ਗੋਲਡੀ ਬਰਾੜ ਦੇ ਮਾਪਿਆਂ ਦੀ ਗ੍ਰਿਫ਼ਤਾਰੀ ਕਿਸ ਮਾਮਲੇ ਵਿੱਚ ਹੋਈ, ਉਨ੍ਹਾਂ ਦੇ ਵਕੀਲ ਅਤੇ ਪੁਲਿਸ ਨੇ ਕੀ ਦੱਸਿਆ

    • ਲੇਖਕ, ਨਵਜੋਤ ਕੌਰ
    • ਰੋਲ, ਬੀਬੀਸੀ ਸਹਿਯੋਗੀ

ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਨੂੰ ਮੁਕਤਸਰ ਪੁਲਿਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਮੁਕਤਸਰ ਦੇ ਐੱਸਐੱਸਪੀ ਅਭਿਮੰਨਿਊ ਰਾਣਾ ਨੇ ਬੀਬੀਸੀ ਨਾਲ ਗੱਲ ਕਰਦਿਆਂ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

ਮੁਕਤਸਰ ਪੁਲਿਸ ਮੁਤਾਬਕ ਗ੍ਰਿਫਤਾਰੀ ਮੁਕਤਸਰ ਜ਼ਿਲ੍ਹੇ ਦੇ ਇੱਕ ਪਿੰਡ ਵਾਸੀ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕੀਤੀ ਹੈ।

ਹਾਲਾਂਕਿ ਇਸ ਮਾਮਲੇ ਵਿੱਚ ਐੱਫਆਈਆਰ ਅਣਪਛਾਤੇ ਲੋਕਾਂ ਖਿਲਾਫ਼ ਸਾਲ 2024 ਵਿੱਚ ਦਰਜ ਕੀਤੀ ਗਈ ਸੀ ਪਰ ਪੁਲਿਸ ਮੁਤਾਬਕ ਜਾਂਚ ਦੌਰਾਨ ਇਸ ਮਾਮਲੇ ਵਿੱਚ ਗੋਲਡੀ ਬਰਾੜ ਦੇ ਮਾਤਾ ਅਤੇ ਪਿਤਾ ਦੀ ਸ਼ਮੂਲੀਅਤ ਬਾਰੇ ਪਤਾ ਲੱਗਣ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।

ਐੱਸਐੱਸਪੀ ਰਾਣਾ ਮੁਤਾਬਕ, "ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਉੱਤੇ ਗੋਲਡੀ ਬਰਾੜ ਦੇ ਨਾਮ ਉੱਤੇ ਲੋਕਾਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਸ਼ਾਮਲ ਹੋਣ ਦੀ ਸੂਚਨਾ ਮਿਲੀ ਸੀ, ਜਿਸ ਬਾਰੇ ਜਾਂਚ ਕਰਨ ਤੋਂ ਬਾਅਦ ਦੋਵਾਂ ਨੂੰ ਅੰਮ੍ਰਿਤਸਰ ਤੋਂ ਸੋਮਵਾਰ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ ਤੇ ਅੱਜ ਮੁੜ ਉਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸਤੋਂ ਬਾਅਦ ਜਾਂਚ ਕੀਤੀ ਜਾਵੇਗੀ ਅਤੇ ਕਾਰਵਾਈ ਕੀਤੀ ਜਾਵੇਗੀ।"

ਐੱਸਐੱਸਪੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਗੋਲਡੀ ਬਰਾੜ ਦੀ ਸ਼ਮੂਲੀਅਤ ਪਾਈ ਗਈ ਹੈ। ਪੁਲਿਸ ਜਾਂਚ ਕਰ ਰਹੀ ਹੈ ਤੇ ਬਾਕੀ ਜਾਣਕਾਰੀ ਰਿਮਾਂਡ ਵਿੱਚ ਮਿਲੀ ਜਾਣਕਾਰੀ ਤੋਂ ਬਾਅਦ ਹੀ ਸਾਂਝੀ ਕੀਤੀ ਜਾ ਸਕਦੀ ਹੈ।

ਗੋਲਡੀ ਬਰਾੜ ਦੇ ਮਾਪਿਆਂ ਦੇ ਵਕੀਲ ਦਾ ਪੱਖ

ਓਧਰ ਗੋਲਡੀ ਬਰਾੜ ਦੇ ਮਾਪਿਆਂ ਦੇ ਵਕੀਲ ਬਾਬੂ ਸਿੰਘ ਵੱਲੋਂ ਬੀਬੀਸੀ ਨਾਲ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਗੋਲਡੀ ਬਰਾੜ ਦੇ ਮਾਪੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਦਰਬਾਰ ਸਾਹਿਬ ਗਏ ਹੋਏ ਸਨ ਜਦੋਂ ਮੁਕਤਸਰ ਪੁਲਿਸ ਨੇ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ।

ਵਕੀਲ ਬਾਬੂ ਸਿੰਘ ਮੁਤਾਬਕ ਪੁਲਿਸ ਵੱਲੋਂ ਇਹ ਗ੍ਰਿਫਤਾਰੀ ਸਾਲ 2024 ਦੇ ਇੱਕ ਜਬਰਨ ਵਸੂਲੀ ਦੇ ਮਾਮਲੇ ਵਿੱਚ ਕੀਤੀ ਗਈ ਦੱਸੀ ਜਾ ਰਹੀ ਹੈ।

ਉਹਨਾਂ ਦੱਸਿਆ, "3 ਦਸੰਬਰ 2024 ਨੂੰ ਮੁਕਤਸਰ ਪੁਲਿਸ ਨੇ ਪਿੰਡ ਉਦੇਕਰਨ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਬਿਆਨਾਂ 'ਤੇ ਫਿਰੌਤੀ ਦੀ ਮੰਗ ਦੇ ਮਾਮਲੇ ਵਿੱਚ ਇੱਕ ਅਣਪਛਾਤੇ ਵਿਅਕਤੀ ਖਿਲਾਫ ਐੱਫਆਈਆਰ ਦਰਜ ਕੀਤੀ ਸੀ, ਉਸੇ ਮਾਮਲੇ ਨੂੰ ਹੁਣ ਅੱਗੇ ਵਧਾਉਂਦਿਆਂ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਮਸ਼ੇਰ ਸਿੰਘ ਅਤੇ ਉਹਨਾਂ ਦੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਭਾਰਤੀ ਨਿਆਏ ਸੰਹਿਤਾ (ਬੀਐੱਨਐੱਸ) ਦੀ ਧਾਰਾ 308(4), 351(1) ਅਤੇ 351(3) ਦੇ ਤਹਿਤ ਦਰਜ ਕੀਤਾ ਗਿਆ ਸੀ।"

ਅੱਗੇ ਉਹਨਾਂ ਕਿਹਾ, "ਪੁਲਿਸ ਮੁਤਾਬਕ ਹੁਣ ਦੋ ਸਾਲਾਂ ਬਾਅਦ 24 ਜਨਵਰੀ 2026 ਨੂੰ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਕਿਹਾ ਕਿ ਉਸਨੇ ਆਪਣੇ ਪੱਧਰ ਉੱਤੇ ਤਫਤੀਸ਼ ਕੀਤੀ ਹੈ ਤੇ ਇਸ ਮਾਮਲੇ ਵਿੱਚ ਸ਼ਮਸ਼ੇਰ ਸਿੰਘ ਦਾ ਹੱਥ ਹੈ, ਇਸੇ ਬਿਆਨ ਦੇ ਅਧਾਰ ਉੱਤੇ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਮਸ਼ੇਰ ਸਿੰਘ ਨੂੰ ਨਾਮਜ਼ਦ ਕਰ ਦਿੱਤਾ, ਤੇ ਇਸੇ ਅਧਾਰ ਉੱਤੇ ਪੁਲਿਸ ਨੇ ਸ਼ਮਸ਼ੇਰ ਸਿੰਘ ਅਤੇ ਉਹਨਾਂ ਦੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ।"

ਬਾਬੂ ਸਿੰਘ ਕਹਿੰਦੇ ਹਨ, "ਇਹ ਕੇਸ ਝੂਠਾ ਲੱਗ ਰਿਹਾ ਹੈ, ਪੁਲਿਸ ਕਹਿ ਰਹੀ ਹੈ ਕਿ ਸ਼ਿਕਾਇਤਕਰਤਾ ਕਹਿ ਰਿਹਾ ਹੈ ਕਿ ਉਸਨੇ ਆਪਣੇ ਪੱਧਰ ਉੱਤੇ ਤਫਤੀਸ਼ ਕੀਤੀ ਹੈ ਤੇ ਸ਼ਮਸ਼ੇਰ ਸਿੰਘ ਦਾ ਨਾਮ ਸਾਹਮਣੇ ਆਇਆ ਹੈ, ਪਰ ਸ਼ਮਸ਼ੇਰ ਸਿੰਘ ਦੀ ਪਤਨੀ ਨੂੰ ਕਿਉਂ ਗ੍ਰਿਫ਼ਤਾਰ ਕੀਤਾ ਗਿਆ ਹੈ, ਇਹ ਅਧਾਰਹੀਣ ਲੱਗਦਾ ਹੈ। ਅਸੀਂ ਕੋਰਟ ਰਾਹੀਂ ਇਸ ਗ੍ਰਿਫ਼ਤਾਰੀ ਨੂੰ ਚੁਣੌਤੀ ਦੇ ਰਹੇ ਹਾਂ।"

ਹਾਲਾਂਕਿ ਵਕੀਲ ਬਾਬੂ ਸਿੰਘ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਦਾ ਮੁਕਤਸਰ ਐੱਸਐੱਸਪੀ ਅਭਿਮੰਨਿਊ ਰਾਣਾ ਨੇ ਖੰਡਨ ਕੀਤਾ ਹੈ।

ਫਿਰੌਤੀ ਮੰਗਣ ਦੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਨੇ ਬੀਬੀਸੀ ਪੰਜਾਬੀ ਨਾਲ ਗੱਲ ਕਰਦਿਆਂ ਕਿਹਾ, "ਮੈਂ ਫਿਰੌਤੀ ਮੰਗਣ ਸੰਬੰਧੀ ਫੋਨ ਕਾਲ ਆਉਣ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ, ਕਾਲ ਕੌਣ ਕਰ ਰਿਹਾ ਸੀ ਇਸ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ, ਮੇਰੀ ਸ਼ਿਕਾਇਤ ਉੱਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮੈਂ ਕਦੇ ਵੀ ਗੋਲਡੀ ਬਰਾੜ ਦੇ ਪਿਤਾ ਜਾਂ ਮਾਤਾ ਦਾ ਨਾਮ ਨਹੀਂ ਲਿਆ।''

ਐੱਫਆਈਆਰ ਵਿੱਚ ਕੀ ਲਿਖਿਆ?

3 ਦਸੰਬਰ 2024 ਨੂੰ ਦਰਜ ਕੀਤੀ ਗਈ ਐੱਫਆਈਆਰ ਵਿੱਚ ਸ਼ਿਕਾਇਤਕਰਤਾ ਨੇ ਪੁਲਿਸ ਨੇ ਕਿਸੇ ਵਿਦੇਸ਼ੀ ਨੰਬਰ ਤੋਂ ਵਾਰ-ਵਾਰ 50 ਲੱਖ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਸ਼ਿਕਾਇਤ ਕੀਤੀ ਹੈ ਗਈ।

ਪੁਲਿਸ ਨੇ ਭਾਰਤੀ ਨਿਆਏ ਸੰਹਿਤਾ (ਬੀਐੱਨਐੱਸ) ਦੀ ਧਾਰਾ 308(4), 351(1) ਅਤੇ 351(3) ਦੇ ਤਹਿਤ ਅਣਪਛਾਤੇ ਵਿਅਕਤੀ ਖਿਲਾਫ ਐੱਫਆਈਆਰ ਦਰਜ ਕੀਤੀ ਸੀ।

ਕੌਣ ਹੈ ਗੋਲਡੀ ਬਰਾੜ?

2024 ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਗੋਲਡੀ ਬਰਾੜ ਨੂੰ ਗੈਰ-ਕਾਨੂੰਨੀ ਗਤੀਵਿਧੀ ਰੋਕੂ ਐਕਟ (ਯੂਏਪੀਏ) ਦੇ ਤਹਿਤ "ਵਿਅਕਤੀਗਤ ਅਤਿਵਾਦੀ" ਘੋਸ਼ਿਤ ਕੀਤਾ ਸੀ।

ਗੋਲਡੀ ਬਰਾੜ ਦਾ ਅਸਲ ਨਾਮ ਸਤਿੰਦਰਜੀਤ ਸਿੰਘ ਹੈ। ਉਹ ਮੂਲ ਰੂਪ ਵਿੱਚ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਨਾਲ ਸਬੰਧਿਤ ਹੈ।

ਪੰਜਾਬ ਪੁਲਿਸ ਦੇ ਰਿਕਾਰਡ ਦੇ ਮੁਤਾਬਕ ਗੋਲਡੀ ਬਰਾੜ 2017 ਵਿੱਚ ਸਟੱਡੀ ਵੀਜ਼ਾ ਉੱਤੇ ਕੈਨੇਡਾ ਗਿਆ ਸੀ ਪਰ ਬਾਅਦ ਵਿੱਚ ਅਪਰਾਧ ਦੀ ਦੁਨੀਆਂ ਵਿੱਚ ਸਰਗਰਮ ਹੋ ਗਿਆ। ਉੱਥੇ ਬੈਠ ਕੇ ਹੀ ਉਹ ਆਪਣੇ ਸਾਥੀਆਂ ਦੀ ਮਦਦ ਨਾਲ ਪੰਜਾਬ ਵਿੱਚ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ।

ਗੋਲਡੀ ਬਰਾੜ ਦੇ ਪਿਤਾ ਪੰਜਾਬ ਪੁਲਿਸ ਦੇ ਸਹਾਇਕ ਪੁਲਿਸ ਇੰਸਪੈਕਟਰ ਰਹਿ ਚੁੱਕੇ ਹਨ।

ਗੋਲਡੀ ਬਰਾੜ ਨੂੰ ਪੁਲਿਸ ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮਾਸਟਰਮਾਈਂਡ ਦੱਸਦੀ ਹੈ, ਸਿੱਧੂ ਮੂਸੇਵਾਲ ਦੀ ਹੱਤਿਆ ਦੇ ਮੁੱਖ ਸਾਜ਼ਿਸ਼ ਕਰਤਾ ਤੋਂ ਇਲਾਵਾ ਪੰਜਾਬ ਪੁਲਿਸ ਨੂੰ ਗੋਲਡੀ ਬਰਾੜ ਕਈ ਮਾਮਲਿਆਂ ਦੇ ਵਿੱਚ ਵੀ ਲੋੜੀਂਦਾ ਹੈ।

ਪਰ ਗੋਲਡੀ ਬਰਾੜ 29 ਮਈ 2022 ਨੂੰ ਸਿੱਧੂ ਮੂਸੇਵਾਲ ਦੇ ਕਤਲ ਤੋਂ ਬਾਅਦ ਸੁਰਖ਼ੀਆਂ ਵਿੱਚ ਆਇਆ ਸੀ।

ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦਾਅਵਾ ਕੀਤਾ ਸੀ ਕਿ ਉਸ ਨੇ ਹੀ ਮੂਸੇਵਾਲਾ ਦਾ ਕਤਲ ਕਰਵਾਇਆ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਭਾਰਤ ਸਰਕਾਰ ਨੇ ਉਸ ਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕਰਵਾ ਦਿੱਤਾ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)