ਅਮਰੀਕਾ ਦਾ ਇਲਜ਼ਾਮ - ਨਿਊਯਾਰਕ ’ਚ ਹੋਣਾ ਸੀ ਸਿੱਖ ਵੱਖਵਾਦੀ ਆਗੂ ਦਾ ਕਤਲ, ਸਾਜ਼ਿਸ਼ ਰਚਣ ਲਈ ਇੱਕ ਭਾਰਤੀ ਅਧਿਕਾਰੀ ਵੱਲ ਕੀਤਾ ਇਸ਼ਾਰਾ

ਤਸਵੀਰ ਸਰੋਤ, NIA/SOCIAL MEDIA
ਅਮਰੀਕਾ ਨੇ ਦਾਅਵਾ ਕੀਤਾ ਹੈ ਕਿ ਨਿਊਯਾਰਕ ਵਿੱਚ ਰਹਿਣ ਵਾਲੇ ਇੱਕ ਸਿੱਖ ਵੱਖਵਾਦੀ ਆਗੂ ਦੇ ਕਤਲ ਦੀ ਕਥਿਤ ਸਾਜ਼ਿਸ ਰਚੀ ਗਈ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਪਰ ਅਮਰੀਕਾ ਨੇ ਇਸ ਯੋਜਨਾ ਪਿੱਛੇ ਕਿਸੇ ਭਾਰਤੀ ਅਧਿਕਾਰੀ ਦਾ ਹੱਥ ਹੋਣ ਦੇ ਇਲਜ਼ਾਮ ਲਾਏ ਹਨ।
ਬੁੱਧਵਾਰ ਨੂੰ ਇਸ ਸੰਬੰਧ ਵਿੱਚ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਇਲਜ਼ਾਮ ਲਾਇਆ ਗਿਆ ਸੀ। ਅਦਾਲਤ ਵਿੱਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਵਿੱਚ ਕਿਹਾ ਗਿਆ ਕਿ ਨਿਖਿਲ ਗੁਪਤਾ ਨੂੰ ਅਜਿਹਾ ਕਰਨ ਲਈ ਕਿਸੇ ਭਾਰਤੀ ਅਧਿਕਾਰੀ ਨੇ ਹੁਕਮ ਦਿੱਤੇ ਸਨ।
ਉਸ 'ਤੇ ਸਾਜ਼ਿਸ਼ ਮੁਤਾਬਕ ਫਿਰੌਤੀ ਲੈ ਕੇ ਕਤਲ ਕਰਨ ਦੇ ਇਲਜ਼ਾਮ ਲਾਏ ਗਏ ਹਨ। ਸਰਕਾਰੀ ਵਕੀਲਾਂ ਨੇ ਕਿਹਾ ਕਿ ਸਾਜ਼ਿਸ਼ ਭਾਰਤ ਵਿੱਚ ਰਚੀ ਗਈ ਸੀ।
ਅਦਾਲਤ ਦੇ ਦਸਤਾਵੇਜ਼ਾਂ ਵਿੱਚ ਹਾਲਾਂਕਿ ਉਸ ਕਥਿਤ ਸਿੱਖ ਵੱਖਵਾਦੀ ਦਾ ਨਾਮ ਜ਼ਾਹਰ ਨਹੀਂ ਕੀਤਾ ਗਿਆ ਹੈ ਜਿਸ ਦਾ ਕਤਲ ਕੀਤਾ ਜਾਣਾ ਸੀ।
ਪਰ ਅਦਾਲਤ ਵਿੱਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਵਿੱਚ ਕਿਹਾ ਗਿਆ ਹੈ ਕਿ ਜਿਸ ਵਿਅਕਤੀ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ ਉਹ ਹਰਦੀਪ ਸਿੰਘ ਨਿੱਝਰ ਦਾ ਸਾਥੀ ਸੀ। ਜ਼ਿਕਰਯੋਗ ਹੈ ਨਿੱਝਰ ਦਾ ਕੈਨੇਡਾ ਵਿੱਚ 18 ਜੂਨ ਨੂੰ ਕਤਲ ਕਰ ਦਿੱਤਾ ਗਿਆ ਸੀ।
ਹਾਲਾਂਕਿ, ਭਾਰਤ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਕਤਲ ਦੀ ਸਾਜਿਸ਼ ਦੇ ਸੰਬੰਧ ਵਿੱਚ ਅਮਰੀਕੀ ਸਰਕਾਰ ਵੱਲੋਂ ਦੱਸੇ ਗਏ ਖਦਸ਼ਿਆਂ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਤਸਵੀਰ ਸਰੋਤ, getty images
ਕਿਵੇਂ ਦੇਣਾ ਸੀ ‘ਸਾਜ਼ਿਸ਼’ ਨੂੰ ਅੰਜਾਮ
ਇਲਜ਼ਾਮ ਮੁਤਾਬਕ, ਨਿਖਿਲ ਨੂੰ ਮਈ ਵਿੱਚ ਕਤਲ ਦੀ ਇਸ ਕਥਿਤ ਸਾਜਿਸ਼ ਲਈ ਇੱਕ ਭਾਰਤੀ ਅਧਿਕਾਰੀ ਵੱਲੋਂ ਚੁਣਿਆ ਗਿਆ ਸੀ। ਉਸ ਤੋਂ ਪਹਿਲਾਂ ਉਨ੍ਹਾਂ ਦੇ ਕੌਮਾਂਤਰੀ ਪੱਧਰ ’ਤੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਸਬੂਤ ਮਿਲੇ ਸਨ।
ਇਲਜ਼ਾਮ ਹੈ ਕਿ ਅਧਿਕਾਰੀ ਨੇ ਨਿਖਿਲ ਨੂੰ ਸੰਭਾਵੀ ਕਤਲ ਦੀਆਂ ਯੋਜਨਾਵਾਂ ਬਾਰੇ ਅਮਰੀਕਾ ਵਿੱਚ ਇੱਕ ਸਹਿਯੋਗੀ ਨਾਲ ਸੰਪਰਕ ਕਰਨ ਲਈ ਕਿਹਾ ਸੀ। ਦੋਸ਼ ਪੱਤਰ ਵਿੱਚ ਕਿਹਾ ਗਿਆ ਹੈ ਕਿ ਗੁਪਤਾ, ਨੇ ਇੱਕ ਹਿੱਟਮੈਨ ਨੂੰ ਮਿਲਣਾ ਸੀ ਜਿਸ ਨੇ ਨਿਊਯਾਰਕ ਸ਼ਹਿਰ ਵਿੱਚ ਉਸ ਦੇ ਨਿਸ਼ਾਨੇ ਨੂੰ ਕਤਲ ਕਰਨਾ ਸੀ, ਜੋ ਕਿ ਇੱਕ ਸਿੱਖ ਵੱਖਵਾਦੀ ਸੀ।
ਇਸ ਦੇ ਨਾਲ ਅਦਾਲਤੀ ਦਸਤਾਵੇਜ਼ਾਂ ਵਿੱਚ ਕਿਹਾ ਗਿਆ ਹੈ ਕਿ, ਸਰੋਤ ਨੇ ਨਿਖਿਲ ਦੀ ਮੁਲਾਕਾਤ ਇੱਕ ਗੁਪਤ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਨਾਲ ਕਰਵਾਈ ਜਿਸ ਨੇ ਕਿਹਾ ਕਿ ਉਹ ਇੱਕ ਲੱਖ ਅਮਰੀਕੀ ਡਾਲਰ ਬਦਲੇ ਇਹ ਕੰਮ ਦੇਵੇਗਾ।
ਇਲਜ਼ਾਮ ਲਾਇਆ ਗਿਆ ਹੈ ਕਿ ਨਿਖਿਲ ਗੁਪਤਾ ਨੇ 9 ਜੂਨ ਨੂੰ ਇੱਕ ਸਹਿਯੋਗੀ ਰਾਹੀਂ 15,000 ਅਮਰੀਕੀ ਡਾਲਰਾਂ ਦਾ ਭੁਗਤਾਨ ਕੀਤਾ।
ਪੇਸ਼ ਕੀਤੇ ਗਏ ਦਸਤਾਵੇਜ਼ਾਂ ਮੁਤਾਬਕ ਗੁਪਤਾ ਨੇ ਭਾਰਤੀ ਅਧਿਕਾਰੀ ਨੂੰ ਇੱਕ ਟੈਕਸਟ ਮੈਸੇਜ ਕੀਤਾ ਸੀ ਜਿਸ ਵਿੱਚ ਲਿਖਿਆ ਸੀ,“ਅਸੀਂ ਸਾਡੇ ਟਾਰਗੇਟ ਨੂੰ ਹਿੱਟ ਕਰਾਂਗੇ।”
ਇੰਨਾਂ ਹੀ ਨਹੀਂ ਇਹ ਵੀ ਇਲਜ਼ਾਮ ਹੈ ਕਿ ਕੈਨੇਡਾ ਵਿੱਚ ਜੂਨ ਵਿੱਚ ਹੋਏ ਨਿੱਝਰ ਦੇ ਕਤਲ ਤੋਂ ਗੁਪਤਾ ਨੂੰ ਭਾਰਤੀ ਅਧਿਕਾਰੀ ਵਲੋਂ ਕਥਿਤ ਤੌਰ ’ਤੇ ਇੱਕ ਵੀਡੀਓ ਭੇਜੀ ਗਈ ਸੀ, ਜਿਸ ਵਿੱਚ ਖ਼ੂਨ ਨਾਲ ਲੱਥਪਥ ਨਿੱਝਰ ਦੀ ਮ੍ਰਿਤਕ ਦੇਹ ਉਸ ਦੀ ਗੱਡੀ ਵਿੱਚ ਪਈ ਦੇਖੀ ਜਾ ਸਕਦੀ ਸੀ।
ਇਲਜ਼ਾਮ ਹੈ ਕਿ ਵੀਡੀਓ ਭੇਜਣ ਤੋਂ ਬਾਅਦ ਭਾਰਤੀ ਅਧਿਕਾਰੀ ਨੇ ਗੁਪਤਾ ਨੂੰ ਉਨ੍ਹਾਂ ਦੇ ਅਮਰੀਕਾ ਵਾਸੀ ਟਾਰਗੇਟ ਦਾ ਰਿਹਾਇਸ਼ੀ ਪਤਾ ਭੇਜਿਆ ਸੀ।
ਚੈੱਕ ਗਣਰਾਜ ਦੇ ਅਧਿਕਾਰੀਆਂ ਨੇ ਗੁਪਤਾ ਨੂੰ 30 ਜੂਨ ਅਮਰੀਕੀ ਪ੍ਰੌਸੀਕਿਊਟਰਾਂ ਵੱਲੋਂ ਮੁੱਢਲੇ ਇਲਜ਼ਾਮ ਜਾਰੀ ਕੀਤੇ ਜਾਣ ਮਗਰੋਂ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਦੇ ਦਸਤਾਵੇਜ਼ਾਂ ਮੁਤਾਬਕ, ਉਸ ਨੂੰ ਅਜੇ ਵੀ ਅਮਰੀਕਾ ਦੀ ਬੇਨਤੀ 'ਤੇ ਨਜ਼ਰਬੰਦ ਕੀਤਾ ਗਿਆ ਹੈ।
ਹਾਲਾਂਕਿ ਦਸਤਾਵੇਜ਼ਾਂ ਵਿੱਚ ਕਥਿਤ ਕਤਲ ਦੀ ਸਾਜ਼ਿਸ਼ ਦੇ ਨਿਸ਼ਾਨੇ ਦਾ ਨਾਮ ਨਹੀਂ ਲਿਆ ਗਿਆ ਪਰ ਅਮਰੀਕੀ ਅਧਿਕਾਰੀਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਹ ਇੱਕ ਸਿੱਖ ਵੱਖਵਾਦੀ ਸਮੂਹ ਦਾ ਕੋਈ ਅਮਰੀਕੀ ਨੇਤਾ ਸੀ।
ਜ਼ਿਕਰਯੋਗ ਹੈ ਕਿ ਭਾਰਤ ਵਿੱਚ ਘੱਟ-ਗਿਣਤੀ ਭਾਈਚਾਰਾ ਸਿੱਖ ਦੇਸ਼ ਦੀ ਕੁੱਲ ਆਬਾਦੀ ਦਾ ਕਰੀਬ 2 ਫ਼ੀਸਦ ਹੈ। ਬੀਤੇ ਸਮੇਂ ਵਿੱਚ ਕਈ ਵਾਰ ਅਜਿਹਾ ਹੋਇਆ ਕਿ ਪੱਛਮੀ ਧਰਤੀ ਉੱਤੇ ਸਿੱਖਾਂ ਲਈ ਵੱਖਰੇ ਖਿੱਤੇ ‘ਖਾਲਿਸਤਾਨ’ ਦੀ ਮੰਗ ਉੱਠੀ ਪਰ ਇਸ ਉੱਤੇ ਭਾਰਤ ਸਰਕਾਰ ਵਲੋਂ ਤਿੱਖ਼ੀ ਪ੍ਰਤੀਕਿਰਿਆ ਵੀ ਆਉਂਦੀ ਰਹੀ ਹੈ।

ਤਸਵੀਰ ਸਰੋਤ, Getty Images
ਵ੍ਹਾਈਟ ਹਾਊਸ ਨੇ ਕੀ ਕਿਹਾ
ਦੋਸ਼ ਪੱਤਰ ਅਦਾਲਤ ਵਿੱਚ ਖੁੱਲ਼੍ਹਣ ਤੋਂ ਫ਼ੌਰਨ ਮਗਰੋਂ, ਵ੍ਹਾਈਟ ਹਾਊਸ ਨੇ ਕਿਹਾ ਕਿ ਸਭ ਤੋਂ ਸੀਨੀਅਰ ਪੱਧਰ 'ਤੇ ਭਾਰਤ ਸਰਕਾਰ ਕੋਲ ਇਹ ਮੁੱਦਾ ਉਠਾਇਆ ਹੈ।
ਵ੍ਹਾਈਟ ਹਾਊਸ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭਾਰਤੀ ਅਧਿਕਾਰੀਆਂ ਨੇ ਇਸ ’ਤੇ “ਹੈਰਾਨੀ ਅਤੇ ਚਿੰਤਾ” ਜ਼ਾਹਰ ਕੀਤੀ ਸੀ।
ਅਮਰੀਕੀ ਅਟਾਰਨੀ ਡੈਮਿਅਨ ਵਿਲੀਅਮਜ਼ ਨੇ ਕਿਹਾ, "ਮੁਲਜ਼ਮ ਨੇ ਭਾਰਤ ਤੋਂ, ਇੱਥੇ ਨਿਊਯਾਰਕ ਸ਼ਹਿਰ ਵਿੱਚ, ਭਾਰਤੀ ਮੂਲ ਦੇ ਇੱਕ ਅਮਰੀਕੀ ਨਾਗਰਿਕ ਦੇ ਕਤਲ ਦੀ ਸਾਜ਼ਿਸ਼ ਰਚੀ, ਜਿਸ ਨੇ ਖੁੱਲ੍ਹੇਆਮ ਸਿੱਖਾਂ ਲਈ ਇੱਕ ਪ੍ਰਭੂਸੱਤਾ ਸੰਪੰਨ ਰਾਜ ਕਾਇਮ ਕਰਨ ਦੀ ਵਕਾਲਤ ਕੀਤੀ ਹੈ।"
ਉਨ੍ਹਾਂ ਨੇ ਕਿਹਾ ਕਿ ਅਸੀਂ ਅਮਰੀਕਾ ਦੀ ਧਰਤੀ 'ਤੇ ਅਮਰੀਕੀ ਨਾਗਰਿਕਾਂ ਦੇ ਕਤਲ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ।
ਭਾਰਤ ਵਿੱਚ ਸਿੱਖ ਇੱਕ ਧਾਰਮਿਕ ਘੱਟ ਗਿਣਤੀ ਹਨ ਜੋ ਭਾਰਤ ਦੀ ਆਬਾਦੀ ਦਾ ਲਗਭਗ 2% ਹੀ ਹਨ। ਕੁਝ ਸਿੱਖ ਹਲਕਿਆਂ ਵੱਲੋਂ ਲੰਬੇ ਸਮੇਂ ਤੋਂ ਸਿੱਖਾਂ ਲਈ ਵੱਖਰੇ ਹੋਮਲੈਂਡ ਦੀ ਮੰਗ ਕੀਤੀ ਜਾਂਦੀ ਰਹੀ ਹੈ।
ਭਾਰਤ ਸਰਕਾਰ ਨੇ ਅਕਸਰ ਪੱਛਮੀ ਦੇਸ਼ਾਂ ਵਿੱਚ ਸਿੱਖ ਵੱਖਵਾਦੀਆਂ ਵੱਲੋਂ ਖਾਲਿਸਤਾਨ ਜਾਂ ਵੱਖਰੇ ਸਿੱਖ ਹੋਮਲੈਂਡ ਦੀ ਮੰਗ 'ਤੇ ਤਿੱਖੀ ਇਤਰਾਜ਼ ਜਾਹਰ ਕੀਤਾ ਹੈ।
ਖ਼ਬਰ ਏਜੰਸੀ ਰਾਇਟਰਜ਼ ਮੁਤਾਬਕ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨੇ ਇਸ ਮਾਮਲੇ 'ਚ ਪੁੱਛੇ ਗਏ ਸਵਾਲਾਂ 'ਤੇ ਹਾਲੇ ਤੱਕ ਕੋਈ ਟਿੱਪਣੀ ਨਹੀਂ ਕੀਤੀ।

ਤਸਵੀਰ ਸਰੋਤ, ANI
ਭਾਰਤੀ ਵਿਦੇਸ਼ ਮੰਤਰਾਲੇ ਨੇ ਕੀ ਕਿਹਾ?
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਬੁੱਧਵਾਰ ਨੂੰ ਅਮਰੀਕੀ ਧਰਤੀ 'ਤੇ ਇੱਕ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਦੇ ਦਾਅਵਿਆਂ 'ਤੇ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਨੇ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਬਾਗਚੀ ਨੇ ਕਿਹਾ, "ਅਸੀਂ ਪਹਿਲਾਂ ਹੀ ਦੱਸ ਚੁੱਕੇ ਹਾਂ ਕਿ ਦੁਵੱਲੇ ਸੁਰੱਖਿਆ ਸਹਿਯੋਗ 'ਤੇ ਚਰਚਾ ਦੌਰਾਨ ਅਸੀਂ ਸੰਗਠਿਤ ਅਪਰਾਧ, ਬੰਦੂਕ ਚਲਾਉਣ ਵਾਲਿਆਂ ਅਤੇ ਅੱਤਵਾਦੀਆਂ ਅਤੇ ਹੋਰਾਂ ਬਾਰੇ ਅਮਰੀਕਾ ਨਾਲ ਕੁਝ ਜਾਣਕਾਰੀ ਸਾਂਝੀ ਕੀਤੀ ਸੀ।"
"ਅਸੀਂ ਇਹ ਵੀ ਸੰਕੇਤ ਦਿੱਤਾ ਹੈ ਕਿ ਭਾਰਤ ਅਜਿਹੇ ਇਨਪੁਟ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਕਿਉਂਕਿ ਇਹ ਸਾਡੇ ਕੌਮੀ ਸੁਰੱਖਿਆ ਹਿੱਤਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਸਬੰਧਤ ਵਿਭਾਗ ਪਹਿਲਾਂ ਹੀ ਇਸਦੀ ਜਾਂਚ ਕਰ ਰਹੇ ਹਨ।"
ਉਨ੍ਹਾਂ ਕਿਹਾ, "ਇਸ ਸਬੰਧ ਵਿੱਚ ਸੂਚਿਤ ਕੀਤਾ ਜਾਂਦਾ ਹੈ ਕਿ 18 ਨਵੰਬਰ ਨੂੰ ਭਾਰਤ ਸਰਕਾਰ ਨੇ ਇਸ ਮੁੱਦੇ ਨਾਲ ਸਬੰਧਤ ਸਾਰੇ ਪਹਿਲੂਆਂ ਨੂੰ ਘੋਖਣ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।"

ਤਸਵੀਰ ਸਰੋਤ, FB/VIRSA SINGH VALTOHA
ਕੈਨੇਡਾ ਵਲੋਂ ਲਾਏ ਗਏ ਇਲਜ਼ਾਮਾਂ ’ਤੇ ਭਾਰਤੀ ਜਵਾਬ ਵੱਖਰਾ ਸੀ
ਅਮਰੀਕਾ ਅਤੇ ਕੈਨੇਡਾ ਦੇ ਇਲਜ਼ਾਮ 'ਤੇ ਭਾਰਤ ਦੀ ਪ੍ਰਤੀਕਿਰਿਆ ਦਾ ਅੰਦਾਜ ਵੱਖੋ-ਵੱਖਰਾ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਤੰਬਰ ਨੂੰ ਆਪਣੇ ਦੇਸ਼ ਦੀ ਸੰਸਦ 'ਚ ਇਹ ਮੁੱਦਾ ਚੁੱਕਿਆ ਸੀ ਅਤੇ ਭਾਰਤ ਦੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਸਨ।
ਭਾਰਤ ਨੇ ਇਨ੍ਹਾਂ ਨੂੰ 'ਬੇਤੁਕਾ' ਕਹਿ ਕੇ ਰੱਦ ਕਰ ਦਿੱਤਾ ਸੀ।
ਬੁੱਧਵਾਰ ਨੂੰ ਹੋਏ ਅਮਰੀਕੀ ਘਟਨਾਕ੍ਰਮ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਇਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤ ਨੂੰ ਉਸ ’ਤੇ ਲੱਗੇ ਇਲਜ਼ਾਮਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।
ਭਾਰਤ ਨੇ ਕਿਹਾ ਸੀ ਕਿ ਕੈਨੇਡਾ ਨੇ ਇਸ ਦਾਅਵੇ ਦੇ ਸਮਰਥਨ 'ਚ ਕੋਈ ਸਬੂਤ ਪੇਸ਼ ਨਹੀਂ ਕੀਤੇ ਹਨ।

ਕੈਨੇਡਾ ਨੇ ਅਜੇ ਤੱਕ ਨਿੱਝਰ ਦੇ ਕਤਲ ਨਾਲ ਜੁੜੇ ਇਲਜ਼ਾਮਾਂ ਦੇ ਸਮਰਥਨ ਵਿੱਚ ਕੋਈ ਵੀ ਸਬੂਤ ਜਨਤਕ ਨਹੀਂ ਕੀਤੇ ਹਨ।
ਭਾਰਤੀ ਸੁਰੱਖਿਆ ਏਜੰਸੀਆਂ ਨੇ ਨਿੱਝਰ ਨੂੰ 'ਅੱਤਵਾਦੀ' ਕਰਾਰ ਦਿੱਤਾ ਸੀ। ਉਨ੍ਹਾਂ ਨੂੰ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ।
ਨਿੱਝਰ ਦੀ ਹੱਤਿਆ ਤੋਂ ਬਾਅਦ ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਵਿਵਾਦ ਦੇ ਚਲਤਿਆਂ ਭਾਰਤ ਨੇ ਸਤੰਬਰ ਵਿੱਚ ਅਗਲੇ ਨੋਟਿਸ ਤੱਕ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ।
ਹਾਲਾਂਕਿ, ਪਿਛਲੇ ਮਹੀਨੇ, ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਚਾਰ ਸ਼੍ਰੇਣੀਆਂ ਵਿੱਚ ਵੀਜ਼ਾ ਸੇਵਾਵਾਂ ਬਹਾਲ ਕਰ ਦਿੱਤੀਆਂ ਸਨ।
26 ਅਕਤੂਬਰ ਤੋਂ, ਭਾਰਤ ਨੇ ਐਂਟਰੀ ਵੀਜ਼ਾ, ਵਪਾਰਕ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਸ਼੍ਰੇਣੀਆਂ ਵਿੱਚ ਵੀਜ਼ਾ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਸੀ।
ਪਰ ਦੋਵਾਂ ਦੇਸ਼ਾਂ ਦੇ ਸਬੰਧ ਅਜੇ ਤੱਕ ਆਮ ਵਾਂਗ ਨਹੀਂ ਹੋਏ ਹਨ।

ਤਸਵੀਰ ਸਰੋਤ, Getty Images
ਕਿਸ ਸਿੱਖ ਆਗੂ ਦੇ ਕਤਲ ਦੀ ਕਥਿਤ ਸਾਜ਼ਿਸ਼
ਹਾਲਾਂਕਿ ਸਰਕਾਰੀ ਵਕੀਲਾਂ ਨੇ ਟਾਰਗੇਟ ਕੀਤੇ ਜਾਣ ਵਾਲੇ ਵਿਅਕਤੀ ਦਾ ਨਾਮ ਨਹੀਂ ਲਿਆ ਗਿਆ ਸੀ ਪਰ ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ ਨਿਸ਼ਾਨਾ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ ਸੀ।
ਗੁਰਪਤਵੰਤ ਪੰਨੂ ਕੋਲ ਦੋਹਰੀ ਅਮਰੀਕੀ-ਕੈਨੇਡੀਅਨ ਨਾਗਰਿਕਤਾ ਹੈ ਅਤੇ ਉਹ ਅਮਰੀਕਾ ਸਥਿਤ ਸਿੱਖ ਕਾਰਕੁਨ ਸਮੂਹ ‘ਸਿੱਖਸ ਫ਼ਾਰ ਜਸਟਿਸ’ ਦੇ ਮੈਂਬਰ ਹਨ।
ਪੰਨੂ ਨੇ ਬੀਬੀਸੀ ਏਸ਼ੀਅਨ ਨੈੱਟਵਰਕ ਨਾਲ ਕਤਲ ਦੀ ਕਥਿਤ ਸਾਜ਼ਿਸ਼ ਬਾਰੇ ਗੱਲ ਕਰਦਿਆਂ ਕਿਹਾ ਕਿ,"ਕੀ ਭਾਰਤ ਅੰਤਰ-ਰਾਸ਼ਟਰੀ ਅੱਤਵਾਦ ਦੀ ਵਰਤੋਂ ਕਰਨ ਦੇ ਨਤੀਜੇ ਭੁਗਤਣ ਲਈ ਤਿਆਰ ਹੈ?"
ਪੰਨੂ ਨੇ ਅੱਗੇ ਕਿਹਾ ਕਿ,“ਉਨ੍ਹਾਂ ਨੂੰ ਯਕੀਨ ਹੈ ਕਿ ਜੋ ਵੀ ਮੈਨੂੰ ਮਾਰਨ ਜਾਂ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਭਾਵੇਂ ਉਹ ਭਾਰਤ ਦੇ ਡਿਪਲੋਮੈਟ ਹੋਣ, ਜਾਂ ਭਾਰਤੀ ਰਾਅ [ਖੁਫੀਆ] ਏਜੰਟ ਹੋਣ ਉਨ੍ਹਾਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗੇ।"

ਤਸਵੀਰ ਸਰੋਤ, NIA/SOCIAL MEDIA
ਗੁਰਪਤਵੰਤ ਸਿੰਘ ਪੰਨੂ ਕੌਣ ਹਨ
ਪੇਸ਼ੇ ਤੋਂ ਵਕੀਲ ਗੁਰਪਤਵੰਤ ਸਿੰਘ ਪੰਨੂ ਦੇ ਪਰਿਵਾਰ ਦੇ ਵੱਡ-ਵਡੇਰੇ ਪਹਿਲਾਂ ਪੱਟੀ ਦੇ ਪਿੰਡ ਨੱਥੂਚੱਕ ਵਿੱਚ ਰਹਿੰਦੇ ਸਨ ਅਤੇ ਬਾਅਦ ਵਿੱਚ ਉਹ ਅੰਮ੍ਰਿਤਸਰ ਨੇੜੇ ਪੈਂਦੇ ਪਿੰਡ ਖਾਨਕੋਟ ਵਿਖੇ ਜਾ ਵਸੇ ਸਨ।
ਪੰਨੂ ਦਾ ਇੱਕ ਭਰਾ ਤੇ ਇੱਕ ਭੈਣ ਹਨ। ਉਨ੍ਹਾਂ ਦੀ ਸਾਰੀ ਪੜ੍ਹਾਈ ਭਾਰਤ ਵਿੱਚ ਹੀ, ਲੁਧਿਆਣਾ ਅਤੇ ਚੰਡੀਗੜ੍ਹ ਤੋਂ ਹੋਈ ਹੈ। ਉਨ੍ਹਾਂ ਨੇ ਕਾਨੂੰਨ ਦੀ ਪੜ੍ਹਾਈ ਵੀ ਭਾਰਤ ਵਿੱਚ ਹੀ ਕੀਤੀ ਹੈ। ਪੰਨੂ ਦੇ ਪਿਤਾ ਮਹਿੰਦਰ ਸਿੰਘ ਪੰਜਾਬ ਮਾਰਕੀਟਿੰਗ ਬੋਰਡ ਦੇ ਸਕੱਤਰ ਸਨ।
1990ਵਿਆਂ ਵਿੱਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਕਾਨੂੰਨ ਦੀ ਪੜ੍ਹਾਈ ਕੀਤੀ। ਕਾਲਜ ਦੇ ਸਮੇਂ ਤੋਂ ਹੀ ਉਹ ਸਟੂਡੈਂਟ ਐਕਟੀਵਿਸਟ ਬਣ ਗਏ ਸਨ ਅਤੇ ਸਟੂਡੈਂਟ ਪੌਲੀਟਿਕਸ ਵਿੱਚ ਐਕਟਿਵ ਹੋ ਗਏ ਸਨ।

ਤਸਵੀਰ ਸਰੋਤ, X/@NIA_INDIA
ਨੱਬੇ ਦੇ ਦਹਾਕੇ ਵਿੱਚ ਪੰਨੂ ਉੱਤੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਚੰਡੀਗੜ੍ਹ ਸ਼ਹਿਰਾਂ ਵਿੱਚ ਸਥਿਤ ਥਾਣਿਆਂ ਵਿੱਚ ਇਰਾਦਤਨ ਕਤਲ ਅਤੇ ਕਤਲ ਕਰਨ ਦੇ ਕੇਸ ਦਰਜ ਕੀਤੇ ਗਏ।
ਸੂਤਰਾਂ ਮੁਤਾਬਕ ਗੁਰਪਤਵੰਤ ਪੰਨੂ ਦੇ ਉੱਪਰ ਕਈ ਕੇਸ ਦਰਜ ਹੋਏ ਸਨ, ਜਿਨ੍ਹਾਂ ਵਿੱਚ ਟਾਡਾ (ਟੈਰਰਿਸਟ ਐਂਡ ਡਿਸਰਪਟਿਵ ਐਕਟਿਵਿਟੀਜ਼) ਵੀ ਸ਼ਾਮਿਲ ਹੈ। ਪੰਨੂ ਦਾ ਕਹਿਣਾ ਹੈ ਕਿ ਉਨ੍ਹਾਂ ਉੱਪਰ ਪੁਲਿਸ ਨੇ ਝੂਠੇ ਮੁਕੱਦਮੇ ਦਾਇਰ ਕੀਤੇ ਸਨ।
ਉਸ ਵੇਲੇ ਦੀ ਨਰਸਿਮ੍ਹਾ ਰਾਓ ਦੀ ਸਰਕਾਰ 'ਚ ਉਨ੍ਹਾਂ ਦੇ ਪਰਿਵਾਰ ਦੇ ਰਸੂਖ਼ ਵਾਲੇ ਲੋਕਾਂ ਨੇ ਜ਼ੋਰ ਲਗਾ ਕੇ ਪੰਨੂ ਨੂੰ ਕਈ ਕੇਸਾਂ ਵਿੱਚੋਂ ਕਢਵਾ ਲਿਆ ਸੀ।
ਇਸ ਤੋਂ ਬਾਅਦ, 1991-92 ਵਿੱਚ ਪੰਨੂ ਅਮਰੀਕਾ ਚਲੇ ਗਏ। ਉੱਥੇ ਜਾ ਕੇ ਉਨ੍ਹਾਂ ਨੇ ਕਨੈਕਟੀਕਟ ਯੂਨੀਵਰਸਿਟੀ ਵਿੱਚ ਦਾਖ਼ਲਾ ਲੈ ਲਿਆ, ਜਿੱਥੇ ਪੰਨੂ ਨੇ ਐੱਮਬੀਏ ਫਾਇਨਾਂਸ ਅਤੇ ਨਿਊਯਾਰਕ ਯੂਨੀਵਰਸਿਟੀ ਵਿੱਚ ਮਾਸਟਰਜ਼ ਆਫ਼ ਲਾਅ ਦੀ ਡਿਗਰੀ ਹਾਸਿਲ ਕੀਤੀ।
ਅਮਰੀਕਾ ਵਿੱਚ ਉਚੇਰੀ ਸਿੱਖਿਆ ਲੈਣ ਤੋਂ ਬਾਅਦ ਪੰਨੂ ਨੇ ਨਿਊਯਾਰਕ ਸਥਿਤ ਵਾਲ ਸਟਰੀਟ ਵਿੱਚ ਸਿਸਟਮ ਐਨੇਲਿਸਟ ਵਜੋਂ 2014 ਤੱਕ ਕੰਮ ਕੀਤਾ। ਉਹ ਅਮਰੀਕਾ ਜਾ ਕੇ ਵੀ ਸਿਆਸੀ ਤੌਰ 'ਤੇ ਸਰਗਰਮ ਰਹੇ।
ਪੰਨੂ ਇੱਕ ਡਿਫੈਂਸ ਵਕੀਲ ਹਨ ਅਤੇ ਉਨ੍ਹਾਂ ਨੇ ਸਾਲ 2007 ਵਿੱਚ ਹੀ ਸਿਖਸ ਫਾਰ ਜਸਟਿਸ ਦੀ ਸਥਾਪਨਾ ਕੀਤੀ ਸੀ।
ਸਿਖਸ ਫਾਰ ਜਸਟਿਸ ਦਾ ਰਜਿਸਟਰਡ ਦਫ਼ਤਰ ਵਾਸ਼ਿੰਗਟਨ ਵਿੱਚ ਹੈ ਅਤੇ ਪੰਨੂ ਦਾ ਦਫ਼ਤਰ ਨਿਊਯਾਰਕ ਵਿੱਚ ਹੈ, ਜਿੱਥੇ ਉਹ ਆਪਣੀ ਲਾਅ ਫਰਮ ਚਲਾਉਂਦੇ ਹਨ।












