You’re viewing a text-only version of this website that uses less data. View the main version of the website including all images and videos.
ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਹੋਣ 'ਤੇ ਅਕਾਲ ਤਖ਼ਤ ਦੇ ਜਥੇਦਾਰ ਨੇ ਕੀ ਕਿਹਾ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ 'ਤੇ ਪ੍ਰਤੀਕਿਰਿਆ ਦਿੱਤੀ ਹੈ।
ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਮੁਤਾਬਕ ਰਘੁਬੀਰ ਸਿੰਘ ਨੇ ਕਿਹਾ,"ਅਕਾਲ ਤਖ਼ਤ ਦੇ ਹੁਕਮਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਦਾ ਅਸੀਂ ਸੁਆਗਤ ਕਰਦੇ ਹਾਂ।"
ਉਨ੍ਹਾਂ ਕਿਹਾ, "ਅਸੀਂ ਚਾਹੁੰਦੇ ਹਾਂ ਕਿ ਜੋ ਸ਼੍ਰੀ ਅਕਾਲ ਤਖ਼ਤ ਤੋਂ ਹੁਕਮ ਹੋਏ ਹਨ, ਉਨ੍ਹਾਂ ਦੀ ਹੁਬਹੂ ਪਾਲਣਾ ਕੀਤੀ ਜਾਵੇ।"
ਜਥੇਦਾਰ ਨੇ ਖ਼ੁਸ਼ੀ ਪ੍ਰਗਟਾਈ ਕਿ ਵਰਕਿੰਗ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਹੁਕਮਾਂ ਦਾ ਪਾਲਣ ਕੀਤਾ ਜਾ ਰਿਹਾ ਹੈ ਫ਼ਿਰ ਚਾਹੇ ਉਹ ਨਵੀਂ ਭਰਤੀ ਦੀ ਗੱਲ ਹੋਵੇ ਜਾਂ ਅਲੱਗ-ਅਲੱਗ ਸੂਬਿਆਂ ਵਿਚ ਇੰਚਾਰਜ ਲਗਾਏ ਜਾਣ ਦੀ।
ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦੀ ਵਰਕਿੰਗ ਕਮੇਟੀ ਨੇ ਸ਼ੁੱਕਰਵਾਰ ਨੂੰ ਮਨਜ਼ੂਰ ਕਰ ਲਿਆ ਸੀ। ਸੁਖਬੀਰ ਬਾਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਹਰ ਆ ਕੇ ਇਸ ਬਾਰੇ ਪੁਸ਼ਟੀ ਕੀਤੀ ਸੀ।
ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ।
ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, "ਪਿਛਲੇ ਪੰਜ ਸਾਲ ਮੈਂ ਦਿਲੋਂ ਜੋ ਹੋ ਸਕਿਆ ਪਾਰਟੀ ਲਈ ਕੀਤਾ। ਮੈਂ ਜਦੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਾ ਸੀ, ਉਦੋਂ ਹੀ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ। ਮੈਂ ਚਾਹੁੰਦਾ ਹਾਂ ਵਰਕਿੰਗ ਕਮੇਟੀ ਨਵੀਂ ਭਰਤੀ ਕਰੇ, ਨਵੀਂ ਲੀਡਰਸ਼ਿਪ ਚੁਣੇ। ਇਸ ਕਰ ਕੇ ਮੈਂ ਸਾਰਿਆਂ ਦਾ ਧੰਨਵਾਦ ਕਰਨ ਵਾਸਤੇ ਇਥੇ ਆਇਆ ਹਾਂ।"
ਪਹਿਲੀ ਮਾਰਚ ਨੂੰ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ
ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਬਾਰੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕੀਤੀ ਹੈ।
ਦਲਜੀਤ ਸਿੰਘ ਚੀਮਾ ਨੇ ਕਿਹਾ, "ਸੁਖਬੀਰ ਬਾਦਲ ਨੇ ਵਰਕਿੰਗ ਕਮੇਟੀ ਉਪਰ ਜ਼ੋਰ ਪਾਇਆ ਹੋਇਆ ਸੀ ਕਿ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕੀਤਾ ਜਾਵੇ। ਅੱਜ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਸਪੈਸ਼ਲ ਸੱਦਾ ਦੇ ਗਿਆ ਬੁਲਾਇਆ ਗਿਆ ਸੀ। ਇਸ ਦੌਰਾਨ ਕਮੇਟੀ ਨੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਹੈ।"
ਇਸ ਦੌਰਾਨ ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਲੀ ਰਣਨੀਤੀ ਸਬੰਧੀ ਵੀ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਹੈ।
ਉਨ੍ਹਾਂ ਨੇ ਦੱਸਿਆ ਕਿ ਜਦੋਂ ਤੱਕ ਨਵੇਂ ਪ੍ਰਧਾਨ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਬਲਵਿੰਦਰ ਸਿੰਘ ਭੁੰਦੜ ਕਾਰਜਕਾਰੀ ਪ੍ਰਧਾਨ ਬਣੇ ਰਹਿਣਗੇ।
ਦਲਜੀਤ ਚੀਮਾ ਨੇ ਕਿਹਾ, "ਨਵੇਂ ਪ੍ਰਧਾਨ ਦੀ ਚੋਣ ਪਹਿਲੀ ਮਾਰਚ ਨੂੰ ਕੀਤੀ ਜਾਵੇਗੀ। ਇਸ ਚੋਣ ਦੇ ਲਈ ਪਾਰਟੀ ਦੇ ਸੰਵਿਧਾਨ ਮੁਤਾਬਕ ਚੋਣ ਅਧਿਕਾਰੀ ਨਿਯੁਕਤ ਕੀਤਾ ਜਾਂਦਾ ਹੈ। ਕਮੇਟੀ ਦੇ ਫ਼ੈਸਲੇ ਮੁਤਾਬਕ ਐੱਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਚੋਣ ਅਧਿਕਾਰੀ ਹੋਣਗੇ ਅਤੇ ਸਕੱਤਰ ਦੀ ਸੇਵਾ ਮੈਂ ਖੁਦ ਨਿਭਾਵਾਂਗਾ।"
ਉਨ੍ਹਾਂ ਅੱਗੇ ਕਿਹਾ, "ਬਲਵਿੰਦਰ ਸਿੰਘ ਭੁੰਦੜ ਹੋਰਾਂ ਦੀ ਅਗਵਾਈ ਵਿੱਚ 20 ਜਨਵਰੀ ਤੋਂ 20 ਫਰਵਰੀ ਤੱਕ 25 ਲੱਖ ਮੈਂਬਰਸ਼ਿਪਜ਼ ਦਾ ਟੀਚਾ ਰੱਖਿਆ ਗਿਆ ਹੈ। ਇਸ ਕਾਰਜ ਦੇ ਲਈ 13 ਸੀਨੀਅਰ ਲੀਡਰਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਜੇ ਐਂਡ ਕੇ ਅਤੇ ਹੁਸ਼ਿਆਰਪੁਰ ਦੇ ਆਵਜ਼ਰਵਰ ਹੋਣਗੇ। ਇਸੇ ਤਰ੍ਹਾਂ ਕਿਰਪਾਲ ਸਿੰਘ ਬਡੂੰਗਰ ਮਾਲਵਾ ਦੀ ਦੇਖਰੇਖ ਕਰਨਗੇ।"
ਇਸ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਤਾਕੀਦ ਕਰਦਿਆਂ ਕਿਹਾ ਸੀ, "ਅਕਾਲ ਤਖ਼ਤ ਦੀ ਫ਼ਸੀਲ ਤੋਂ ਜਾਰੀ ਕੀਤੇ ਗਏ ਸਾਰੇ ਹੁਕਮਾਂ ਉੱਤੇ ਕਾਰਵਾਈ ਹੋਵੇ, ਇਨ੍ਹਾਂ ਉੱਤੇ ਅਮਲ ਕਰਨ ਵਿੱਚ ਦੇਰੀ ਨੂੰ ਨਾ-ਨੁੱਕਰ ਕਰਨਾ ਸਮਝਿਆ ਜਾਵੇਗਾ।"
ਜਥੇਦਾਰ ਰਘਬੀਰ ਸਿੰਘ ਦਾ ਅਕਾਲੀਆਂ ਵੱਲੋਂ ਅਕਾਲ ਤਖ਼ਤ ਦੇ ਕੁਝ ਹੁਕਮ ਮੰਨਣ ਤੋਂ ਨਾਂਹ ਨੁੱਕਰ ਕਰਨ ਦਾ ਬਿਆਨ ਉਦੋਂ ਆਇਆ ਸੀ, ਜਦੋਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਦੇ ਅਸਤੀਫ਼ੇ ਸਵਿਕਾਰ ਨਹੀਂ ਕੀਤੇ ਸਨ।
ਅਕਾਲ ਤਖ਼ਤ ਸਾਹਿਬ ਤੋਂ ਸਾਰੇ ਅਕਾਲੀ ਧੜਿਆਂ ਨੂੰ ਭੰਗ ਕਰਕੇ ਨਵੇਂ ਸਿਰਿਓਂ ਦਲ ਦੇ ਗਠਨ ਸਬੰਧੀ ਵੀ ਆਦੇਸ਼ ਦਿੱਤੇ ਗਏ ਸਨ।
ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਸੁਣਾਏ ਗਏ ਫ਼ੈਸਲੇ ਵਿੱਚ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ 3 ਦਿਨਾਂ ਦੇ ਅੰਦਰ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰੇ।
ਪਰ ਤਿੰਨ ਦਿਨ ਨਿਕਲ ਜਾਣ ਉੱਤੇ ਵੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਸੀ।
ਉਸ ਤੋਂ ਬਾਅਦ ਅਕਾਲੀ ਦਲ ਨੇ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ 20 ਦਿਨ ਦਾ ਸਮਾਂ ਹੋਰ ਮੰਗਿਆ ਸੀ, ਜੋ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤਾ ਗਿਆ।
ਪਰ 20 ਦਿਨ ਵੀ ਪੂਰੇ ਹੋਣ ਮਗਰੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਬਾਰੇ ਅਕਾਲੀ ਦਲ ਕੋਈ ਫ਼ੈਸਲਾ ਨਹੀਂ ਲੈ ਸਕਿਆ ਸੀ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ