ਦਿੱਲੀ: ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਕਾਰ ਧਮਾਕੇ 'ਚ 8 ਮੌਤਾਂ, ਹੁਣ ਤੱਕ ਕੀ-ਕੀ ਪਤਾ ਲੱਗਾ? ਦੁਨੀਆਂ ਭਰ ਦੇ ਦੇਸ਼ਾਂ ਨੇ ਕੀ ਕਿਹਾ

ਸੋਮਵਾਰ ਸ਼ਾਮ ਨੂੰ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਇੱਕ ਕਾਰ ਵਿੱਚ ਜ਼ੋਰਦਾਰ ਧਮਾਕਾ ਹੋਇਆ ਸੀ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਘਟਨਾ ਵਾਲੇ ਇਲਾਕੇ ਦਾ ਦੌਰਾ ਕੀਤਾ ਸੀ।
ਦਿੱਲੀ ਪੁਲਿਸ ਨੇ ਇਸ ਘਟਨਾ ਵਿੱਚ ਅੱਠ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਦਿੱਲੀ ਫਾਇਰ ਸਰਵਿਸ ਨੇ ਬੀਬੀਸੀ ਨਿਊਜ਼ ਹਿੰਦੀ ਨੂੰ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਸ਼ਾਮ 6:55 ਵਜੇ ਇੱਕ ਕਾਰ ਵਿੱਚ ਧਮਾਕੇ ਬਾਰੇ ਫੋਨ ਆਇਆ।
ਇਸ ਧਮਾਕੇ ਵਿੱਚ ਜ਼ਖ਼ਮੀ ਹੋਏ ਲੋਕਾਂ ਦਾ ਇਲਾਜ ਦਿੱਲੀ ਦੇ ਐੱਲਐੱਨਜੇਪੀ ਹਸਪਤਾਲ ਵਿੱਚ ਚੱਲ ਰਿਹਾ ਹੈ।
ਇਸ ਧਮਾਕੇ ਤੋਂ ਬਾਅਦ ਦਿੱਲੀ ਸਥਿਤੀ ਅਮਰੀਕਾ ਦੂਤਾਵਾਸ ਨੇ ਵੀ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਹੈ ਅਤੇ ਦੁਨੀਆਂ ਭਰ ਦੇ ਕਈ ਦੇਸ਼ਾਂ ਤੋਂ ਪ੍ਰਤੀਕਿਰਿਆਵਾਂ ਆਈਆਂ ਹਨ।

ਤਸਵੀਰ ਸਰੋਤ, Getty Images
ਪੀਐੱਮ ਮੋਦੀ ਬੋਲੇ-"ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ"

ਤਸਵੀਰ ਸਰੋਤ, ani
ਭੂਟਾਨ ਦੇ ਦੌਰੇ 'ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਧਮਾਕੇ ਦੀ ਘਟਨਾ 'ਤੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਾਜ਼ਿਸ਼ ਰਚੀ ਹੈ, ਉਨ੍ਹਾਂ ਨੂੰ "ਬਖਸ਼ਿਆ ਨਹੀਂ ਜਾਵੇਗਾ। ਜ਼ਿੰਮੇਵਾਰ ਸਾਰੇ ਲੋਕਾਂ ਨੂੰ ਸਖ਼ਤ ਸਜ਼ਾ ਮਿਲੇਗੀ।"
ਥਿੰਪੂ ਵਿੱਚ, ਉਨ੍ਹਾਂ ਨੇ ਕਿਹਾ, "ਮੈਂ ਭਰੇ ਮਨ ਨਾਲ ਇੱਥੇ ਆਇਆ ਹਾਂ। ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਨੂੰ ਬਹੁਤ ਦੁਖੀ ਕੀਤਾ ਹੈ। ਮੈਂ ਪੀੜਤ ਪਰਿਵਾਰਾਂ ਦੇ ਦੁੱਖ ਨੂੰ ਸਮਝਦਾ ਹਾਂ। ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਮੈਂ ਸਾਰੀ ਰਾਤ ਸਾਰੀਆਂ ਜਾਂਚ ਏਜੰਸੀਆਂ ਦੇ ਸੰਪਰਕ ਵਿੱਚ ਰਿਹਾ। ਸਾਡੀਆਂ ਜਾਂਚ ਏਜੰਸੀਆਂ ਇਸ ਮਾਮਲੇ ਦੀ ਤਹਿ ਤੱਕ ਜਾਣਗੀਆਂ।"
ਉੱਥੇ ਹੀ "ਦਿੱਲੀ ਡਿਫੈਂਸ ਡਾਇਲਾਗ" ਦੌਰਾਨ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ 'ਤੇ ਵਾਪਰੀ ਦੁਖਦਾਈ ਘਟਨਾ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ।
ਉਨ੍ਹਾਂ ਕਿਹਾ, "ਮੈਂ ਆਪਣੇ ਨਾਗਰਿਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਦੇਸ਼ ਦੀਆਂ ਪ੍ਰਮੁੱਖ ਏਜੰਸੀਆਂ ਪੂਰੀ ਤਰ੍ਹਾਂ ਜਾਂਚ ਕਰ ਰਹੀਆਂ ਹਨ ਅਤੇ ਇਸ ਦੁਖਾਂਤ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।"
ਗ੍ਰਹਿ ਮੰਤਰੀ ਅਮਿਤ ਨੇ ਸ਼ਾਹ ਨੇ ਕੀ ਕਿਹਾ

ਤਸਵੀਰ ਸਰੋਤ, VEERU SINDHI
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਇਸ ਘਟਨਾ ਵਿੱਚ ਮਾਰੇ ਗਏ ਅਤੇ ਜ਼ਖਮੀ ਹੋਏ ਲੋਕਾਂ ਪ੍ਰਤੀ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਘਟਨਾ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੋਮਵਾਰ ਨੂੰ ਆਪਣੇ ਐਕਸ ਹੈਂਡਲ ਉੱਤੇ ਲਿਖਿਆ ਹੈ, "ਅੱਜ ਸ਼ਾਮ ਦਿੱਲੀ ਵਿੱਚ ਹੋਏ ਧਮਾਕੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
“ਪ੍ਰਭਾਵਿਤ ਲੋਕਾਂ ਦੀ ਅਧਿਕਾਰੀਆਂ ਦੁਆਰਾ ਸਹਾਇਤਾ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਅਤੇ ਹੋਰ ਅਧਿਕਾਰੀਆਂ ਨਾਲ ਸਥਿਤੀ ਦੀ ਸਮੀਖਿਆ ਕੀਤੀ।"

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਘਟਨਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ, "ਅੱਜ ਸ਼ਾਮ, ਲਗਭਗ 7 ਵਜੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਸੁਭਾਸ਼ ਮਾਰਗ ਟ੍ਰੈਫਿਕ ਸਿਗਨਲ 'ਤੇ ਇੱਕ ਹੁੰਡਈ ਆਈ-20 ਕਾਰ ਵਿੱਚ ਧਮਾਕਾ ਹੋਇਆ। ਧਮਾਕੇ ਵਿੱਚ ਕੁਝ ਪੈਦਲ ਯਾਤਰੀ ਜ਼ਖ਼ਮੀ ਹੋਏ ਅਤੇ ਕੁਝ ਵਾਹਨਾਂ ਨੂੰ ਨੁਕਸਾਨ ਪਹੁੰਚਿਆ।"
"ਮੁੱਢਲੀਆਂ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕੁਝ ਲੋਕਾਂ ਦੀ ਜਾਨ ਚਲੀ ਗਈ ਹੈ। ਧਮਾਕੇ ਦੀ ਸੂਚਨਾ ਮਿਲਣ ਦੇ 10 ਮਿੰਟਾਂ ਦੇ ਅੰਦਰ, ਦਿੱਲੀ ਕ੍ਰਾਈਮ ਬ੍ਰਾਂਚ ਅਤੇ ਦਿੱਲੀ ਸਪੈਸ਼ਲ ਬ੍ਰਾਂਚ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਐੱਨਐੱਸਜੀ ਅਤੇ ਐੱਨਆਈਏ ਟੀਮਾਂ, ਐੱਫਐੱਸਐੱਲ ਦੇ ਨਾਲ, ਹੁਣ ਪੂਰੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।"

ਤਸਵੀਰ ਸਰੋਤ, Getty Images
ਉਨ੍ਹਾਂ ਨੇ ਅੱਗੇ ਕਿਹਾ, "ਨੇੜਲੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮੈਂ ਦਿੱਲੀ ਸੀਪੀ ਅਤੇ ਸਪੈਸ਼ਲ ਬ੍ਰਾਂਚ ਇੰਚਾਰਜ ਨਾਲ ਵੀ ਗੱਲ ਕੀਤੀ ਹੈ। ਦਿੱਲੀ ਸੀਪੀ ਅਤੇ ਸਪੈਸ਼ਲ ਬ੍ਰਾਂਚ ਇੰਚਾਰਜ ਮੌਕੇ 'ਤੇ ਮੌਜੂਦ ਹਨ।”
“ਅਸੀਂ ਸਾਰੀਆਂ ਸੰਭਾਵਨਾਵਾਂ ਦੀ ਪੜਚੋਲ ਕਰ ਰਹੇ ਹਾਂ ਅਤੇ ਸਾਰੀਆਂ ਸੰਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੀ ਜਾਂਚ ਕਰਾਂਗੇ। ਸਾਰੇ ਬਦਲਾਂ ਦੀ ਤੁਰੰਤ ਜਾਂਚ ਕੀਤੀ ਜਾਵੇਗੀ ਅਤੇ ਅਸੀਂ ਨਤੀਜੇ ਜਨਤਾ ਦੇ ਸਾਹਮਣੇ ਪੇਸ਼ ਕਰਾਂਗੇ।"
ਇਸ ਮਗਰੋਂ ਅਮਿਤ ਸ਼ਾਹ ਧਮਾਕੇ ਵਾਲੀ ਥਾਂ ਅਤੇ ਹਸਪਤਾਲ ਦਾ ਵੀ ਦੌਰਾ ਕੀਤਾ।
ਅਮਰੀਕੀ ਦੂਤਾਵਾਸ ਨੇ ਜਾਰੀ ਕੀਤੀ ਸੁਰੱਖਿਆ ਚੇਤਾਵਨੀ

ਤਸਵੀਰ ਸਰੋਤ, Getty Images
ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਕਾਰ ਬੰਬ ਧਮਾਕੇ ਤੋਂ ਬਾਅਦ ਦੁਨੀਆ ਦੇ ਕਈ ਦੇਸ਼ਾਂ ਤੋਂ ਪ੍ਰਤੀਕਿਰਿਆਵਾਂ ਆਈਆਂ ਹਨ।
ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਅਲਰਟ ਜਾਰੀ ਕੀਤਾ ਹੈ।
ਇਸ ਨੇ ਜਾਰੀ ਚੇਤਾਵਨੀ ਵਿੱਚ ਕਿਹਾ, "10 ਨਵੰਬਰ, 2025 ਨੂੰ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਕਾਰ ਬੰਬ ਧਮਾਕਾ ਹੋਇਆ, ਜਿਸ ਵਿੱਚ ਸਥਾਨਕ ਮੀਡੀਆ ਨੇ ਕਈ ਲੋਕਾਂ ਦੇ ਮਾਰੇ ਜਾਣ ਦੀ ਰਿਪੋਰਟ ਦਿੱਤੀ ਹੈ। ਹਾਲਾਂਕਿ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ, ਪਰ ਭਾਰਤ ਸਰਕਾਰ ਨੇ ਕਈ ਸੂਬਿਆਂ ਨੂੰ ਹਾਈ ਅਲਰਟ 'ਤੇ ਰੱਖਿਆ ਹੈ।"
ਸਾਵਧਾਨੀ ਵਜੋਂ, ਅਮਰੀਕੀ ਦੂਤਾਵਾਸ ਨੇ ਲੋਕਾਂ ਨੂੰ ਦਿੱਲੀ ਦੇ ਲਾਲ ਕਿਲ੍ਹੇ ਅਤੇ ਚਾਂਦਨੀ ਚੌਕ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨਾ ਜਾਣ ਅਤੇ ਭੀੜ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਇਸ ਤੋਂ ਇਲਾਵਾ, ਇਹ ਸਲਾਹ ਦਿੱਤੀ ਜਾਂਦੀ ਹੈ ਕਿ ਤੁਸੀਂ ਅਪਡੇਟਸ ਲਈ ਸਥਾਨਕ ਮੀਡੀਆ 'ਤੇ ਨਜ਼ਰ ਰੱਖੋ ਅਤੇ ਸੁਚੇਤ ਰਹੋ।
ਦੁਨੀਆਂ ਭਰ ਤੋਂ ਆਈਆਂ ਪ੍ਰਤੀਕਿਰਿਆਵਾਂ

ਤਸਵੀਰ ਸਰੋਤ, Getty Images
ਭਾਰਤ ਵਿੱਚ ਈਰਾਨੀ ਦੂਤਾਵਾਸ ਨੇ ਦਿੱਲੀ ਵਿੱਚ ਕਾਰ ਬੰਬ ਧਮਾਕੇ ਦੀ ਘਟਨਾ ਵਿੱਚ ਕਈ ਨਾਗਰਿਕਾਂ ਦੀ ਮੌਤ ਅਤੇ ਜ਼ਖਮੀ ਹੋਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਦੂਤਾਵਾਸ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਕਿਹਾ, "ਈਰਾਨ ਭਾਰਤ ਦੀ ਸਰਕਾਰ ਅਤੇ ਲੋਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹੈ। ਦੂਤਾਵਾਸ ਪੀੜਤਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਵੀ ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦਾ ਹੈ।"
ਈਰਾਨ ਨੇ ਧਮਾਕੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਬੰਗਲਾਦੇਸ਼ ਨੇ ਵੀ ਦਿੱਲੀ ਵਿੱਚ ਹੋਏ ਕਾਰ ਬੰਬ ਧਮਾਕੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਹੈ।
ਭਾਰਤ ਵਿੱਚ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਰਿਆਜ਼ ਹਮੀਦੁੱਲਾ ਨੇ ਐਕਸ 'ਤੇ ਲਿਖਿਆ, "ਮੈਂ ਅਤੇ ਬੰਗਲਾਦੇਸ਼ ਹਾਈ ਕਮਿਸ਼ਨ ਦੇ ਮੇਰੇ ਸਾਥੀ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਏ ਕਾਰ ਬੰਬ ਧਮਾਕੇ ਵਿੱਚ ਭਾਰਤੀਆਂ ਦੇ ਮਾਰੇ ਜਾਣ ਅਤੇ ਕਈ ਹੋਰਾਂ ਦੇ ਜ਼ਖਮੀ ਹੋਣ 'ਤੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।"
"ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਪ੍ਰਭਾਵਿਤ ਸਾਰੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਇਸ ਮੁਸ਼ਕਲ ਸਮੇਂ ਵਿੱਚ ਬੰਗਲਾਦੇਸ਼ ਭਾਰਤ ਦੇ ਨਾਲ ਖੜ੍ਹਾ ਹੈ।"
ਭਾਰਤ ਵਿੱਚ ਆਸਟ੍ਰੇਲੀਆਈ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਨੇ ਵੀ ਇਸ ਘਟਨਾ 'ਤੇ ਦੁੱਖ ਜ਼ਾਹਰ ਕੀਤਾ ਹੈ।
ਉਨ੍ਹਾਂ ਆਪਣੇ ਐਕਸ ਅਕਾਉਂਟ 'ਤੇ ਲਿਖਿਆ, "ਅੱਜ ਸ਼ਾਮ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਵਾਪਰੀ ਘਟਨਾ ਤੋਂ ਪ੍ਰਭਾਵਿਤ ਸਾਰੇ ਲੋਕਾਂ ਪ੍ਰਤੀ ਸਾਡੀ ਡੂੰਘੀ ਸੰਵੇਦਨਾ ਹੈ।"
"ਸਾਡੇ ਵਿਚਾਰ ਉਨ੍ਹਾਂ ਪਰਿਵਾਰਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।"
ਭਾਰਤ ਵਿੱਚ ਫਰਾਂਸ ਦੇ ਰਾਜਦੂਤ ਥੀਏਰੀ ਮਾਥੂ ਨੇ ਐਕਸ 'ਤੇ ਪੋਸਟ ਕੀਤਾ ਕਿ ਉਨ੍ਹਾਂ ਦੀਆਂ ਹਮਦਰਦੀਆਂ ਪੀੜਤਾਂ ਨਾਲ ਹਨ।
ਉਨ੍ਹਾਂ ਕਿਹਾ , "ਫਰਾਂਸੀਸੀ ਲੋਕਾਂ ਅਤੇ ਸਰਕਾਰ ਵੱਲੋਂ ਮੈਂ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਸਾਡੀਆਂ ਸੰਵੇਦਨਾਵਾਂ ਪੀੜਤਾਂ ਦੇ ਪਰਿਵਾਰਾਂ ਨਾਲ ਹਨ ਅਤੇ ਅਸੀਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।"
ਦਿੱਲੀ ਪੁਲਿਸ ਕਮਿਸ਼ਨਰ ਨੇ ਕੀ ਕਿਹਾ

ਦਿੱਲੀ ਪੁਲਿਸ ਕਮਿਸ਼ਨਰ ਸਤੀਸ਼ ਗੋਲਚਾ ਨੇ ਮੀਡੀਆ ਨੂੰ ਦੱਸਿਆ ਕਿ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਲਾਲ ਬੱਤੀ 'ਤੇ ਸ਼ਾਮ 6:52 ਵਜੇ ਇੱਕ ਹੌਲੀ-ਹੌਲੀ ਚੱਲਦੀ ਗੱਡੀ ਰੁਕੀ, ਜਿਸ ਵਿੱਚ ਧਮਾਕਾ ਹੋਇਆ ਅਤੇ ਅੰਦਰ ਯਾਤਰੀ ਸਨ।
ਉਨ੍ਹਾਂ ਕਿਹਾ, "ਧਮਾਕੇ ਨੇ ਨੇੜਲੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ। ਜਿਵੇਂ ਹੀ ਸਾਨੂੰ ਜਾਣਕਾਰੀ ਮਿਲੀ, ਸਾਰੀਆਂ ਏਜੰਸੀਆਂ, ਦਿੱਲੀ ਪੁਲਿਸ, ਐੱਫਐੱਸਐੱਲ, ਐੱਨਆਈਏ ਅਤੇ ਐੱਨਐੱਸਜੀ, ਦੀਆਂ ਟੀਮਾਂ ਪਹੁੰਚੀਆਂ ਅਤੇ ਸਥਿਤੀ ਦਾ ਮੁਲਾਂਕਣ ਕਰ ਰਹੀਆਂ ਹਨ। ਧਮਾਕੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਬਾਰੇ ਵਧੇਰੇ ਜਾਣਕਾਰੀ ਦਿੱਤੀ ਜਾਵੇਗੀ।"
ਦਿੱਲੀ ਪੁਲਿਸ ਕਮਿਸ਼ਨਰ ਨੇ ਵੀ ਘਟਨਾ ਵਿੱਚ ਜ਼ਖ਼ਮੀਆਂ ਅਤੇ ਮੌਤਾਂ ਦੀ ਪੁਸ਼ਟੀ ਕੀਤੀ।
ਉਨ੍ਹਾਂ ਕਿਹਾ, "ਕੁਝ ਲੋਕ ਜ਼ਖ਼ਮੀ ਹੋਏ ਹਨ ਅਤੇ ਕੁਝ ਦੀ ਮੌਤ ਹੋ ਗਈ ਹੈ। ਸਹੀ ਅੰਕੜੇ ਜਲਦੀ ਹੀ ਜਾਰੀ ਕੀਤੇ ਜਾਣਗੇ। ਗ੍ਰਹਿ ਮੰਤਰੀ ਨੂੰ ਵੀ ਸਥਿਤੀ ਬਾਰੇ ਲਗਾਤਾਰ ਜਾਣਕਾਰੀ ਦਿੱਤੀ ਜਾ ਰਹੀ ਹੈ। ਭਵਿੱਖ ਦੀ ਸਥਿਤੀ ਜੋ ਵੀ ਹੋ ਸਕਦੀ ਹੈ, ਅਸੀਂ ਤੁਹਾਨੂੰ ਜਲਦੀ ਹੀ ਸੂਚਿਤ ਕਰਾਂਗੇ।"

ਦਿੱਲੀ ਫਾਇਰ ਸਰਵਿਸ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਕਾਲ ਆਈ ਜਿਸ ਵਿੱਚ ਦੱਸਿਆ ਗਿਆ ਸੀ ਕਿ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਇੱਕ ਕਾਰ ਵਿੱਚ ਧਮਾਕਾ ਹੋਇਆ ਹੈ।
ਧਮਾਕੇ ਤੋਂ ਬਾਅਦ ਛੇ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਨੇੜੇ ਖੜ੍ਹੇ ਵਾਹਨ ਵੀ ਨੁਕਸਾਨੇ ਗਏ।
ਦਿੱਲੀ ਫਾਇਰ ਸਰਵਿਸ ਦਾ ਕਹਿਣਾ ਹੈ ਕਿ ਧਮਾਕੇ ਦੀ ਰਿਪੋਰਟ ਤੋਂ ਬਾਅਦ ਲਾਲ ਕਿਲ੍ਹਾ ਮੈਟਰੋ ਸਟੇਸ਼ਨ 'ਤੇ ਸੱਤ ਗੱਡੀਆਂ ਭੇਜੀਆਂ ਗਈਆਂ ਸਨ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਧਮਾਕੇ ਨਾਲ ਲਗਭਗ ਛੇ ਵਾਹਨ ਪ੍ਰਭਾਵਿਤ ਹੋਏ।

ਤਸਵੀਰ ਸਰੋਤ, Getty Images
'ਇਮਾਰਤ ਦੀ ਖਿੜਕੀ ਹਿੱਲ ਗਈ'
ਨਿਊਜ਼ ਏਜੰਸੀ ਪੀਟੀਆਈ ਦਾ ਕਹਿਣਾ ਹੈ ਕਿ ਇਲਾਕੇ ਨੂੰ ਘੇਰ ਲਿਆ ਗਿਆ ਹੈ। ਉੱਥੇ ਹੀ ਨਿਊਜ਼ ਏਜੰਸੀ ਏਐੱਨਆਈ ਦਾ ਕਹਿਣਾ ਹੈ ਕਿ ਕੁਝ ਜ਼ਖਮੀਆਂ ਨੂੰ ਐੱਲਐੱਨਜੇਪੀ ਹਸਪਤਾਲ ਪਹੁੰਚਾਇਆ ਹੈ।
ਰਾਜਧਰ ਪਾਂਡੇ ਨਾਮ ਦੇ ਇੱਕ ਸਥਾਨਕ ਨਿਵਾਸੀ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, "ਅਸੀਂ ਅੱਗ ਦੀਆਂ ਲਪਟਾਂ ਵੇਖੀਆਂ... ਮੈਂ ਆਪਣੀ ਛੱਤ ਤੋਂ ਦੇਖਿਆ। ਫਿਰ ਮੈਂ ਹੇਠਾਂ ਆਇਆ ਕਿ ਦੇਖਾਂ ਕੀ ਹੋ ਰਿਹਾ ਹੈ। ਬਹੁਤ ਤੇਜ਼ ਆਵਾਜ਼ ਆਈ। ਇਮਾਰਤ ਦੀ ਖਿੜਕੀ ਹਿੱਲ ਗਈ। ਮੇਰਾ ਘਰ ਗੁਰਦੁਆਰੇ ਦੇ ਨੇੜੇ ਹੈ।"

ਤਸਵੀਰ ਸਰੋਤ, ANI
ਵਲੀ ਉਰ ਰਹਿਮਾਨ ਨਾਮ ਦੇ ਇੱਕ ਸਥਾਨਕ ਦੁਕਾਨਦਾਰ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, "ਜਦੋਂ ਧਮਾਕਾ ਹੋਇਆ ਤਾਂ ਮੈਂ ਦੁਕਾਨ ਵਿੱਚ ਬੈਠਾ ਸੀ। ਅਚਾਨਕ ਇੰਨਾ ਜ਼ੋਰਦਾਰ ਧਮਾਕਾ ਹੋਇਆ ਜੋ ਮੈਂ ਪਹਿਲਾਂ ਕਦੇ ਨਹੀਂ ਸੁਣਿਆ ਸੀ। ਧਮਾਕਾ ਸੁਣਨ ਤੋਂ ਬਾਅਦ, ਮੈਂ ਤਿੰਨ ਵਾਰ ਡਿੱਗ ਪਿਆ। ਇਸ ਤੋਂ ਬਾਅਦ, ਆਸ ਪਾਸ ਦੇ ਸਾਰੇ ਲੋਕ ਭੱਜਣ ਲੱਗ ਪਏ।"

ਤਸਵੀਰ ਸਰੋਤ, Getty Images
ਰਾਹੁਲ ਗਾਂਧੀ ਨੇ ਕੀ ਪ੍ਰਤੀਕਿਰਿਆ ਦਿੱਤੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਘਟਨਾ 'ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਵੈੱਬਸਾਈਟ ਐਕਸ 'ਤੇ ਪੋਸਟ ਕੀਤਾ, "ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਕਾਰ ਧਮਾਕੇ ਦੀ ਖ਼ਬਰ ਬਹੁਤ ਹੀ ਦਰਦਨਾਕ ਅਤੇ ਚਿੰਤਾਜਨਕ ਹੈ। ਇਸ ਦੁਖਦਾਈ ਹਾਦਸੇ ਵਿੱਚ ਕਈ ਮਾਸੂਮ ਜਾਨਾਂ ਦੇ ਜਾਣ ਦੀ ਖ਼ਬਰ ਬਹੁਤ ਦੁਖਦਾਈ ਹੈ।"
"ਮੈਂ ਇਸ ਦੁੱਖ ਦੀ ਘੜੀ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਦੁਖੀ ਪਰਿਵਾਰਾਂ ਦੇ ਨਾਲ ਖੜ੍ਹਾ ਹਾਂ ਅਤੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਨੂੰ ਉਮੀਦ ਹੈ ਕਿ ਸਾਰੇ ਜ਼ਖਮੀ ਜਲਦੀ ਤੋਂ ਜਲਦੀ ਠੀਕ ਹੋ ਜਾਣਗੇ।"
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਪਰੀ ਘਟਨਾ ਬਾਰੇ ਦੁਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਉੱਤੇ ਲਿਖਿਆ, "ਦੇਸ਼ ਦੀ ਰਾਜਧਾਨੀ 'ਚ ਵਾਪਰੀ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।"
"ਇਸ ਹਾਦਸੇ 'ਚ ਜਾਨ ਗਵਾਉਣ ਵਾਲੇ ਰਾਹਗੀਰਾਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।"
ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ, "ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਕਾਰ ਬੰਬ ਧਮਾਕੇ ਦੀ ਖ਼ਬਰ ਬਹੁਤ ਦੁਖਦਾਈ ਹੈ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕਈ ਲੋਕਾਂ ਦੀ ਜਾਨ ਚਲੀ ਗਈ ਹੈ।"

ਤਸਵੀਰ ਸਰੋਤ, ANI
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਹਾਦਸੇ ਬਾਰੇ ਆਪਣੇ ਐਕਸ ਹੈਂਡਲ ਉੱਤੇ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਹੈ, "ਅਸੀਂ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਨਾਲ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੇ ਹਾਂ। ਸਰਕਾਰ ਨੂੰ ਇਸ ਘਟਨਾ ਦੀ ਪੂਰੀ ਅਤੇ ਜਲਦੀ ਜਾਂਚ ਯਕੀਨੀ ਬਣਾਉਣੀ ਚਾਹੀਦੀ ਹੈ।"

"ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਦੁਖਦਾਈ ਧਮਾਕੇ ਤੋਂ ਬਹੁਤ ਦੁੱਖ ਹੋਇਆ ਹੈ। ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ, ਦਹਿਸ਼ਤ ਦੀ ਸਾਜ਼ਿਸ਼ ਰਚਣ ਵਾਲਿਆਂ ਲਈ ਕੋਈ ਰਹਿਮ ਨਹੀਂ।"
"ਮੈਂ ਉਨ੍ਹਾਂ ਦੁਖੀ ਪਰਿਵਾਰਾਂ ਪ੍ਰਤੀ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਅਰਦਾਸ ਕਰਦਾ ਹਾਂ। ਪਰਮਾਤਮਾ ਸਾਰੇ ਪ੍ਰਭਾਵਿਤਾਂ ਨੂੰ ਤਾਕਤ ਦੇਵੇ।"
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ












