You’re viewing a text-only version of this website that uses less data. View the main version of the website including all images and videos.
ਕੈਨੇਡਾ: ਭਾਰਤ ਨੇ 4 ਤਰ੍ਹਾਂ ਦਾ ਵੀਜ਼ਾ ਦੇਣ ਦੀ ਸੇਵਾ ਮੁੜ ਸ਼ੁਰੂ ਕਰਨ ਦਾ ਕੀਤਾ ਐਲਾਨ, ਜਾਣੋ ਵੇਰਵਾ
ਭਾਰਤ ਸਰਕਾਰ ਨੇ ਕੈਨੇਡਾ ਵਿੱਚ ਕੁਝ ਹਫ਼ਤੇ ਪਹਿਲਾਂ ਕੈਨੇਡੀਅਨ ਨਾਗਰਿਕਾਂ ਲਈ ਬੰਦ ਕੀਤੀਆਂ ਵੀਜ਼ਾ ਸੇਵਾਵਾਂ ਵਿੱਚੋਂ ਕੁਝ ਮੁੜ ਚਾਲੂ ਕਰਨ ਦਾ ਐਲਾਨ ਕਰ ਦਿੱਤਾ ਹੈ।
ਕੈਨੇਡਾ ਦੀ ਰਾਜਧਾਨੀ ਓਟਵਾ ਵਿਚਲੇ ਭਾਰਤੀ ਦੂਤਾਵਾਸ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕੁਝ ਕੈਟਾਗਰੀਜ਼ ਲਈ ਵੀਜ਼ਾ ਸੇਵਾਵਾਂ ਚਾਲੂ ਕਰਨ ਦਾ ਐਲਾਨ ਕੀਤਾ ਹੈ।
ਪ੍ਰੈਸ ਬਿਆਨ ਮੁਤਾਬਕ ਕੈਨੇਡਾ ਵਿੱਚਲੇ ਟੋਰਾਂਟੋ ਅਤੇ ਵੈਨਕੂਵਰ ਦੇ ਕੌਸਲੇਟ ਦਫ਼ਤਰਾਂ ਸਣੇ ਸਭ ਥਾਵਾਂ ਉੱਤੇ ਇਹ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਬਿਆਨ ਵਿੱਚ ਕਿਹਾ ਗਿਆ ਹੈ ਕਿ 26 ਅਕਤੂਬਰ 2023 ਤੋਂ ਕੁਝ ਵੀਜ਼ਾ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਜਿਹੜੀਆਂ ਕੈਟਾਗਰੀਜ਼ ਵਿੱਚ ਵੀਜ਼ਾ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦਾ ਵੇਰਵਾ ਇਸ ਤਰ੍ਹਾਂ ਹੈ
- ਐਂਟਰੀ ਵੀਜ਼ਾ
- ਬਿਜਨਸ਼ ਵੀਜ਼ਾ
- ਮੈਡੀਕਲ ਵੀਜ਼ਾ
- ਕਾਨਫਰੰਸ ਵੀਜ਼ਾ
ਭਾਰਤੀ ਕੌਸਲੇਟ ਨੇ ਕਿਹਾ ਹੈ ਐਮਰਜੈਂਸੀ ਸੇਵਾਵਾਂ ਉੱਤੇ ਪਹਿਲਾਂ ਵਾਂਗ ਕੰਮ ਜਾਰੀ ਰਹੇਗਾ । ਹਾਲਾਤ ਦੇ ਮੁਲਾਂਕਣ ਤੋਂ ਅਗਲੇ ਲਏ ਜਾਣ ਵਾਲੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਜਾਵੇਗੀ।
18 ਸਤੰਬਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਸੰਸਦ ਵਿੱਚ ਇਹ ਸ਼ੱਕ ਜ਼ਾਹਿਰ ਕੀਤਾ ਸੀ ਕਿ ਸ਼ਾਇਦ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਭੂਮਿਕਾ ਸੀ।
13 ਜੂਨ 2023 ਨੂੰ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਭਾਰਤ ਸਰਕਾਰ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਬੇ-ਬੁਨਿਆਦ ਕਰਾਰ ਦਿੱਤਾ ਹੈ ਅਤੇ ਇਸ ਤੋਂ ਇਨਕਾਰ ਕਰ ਦਿੱਤਾ।
ਜਿਸ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਮਾਮਲਾ ਭਖਦਾ ਗਿਆ ਅਤੇ ਦੋਵਾਂ ਮੁਲਕਾਂ ਨੇ ਇੱਕ-ਦੂਜੇ ਦੇ ਕੂਟਨੀਤਕਾਂ ਨੂੰ ਮੁਲਕ ਛੱਡ ਕੇ ਜਾਣ ਲਈ ਕਹਿ ਦਿੱਤਾ।
ਇੰਨਾਂ ਨਹੀਂ ਭਾਰਤ ਨੇ ਕੈਨੇਡਾ ਦੇ ਨਾਗਰਿਕ ਲਈ ਵੀਜ਼ਾ ਸੇਵਾਵਾਂ 'ਤੇ ਵੀ ਅਸਥਾਈ ਤੌਰ 'ਤੇ ਰੋਕ ਲਗਾ ਦਿੱਤੀ ਸੀ,
ਮਾਮਲੇ ਦੀ ਸ਼ੁਰੂਆਤ ਕਿਵੇਂ ਹੋਈ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਮੁਲਕ ਦੀ ਸੰਸਦ ਵਿੱਚ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਸਾਲ ਜੂਨ ਵਿੱਚ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਇਦ ਭਾਰਤ ਦੀ ਭੂਮਿਕਾ ਸੀ।
ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ ਸੀ। ਜਵਾਬੀ ਕਾਰਵਾਈ ਵਿੱਚ ਭਾਰਤ ਨੇ ਵੀ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।
ਇਸ ਮਾਮਲੇ 'ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ , ''ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਭਾਰਤ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।”
"ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।"
ਭਾਰਤ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।
ਅਗਲੇ ਕੁਝ ਦਿਨਾਂ ਵਿੱਚ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਦੀਆਂ ਸੇਵਾਵਾਂ ਰੱਦ ਕਰ ਦਿੱਤੀਆਂ ਸਨ, ਇਸ ਪਿੱਛੇ ਦੂਤਾਵਾਸ ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਖਤਰਾ ਦੱਸਿਆ ਗਿਆ ਸੀ।