ਮਨਮੋਹਨ ਸਿੰਘ ਦੀ ਯਾਦਗਾਰ ਮਾਮਲੇ 'ਚ ਸਿੱਖ ਆਗੂਆਂ ਦਾ ਕੇਂਦਰ ਦੀ ਬੀਜੇਪੀ ਸਰਕਾਰ 'ਤੇ ਕੀ ਰੋਸ

ਮਨਮੋਹਨ ਸਿੰਘ ਦੀ ਯਾਦਗਾਰ ਅਤੇ ਉਨ੍ਹਾਂ ਦੇ ਸਮਾਧ ਲਈ ਜਗ੍ਹਾ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮਨਮੋਹਨ ਸਿੰਘ ਦੀ ਯਾਦਗਾਰ ਅਤੇ ਉਨ੍ਹਾਂ ਦੇ ਸਮਾਧ ਲਈ ਜਗ੍ਹਾ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ।

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਦਿੱਲੀ ਦੇ ਨਿਗਮਬੋਧ ਘਾਟ 'ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਮਨਮੋਹਨ ਸਿੰਘ ਦੀ ਯਾਦਗਾਰ ਅਤੇ ਉਨ੍ਹਾਂ ਦੇ ਸਮਾਧ ਲਈ ਜਗ੍ਹਾ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ। ਇਸ ਦੌਰਾਨ ਕਾਂਗਰਸ ਨੇ ਕੇਂਦਰ ਸਰਕਾਰ 'ਤੇ ਉਨ੍ਹਾਂ ਦੇ ਅੰਤਿਮ ਸੰਸਕਾਰ ਦੌਰਾਨ ਬਿਹਤਰ ਪ੍ਰਬੰਧ ਨਾ ਕਰਨ ਦਾ ਇਲਜ਼ਾਮ ਲਗਾਇਆ ਹੈ।

ਕਾਂਗਰਸ, ਸ੍ਰੋਮਣੀ ਅਕਾਲੀ ਦਲ ਅਤੇ ਸਿੱਖ ਆਗੂਆਂ ਵੱਲੋਂ ਦੇਸ਼ ਦੇ ਇੱਕੋ-ਇੱਕ ਸਿੱਖ ਪ੍ਰਧਾਨ ਮੰਤਰੀ ਦੀ ਯਾਦਗਾਰ ਬਣਾਉਣ ਲਈ ਥਾਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਕੇਂਦਰ ਦੀ ਬੀਜੇਪੀ ਸਰਕਾਰ ਉਪਰ ਨਿਸ਼ਾਨਾ ਸਾਧਿਆ ਗਿਆ ਹੈ।

ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਇਸ ਮਾਮਲੇ 'ਚ ਕੇਂਦਰ ਸਰਕਾਰ 'ਤੇ ਮਨਮੋਹਨ ਸਿੰਘ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ ਹੈ।

ਉਹਨਾਂ ਐਕਸ 'ਤੇ ਲਿਖਿਆ, "ਮੌਜੂਦਾ ਸਰਕਾਰ ਨੇ ਭਾਰਤ ਮਾਤਾ ਦੇ ਮਹਾਨ ਪੁੱਤਰ ਅਤੇ ਸਿੱਖ ਕੌਮ ਦੇ ਪਹਿਲੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਨਿਗਮਬੋਧ ਘਾਟ ਵਿਖੇ ਸਸਕਾਰ ਕਰਕੇ ਪੂਰੀ ਤਰ੍ਹਾਂ ਅਪਮਾਨ ਕੀਤਾ ਹੈ।"

ਕਾਂਗਰਸ ਦੀ ਇਸ ਮੰਗ 'ਤੇ ਅਕਾਲੀ ਦਲ ਨੇ ਵੀ ਸਾਥ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਲਈ ਕਿਹਾ ਹੈ।

ਹਲਾਂਕਿ, ਬੀਜੇਪੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ, "ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਮੌਜੂਦਾ ਪ੍ਰਧਾਨ ਮਲਿਕਾਅਰਜੁਨ ਖੜਗੇ ਜੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ, ਮਾਨਯੋਗ ਡਾਕਟਰ ਮਨਮੋਹਨ ਸਿੰਘ ਜੀ ਦੇ ਦੁਖਦਾਈ ਦੇਹਾਂਤ ਤੋਂ ਬਾਅਦ ਵੀ ਰਾਜਨੀਤੀ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ।"

ਮੋਦੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਏ ਜਾਣ ਦੀ ਮੰਗ ਚੁੱਕੀ
ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ

ਤਸਵੀਰ ਸਰੋਤ, X/INCIndia

ਤਸਵੀਰ ਕੈਪਸ਼ਨ, ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ

ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ "ਰਾਜਨੇਤਾਵਾਂ ਅਤੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਯਾਦਗਾਰਾਂ ਉਨ੍ਹਾਂ ਦੇ ਅੰਤਿਮ ਸੰਸਕਾਰ ਦੇ ਸਥਾਨ 'ਤੇ ਬਣਾਉਣ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਵੀ ਅਜਿਹੇ ਹੀ ਪਵਿੱਤਰ ਸਥਾਨ 'ਤੇ ਕੀਤਾ ਜਾਵੇ ਜਿੱਥੇ ਭਾਰਤ ਦੇ ਮਹਾਨ ਪੁੱਤਰ ਦੀ ਯਾਦਗਾਰ ਬਣਾਈ ਜਾ ਸਕੇ।"

ਬੀਬੀਸੀ ਪੰਜਾਬੀ ਦੇ ਵੱਟਸਐਪ ਚੈਨਲ ਨਾਲ ਜੁੜਨ ਲਈ ਇਸ ਲਿੰਕ ’ਤੇ ਕਲਿੱਕ ਕਰੋ
ਤਸਵੀਰ ਕੈਪਸ਼ਨ, ਬੀਬੀਸੀ ਪੰਜਾਬੀ ਦੇ ਵੱਟਸਐਪ ਚੈਨਲ ਨਾਲ ਜੁੜਨ ਲਈ ਇਸ ਲਿੰਕ ’ਤੇ ਕਲਿੱਕ ਕਰੋ

ਸਿੱਖ ਆਗੂਆਂ ਦਾ ਕੀ ਰੋਸ?

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਡਾ. ਮਨਮੋਹਨ ਸਿੰਘ ਦੀ ਬਦੌਲਤ ਹੀ ਅੱਜ ਦੇਸ਼ ਸਥਿਰ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਮੁੱਖ ਰੱਖਦਿਆਂ ਪਰਿਵਾਰ ਦੀ ਭਾਵਨਾ ਅਨੁਸਾਰ ਢੁੱਕਵਾਂ ਮਾਣ-ਸਨਮਾਨ ਦੇਣਾ ਸਰਕਾਰ ਦਾ ਫ਼ਰਜ਼ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਜਦੋਂ ਵਿਸ਼ਵ ਵਿੱਤੀ ਮੰਦੀ ਦੇ ਦੌਰ ਵਿੱਚੋਂ ਲੰਘ ਰਿਹਾ ਸੀ ਤਾਂ ਡਾ. ਮਨਮੋਹਨ ਸਿੰਘ ਨੇ ਆਪਣੀ ਲਿਆਕਤ ਨਾਲ ਜਿਥੇ ਭਾਰਤ ਦੇਸ਼ ਨੂੰ ਆਰਥਿਕ ਤੌਰ 'ਤੇ ਸਥਿਰ ਕੀਤਾ, ਉਥੇ ਹੀ ਪੂਰੀ ਦੁਨੀਆ ਨੂੰ ਵੀ ਮਾਰਗ-ਦਰਸ਼ਨ ਦਿੱਤਾ ਸੀ। ਅਜਿਹੀ ਸ਼ਖ਼ਸੀਅਤ ਨਾਲ ਚਲਾਣੇ ਬਾਅਦ ਉਨ੍ਹਾਂ ਦਾ ਸੰਸਕਾਰ ਰਾਜ ਘਾਟ ਵਿਖੇ ਨਾ ਕਰਨਾ ਨਿਰਾਦਰ ਵਾਂਗ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਦਾ ਨੋਟਿਸ ਲੈਣ ਅਤੇ ਦੁਨੀਆ ਵਿਚ ਭਾਰਤ ਦਾ ਨਾਂ ਰੋਸ਼ਨ ਕਰਨ ਵਾਲੀ ਸਿੱਖ ਸ਼ਖ਼ਸੀਅਤ ਡਾ. ਮਨਮੋਹਨ ਸਿੰਘ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਢੁੱਕਵੀਂ ਯਾਦਗਾਰ ਉਸਾਰਨ।

ਡੀਐੱਸਜੀਐਮਸੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਰਾਜ ਘਾਟ 'ਤੇ ਅੰਤਿਮ ਸੰਸਕਾਰ ਕਰਨ ਦੀ ਬੇਨਤੀ ਨੂੰ ਠੁਕਰਾਉਣਾ ਬੇਹੱਦ ਨਿੰਦਣਯੋਗ ਕਾਰਵਾਈ ਹੈ।

ਸਰਨਾ ਨੇ ਆਪਣੇ ਫੇਸਬੁੱਕ ਪੇਜ ਉਪਰ ਲਿਖਿਆ, ''ਕੇਂਦਰ ਸਰਕਾਰ ਵਲੋਂ ਇਕ ਅਜਿਹੇ ਸਾਬਕਾ ਪ੍ਰਧਾਨ ਮੰਤਰੀ ਜਿੰਨਾਂ ਨੇ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ ਤੇ ਜੋ ਕਿ ਦੇਸ਼ ਦੇ ਇੱਕੋ ਇਕ ਸਿੱਖ ਪ੍ਰਧਾਨ ਮੰਤਰੀ ਸਨ, ਦਾ ਇਸ ਤਰ੍ਹਾਂ ਅਪਮਾਨ ਕਰਨਾ ਸਾਬਤ ਕਰਦਾ ਹੈ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਤੇ ਦੇਸ਼ ਦੀ ਤਰੱਕੀ 'ਚ ਸਭ ਤੋਂ ਜ਼ਿਆਦਾ ਯੋਗਦਾਨ ਦੇਣ ਵਾਲੀ ਸਿੱਖ ਕੌਮ ਨਾਲ ਸਰਕਾਰੀ ਪੱਧਰ ਤੇ ਵਿਤਕਰਾ ਕੀਤਾ ਜਾਂਦਾ ਹੈ।''

ਮਨਮੋਹਨ ਸਿੰਘ ਦੀ ਯਾਦਗਾਰ ਬਾਰੇ ਗ੍ਰਹਿ ਮੰਤਰਾਲੇ ਨੇ ਕੀ ਕਿਹਾ?

ਸ਼ੁੱਕਰਵਾਰ ਨੂੰ ਦੇਰ ਸ਼ਾਮ ਚਿੱਠੀ ਦਾ ਜਵਾਬ ਦਿੰਦੇ ਹੋਏ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਲਈ ਸਰਕਾਰੀ ਜਗ੍ਹਾ ਅਲਾਟ ਕੀਤੀ ਜਾਵੇਗੀ।

ਪੀਆਈਬੀ ਵੱਲੋਂ ਜਾਰੀ ਬਿਆਨ ਮੁਤਾਬਕ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਇਸ ਸਬੰਧ 'ਚ ਉਨ੍ਹਾਂ ਦੇ ਪਰਿਵਾਰ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਬਿਆਨ ਅਨੁਸਾਰ ਸਰਕਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਲਈ ਥਾਂ ਦੀ ਅਲਾਟਮੈਂਟ ਬਾਰੇ ਕਾਂਗਰਸ ਪ੍ਰਧਾਨ ਦਾ ਬੇਨਤੀ ਪੱਤਰ ਮਿਲਿਆ ਸੀ।

''ਇਸ ਦੇ ਮਗਰੋਂ ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੜਗੇ ਅਤੇ ਮਨਮੋਹਨ ਸਿੰਘ ਦੇ ਪਰਿਵਾਰ ਨੂੰ ਸੂਚਿਤ ਕੀਤਾ ਸੀ ਕਿ ਸਰਕਾਰ ਯਾਦਗਾਰ ਲਈ ਜਗ੍ਹਾ ਅਲਾਟ ਕਰੇਗੀ।''

ਬਿਆਨ ਦੇ ਅਨੁਸਾਰ ਉਨ੍ਹਾਂ ਕਿਹਾ ਕਿ ਇਸ ਦੌਰਾਨ ਅੰਤਿਮ ਸੰਸਕਾਰ ਅਤੇ ਹੋਰ ਰਸਮੀ ਕਾਰਵਾਈਆਂ ਕੀਤੀਆਂ ਜਾ ਸਕਦੀਆਂ ਹਨ ਕਿਉਂਕਿ ਜਗ੍ਹਾ ਦੀ ਅਲਾਟਮੈਂਟ ਦੇ ਨਾਲ ਇੱਕ ਟਰੱਸਟ ਦਾ ਗਠਨ ਕਰਨਾ ਹੋਵੇਗਾ ਜਿਸ ਵਿੱਚ ਵਕਤ ਲੱਗ ਸਕਦਾ ਹੈ।

ਵਾਜਪਾਈ ਦੀ ਯਾਦਗਾਰ ਬਣ ਸਕਦੀ ਹੈ ਤਾਂ ਮਨਮੋਹਨ ਸਿੰਘ ਦੀ ਕਿਉਂ ਨਹੀਂ?

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮਨਮੋਹਨ ਸਿੰਘ ਦੀ ਯਾਦਗਾਰ ਦੀ ਮੰਗ ਨੂੰ ਲੈ ਕੇ ਬਿਆਨ ਦਿੱਤਾ ਹੈ।

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮਨਮੋਹਨ ਸਿੰਘ ਦੀ ਯਾਦਗਾਰ ਦੀ ਮੰਗ ਨੂੰ ਲੈ ਕੇ ਬਿਆਨ ਦਿੱਤਾ ਹੈ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮਨਮੋਹਨ ਸਿੰਘ ਦੀ ਯਾਦਗਾਰ ਦੀ ਮੰਗ ਨੂੰ ਲੈ ਕੇ ਬਿਆਨ ਦਿੱਤਾ ਹੈ।

ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ, "ਅਸੀਂ ਮੰਗ ਕਰ ਰਹੇ ਹਾਂ ਕਿ ਸਰਕਾਰ ਯਾਦਗਾਰ ਲਈ ਜਗ੍ਹਾ ਮੁਹੱਈਆ ਕਰਵਾਏ। ਜੇਕਰ ਅਟਲ ਬਿਹਾਰੀ ਵਾਜਪਾਈ ਨੂੰ ਜਗ੍ਹਾ ਦਿੱਤੀ ਜਾ ਸਕਦੀ ਹੈ ਤਾਂ ਮਨਮੋਹਨ ਸਿੰਘ ਨੂੰ ਕਿਉਂ ਨਹੀਂ? ਉਹ ਦੇਸ਼ ਦੇ ਇਕਲੌਤੇ ਸਿੱਖ ਪ੍ਰਧਾਨ ਮੰਤਰੀ ਸਨ...ਜਦੋਂ ਯਾਦਗਾਰ ਬਣੇਗੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਪ੍ਰੇਰਨਾ ਲੈਣਗੀਆਂ।"

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, "ਇਹ ਕੋਈ ਮੁੱਦਾ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੂੰ ਇਸ ਬਾਰੇ ਪਹਿਲਾਂ ਸੋਚਣਾ ਚਾਹੀਦਾ ਸੀ। ਪੂਰਾ ਦੇਸ਼ ਚਾਹੁੰਦਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਜਿੱਥੇ ਹੋਵੇ ਯਾਦਗਾਰ ਵੀ ਉੱਥੇ ਹੀ ਬਣੇ। ਇਹ ਸਿਰਫ਼ ਕਾਂਗਰਸ, ਪੰਜਾਬ ਜਾਂ ਸਿਰਫ਼ ਸਿੱਖ ਭਾਈਚਾਰੇ ਦੀ ਮੰਗ ਨਹੀਂ ਹੈ, ਸਗੋਂ ਇਹ ਪੂਰੀ ਦੁਨੀਆ 'ਚ ਵਸਦੇ ਭਾਰਤੀਆਂ ਦੀ ਮੰਗ ਹੈ।"

ਅਕਾਲੀ ਦਲ ਨੇ ਵੀ ਜਤਾਈ ਨਰਾਜ਼ਗੀ

ਸੁਖਬੀਰ ਸਿੰਘ ਬਾਦਲ ਨੇ ਵੀ ਮੋਦੀ ਸਰਕਾਰ ਤੋਂ ਨਾਰਾਜ਼ਗੀ ਜਤਾਈ ਹੈ।

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸੁਖਬੀਰ ਸਿੰਘ ਬਾਦਲ ਨੇ ਵੀ ਮੋਦੀ ਸਰਕਾਰ ਤੋਂ ਨਾਰਾਜ਼ਗੀ ਜਤਾਈ ਹੈ।

ਮਨਮੋਹਨ ਸਿੰਘ ਦੀ ਯਾਦਗਾਰ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਵੀ ਮੋਦੀ ਸਰਕਾਰ ਤੋਂ ਨਾਰਾਜ਼ਗੀ ਜਤਾਈ ਹੈ।

ਉਹਨਾਂ ਇਕ ਐਕਸ ਪੋਸਟ 'ਚ ਲਿਖਿਆ ਕਿ 'ਇਹ ਬੇਹੱਦ ਨਿੰਦਣਯੋਗ ਹੈ'।

"ਇਹ ਸਮਝ ਤੋਂ ਬਾਹਰ ਹੈ ਕਿ ਸਰਕਾਰ ਇੱਕ ਅਜਿਹੇ ਨੇਤਾ ਪ੍ਰਤੀ ਇੰਨੀ ਅਪਮਾਨਜਨਕ ਕਿਉਂ ਕਰ ਰਹੀ ਹੈ ਜੋ ਸਿੱਖ ਕੌਮ ਦਾ ਇਕੱਲਾ ਪ੍ਰਧਾਨ ਮੰਤਰੀ ਹੈ। ਕਾਂਗਰਸ ਨਾਲ ਸਾਡੇ ਸਿਆਸੀ ਮਤਭੇਦਾਂ ਦੇ ਬਾਵਜੂਦ, ਅਸੀਂ ਹਮੇਸ਼ਾ ਡਾ: ਮਨਮੋਹਨ ਸਿੰਘ ਦਾ ਸਤਿਕਾਰ ਕੀਤਾ ਹੈ। ਉਹ ਇੱਕ ਬੰਦੇ ਸੀ ਜੋ ਸਿਆਸਤ ਅਤੇ ਸਿਆਸੀ ਸਬੰਧਾਂ ਤੋਂ ਹੱਟਕੇ ਸਨ।''

ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ, "ਸਿੱਖ ਅਤੇ ਪੰਜਾਬ ਦੇ ਮੁੱਦਿਆਂ 'ਤੇ ਡਾ: ਮਨਮੋਹਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਬਹੁਤ ਹੀ ਸੰਵੇਦਨਸ਼ੀਲਤਾ ਅਤੇ ਹਮਦਰਦੀ ਦਿਖਾਈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਕਾਰ ਦੇ ਨਿੰਦਣਯੋਗ ਫੈਸਲੇ ਨੂੰ ਵਾਪਸ ਲੈਣ ਲਈ ਨਿੱਜੀ ਤੌਰ 'ਤੇ ਦਖਲ ਦੇਣ ਦੀ ਅਪੀਲ ਕਰਦਾ ਹਾਂ।"

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਦੇ ਮੁੱਦੇ 'ਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਹੈ, "ਉਨ੍ਹਾਂ ਨੂੰ ਇਹ ਸਨਮਾਨ ਮਿਲਣਾ ਚਾਹੀਦਾ ਹੈ। ਮਨਮੋਹਨ ਸਿੰਘ ਵਰਗਾ ਨੇਤਾ ਦੇਸ਼ ਨੂੰ ਕਦੇ ਨਹੀਂ ਮਿਲੇਗਾ। ਮੈਂ ਉਨ੍ਹਾਂ ਦੀ ਸਰਕਾਰ 'ਚ ਮੰਤਰੀ ਸੀ। ਉਹਨਾਂ ਦੇ ਕਾਫ਼ੀ ਨੇੜੇ ਸੀ।"

ਇਸ ਮੁੱਦੇ 'ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਵੀ ਬਿਆਨ ਦਿੱਤਾ ਹੈ।

ਮਾਇਆਵਤੀ ਦਾ ਕਹਿਣਾ ਹੈ, "ਇਸ ਲਈ ਕੋਈ ਰਾਜਨੀਤੀ ਕਰਨਾ ਠੀਕ ਨਹੀਂ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ ਕੇਂਦਰ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਦੇ ਪਰਿਵਾਰ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰੇ ਤਾਂ ਚੰਗਾ ਹੋਵੇਗਾ।"

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)