ਕੈਨੇਡਾ : ਜਸਟਿਨ ਟਰੂਡੋ ਨੇ ਹਰਦੀਪ ਨਿੱਝਰ ਕਤਲ ਮਾਮਲੇ ਵਿੱਚ ਭਾਰਤ ਨੂੰ ਲੈ ਕੇ ਹੁਣ ਨਵਾਂ ਕੀ ਕਿਹਾ

ਤਸਵੀਰ ਸਰੋਤ, Getty Images
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁੜ ਭਾਰਤ ਉੱਤੇ ਇਲਜ਼ਾਮ ਦੁਹਰਾਏ ਹਨ।
ਉਨ੍ਹਾਂ ਨੇ ਕਿਹਾ,"ਸਾਡੇ ਕੋਲ ਇਹ ਮੰਨਣ ਦੇ ਗੰਭੀਰ ਕਾਰਨ ਹਨ ਕਿ ਕੈਨੇਡਾ ਦੀ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹੋ ਸਕਦੇ ਹਨ।"
ਉਨ੍ਹਾਂ ਨੇ ਇੱਕ ਪ੍ਰੈੱਸ ਕਾਨਫਰੈਂਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇੱਕ ਸਵਾਲ ਦੇ ਜਵਾਬ ਵਿੱਚ ਭਾਰਤ ਦੇ ਰਵੱਈਏ ਬਾਰੇ ਵੀ ਜ਼ਿਕਰ ਕੀਤਾ।
ਜਸਟਿਨ ਟਰੂਡੋ ਨੇ ਕਿਹਾ, "ਅਸੀਂ ਭਾਰਤ ਤੱਕ ਪਹੁੰਚ ਕੀਤੀ ਕਿ ਸਾਡੇ ਨਾਲ ਮਿਲ ਕੇ ਕੰਮ ਕਰੋ ਤਾਂ ਜੋ ਅਸੀਂ ਮੁੱਦੇ ਦੀ ਡੂੰਘਾਈ ਤੱਕ ਜਾ ਸਕੀਏ।"
"ਇਸ ਤੋਂ ਇਲਾਵਾ ਅਸੀਂ ਆਪਣੇ ਦੋਸਤ ਅਤੇ ਭਾਈਵਾਲ ਦੇਸ਼ਾਂ (ਜਿਵੇਂ ਸੰਯੁਕਤ ਰਾਸ਼ਟਰ ਅਮਰੀਕਾ) ਨਾਲ ਵੀ ਇਸ ਮੁੱਦੇ ਬਾਰੇ ਗੱਲ ਕੀਤੀ ਜੋ ਕਿ ਕਾਫੀ ਗੰਭੀਰ ਹੈ ਅਤੇ ਕੌਮਾਂਤਰੀ ਕਾਨੂੰਨ ਤੇ ਲੋਕਤਾਂਤਰਿਕ ਪ੍ਰਭੂਸੱਤਾ ਦੀ ਉਲੰਘਣਾ ਹੈ।"
ਭਾਰਤ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਟਰੂਡੋ ਦੇ ਇਲਜ਼ਾਮਾਂ ਨੂੰ ਪਹਿਲਾਂ ਹੀ ਰੱਦ ਕਰ ਚੁੱਕਾ ਹੈ, ਭਾਰਤ ਕੈਨੇਡਾ ਤੋਂ ਇਨ੍ਹਾਂ ਇਲਜ਼ਾਮਾਂ ਬਾਰੇ ਸਬੂਤਾਂ ਦੀ ਮੰਗ ਕਰ ਰਹਿ ਹੈ।
ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਕਈ ਵਾਰ ਸਬੂਤਾਂ ਦੀ ਮੰਗ ਕਰ ਚੁੱਕੇ ਹਨ ਉਨ੍ਹਾਂ ਦਾ ਉਲਟਾ ਇਲਜ਼ਾਮ ਹੈ ਕਿ ਜਸਟਿਨ ਟਰੂਡੋ ਆਪਣੀਆਂ ਨਿੱਜੀ ਸਿਆਸੀ ਮਜ਼ਬੂਰੀਆਂ ਕਾਰਨ ਅਜਿਹੇ ਇਲਜ਼ਾਮ ਲਾ ਰਹੇ ਹਨ।
ਭਾਰਤ ਨੇ ਇਨ੍ਹਾਂ ਇਲਜ਼ਾਮਾਂ ਤੋਂ ਖਫ਼ਾ ਹੋ ਕੇ ਕੈਨੇਡਾ ਦਾ 41 ਡਿਪਲੋਮੇਟਸ ਨੂੰ ਵਾਪਸ ਭੇਜ ਦਿੱਤਾ ਹੈ ਅਤੇ ਕੈਨੇਡੀਅਨ ਨਾਗਰਿਕਾਂ ਦੇ ਕਈ ਵਰਗਾਂ ਨੂੰ ਵੀਜ਼ੇ ਦੇਣ ਉੱਤੇ ਪਾਬੰਦੀ ਲਾਈ ਹੋਈ ਹੈ।

ਤਸਵੀਰ ਸਰੋਤ, Getty Images
'ਭਾਰਤ ਨਾਲ ਮਿਲ ਕੇ ਕੰਮ ਕਰਾਂਗੇ'
ਟਰੂਡੋ ਨੇ ਅੱਗੇ ਕਿਹਾ, "ਕੈਨੇਡਾ ਇੱਕ ਅਜਿਹਾ ਦੇਸ ਹੈ, ਜੋ ਹਮੇਸ਼ਾ ਕਾਨੂੰਨ ਦੇ ਨਿਯਮਾਂ ਲਈ ਖੜ੍ਹਾ ਰਹਿੰਦਾ ਹੈ ਕਿਉਂਕਿ ਜੇਕਰ ਵੱਡੇ ਦੇਸ ਬਿਨਾਂ ਨਤੀਜੇ ਬਾਰੇ ਇਨ੍ਹਾਂ ਕੌਮਾਂਤਰੀ ਕਾਨੂੰਨਾਂ ਦੀ ਪਾਲਣਾ ਕਰਨਾ ਛੱਡ ਦੇਣ ਤਾਂ ਇਹ ਸਾਰੇ ਸੰਸਾਰ ਲਈ ਖ਼ਤਰਨਾਕ ਹੋ ਸਕਦਾ ਹੈ।"
"ਅਸੀਂ ਬੇਹੱਦ ਸਪੱਸ਼ਟ ਹਾਂ ਕਿ ਅਸੀਂ ਭਾਰਤ ਨਾਲ ਇਸ ਗੰਭੀਰ ਮੁੱਦੇ ਉੱਤੇ ਉਸਾਰੂ ਢੰਗ ਨਾਲ ਕੰਮ ਕਰਨਾ ਚਾਹੁੰਦੇ ਹਾਂ।"
ਟਰੂਡੋ ਨੇ ਕਿਹਾ, "ਸ਼ੁਰੂਆਤ ਵਿੱਚ ਅਸੀਂ ਇਲਜ਼ਾਮਾਂ ਨੂੰ ਸਾਂਝਾ ਕੀਤਾ, ਜਿਨ੍ਹਾਂ ਬਾਰੇ ਬੇਹੱਦ ਚਿੰਤਤ ਸੀ। ਅਸੀਂ ਭਾਰਤ ਸਰਕਾਰ ਅਤੇ ਸਾਰੇ ਸਾਡੇ ਭਾਈਵਾਲਾਂ ਨਾਲ ਇਸ ਮੁੱਦੇ ਦੀ ਜੜ੍ਹ ਤੱਕ ਜਾਣ ਲਈ ਗੱਲ ਕੀਤੀ।"
"ਇਸ ਲਈ ਅਸੀਂ ਬੇਹੱਦ ਨਿਰਾਸ਼ ਹਾਂ ਕਿ ਭਾਰਤ ਨੇ ਵਿਅਨਾ ਕੰਨਵੈਨਸ਼ਨ ਦੀ ਉਲੰਘਣਾ ਕੀਤੀ ਹੈ। ਇਸ ਲਈ ਜਦੋਂ ਭਾਰਤ ਨੇ ਵਿਅਨਾ ਕਨਵੈਨਸ਼ਨ ਦਾ ਉਲੰਘਣ ਕੀਤੀ ਅਤੇ 40 ਤੋਂ ਵੱਧ ਕੈਨੇਡਾ ਦੇ ਕੂਟਨੀਤਿਕਾਂ ਦੀ ਛੋਟ ਨੂੰ ਮਨ-ਮਰਜ਼ੀ ਨਾਲ ਰੱਦ ਕਰ ਦਿੱਤਾ ਤਾਂ ਅਸੀਂ ਬਹੁਤ ਨਿਰਾਸ਼ ਹੋਏ।"
ਜਸਟਿਨ ਟਰੂਡੋ ਨੇ ਅੱਗੇ ਕਿਹਾ, "ਇਸ ਬਾਰੇ ਸਾਡੇ ਨਜ਼ਰੀਏ ਤੋਂ ਸੋਚੋ। ਸਾਡੇ ਕੋਲ ਇਹ ਮੰਨਣ ਦੇ ਗੰਭੀਰ ਕਾਰਨ ਹਨ ਕਿ ਕੈਨੇਡਾ ਦੀ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹੋ ਸਕਦੇ ਹਨ।"
"....ਅਤੇ ਇਸ 'ਤੇ ਭਾਰਤ ਦਾ ਜਵਾਬ ਵਿਅਨਾ ਕਨਵੈਨਸ਼ਨ ਦੀ ਉਲੰਘਣਾ ਕਰਕੇ ਕੈਨੇਡਾ ਦੇ ਕੂਟਨੀਤਿਕਾਂ ਦੇ ਪੂਰੇ ਸਮੂਹ ਨੂੰ ਬਾਹਰ ਕੱਢਣਾ ਸੀ।"
"ਇਹ ਦੁਨੀਆਂ ਭਰ ਦੇ ਮੁਲਕਾਂ ਲਈ ਚਿੰਤਾ ਦਾ ਵਿਸ਼ਾ ਹੈ। ਜਦੋਂ ਕਿਸੇ ਦੇਸ ਨੂੰ ਲੱਗਦਾ ਹੈ ਕਿ ਉਸ ਦੇ ਕੂਟਨੀਤਿਕ ਦੂਜੇ ਦੇਸ ਵਿੱਚ ਸੁਰੱਖਿਅਤ ਨਹੀਂ ਹਨ, ਤਾਂ ਇਹ ਸਥਿਤੀ ਅੰਤਰਰਾਸ਼ਟਰੀ ਸਬੰਧਾਂ ਨੂੰ ਹੋਰ ਖ਼ਤਰਨਾਕ ਅਤੇ ਗੰਭੀਰ ਬਣਾ ਦਿੰਦੀ ਹੈ।"
" ਅਸੀਂ ਇਸ ਮੁੱਦੇ 'ਤੇ ਲੜਾਈ ਨਹੀਂ ਚਾਹੁੰਦੇ, ਭਾਰਤ ਨਾਲ ਕੰਮ ਕਰਦੇ ਰਹਾਂਗੇ। ਅਸੀਂ ਹਰ ਕਦਮ 'ਤੇ ਭਾਰਤ ਨਾਲ ਉਸਾਰੂ ਅਤੇ ਸਕਾਰਾਤਮਕ ਢੰਗ ਨਾਲ ਕੰਮ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਅਸੀਂ ਅਜਿਹਾ ਕਰਦੇ ਰਹਾਂਗੇ।"

ਤਸਵੀਰ ਸਰੋਤ, Getty Images
ਮਾਮਲੇ ਦੀ ਸ਼ੁਰੂਆਤ ਕਿਵੇਂ ਹੋਈ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਮੁਲਕ ਦੀ ਸੰਸਦ ਵਿੱਚ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਸਾਲ ਜੂਨ ਵਿੱਚ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਇਦ ਭਾਰਤ ਦੀ ਭੂਮਿਕਾ ਸੀ।
ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ ਸੀ। ਜਵਾਬੀ ਕਾਰਵਾਈ ਵਿੱਚ ਭਾਰਤ ਨੇ ਵੀ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।
ਇਸ ਮਾਮਲੇ 'ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ , ''ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਭਾਰਤ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।”
"ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।"
ਭਾਰਤ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।
ਅਗਲੇ ਕੁਝ ਦਿਨਾਂ ਵਿੱਚ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਦੀਆਂ ਸੇਵਾਵਾਂ ਰੱਦ ਕਰ ਦਿੱਤੀਆਂ ਸਨ, ਇਸ ਪਿੱਛੇ ਦੂਤਾਵਾਸ ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਖਤਰਾ ਦੱਸਿਆ ਗਿਆ ਸੀ।

ਤਸਵੀਰ ਸਰੋਤ, FB/VIRSA SINGH VALTOHA
ਹਰਦੀਪ ਸਿੰਘ ਨਿੱਝਰ ਕੌਣ ਸੀ?
ਹਰਦੀਪ ਸਿੰਘ ਨਿੱਝਰ (45) ਜਲੰਧਰ ਦੇ ਪਿੰਡ ਭਾਰ ਸਿੰਘ ਪੁਰਾ ਨਾਲ ਸਬੰਧਤ ਸੀ। ਭਾਰਤ ਸਰਕਾਰ ਅਨੁਸਾਰ, ਨਿੱਝਰ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਸੀ ਅਤੇ ਖਾਲਿਸਤਾਨ ਟਾਈਗਰ ਫੋਰਸ ਦੇ ਮਾਡਿਊਲ ਮੈਂਬਰਾਂ ਨੂੰ ਸੰਚਾਲਨ, ਨੈੱਟਵਰਕਿੰਗ, ਸਿਖਲਾਈ ਅਤੇ ਵਿੱਤੀ ਮਦਦ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ।
ਪੰਜਾਬ ਸਰਕਾਰ ਅਨੁਸਾਰ, ਕੌਮੀ ਜਾਂਚ ਏਜੰਸੀ (NIA) ਤਰਫੋਂ ਨਿੱਝਰ ਦੀ ਕੁੱਲ 11 ਕਨਾਲ 13.5 ਮਰਲੇ ਜ਼ਮੀਨ ਜਲੰਧਰ ਦੇ ਫਿਲੌਰ ਸਬ-ਡਿਵੀਜ਼ਨ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਭਾਰਾ ਸਿੰਘ ਪੁਰਾ ਵਿੱਚ ਜ਼ਬਤ ਕੀਤੀ ਗਈ ਸੀ।
ਸਿੱਖਸ ਫਾਰ ਜਸਟਿਸ ਦੇ ਖਿਲਾਫ ਇੱਕ ਵੱਖਰੇ ਖਾਲਿਸਤਾਨ ਰਾਸ਼ਟਰ ਲਈ ਆਪਣੀ ਆਨਲਾਈਨ ਮੁਹਿੰਮ "ਸਿੱਖ ਰੈਫਰੈਂਡਮ 2020" ਲਈ ਇੱਕ ਕੇਸ ਦੇ ਸਬੰਧ ਵਿੱਚ 2020 ਵਿੱਚ ਪੰਜਾਬ ਵਿੱਚ ਨਿੱਝਰ ਦੀ ਜਾਇਦਾਦ ਕੁਰਕ ਕੀਤੀ ਗਈ ਸੀ।
ਨਿੱਝਰ 1997 ਵਿੱਚ ਕੈਨੇਡਾ ਗਏ ਸੀ। ਉਨ੍ਹਾਂ ਦੇ ਮਾਤਾ-ਪਿਤਾ ਕੋਵਿਡ-19 ਲੌਕਡਾਊਨ ਤੋਂ ਪਹਿਲਾਂ ਪਿੰਡ ਆਏ ਸਨ। ਨਿੱਝਰ ਵਿਆਹੇ ਸੀ ਤੇ ਉਨ੍ਹਾਂ ਦੇ ਦੋ ਪੁੱਤਰ ਹਨ। ਕੈਨੇਡਾ ਵਿੱਚ ਨਿੱਝਰ ਪਲੰਬਰ ਵਜੋਂ ਕੰਮ ਕਰਦੇ ਸੀ।
ਭਾਰਤੀ ਦੀ ਕੌਮੀ ਜਾਂਚ ਏਜੰਸੀ (ਐੱਨਆਈਏ) ਮੁਤਾਬਕ ਨਿੱਝਰ ’ਤੇ ਇਲਜ਼ਾਮ ਸਨ ਕਿ ਉਹ ਕਥਿਤ ਤੌਰ 'ਤੇ ਕੇਟੀਐੱਫ਼ (ਖਾਲਿਸਤਾਨ ਟਾਈਗਰ ਫੋਰਸ) ਦੇ ਮੁਖੀ ਜਗਤਾਰ ਸਿੰਘ ਤਾਰਾ ਨਾਲ ਮੁਲਾਕਾਤ ਕਰਨ ਲਈ 2013-14 ਵਿੱਚ ਪਾਕਿਸਤਾਨ ਗਏ ਸੀ।
ਤਾਰਾ ਨੂੰ 2015 ਵਿੱਚ ਥਾਈਲੈਂਡ ਵਿੱਚ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਗਿਆ ਸੀ।
ਏਜੰਸੀ ਮੁਤਾਬਕ ਨਿੱਝਰ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਨਾਲ ਵੀ ਜੁੜੇ ਹੋਏ ਸੀ। ਨਿੱਝਰ ਨੂੰ ਹਾਲ ਹੀ 'ਚ ਆਸਟ੍ਰੇਲੀਆ 'ਚ ਖਾਲਿਸਤਾਨ ਰੈਫਰੈਂਡਮ ਲਈ ਹੋਈ ਵੋਟਿੰਗ ਦੌਰਾਨ ਦੇਖਿਆ ਗਿਆ ਸੀ।

ਤਸਵੀਰ ਸਰੋਤ, Getty Images
ਭਾਰਤ-ਕੈਨੇਡਾ ਮਸਲਾ: ਹੁਣ ਤੱਕ ਕੀ ਕੁਝ ਹੋਇਆ
- ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਏਜੰਸੀਆਂ ਦੇ ਹਵਾਲੇ ਨਾਲ ਨਿੱਝਰ ਕਤਲ ਕੇਸ ਅਤੇ ਭਾਰਤ ਸਰਕਾਰ ਵਿਚਾਲੇ ਪ੍ਰਤੱਖ਼ ਲਿੰਕ ਹੋਣ ਦੀ ਗੱਲ ਕਹੀ ਸੀ।
- ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ।
- ਭਾਰਤ ਨੇ ਵੀ ਮੰਗਲਵਾਰ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।
- ਭਾਰਤ ਸਰਕਾਰ ਨੇ ਇਸ ਬਿਆਨ ਨੂੰ ਬੇ-ਬੁਨਿਆਦ ਅਤੇ ਸਿਆਸੀ ਤੌਰ ਉੱਤੇ ਪ੍ਰੇਰਿਤ ਕਰਾਰ ਦਿੱਤਾ ਸੀ।
- 21 ਸਤੰਬਰ ਨੂੰ ਨਿਊਯਾਰਕ ਵਿੱਚ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣੇ ਇਲਜ਼ਾਮ ਦੁਹਰਾਏ, “ਇਸ ਗੱਲ ਉੱਤੇ ਭਰੋਸਾ ਕਰਨ ਲਈ ਪੁਖ਼ਤਾ ਕਾਰਨ ਹਨ ਕਿ ਭਾਰਤੀ ਏਜੰਟ ਇੱਕ ਕੈਨੇਡੀਅਨ ਨਾਗਰਿਕ ਦੇ ਕੈਨੇਡੀਅਨ ਧਰਤੀ ਉੱਤੇ ਹੋਏ ਕਤਲ ਵਿੱਚ ਸ਼ਾਮਿਲ ਹਨ।”
- ਇਸ ਵਿਵਾਦ ਦੇ ਚਲਦਿਆਂ ਦੋਵੇਂ ਦੇਸ਼ਾਂ ਨੇ ਆਪਣੇ-ਆਪਣੇ ਨਾਗਰਿਕਾਂ ਨੂੰ ਇੱਕ-ਦੂਜੇ ਦੇ ਦੇਸ਼ 'ਚ ਰਹਿਣ ਜਾਂ ਯਾਤਰਾ ਦੌਰਾਨ ਵਧੇਰੇ ਸਾਵਧਾਨ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ।
- ਇਸੇ ਦੌਰਾਨ ਅਮਰੀਕਾ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਟਰੂ਼ਡੋ ਵਲੋਂ ਲਾਏ ਇਲਜ਼ਾਮਾਂ ਦੀ ਵਿਸਥਾਰਤ ਜਾਂਚ ਦਾ ਸਮਰਥਕ ਹੈ ਅਤੇ ਭਾਰਤ ਨੂੰ ਇਸ ਮਸਲੇ ਉੱਤੇ ਸਹਿਯੋਗ ਕਰਨਾ ਚਾਹੀਦਾ ਹੈ।
- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਮਹਿਲਾ ਬੁਲਾਰੇ ਮੁਮਤਾਜ਼ ਜ਼ਾਹਰਾ ਬਲੋਚ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, ''ਇਹ ਇੱਕ ਲਾਪਰਵਾਹ ਅਤੇ ਗ਼ੈਰ-ਜ਼ਿੰਮੇਦਾਰ ਹਰਕਤ ਹੈ ਜੋ ਇੱਕ ਭਰੋਸੇਯੋਗ ਅੰਤਰ-ਰਾਸ਼ਟਰੀ ਸਹਿਯੋਗੀ ਦੇ ਰੂਪ 'ਚ ਭਾਰਤ ਦੀ ਭਰੋਸੇਯੋਗਤਾ 'ਤੇ ਸਵਾਲ ਹੈ।’’
- 20 ਅਕਤੂਬਰ ਨੂੰ ਕੈਨੇਡਾ ਵੱਲੋਂ ਭਾਰਤ ਵਿੱਚਲੇ ਆਪਣੇ 41 ਕੂਟਨੀਤਕਾਂ ਨੂੰ ਵਾਪਸ ਬੁਲਾਇਆ ਗਿਆ।
- 25 ਅਕਤੂਬਰ ਨੂੰ ਭਾਰਤ ਦੇ ਕੈਨੇਡਾ ਦੇ ਨਾਗਰਿਕਾਂ ਲਈ ਚਾਰ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ।












