੈ।
"ਮੇਰਾ ਤਾਂ ਮੰਨਣਾ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਇਸ ਅਸਤੀਫ਼ੇ ਨਾਲ ਸਿੱਖ ਹਲਕਿਆਂ ਵਿੱਚ ਇਹ ਗੱਲ ਜ਼ਰੂਰ ਜਾਵੇਗੀ ਕੇ ਸੁਖਬੀਰ ਨੇ ਤਖ਼ਤ ਸਾਹਿਬ ਅੱਗੇ ਸਿਰ ਝੁਕਾਇਆ ਹੈ। ਜੋ ਬੇਸ਼ੱਕ ਉਨ੍ਹਾਂ ਦੇ ਹੱਕ ਵਿੱਚ ਭੁਗਤੇਗੀ।"
ਉਹ ਕਹਿੰਦੇ ਹਨ ਪਰ ਪਾਰਟੀ ਨੂੰ ਆਪਣੀ ਸਿਆਸਤ ਬਚਾਉਣ ਲਈ ਪਹਿਲਾਂ ਆਪਣੇ ਪੰਥਕ ਅਕਸ ਦੀ ਰਾਖੀ ਕਰਨੀ ਪਵੇਗੀ ਅਤੇ ਉਸ ਨੂੰ ਸਾਫ਼ ਕਰਨਾ ਪਵੇਗਾ।
(ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ)













