ਬ੍ਰਿਟਿਸ਼ ਅਖ਼ਬਾਰ ਦਾ ਦਾਅਵਾ- ਸਿੱਖ ਵੱਖਵਾਦੀ ਨੇਤਾ ਦੇ ਕਤਲ ਦੀ ਸਾਜਿਸ਼ 'ਤੇ ਅਮਰੀਕਾ ਨੇ ਭਾਰਤ ਨੂੰ ਦਿੱਤੀ ਚੇਤਾਵਨੀ

ਬ੍ਰਿਟਿਸ਼ ਅਖ਼ਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਆਪਣੀ ਇੱਕ ਰਿਪੋਰਟ ਵਿਚ ਦਾਅਵਾ ਕੀਤਾ ਹੈ ਕਿ ਅਮਰੀਕੀ ਅਧਿਕਾਰੀਆਂ ਨੇ ਇੱਕ ਸਿੱਖ ਵੱਖਵਾਦੀ ਨੇਤਾ ਦੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਫਾਈਨੈਂਸ਼ੀਅਲ ਟਾਈਮਜ਼ ਨੇ ਬੇਨਾਮ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਸਿੱਖ ਵੱਖਵਾਦੀ ਨੇਤਾ ਦੇ ਕਤਲ ਦੀ ਸਾਜ਼ਿਸ਼ ਅਮਰੀਕੀ ਧਰਤੀ 'ਤੇ ਰਚੀ ਗਈ ਸੀ।

ਇਸ ਦੇ ਨਾਲ ਹੀ ਇਸ ਰਿਪੋਰਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਅਮਰੀਕਾ ਨੂੰ ਇਸ ਪਿੱਛੇ ਭਾਰਤ ਦਾ ਹੱਥ ਹੋਣ ਦਾ ਸ਼ੱਕ ਹੈ। ਇਸ ਲਈ ਅਮਰੀਕਾ ਨੇ ਵੀ ਇਸ ਸਬੰਧੀ ਭਾਰਤ ਸਰਕਾਰ ਨੂੰ ਚੇਤਾਵਨੀ ਜਾਰੀ ਕੀਤੀ ਹੈ।

ਨਿਊਜ਼ ਏਜੰਸੀ ਰਾਇਟਰਜ਼ ਦਾ ਕਹਿਣਾ ਹੈ ਕਿ ਅਮਰੀਕੀ ਸਫਾਰਤਖਾਨੇ ਦੇ ਇੱਕ ਬੁਲਾਰੇ ਨੇ ਕਿਹਾ ਹੈ ਕਿ ਉਹ ਆਪਣੇ ਭਾਈਵਾਲ ਦੇਸਾਂ ਨਾਲ ਇੰਟੈਲੀਜੈਂਸ ਬਾਰੇ ਹੋਈ ਗੱਲਬਾਤ ਬਾਰੇ ਕਮੈਂਟ ਨਹੀਂ ਕਰਦੇ ਹਨ।

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੀ ਕਿਹਾ

ਭਾਰਤ ਨੇ ਭਾਰਤ-ਅਮਰੀਕਾ ਵਿਚਾਲੇ ਸੁਰੱਖਿਆ ਬਾਰੇ ਹੋਏ ਸਹਿਯੋਗ ਤੇ ਚਰਚਾ ਬਾਰੇ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਵੱਲੋਂ ਅਪਰਾਧੀਆਂ ਤੇ ਅੱਤਵਾਦੀਆਂ ਵਿਚਾਲੇ ਗਠਜੋੜ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਸੀ।

“ਭਾਰਤ ਅਜਿਹੀਆਂ ਜਾਣਕਾਰੀਆਂ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਾ ਹੈ ਕਿਉਂਕਿ ਇਹ ਭਾਰਤ ਦੀ ਖੁਦ ਦੀ ਸੁਰੱਖਿਆ ਲਈ ਵੀ ਅਹਿਮ ਹੁੰਦਾ ਹੈ। ਅਮਰੀਕਾ ਵੱਲੋਂ ਦਿੱਤੀ ਜਾਣਕਾਰੀ ਉੱਤੇ ਵੱਖ-ਵੱਖ ਵਿਭਾਗ ਪਹਿਲਾਂ ਹੀ ਕੰਮ ਕਰ ਰਹੇ ਹਨ।”

ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਦੇ ਅਨੁਸਾਰ, ਬੇਨਾਮ ਸੂਤਰ ਨੇ ਇਹ ਨਹੀਂ ਦੱਸਿਆ ਕਿ ਕੀ ਭਾਰਤ ਦੇ ਸਾਹਮਣੇ ਵਿਰੋਧ ਜਤਾਏ ਜਾਣ ਤੋਂ ਬਾਅਦ ਸਾਜ਼ਿਸ਼ਕਰਤਾਵਾਂ ਨੇ ਇਸ ਨੂੰ ਅੰਜ਼ਾਮ ਨਹੀਂ ਦਿੱਤਾ ਜਾਂ ਫਿਰ ਫੈਡਰਲ ਬਿਓਰੋ ਆਫ ਇਨਵੈਸੀਗੇਸ਼ਨ ਨੇ ਇਸ ਨੂੰ ਨਾਕਾਮ ਕੀਤਾ ਹੈ।

ਰਿਪੋਰਟ ਮੁਤਾਬਕ ਅਮਰੀਕਾ ਨੇ ਜੂਨ ਵਿੱਚ ਵਾਸ਼ਿੰਗਟਨ ਡੀਸੀ ਵਿੱਚ ਰਾਸ਼ਟਰਪਤੀ ਬਾਈਡਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਤੋਂ ਬਾਅਦ ਭਾਰਤ ਕੋਲ ਇਹ ਵਿਰੋਧ ਦਰਜ ਕਰਵਾਇਆ ਸੀ।

ਹਾਲਾਂਕਿ, ਫਾਇਨੈਂਸ਼ੀਅਲ ਟਾਈਮਜ਼ ਦੀ ਇਹ ਰਿਪੋਰਟ ਵੈਨਕੂਵਰ ਵਿੱਚ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦਰਮਿਆਨ ਪੈਦਾ ਹੋਏ ਕੂਟਨੀਤਕ ਸੰਕਟ ਤੋਂ ਦੋ ਮਹੀਨੇ ਬਾਅਦ ਆਈ ਹੈ।

ਕੈਨੇਡਾ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਇਲਜ਼ਾਮ ਲਗਾਇਆ ਸੀ।

ਨਿੱਝਰ ਦਾ ਜੂਨ ਵਿੱਚ ਵੈਨਕੂਵਰ ਵਿੱਚ ਕਤਲ ਕਰ ਦਿੱਤਾ ਗਿਆ ਸੀ। ਕਤਲ ਦੀ ਇਹ ਵਾਰਦਾਤ 18 ਜੂਨ ਦੀ ਰਾਤ ਨੂੰ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪਾਰਕਿੰਗ ਵਿੱਚ ਵਾਪਰੀ ਸੀ।

ਹਾਲਾਂਕਿ, ਭਾਰਤ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਰੱਦ ਕਰ ਦਿੱਤਾ ਹੈ।

ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਨੂੰ ਕੂਟਨੀਤਕ ਚੇਤਾਵਨੀ ਜਾਰੀ ਕਰਨ ਤੋਂ ਇਲਾਵਾ, ਅਮਰੀਕੀ ਸੰਘੀ ਸਰਕਾਰ ਦੇ ਵਕੀਲਾਂ ਨੇ ਨਿਊਯਾਰਕ ਦੀ ਇੱਕ ਜ਼ਿਲ੍ਹਾ ਅਦਾਲਤ ਵਿੱਚ ਇਸ ਮਾਮਲੇ ਵਿੱਚ ਘੱਟੋ-ਘੱਟ ਇੱਕ ਸ਼ੱਕੀ ਵਿਰੁੱਧ ਇਲਜ਼ਾਮ ਤੈਅ ਕੀਤੇ ਹਨ।

ਫੈਡਰਲ ਸਰਕਾਰੀ ਵਕੀਲਾਂ ਦੀ ਇਹ ਰਿਪੋਰਟ ਫਿਲਹਾਲ ਸੀਲਬੰਦ ਹੈ। ਅਖ਼ਬਾਰ ਨੇ ਇਸ ਕਤਲ ਦੀ ਸਾਜਿਸ਼ ਦੇ ਨਿਸ਼ਾਨੇ ਦੀ ਪਛਾਣ ਗੁਰਪਤਵੰਤ ਸਿੰਘ ਪੰਨੂ ਵਜੋਂ ਕੀਤੀ ਹੈ।

ਫਾਈਨੈਂਸ਼ੀਅਲ ਟਾਈਮਜ਼ ਦਾ ਕਹਿਣਾ ਹੈ ਕਿ ਗੁਰਪਤਵੰਤ ਸਿੰਘ ਪੰਨੂ ਨੇ ਇਸ ਸਵਾਲ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਕੀ ਉਨ੍ਹਾਂ ਨੂੰ ਅਮਰੀਕੀ ਸਰਕਾਰ ਨੇ ਇਸ ਸਾਜ਼ਿਸ਼ ਨੂੰ ਲੈ ਕੇ ਚੇਤਾਵਨੀ ਦਿੱਤੀ ਸੀ?

ਹਾਲਾਂਕਿ, ਗੁਰਪਤਵੰਤ ਸਿੰਘ ਪੰਨੂ ਨੇ ਅਖ਼ਬਾਰ ਨੂੰ ਕਿਹਾ, "ਮੈਂ ਇਹ ਅਮਰੀਕੀ ਸਰਕਾਰ 'ਤੇ ਛੱਡਦਾ ਹਾਂ ਕਿ ਅਮਰੀਕੀ ਜ਼ਮੀਨ 'ਤੇ ਭਾਰਤੀ ਆਪਰੇਟਿਵਸ ਤੋਂ ਮੇਰੀ ਜਾਨ ਨੂੰ ਖ਼ਤਰੇ 'ਤੇ ਉਹ ਕੀ ਕਰਦੇ ਹਨ।"

ਭਾਰਤ-ਕੈਨੇਡਾ ਮਸਲਾ: ਹੁਣ ਤੱਕ ਕੀ ਕੁਝ ਹੋਇਆ

  • ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਏਜੰਸੀਆਂ ਦੇ ਹਵਾਲੇ ਨਾਲ ਨਿੱਝਰ ਕਤਲ ਕੇਸ ਅਤੇ ਭਾਰਤ ਸਰਕਾਰ ਵਿਚਾਲੇ ਪ੍ਰਤੱਖ਼ ਲਿੰਕ ਹੋਣ ਦੀ ਗੱਲ ਕਹੀ ਸੀ।
  • ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ।
  • ਭਾਰਤ ਨੇ ਵੀ ਮੰਗਲਵਾਰ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।
  • ਭਾਰਤ ਸਰਕਾਰ ਨੇ ਇਸ ਬਿਆਨ ਨੂੰ ਬੇ-ਬੁਨਿਆਦ ਅਤੇ ਸਿਆਸੀ ਤੌਰ ਉੱਤੇ ਪ੍ਰੇਰਿਤ ਕਰਾਰ ਦਿੱਤਾ ਸੀ।
  • 21 ਸਤੰਬਰ ਨੂੰ ਨਿਊਯਾਰਕ ਵਿੱਚ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣੇ ਇਲਜ਼ਾਮ ਦੁਹਰਾਏ, “ਇਸ ਗੱਲ ਉੱਤੇ ਭਰੋਸਾ ਕਰਨ ਲਈ ਪੁਖ਼ਤਾ ਕਾਰਨ ਹਨ ਕਿ ਭਾਰਤੀ ਏਜੰਟ ਇੱਕ ਕੈਨੇਡੀਅਨ ਨਾਗਰਿਕ ਦੇ ਕੈਨੇਡੀਅਨ ਧਰਤੀ ਉੱਤੇ ਹੋਏ ਕਤਲ ਵਿੱਚ ਸ਼ਾਮਿਲ ਹਨ।”
  • ਇਸ ਵਿਵਾਦ ਦੇ ਚਲਦਿਆਂ ਦੋਵੇਂ ਦੇਸ਼ਾਂ ਨੇ ਆਪਣੇ-ਆਪਣੇ ਨਾਗਰਿਕਾਂ ਨੂੰ ਇੱਕ-ਦੂਜੇ ਦੇ ਦੇਸ਼ 'ਚ ਰਹਿਣ ਜਾਂ ਯਾਤਰਾ ਦੌਰਾਨ ਵਧੇਰੇ ਸਾਵਧਾਨ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ।
  • ਇਸੇ ਦੌਰਾਨ ਅਮਰੀਕਾ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਟਰੂ਼ਡੋ ਵਲੋਂ ਲਾਏ ਇਲਜ਼ਾਮਾਂ ਦੀ ਵਿਸਥਾਰਤ ਜਾਂਚ ਦਾ ਸਮਰਥਕ ਹੈ ਅਤੇ ਭਾਰਤ ਨੂੰ ਇਸ ਮਸਲੇ ਉੱਤੇ ਸਹਿਯੋਗ ਕਰਨਾ ਚਾਹੀਦਾ ਹੈ।
  • ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਮਹਿਲਾ ਬੁਲਾਰੇ ਮੁਮਤਾਜ਼ ਜ਼ਾਹਰਾ ਬਲੋਚ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, ''ਇਹ ਇੱਕ ਲਾਪਰਵਾਹ ਅਤੇ ਗ਼ੈਰ-ਜ਼ਿੰਮੇਦਾਰ ਹਰਕਤ ਹੈ ਜੋ ਇੱਕ ਭਰੋਸੇਯੋਗ ਅੰਤਰ-ਰਾਸ਼ਟਰੀ ਸਹਿਯੋਗੀ ਦੇ ਰੂਪ 'ਚ ਭਾਰਤ ਦੀ ਭਰੋਸੇਯੋਗਤਾ 'ਤੇ ਸਵਾਲ ਹੈ।’’
  • 20 ਅਕਤੂਬਰ ਨੂੰ ਕੈਨੇਡਾ ਵੱਲੋਂ ਭਾਰਤ ਵਿੱਚਲੇ ਆਪਣੇ 41 ਕੂਟਨੀਤਕਾਂ ਨੂੰ ਵਾਪਸ ਬੁਲਾਇਆ ਗਿਆ।
  • 25 ਅਕਤੂਬਰ ਨੂੰ ਭਾਰਤ ਦੇ ਕੈਨੇਡਾ ਦੇ ਨਾਗਰਿਕਾਂ ਲਈ ਚਾਰ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਮਗਰੋਂ 22 ਨਵੰਬਰ ਨੂੰ

ਗੁਰਪਤਵੰਤ ਸਿੰਘ ਪੰਨੂ ਕੌਣ ਹਨ

ਪੇਸ਼ੇ ਤੋਂ ਵਕੀਲ ਗੁਰਪਤਵੰਤ ਸਿੰਘ ਪੰਨੂ ਦੇ ਪਰਿਵਾਰ ਦੇ ਵੱਡ-ਵਡੇਰੇ ਪਹਿਲਾਂ ਪੱਟੀ ਦੇ ਪਿੰਡ ਨੱਥੂਚੱਕ ਵਿੱਚ ਰਹਿੰਦੇ ਸਨ ਅਤੇ ਬਾਅਦ ਵਿੱਚ ਉਹ ਅੰਮ੍ਰਿਤਸਰ ਨੇੜੇ ਪੈਂਦੇ ਪਿੰਡ ਖਾਨਕੋਟ ਵਿਖੇ ਜਾ ਵਸੇ ਸਨ।

ਪੰਨੂ ਦਾ ਇੱਕ ਭਰਾ ਤੇ ਇੱਕ ਭੈਣ ਹਨ। ਉਨ੍ਹਾਂ ਦੀ ਸਾਰੀ ਪੜ੍ਹਾਈ ਭਾਰਤ ਵਿੱਚ ਹੀ, ਲੁਧਿਆਣਾ ਅਤੇ ਚੰਡੀਗੜ੍ਹ ਤੋਂ ਹੋਈ ਹੈ। ਉਨ੍ਹਾਂ ਨੇ ਕਾਨੂੰਨ ਦੀ ਪੜ੍ਹਾਈ ਵੀ ਭਾਰਤ ਵਿੱਚ ਹੀ ਕੀਤੀ ਹੈ। ਪੰਨੂ ਦੇ ਪਿਤਾ ਮਹਿੰਦਰ ਸਿੰਘ ਪੰਜਾਬ ਮਾਰਕੀਟਿੰਗ ਬੋਰਡ ਦੇ ਸਕੱਤਰ ਸਨ।

1990ਵਿਆਂ ਵਿੱਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਕਾਨੂੰਨ ਦੀ ਪੜ੍ਹਾਈ ਕੀਤੀ। ਕਾਲਜ ਦੇ ਸਮੇਂ ਤੋਂ ਹੀ ਉਹ ਸਟੂਡੈਂਟ ਐਕਟੀਵਿਸਟ ਬਣ ਗਏ ਸਨ ਅਤੇ ਸਟੂਡੈਂਟ ਪੌਲੀਟਿਕਸ ਵਿੱਚ ਐਕਟਿਵ ਹੋ ਗਏ ਸਨ।

ਪੰਨੂ ਦੇ ਖਿਲਾਫ ਕਈ ਕੇਸ ਹੋਏ ਦਰਜ

ਨੱਬੇ ਦੇ ਦਹਾਕੇ ਵਿੱਚ ਪੰਨੂ ਉੱਤੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਚੰਡੀਗੜ੍ਹ ਸ਼ਹਿਰਾਂ ਵਿੱਚ ਸਥਿਤ ਥਾਣਿਆਂ ਵਿੱਚ ਇਰਾਦਤਨ ਕਤਲ ਅਤੇ ਕਤਲ ਕਰਨ ਦੇ ਕੇਸ ਦਰਜ ਕੀਤੇ ਗਏ।

ਸੂਤਰਾਂ ਮੁਤਾਬਕ ਗੁਰਪਤਵੰਤ ਪੰਨੂ ਦੇ ਉੱਪਰ ਕਈ ਕੇਸ ਦਰਜ ਹੋਏ ਸਨ, ਜਿਨ੍ਹਾਂ ਵਿੱਚ ਟਾਡਾ (ਟੈਰਰਿਸਟ ਐਂਡ ਡਿਸਰਪਟਿਵ ਐਕਟਿਵਿਟੀਜ਼) ਵੀ ਸ਼ਾਮਿਲ ਹੈ। ਪੰਨੂ ਦਾ ਕਹਿਣਾ ਹੈ ਕਿ ਉਨ੍ਹਾਂ ਉੱਪਰ ਪੁਲਿਸ ਨੇ ਝੂਠੇ ਮੁਕੱਦਮੇ ਦਾਇਰ ਕੀਤੇ ਸਨ।

ਉਸ ਵੇਲੇ ਦੀ ਨਰਸਿਮ੍ਹਾ ਰਾਓ ਦੀ ਸਰਕਾਰ 'ਚ ਉਨ੍ਹਾਂ ਦੇ ਪਰਿਵਾਰ ਦੇ ਰਸੂਖ਼ ਵਾਲੇ ਲੋਕਾਂ ਨੇ ਜ਼ੋਰ ਲਗਾ ਕੇ ਪੰਨੂ ਨੂੰ ਕਈ ਕੇਸਾਂ ਵਿੱਚੋਂ ਕਢਵਾ ਲਿਆ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)