You’re viewing a text-only version of this website that uses less data. View the main version of the website including all images and videos.
ਪੰਜਾਬ 'ਚ ਅਮਨ ਕਾਨੂੰਨ ਦੇ ਹਾਲਾਤ ਉੱਤੇ ਸਵਾਲ ਖੜ੍ਹੇ ਕਰਨ ਵਾਲੀਆਂ 7 ਵਾਰਦਾਤਾਂ
- ਲੇਖਕ, ਸੁਮਨਦੀਪ ਕੌਰ
- ਰੋਲ, ਬੀਬੀਸੀ ਪੱਤਰਕਾਰ
10 ਨਵੰਬਰ ਨੂੰ ਫਰੀਦਕੋਟ ਦੇ ਕੋਟਕਪੁਰਾ ਵਿੱਚ ਡੇਰਾ ਸੱਚਾ ਸੌਦਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੇ ਹਾਲਾਤ ਉੱਤੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ।
ਮਾਰਚ 2022, ਜਦੋਂ ਤੋਂ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣੀ ਹੈ, ਉਸ ਤੋਂ ਕੁਝ ਦਿਨ ਪਹਿਲਾਂ ਹੀ ਸ਼ੁਰੂ ਹੋਈਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ।
ਸੂਬੇ ਵਿੱਚ ਵਿਰੋਧੀ ਧਿਰਾਂ ਸਰਕਾਰ 'ਤੇ ਅਮਨ ਕਾਨੂੰਨ ਦੇ ਹਾਲਾਤ ਨੂੰ ਕਾਬੂ ਨਾ ਰੱਖ ਸਕਣ ਦਾ ਇਲਜ਼ਾਮ ਲਗਾ ਰਹੀਆਂ ਅਤੇ ਸਰਕਾਰ ਹਾਲਾਤ ਨਾ ਵਿਗੜਣ ਦੇਣ ਦੇ ਦਾਅਵੇ ਕਰ ਰਹੀ ਹੈ।
ਪੌਪ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੇ ਤਾਂ ਪੰਜਾਬ ਦੇ ਹਾਲਾਤ ਨੂੰ ਕੌਮਾਂਤਰੀ ਪੱਧਰ ਦੀ ਚਰਚਾ ਵਿੱਚ ਲਿਆ ਦਿੱਤਾ ਹੈ।
ਅਜਿਹਾ ਨਹੀਂ ਹੈ ਜੁਰਮ ਦੀਆਂ ਘਟਨਾਵਾਂ ਕੋਈ ਨਵੀਂ ਗੱਲ ਹੈ।
ਪਰ ਮੌਜੂਦਾ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਦਾ ਇੱਕ ਲਗਾਤਾਰ ਸਿਲਸਿਲਾ ਜਿਹਾ ਬਣ ਗਿਆ ਹੈ।
ਇਸ ਰਿਪੋਰਟ ਵਿੱਚ ਪੰਜਾਬ ਸਰਕਾਰ ਦੇ 8 ਮਹੀਨੇ ਦੇ ਕਾਰਜਕਾਲ ਦੌਰਾਨ ਅਮਨ ਕਾਨੂੰਨ ਨਾਲ ਸਬੰਧਤ 7 ਵੱਡੀਆਂ ਵਾਰਦਾਤਾਂ ਦਾ ਜ਼ਿਕਰ ਕਰਾਂਗੇ।
- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ 8 ਮਹੀਨੇ ਹੋਏ ਹਨ ।
- ਸੂਬੇ ਵਿੱਚ ਅਮਨੋ-ਅਮਾਨ ਦੇ ਹਾਲਾਤ ਅਸਥਿਰ ਨਜ਼ਰ ਆ ਰਹੇ ਹਨ।
- 10 ਨਵੰਬਰ ਨੂੰ ਕੋਟਕਪੂਰਾ 'ਚ ਡੇਰਾ ਪ੍ਰੇਮੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ।
- ਮਾਰਚ ਵਿੱਚ ਜਲੰਧਰ ਸ਼ਹਿਰ ਨੇੜੇ ਪਿੰਡ ਮੱਲੀਆਂ ਕਲਾਂ ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਤਲ ਹੋਇਆ ਸੀ।
- 9 ਮਈ ਦੀ ਰਾਤ ਮੁਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲਾ ਹੋਇਆ ਸੀ।
- 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
- 4 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ (ਟਕਸਾਲੀ) ਆਗੂ ਸੁਧੀਰ ਸੂਰੀ ਦਾ ਕਤਲ ਕਰ ਦਿੱਤਾ ਗਿਆ ਸੀ।
1. ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ
10 ਨਵੰਬਰ ਸਵੇਰੇ ਕਰੀਬ 7 ਵਜੇ ਕੋਟਕਪੂਰਾ 'ਚ ਪ੍ਰਦੀਪ ਸਿੰਘ ਨਾਂ ਦੇ ਡੇਰਾ ਪ੍ਰੇਮੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਕੁਝ ਹਥਿਆਰਬੰਦ ਲੋਕਾਂ ਨੇ ਉਨ੍ਹਾਂ ਦੀ ਦੁਕਾਨ ਵਿੱਚ ਵੜਕੇ ਗੋਲੀਆਂ ਮਾਰੀਆਂ ਅਤੇ ਫਰਾਰ ਹੋ ਗਏ।
ਇਹ ਘਟਨਾ ਠੀਕ ਉਸੇ ਤਰ੍ਹਾਂ ਅੰਜਾਮ ਦਿੱਤੀ ਗਈ ਜਿਵੇਂ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ।
ਪੁਲਿਸ ਵੱਲੋਂ ਦਰਜ ਮੁੱਢਲੀ ਜਾਂਚ ਰਿਪੋਰਟ ਮੁਤਾਬਕ ਘਟਨਾ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੁਕਾਨ ਖੋਲ੍ਹਣ ਲਈ ਪਹੁੰਚੇ ਸਨ। ਹਮਲਾਵਰ ਮੋਟਰਸਾਈਕਲਾਂ ’ਤੇ ਆਏ ਸਨ।
ਲਾਰੈਂਸ਼ ਬਿਸ਼ਨੋਈ ਗੈਂਗ ਦੇ ਜਿਸ ਸਰਗਨਾ, ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ, ਉਸੇ ਨੇ ਪੋਸਟ ਪਾ ਕੇ ਇਸ ਕਤਲ ਦੀ ਵੀ ਜ਼ਿੰਮੇਵਾਰੀ ਲਈ ਹੈ।
ਮਾਰੇ ਗਏ ਡੇਰਾ ਪ੍ਰੇਮੀ ਦਾ ਨਾਮ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸ ਵਿੱਚ ਆਇਆ ਸੀ, ਸਾਲ 2021 ਤੋਂ ਉਨ੍ਹਾਂ ਨੂੰ ਜ਼ਮਾਨਤ ਮਿਲੀ ਹੋਈ ਸੀ।
ਪ੍ਰਦੀਪ ਸਿੰਘ ਨੂੰ ਸੁਰੱਖਿਆ ਮਿਲੀ ਹੋਈ ਸੀ ਅਤੇ ਹਮਲੇ ਦੌਰਾਨ ਉਸ ਦਾ ਸੁਰੱਖਿਆ ਕਰਮੀ ਵੀ ਜ਼ਖ਼ਮੀ ਹੋਇਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਘਟਨਾ ਉੱਤੇ ਪ੍ਰਤੀਕਰਮ ਦਿੱਤਾ ਅਤੇ ਕਿਹਾ, “ਪੰਜਾਬ ਇੱਕ ਅਮਨ ਪਸੰਦ ਸੂਬਾ ਹੈ। ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”
2. ਸੰਦੀਪ ਨੰਗਲ ਅੰਬੀਆ ਦਾ ਕਤਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕਣ ਤੋਂ ਦੋ ਦਿਨ ਪਹਿਲਾਂ ਹੀ ਪਹਿਲੀ ਵਾਰਦਾਤ ਘਟ ਗਈ ਸੀ।
14 ਮਾਰਚ ਨੂੰ ਜਲੰਧਰ ਸ਼ਹਿਰ ਨੇੜੇ ਪਿੰਡ ਮੱਲੀਆਂ ਕਲਾਂ ਵਿੱਚ ਕੌਮਾਂਤਰੀ ਪੱਧਰ ਦੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਟੂਰਨਾਮੈਂਟ ਦੌਰਾਨ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਸੰਦੀਪ ਨੰਗਲ ਉਰਫ਼ ਸੰਦੀਪ ਸਿੰਘ ਸੰਧੂ ਅੰਬੀਆਂ ਸ਼ਾਹਕੋਟ ਨੇੜਲੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੀ।
ਸੰਦੀਪ ਕਬੱਡੀ ਦੀ ਦੁਨੀਆਂ ਦਾ ਚਰਚਿਤ ਅਤੇ ਹਲੀਮੀ ਨਾਲ ਭਰਿਆ ਨਾਮ ਸੀ।
ਸੰਦੀਪ ਦੀ ਮੌਤ ਤੋਂ ਬਾਅਦ ਪੰਜਾਬ ਤੋਂ ਲੈ ਕੇ ਆਲਮੀ ਪੱਧਰ ਤੱਕ ਕਬੱਡੀ ਨੂੰ ਪਸੰਦ ਕਰਨ ਵਾਲੇ ਲੋਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ।
ਅਜੇ ਕੁਝ ਦਿਨ ਪਹਿਲਾਂ ਹੀ ਸੰਦੀਪ ਦੀ ਪਤਨੀ ਨੇ ਇੱਕ ਵੀਡੀਓ ਸੰਦੇਸ਼ ਰਾਹੀ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਸੀ।
ਉਨ੍ਹਾਂ ਇਲਜ਼ਾਮ ਲਾਇਆ ਸੀ ਕਿ ਸੰਦੀਪ ਦਾ ਕਤਲ ਕਰਵਾਉਣ ਪਿੱਛੇ ਪਰਿਵਾਰ ਨੂੰ ਜਿਸ ਵਿਅਕਤੀ ਉੱਤੇ ਸ਼ੱਕ ਹੈ, ਉਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਕਾਰਵਾਈ ਨਹੀਂ ਹੋਈ।
ਪੁਲਿਸ ਇਸ ਮਾਮਲੇ ਵਿੱਚ ਕੁਝ ਗ੍ਰਿਫ਼ਤਾਰੀਆਂ ਕਰਨ ਦਾ ਵੀ ਦਾਅਵਾ ਕਰ ਚੁੱਕੀ ਹੈ।
3. ਪਟਿਆਲਾ ਕਾਲੀ ਮੰਦਿਰ ਘਟਨਾ
ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਸੰਸਥਾ 'ਸਿੱਖਸ ਫਾਰ ਜਸਟਿਸ' ਵੱਲੋਂ ਅਪ੍ਰੈਲ ਮਹੀਨੇ ਵਿੱਚ ਡੀਸੀ ਦਫਤਰਾਂ 'ਤੇ ਖ਼ਾਲਿਸਤਾਨ ਪੱਖੀ ਝੰਡੇ ਲਹਿਰਾਉਣ ਦੀ ਅਪੀਲ ਕੀਤੀ ਗਈ ਸੀ।
ਪਟਿਆਲਾ ਵਿੱਚ ਸ਼ਿਵ ਸੈਨਾ ਵੱਲੋਂ ਇਸ ਅਪੀਲ ਦੇ ਵਿਰੋਧ ਵਿੱਚ ਮਾਰਚ ਦਾ ਸੱਦਾ ਦਿੱਤਾ ਗਿਆ ਸੀ।
ਇਸ ਤੋਂ ਬਾਅਦ ਇਸੇ ਮਾਰਚ ਦੇ ਵਿਰੋਧ ਵਿੱਚ ਕਈ ਸਿੱਖ ਸੰਗਠਨ ਵੀ ਵਿਰੋਧ ਪ੍ਰਦਰਸ਼ਨ ਲਈ ਸੜਕਾਂ ਉੱਤੇ ਉਤਰ ਆਏ ਸਨ।
ਇਹ ਮਾਰਚ ਪਟਿਆਲਾ ਦੇ ਫੁਹਾਰਾ ਚੌਂਕ ਤੋਂ ਸ਼ੁਰੂ ਹੋਇਆ ਅਤੇ ਕਾਲੀ ਮਾਤਾ ਮੰਦਿਰ ਤੱਕ ਪਹੁੰਚਿਆ, ਜਿੱਥੇ ਇਨ੍ਹਾਂ ਦਾ ਆਪਸੀ ਵਿੱਚ ਟਕਰਾਅ ਹੋ ਗਿਆ ਸੀ।
ਦੋਵਾਂ ਧਿਰਾਂ ਵਿਚਾਲੇ ਕਾਫੀ ਤਣਾਅ ਵਧਿਆ, ਪੱਥਰਬਾਜ਼ੀ ਹੋਈ ਤੇ ਤਲਵਾਰਾਂ ਲਹਿਰਾਈਆਂ ਗਈਆਂ। ਪੁਲਿਸ ਵੱਲੋਂ ਹਾਲਾਤ ਨੂੰ ਕਾਬੂ ਕਰਨ ਲਈ ਹਵਾਈ ਫਾਇਰਿੰਗ ਵੀ ਕੀਤੀ ਗਈ ਸੀ।
ਹਾਲਾਂਕਿ, ਇਨ੍ਹਾਂ ਹਿੰਸਕ ਘਟਨਾਵਾਂ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਦੱਸੇ ਜਾ ਰਹੇ ਹਰੀਸ਼ ਸਿੰਗਲਾ ਤੇ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਬਰਜਿੰਦਰ ਸਿੰਘ ਪਰਵਾਨਾ ਦਮਦਮੀ ਟਕਸਾਲ ਰਾਜਪੁਰਾ ਨਾਲ ਸਬੰਧਿਤ ਹੈ ਜਦ ਕਿ ਹਰੀਸ਼ ਸਿੰਗਲਾ ਦਾ ਸਬੰਧ ਸ਼ਿਵ ਸੈਨਾ ਨਾਲ ਸੀ।
ਪਟਿਆਲਾ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਜਾਣਕਾਰੀ ਦਿੱਤੀ ਸੀ ਕਿ ਇਸ ਮਾਮਲੇ ਵਿੱਚ 6 ਹੋਰ ਗ੍ਰਿਫ਼ਤਾਰੀਆਂ ਕੀਤੀਆਂ ਸਨ।
4. ਪੰਜਾਬ ਪੁਲਿਸ ਦੇ ਖੁਫ਼ੀਆ ਹੈੱਡਕੁਆਟਰ 'ਤੇ ਹਮਲਾ
9 ਮਈ ਦੀ ਰਾਤ ਮੁਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਸ਼ਾਮ 7:45 ਵਜੇ ਹਮਲਾ ਹੋਇਆ ਸੀ।
ਜਿਸ ਨੇ ਪੰਜਾਬ ਦੀ ਸੁਰੱਖਿਆ ਨੂੰ ਡੂੰਘੀ ਚਿੰਤਾ ਦਾ ਵਿਸ਼ਾ ਬਣਾ ਦਿੱਤਾ ਸੀ।
ਪੰਜਾਬ ਪੁਲਿਸ ਦੇ ਡੀਜੀਪੀ ਵੀਕੇ ਭੰਵਰਾ ਨੇ ਉਸ ਵੇਲੇ ਕਿਹਾ ਸੀ ਕਿ ਇੱਕ ਪ੍ਰੋਜੈਕਟਾਈਲ ਵੱਜੀ ਹੈ ਅਤੇ ਵਿਸਫੋਟਕ ਟੀਐੱਨਟੀ ਲੱਗ ਰਿਹਾ ਹੈ।
ਇਸ ਧਮਾਕੇ ਲਈ ਵਰਤੇ ਗਏ ਲਾਂਚਰ ਨੂੰ ਬਰਾਮਦ ਕਰ ਲਿਆ ਗਿਆ ਸੀ।
ਪੰਜਾਬ ਇੱਕ ਵੱਖਰਾ ਖ਼ੂਫ਼ੀਆ ਹੈੱਡ ਕੁਆਰਟਰ ਰੱਖਣ ਵਾਲੇ ਬਹੁਤ ਘੱਟ ਸੂਬਿਆਂ ਵਿੱਚੋਂ ਇੱਕ ਹੈ।
ਪੁਲਿਸ ਨੇ ਇਸ ਨੂੰ ਸੂਬੇ ਵਿੱਚ ਸਰਗਰਮ ਗੈਂਗਸਟਰਾਂ ਅਤੇ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨ ਪੱਖ਼ੀ ਕਾਰਕੁਨਾਂ ਦੀ ਰਲੀ-ਮਿਲੀ ਸਾਜਿਸ਼ ਕਰਾਰ ਦਿੱਤਾ ਸੀ।
5. ਗਾਇਕ ਸਿੱਧੂ ਮੂਸੇਵਾਲਾ ਕਤਲ
29 ਮਈ ਨੂੰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਉੱਪਰ ਮਾਨਸਾ ਵਿਖੇ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਸ ਕਤਲ ਨੇ ਪੰਜਾਬ ਦੇ ਨਾਲ-ਨਾਲ ਦੇਸ਼ਾਂ-ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਝੰਜੋੜ ਦਿੱਤਾ ਸੀ।
ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ।
ਉਸ ਨੂੰ ਘੇਰ ਕੇ ਦਿਨ-ਦਿਹਾੜੇ ਅਤਿਆਧੁਨਿਕ ਹਥਿਆਰਾਂ ਨਾਲ ਕਤਲ ਕੀਤਾ ਗਿਆ ਸੀ।
ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਗੈਂਗਵਾਰ ਨਾਲ ਜੋੜਿਆ।
ਜਿਸ ਦਿਨ ਘਟਨਾ ਵਾਪਰੀ ਸੀ ਉਸ ਤੋਂ ਇੱਕ ਦਿਨ ਪਹਿਲਾਂ ਹੀ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਸਰਕਾਰ ਨੇ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ 424 ਹਸਤੀਆਂ ਨੂੰ ਦਿੱਤੀ ਪੁਲਿਸ ਸੁਰੱਖਿਆ ਨੂੰ ਘਟਾਇਆ ਜਾਂ ਖ਼ਤਮ ਕੀਤਾ ਸੀ।
6. ਚਰਚ 'ਚ ਭੰਨਤੋੜ ਦਾ ਮਾਮਲਾ
ਅਗਸਤ ਦੇ ਅਖ਼ੀਰ ਵਿੱਚ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਨਜ਼ਦੀਕ ਪਿੰਡ ਠੱਕਰਪੁਰ ਵਿੱਚ ਇੱਕ ਚਰਚ ਵਿੱਚ ਭੰਨਤੋੜ ਕੀਤੀ ਗਈ।
ਇਸ ਘਟਨਾ ਨੂੰ ਮੁਲਜ਼ਮ ਵੱਲੋਂ ਅੰਜਾਮ ਦੇਣ ਦੀਆਂ ਤਸਵੀਰਾਂ ਵੀ ਸੀਸੀਟੀਵੀ ਕੈਮਰੇ ਰਾਹੀਂ ਸਾਹਮਣੇ ਆਈਆਂ ਸੀ।
ਤਸਵੀਰਾਂ ਵਿੱਚ ਨਜ਼ਰ ਆ ਰਿਹਾ ਸੀ ਕਿ ਇੱਕ ਵਿਅਕਤੀ ਚਰਚ ਦੇ ਅੰਦਰ ਜਾ ਕੇ ਧਾਰਮਿਕ ਮੂਰਤੀਆਂ ਨੂੰ ਤੋੜ ਰਿਹਾ ਹੈ। ਇਸ ਤੋਂ ਇਲਾਵਾ ਚਰਚ ਵਿੱਚ ਇੱਕ ਕਾਰ ਨੂੰ ਵੀ ਅੱਗ ਲਗਾਈ ਗਈ ਸੀ।
ਤਰਨਤਾਰਨ ਦੇ ਐੱਸਐੱਸਪੀ ਆਰਐੱਸ ਢਿੱਲੋਂ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਗਈ ਹੈ।
ਧਾਰਮਿਕ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਅਤੇ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ ਦੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਜਿਸ ਨੂੰ ਬਾਅਦ ਵਿੱਚ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਖ਼ਤਮ ਕਰ ਦਿੱਤਾ ਗਿਆ ਸੀ।
7. ਨਵੰਬਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ
4 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ (ਟਕਸਾਲੀ) ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਸ਼ਹਿਰ ਦੇ ਗੋਪਾਲ ਮੰਦਿਰ ਬਾਹਰ ਉਨ੍ਹਾਂ ਉੱਤੇ ਹਮਲਾ ਹੋਇਆ। ਉਹ ਹਮਲੇ ਤੋਂ ਪਹਿਲਾਂ ਇੱਕ ਮੰਦਰ ਵਲੋਂ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਕੁੜੇ ਵਿੱਚ ਸੁੱਟੇ ਜਾਣ ਦੇ ਵਿਰੋਧ ਵਿੱਚ ਉਹ ਧਰਨੇ ਉੱਤੇ ਬੈਠੇ ਸਨ।
ਸੋਸ਼ਲ ਮੀਡੀਆ ਉੱਤੇ ਵਾਇਰਲ ਵੀਡੀਓ ਮੁਤਾਬਕ ਉਨ੍ਹਾਂ ਨਾਲ ਕਿਸੇ ਦੀ ਬਹਿਸਬਾਜ਼ੀ ਹੁੰਦੀ ਦਿਖਾਈ ਦੇ ਰਹੀ ਹੈ, ਅਤੇ ਫਿਰ ਉਨ੍ਹਾਂ ਉੱਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ।
ਹਾਲਾਂਕਿ, ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਘਟਨਾ ਵਾਲੀ ਥਾਂ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ।
ਗੋਲੀਆਂ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਉਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
ਜਿਸ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਸੀ।
ਸ਼ਿਵ ਸੈਨਾ ਦੇ ਗੁੱਟਾ ਨੇ ਇਸ ਤੋਂ ਬਾਅਦ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਅਤੇ ਦੋ ਦਿਨ ਬਾਅਦ ਸਸਕਾਰ ਕੀਤਾ।