ਪੰਜਾਬ ਦੇ ਮੰਤਰੀ ਦੇ ਕਥਿਤ ਇਤਰਾਜ਼ਯੋਗ ਵੀਡੀਓ ਮਾਮਲੇ 'ਚ ਪੰਜਾਬ ਸਰਕਾਰ ਨੂੰ ਐੱਸਸੀਐੱਸਟੀ ਕਮਿਸ਼ਨ ਵੱਲੋਂ ਤੀਜਾ ਨੋਟਿਸ

ਤਸਵੀਰ ਸਰੋਤ, LAL CHAND KATARUCHACK
- ਲੇਖਕ, ਸਰਬਜੀਤ ਸਿੰਘ ਧਾਲੀਵਾਲ
- ਰੋਲ, ਬੀਬੀਸੀ ਪੱਤਰਕਾਰ
ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐੱਨਸੀਐੱਸਸੀ) ਨੇ ਪੰਜਾਬ ਸਰਕਾਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਕਥਿਤ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿੱਚ ਤੀਜਾ ਨੋਟਿਸ ਜਾਰੀ ਕੀਤਾ ਹੈ।
ਨੋਟਿਸ ਵਿੱਚ ਕਮਿਸ਼ਨ ਨੇ ਸੂਬੇ ਸਰਕਾਰ ਦੇ ਮੁੱਖ ਸਕੱਤਰ, ਡਾਇਰੈਕਟਰ ਜਨਰਲ ਪੁਲਿਸ ਅਤੇ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਨੂੰ ਨਿਰਦੇਸ਼ ਦਿਤੇ ਕਿ ਉਹ ਤੁਰੰਤ ਪੀੜਤ ਦੇ ਬਿਆਨ ਦਰਜ ਕੀਤੇ ਹਨ।
ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਬਿਆਨ ਨੂੰ ਵੀਡੀਓ ਕਾਨਫਰੰਸ ਰਾਹੀਂ ਜਾਂ ਦਿੱਲੀ ਵਿੱਚ ਵਿਅਕਤੀਗਤ ਤੌਰ 'ਤੇ ਰਿਕਾਰਡ ਕੀਤਾ ਜਾਵੇ ਤੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ।
ਨੋਟਿਸ ਵਿੱਚ 12 ਜੂਨ ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।
ਕਟਾਰੂਚੱਕ 'ਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਉੱਤੇ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ 5 ਮਈ ਨੂੰ ਪਹਿਲਾ ਨੋਟਿਸ ਭੇਜਿਆ ਸੀ।
ਇਸ ਤੋਂ ਬਾਅਦ ਦੂਜੇ ਨੋਟਿਸ 25 ਮਈ ਨੂੰ ਭੇਜਿਆ ਗਿਆ ਸੀ ਅਤੇ 1 ਜੂਨ ਤੱਕ ਰਿਪੋਰਟ ਦੇਣ ਲਈ ਕਿਹਾ ਸੀ।
ਪੰਜਾਬ ਸਰਕਾਰ ਦੀ ਦੇਰੀ ਨੂੰ ਦੇਖਦੇ ਹੋਏ ਐਨਸੀਐਸਸੀ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ, “ਵਾਰ-ਵਾਰ ਨੋਟਿਸ ਭੇਜਣ ਦੇ ਬਾਵਜੂਦ, ਰਾਜ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ। ਇਹ ਸੂਬੇ ਦੇ ਅਨੁਸੂਚਿਤ ਜਾਤੀ ਦੇ ਵਸਨੀਕਾਂ ਨੂੰ ਇਨਸਾਫ਼ ਦਿਵਾਉਣ ਪ੍ਰਤੀ ਸੂਬਾ ਸਰਕਾਰ ਦੀ ਢਿੱਲ-ਮੱਠ ਅਤੇ ਬੇਰੁਖੀ ਵਾਲੀ ਪਹੁੰਚ ਦਰਸਾਉਂਦਾ ਹੈ।"

ਤਸਵੀਰ ਸਰੋਤ, vijay Sampla/Facebook
ਮਾਮਲੇ ਦੇ ਰਾਜਪਾਲ ਨੇ ਖ਼ੁਦ ਲਿਆ ਸੀ ਨੋਟਿਸ
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਕਥਿਤ ਇਤਰਾਜ਼ਯੋਗ ਵੀਡੀਓ ਮਾਮਲੇ ਉੱਤੇ ਸੂਬੇ ਦੀ ਸਿਆਸਤ ਮੁੜ ਤੋਂ ਗਰਮਾਈ ਹੋਈ ਹੈ।
ਪੰਜਾਬ ਦੇ ਰਾਜਪਾਲ ਦੇ ਬਿਆਨ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਲਾਲ ਚੰਦ ਕਟਾਰੂਚੱਕ ਦੀ ਕਥਿਤ ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਰਵਾਈ ਕਰਨ ਲਈ ਆਖਿਆ ਹੈ।

ਤਸਵੀਰ ਸਰੋਤ, Getty Images
ਮੰਤਰੀ 'ਤੇ 'ਘਿਨੌਣਾ ਜੁਰਮ' ਕਰਨ ਦਾ ਇਲਜ਼ਾਮ ਲਗਾਉਂਦੇ ਹੋਏ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਮੰਤਰੀ ਮੰਡਲ 'ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਹੈ ਕਿ ਇਹ ਇੱਕ ਘਿਨੌਣਾ ਅਪਰਾਧ ਹੈ, ਜੋ ਮੰਤਰੀ ਵੱਲੋਂ ਕੀਤਾ ਗਿਆ ਹੈ, ਇਸ ਕਰਕੇ ਉਨ੍ਹਾਂ ਨੂੰ ਮੰਤਰੀ ਮੰਡਲ ਵਿਚ ਰਹਿਣ ਦਾ ਅਧਿਕਾਰ ਨਹੀਂ ਹੈ।
ਰਾਜਪਾਲ ਨੇ ਆਖਿਆ ਕਿ “ਮੈਂ ਮੀਡੀਆ ਰਾਹੀਂ ਮੁੜ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਇਸ ਮੰਤਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।”

ਤਸਵੀਰ ਸਰੋਤ, PRATAP SINGH BAJWA/FB
ਬਾਜਵਾ ਵੱਲੋਂ ਸੀਬੀਆਈ ਜਾਂਚ ਦੀ ਮੰਗ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਚਿੱਠੀ ਲਿਖ ਕੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਬਾਜਵਾ ਨੇ ਆਪਣੀ ਚਿੱਠੀ ਰਾਹੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਖ਼ੁਦ ਨੋਟਿਸ ਲੈਣ ਅਤੇ ਕੇਸ ਨੂੰ ਸੀਬੀਆਈ ਨੂੰ ਸੌਂਪਣ।
ਬਾਜਵਾ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਜੋ ਫੋਰੈਂਸਿਕ ਜਾਂਚ ਦੀ ਰਿਪੋਰਟ ਮੰਗੀ ਗਈ ਸੀ, ਉਸ ਵਿੱਚ ਕਿਹਾ ਗਿਆ ਸੀ ਕਿ ਜਿਨਸੀ ਸ਼ੋਸ਼ਣ ਦੀ ਵੀਡੀਓ ਨੂੰ ਰੂਪਮਾਨ ਨਹੀਂ ਕੀਤਾ ਗਿਆ ਸੀ।
ਉਨ੍ਹਾਂ ਕਟਾਰੂਚੱਕ ਵੱਲੋਂ ਕੀਤੇ ਗਏ ਕਥਿਤ ਅਪਰਾਧ ਨੂੰ 'ਘਿਨੌਣਾ' ਕਰਾਰ ਦਿੱਤਾ ਹੈ।
ਬਾਜਵਾ ਨੇ ਆਖਿਆ ਹੈ ਕਿ ਐੱਸਆਈਟੀ ਬਣਾਉਣ ਦੇ ਪਿੱਛੇ ਇੱਕੋ ਇੱਕ ਮਕਸਦ ਇਸ ਮੁੱਦੇ ਨੂੰ ਠੰਢੇ ਬਸਤੇ ਵਿੱਚ ਪਾਉਣਾ ਸੀ।

ਤਸਵੀਰ ਸਰੋਤ, LAL CHAND KATARUCHAK/FB
ਕੀ ਹੈ ਪੂਰਾ ਮਾਮਲਾ ?
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਵਿਚਾਲੇ ਇਹ ਮਾਮਲਾ ਲੰਘੀ ਇੱਕ ਮਈ ਨੂੰ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਚੁੱਕਿਆ ਸੀ।
ਖਹਿਰਾ ਨੇ ਆਮ ਆਦਮੀ ਪਾਰਟੀ ਦੇ ਇੱਕ ਮੰਤਰੀ ’ਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਉਂਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸਬੰਧਤ ਮੰਤਰੀ ਦੀਆਂ ਦੋ ਵੀਡੀਓ ਕਲਿੱਪ ਵੀ ਸੌਂਪੀਆਂ ਸਨ।
ਖਹਿਰਾ ਨੇ ਉਸ ਸਮੇਂ ਇਨ੍ਹਾਂ ਵੀਡੀਓ ਕਲਿੱਪਾਂ ਦੀ ਫੋਰੈਂਸਿਕ ਜਾਂਚ ਕਰਾਏ ਜਾਣ ਦੀ ਮੰਗ ਕੀਤੀ ਸੀ।
ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਤੋਂ ਇਸ ਮੁੱਦੇ ਉੱਤੇ ਜਵਾਬ ਤਲਬੀ ਕੀਤੀ ਅਤੇ ਸਬੰਧਤ ਮੰਤਰੀ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।

ਜਿਨਸੀ ਸ਼ੋਸ਼ਣ ਨਾਲ ਜੁੜੇ ਮਾਮਲੇ ਬਾਰੇ ਅਹਿਮ ਗੱਲਾਂ:
- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ’ਤੇ ਇੱਕ ਨੌਜਵਾਨ ਦਾ ਜਿਨਸੀ ਸ਼ੋਸ਼ਨ ਕਰਨ ਦੇ ਇਲਜ਼ਾਮ ਲੱਗੇ ਹਨ
- ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਕਾਰਵਾਈ ਕਰਨ ਲਈ ਆਖਿਆ ਹੈ
- ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ
- ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਐੱਸਆਈਟੀ ਬਣਾਈ ਹੈ

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ
ਮੰਤਰੀ ਵੱਲੋਂ ਕਥਿਤ ਤੌਰ ਉੱਤੇ ਕੀਤੇ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਪੀੜਤ ਨੇ ਕੌਮੀ ਅਨੁਸੂਚਿਤ ਕਮਿਸ਼ਨ ਕੋਲ ਵੀ ਕੀਤੀ। ਜਿਸ ਤੋਂ ਬਾਅਦ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ।
ਕਮਿਸ਼ਨ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਪੰਜਾਬ ਸਰਕਾਰ ਨੇ ਪੂਰੇ ਮਾਮਲੇ ਦੀ ਜਾਂਚ ਲਈ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਐੱਸਆਈਟੀ ਦਾ ਗਠਨ ਕਰ ਦਿੱਤਾ।
ਇਸ ਟੀਮ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।

ਤਸਵੀਰ ਸਰੋਤ, GURMINDER GREWAL/BBC
ਸਾਂਪਲਾ ਨੇ ਕਿਹਾ ਕਿ ਇਸ ਤੋਂ ਬਾਅਦ ਪੀੜਤ ਨੇ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਪੁਲਿਸ ਉਸ ਦੇ ਬਿਆਨ ਦਿੱਲੀ ਵਿੱਚ ਜਾਂ ਵੀਡੀਓਗ੍ਰਾਫ਼ੀ ਰਾਹੀਂ ਰਿਕਾਰਡ ਕਰੇ, ਕਿਉਂਕਿ ਪੰਜਾਬ ਵਿੱਚ ਉਹ ਸੁਰੱਖਿਅਤ ਨਹੀਂ ਹੈ।
ਉਨ੍ਹਾਂ ਆਖਿਆ ਕਿ ਪੀੜਤ ਦੇ ਇਸ ਪੱਖ ਬਾਰੇ ਐੱਸਆਈਟੀ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
ਸਾਂਪਲਾ ਮੁਤਾਬਕ ਉਹ ਇੰਤਜ਼ਾਰ ਕਰ ਰਹੇ ਹਨ ਕਿ ਐੱਸਆਈਟੀ ਆਪਣੀ ਰਿਪੋਰਟ ਕਦੋਂ ਦਿੰਦੀ ਹੈ।
ਇਸ ਮੁੱਦੇ ਉੱਤੇ ਬੀਬੀਸੀ ਨੇ ਐੱਸਆਈਟੀ ਦੇ ਮੁਖੀ ਨਰਿੰਦਰ ਭਾਰਗਵ ਨਾਲ ਵੀ ਫ਼ੋਨ ਰਾਹੀਂ ਸੰਪਰਕ ਕੀਤਾ ਅਤੇ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਮਾਮਲੇ ਦੀ ਜਾਂਚ ਕਿੱਥੇ ਤੱਕ ਪਹੁੰਚੀ।
ਇਸ ਤੋਂ ਪਹਿਲਾਂ ਉਹ ਜਵਾਬ ਦਿੰਦੇ ਉਨ੍ਹਾਂ ਨੇ ਸਵਾਲ ਸੁਣਦੇ ਹੀ ਫ਼ੋਨ ਕੱਟ ਦਿੱਤਾ।
ਭਾਜਪਾ ਨੇ ਘੇਰੀ 'ਆਪ' ਸਰਕਾਰ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਿਆਨ 'ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਸੀਐੱਮ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਰਾਜਪਾਲ ਦੀ ਗੱਲ ਸੁਣਨੀ ਚਾਹੀਦੀ ਹੈ।
ਸਿਰਸਾ ਨੇ ਕਿਹਾ ਕਿ ਪੰਜਾਬ ਨੂੰ ਤੁਰੰਤ ਕੈਬਨਿਟ ਮੰਤਰੀ ਦੇ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।
‘ਆਪ’ ਦੀ ਕੀ ਕਹਿਣਾ ਹੈ?
ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸਰਕਾਰ ਨੇ ਪਹਿਲਾਂ ਹੀ ਐੱਸਆਈਟੀ ਬਣਾਈ ਹੋਈ ਹੈ ਅਤੇ ਮਾਮਲਾ ਜਾਂਚ ਅਧੀਨ ਹੈ।

ਤਸਵੀਰ ਸਰੋਤ, LAL CHAND KATARUCHAK/FB
ਕੀ ਹੈ ਵਿਵਾਦਾਂ ਵਿੱਚ ਘਿਰੇ ਮੰਤਰੀ ਦਾ ਪਿਛੋਕੜ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪੰਜਾਬ ਦੇ ਮਾਝੇ ਖੇਤਰ ਤੋਂ ਆਉਂਦੇ ਹਨ।
ਜਦੋਂ ਦਾ ਇਹ ਮਾਮਲਾ ਸੁਰਖ਼ੀਆਂ ਵਿੱਚ ਆਇਆ ਹੈ, ਉਨ੍ਹਾਂ ਨੇ ਚੁੱਪ ਵਟੀ ਹੋਈ ਹੈ।
ਲਾਲ ਚੰਦ ਕਟਾਰੂਚੱਕ ਸਿਆਸਤ ਵਿੱਚ ਕਾਫ਼ੀ ਸਮੇਂ ਤੋਂ ਸਰਗਰਮ ਹਨ ਪਰ ਫਰਵਰੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਹ ਭੋਆ ਹਲਕੇ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚੇ ਸਨ।
‘ਆਪ’ ਨੇ ਕਟਾਰੂਚੱਕ ਨੂੰ ਸ਼ਾਮਲ ਹੋਣ ਤੋਂ ਬਾਅਦ ਆਪਣੇ ਐੱਸਸੀ ਵਿੰਗ ਦਾ ਪ੍ਰਧਾਨ ਸੌਂਪਿਆ ਅਤੇ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਅਹਿਮ ਵਿਭਾਗ ਦਾ ਮੰਤਰੀ ਬਣਾ ਦਿੱਤਾ ਗਿਆ।
‘ਆਪ’ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਸੀਪੀਐੱਮ ਮਾਰਕਸਵਾਦੀ ਪਾਰਟੀ ਨਾਲ ਜੁੜੇ ਹੋਏ ਸਨ ਅਤੇ 2017 ਵਿੱਚ, ਉਨ੍ਹਾਂ ਨੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਟਿਕਟ 'ਤੇ ਭੋਆ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ।
ਉਨ੍ਹਾਂ ਨੂੰ ਸਿਰਫ਼ 13,353 ਵੋਟਾਂ ਮਿਲੀਆਂ ਸਨ।
ਇਸ ਤੋਂ ਬਾਅਦ ਜਦੋਂ ਸੁਖਪਾਲ ਸਿੰਘ ਖਹਿਰਾ ਨੇ 'ਆਪ' ਤੋਂ ਵੱਖ ਹੋਣ ਤੋਂ ਬਾਅਦ, ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦਾ ਗਠਨ ਕੀਤਾ ਤਾਂ ਕਟਾਰੂਚੱਕ ਉਨ੍ਹਾਂ ਦੇ ਨਾਲ ਸਨ।
ਲਾਲ ਚੰਦ ਕਟਾਰੂਚੱਕ ਨੇ 10ਵੀਂ ਜਮਾਤ ਤੱਕ ਦੀ ਪੜ੍ਹਾਈ ਕੀਤੀ ਹੈ।
ਉਨ੍ਹਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੁੱਲ 6 ਲੱਖ ਰੁਪਏ ਦੀ ਜਾਇਦਾਦ ਐਲਾਨੀ ਸੀ।












