ਪੰਜਾਬ ’ਚ ਜ਼ਿਮਨੀ ਚੋਣਾਂ ਲਈ ਹੋਈ 63 ਫੀਸਦ ਵੋਟਿੰਗ, ਹੌਟ ਸੀਟਾਂ ਉੱਤੇ ਕਿਹੋ ਜਿਹਾ ਰਿਹਾ ਮਾਹੌਲ

ਪੰਜਾਬ ਵਿਧਾਨ ਸਭਾ ਦੇ ਚਾਰ ਹਲਕਿਆਂ, ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਵਿੱਚ ਬੁੱਧਵਾਰ ਨੂੰ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਈ । ਇਨ੍ਹਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।

ਜੇਕਰ ਵੋਟ ਫੀਸਦ ਦੀ ਗੱਲ ਕੀਤੀ ਜਾਵੇ ਤਾਂ ਚੋਣ ਕਮਿਸ਼ਨ ਮੁਤਾਬਕ ਵੋਟਿੰਗ ਵਾਲੇ ਦਿਨ ਸ਼ਾਮ 6 ਵਜੇ ਤੱਕ ਚਾਰੇ ਹਲਕਿਆਂ ਵਿੱਚ ਕੁੱਲ 63 ਫੀਸਦ ਵੋਟਾਂ ਪਈਆਂ ਹਨ।

ਇਨ੍ਹਾਂ ਵਿੱਚ ਗਿੱਦੜਬਾਹਾ ਵਿੱਚ 81 ਫੀਸਦ, ਡੇਰਾ ਬਾਬਾ ਨਾਨਕ ਵਿੱਚ 63 ਫੀਸਦ, ਚੱਬੇਵਾਲ ਵਿੱਚ 53 ਫੀਸਦ ਅਤੇ ਬਰਨਾਲਾ ਵਿੱਚ 54 ਫੀਸਦ ਵੋਟਾਂ ਭੁਗਤੀਆਂ ਹਨ।

2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਤੋਂ ਚੁਣੇ ਹੋਏ ਵਿਧਾਇਕ ਮੀਤ ਹੇਅਰ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਅਤੇ ਰਾਜ ਕੁਮਾਰ ਚੱਬੇਵਾਲ ਐੱਮਪੀ ਬਣ ਗਏ ਸਨ।

ਇਸ ਲਈ ਇਹ ਸੀਟਾਂ ਖਾਲ੍ਹੀ ਹੋ ਗਈਆਂ ਸਨ ਜਿਸ ਤੋਂ ਬਾਅਦ ਹੁਣ ਇਨ੍ਹਾਂ ਸੀਟਾਂ ਉੱਤੇ ਚੋਣ ਕਰਵਾਈ ਗਈ ਹੈ।

ਕਾਂਗਰਸ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ।

ਆਮ ਆਦਮੀ ਪਾਰਟੀ ਨੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ ਤੋਂ ਡਾਕਟਰ ਇਸ਼ਾਂਕ ਕੁਮਾਰ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ।

ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਤੇ ਡੇਰਾ ਬਾਬਾ ਨਾਨਕ ਤੋਂ ਰਵੀ ਕਰਨ ਕਾਹਲੋਂ ਨੂੰ ਉਮੀਦਵਾਰ ਐਲਾਨਿਆ ਹੈ। ਚੱਬੇਵਾਲ ਤੋਂ ਭਾਜਪਾ ਨੇ ਸੋਹਨ ਸਿੰਘ ਠੰਡਲ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਸ਼੍ਰੋਮਣੀ ਅਕਾਲੀ ਦਲ ਇਸ ਚੋਣ ਦੰਗਲ ਤੋਂ ਬਾਹਰ ਹੈ। ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਐਲਾਨੇ ਜਾਣ ਮਗਰੋਂ ਪਾਰਟੀ ਨੇ ਇਨ੍ਹਾਂ ਜ਼ਿਮਨੀ ਚੋਣਾਂ ਨੂੰ ਨਾ ਲੜਨ ਦਾ ਫ਼ੈਸਲਾ ਲਿਆ ਸੀ।

ਗਿੱਦੜਬਾਹਾ ਸੀਟ ਚਰਚਾ ਵਿੱਚ

ਗਿੱਦੜਬਾਹਾ ਇਨ੍ਹਾਂ ਵਿੱਚ ਹੌਟ ਸੀਟ ਬਣੀ ਹੋਈ ਹੈ, ਜਿੱਥੇ ਮੁਕਾਬਲਾ ਫਸਵਾਂ ਮੰਨਿਆ ਜਾ ਰਿਹਾ ਹੈ।

ਇਸ ਹਲਕੇ ਵਿੱਚ ਕਾਂਗਰਸ ਨੇ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਭਾਜਪਾ ਨੇ ਮਨਪ੍ਰੀਤ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਹਲਕਾ ਗਿੱਦੜਬਾਹਾ ਤੋਂ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ।

ਅੰਮ੍ਰਿਤਾ ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਹਨ। ਉਹ ਸਿਆਸਤ ਵਿੱਚ ਕੋਈ ਬਹੁਤ ਪੁਰਾਣੇ ਨਹੀਂ ਹਨ। ਉਨ੍ਹਾਂ ਦੀ ਸਿਆਸਤ ਵਿੱਚ ਐਂਟਰੀ ਆਪਣੇ ਪਤੀ ਰਾਜਾ ਵੜਿੰਗ ਨਾਲ ਹੀ ਹੋਈ ਹੈ।

ਰਾਜਾ ਵੜਿੰਗ 2012, 2017 ਅਤੇ 2022 ਵਿੱਚ ਲਗਾਤਾਰ ਤਿੰਨ ਵਾਰ ਗਿੱਦੜਬਾਹਾ ਤੋਂ ਵਿਧਾਇਕ ਬਣ ਚੁੱਕੇ ਹਨ। 2017 ਦੀਆਂ ਵਿਧਾਨ ਚੋਣਾਂ ਵੇਲੇ ਆਪਣੇ ਪਤੀ ਦੇ ਹੱਕ ਵਿੱਚ ਕੀਤੇ ਪ੍ਰਚਾਰ ਤੋਂ ਅੰਮ੍ਰਿਤਾ ਵੜਿੰਗ ਦਾ ਨਾਮ ਚਰਚਾ ਵਿੱਚ ਆ ਗਿਆ ਸੀ।

ਪਾਰਟੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅੰਮ੍ਰਿਤਾ ਵੜਿੰਗ ਨੇ ਕੰਪਿਊਟਰ ਐਪਲੀਕੇਸ਼ਨ ਵਿੱਚ ਮਾਸਟਰਜ਼ ਕੀਤੀ ਹੋਈ ਹੈ। ਉਹ ਆਪਣੀ ਇੱਕ ਐੱਨਜੀਓ ਆਸਰਾ ਫਾਊਂਡੇਸ਼ਨ ਵੀ ਚਲਾਉਂਦੇ ਹਨ।

ਭਾਜਪਾ ਦੇ ਉਮੀਵਾਰ ਮਨਪ੍ਰੀਤ ਬਾਦਲ ਗਿੱਦੜਬਾਹਾ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਪਹਿਲੀ ਵਾਰ 1995 ਵਿੱਚ ਅਕਾਲੀ ਦਲ ਦੀ ਟਿਕਟ ਉੱਤੇ ਗਿੱਦੜਬਾਹਾ ਤੋਂ ਵਿਧਾਇਕ ਚੁਣੇ ਗਏ ਸਨ।

ਮਨਪ੍ਰੀਤ ਬਾਦਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਅਤੇ ਸੂਬੇ ਦੇ ਵਿੱਤ ਮੰਤਰੀ ਵੀ ਰਹਿ ਚੁੱਕੇ ਹਨ।

ਪਰ ਇਸ ਵਾਰ ਮਨਪ੍ਰੀਤ ਬਾਦਲ ਭਾਜਪਾ ਦੀ ਟਿਕਟ ਉੱਤੇ ਪਹਿਲੀ ਵਾਰੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜ ਰਹੇ ਹਨ।

ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੇ ਦੋ ਮਹੀਨੇ ਪਹਿਲਾਂ ਅਕਾਲੀ ਦਲ ਛੱਡ ਕੇ ਆਏ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ। ਡਿੰਪੀ ਢਿੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਹਨ।

ਪਰ ਉਹ 2024 ਦੀਆਂ ਲੋਕ ਸਭਾ ਚੋਣਾਂ ਵੇਲੇ ਅਕਾਲੀ ਦਲ ਵੱਲੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਗਏ ਸਨ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸੁਖਰਾਜ ਸਿੰਘ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਹਨ।

ਉਹ 2015 ਤੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਆਪਣੇ ਪਿਤਾ ਦੀ ਮੌਤ ਦਾ ਇਨਸਾਫ਼ ਲੈਣ ਲਈ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਪੰਜਾਬ ਤੋਂ ਇਲਾਵਾ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵੀ ਚੋਣਾਂ ਹੋਈਆਂ ਹਨ। ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ। ਜਦਕਿ ਝਾਰਖੰਡ ਵਿੱਚ 38 ਸੀਟਾਂ ਲਈ ਦੂਜੇ ਗੇੜ ਦੀ ਵੋਟਿੰਗ ਹੋਈ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)