ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ, ਆਤਿਸ਼ੀ ਹੋਣਗੇ ਨਵੇਂ ਸੀਐੱਮ

ਤਸਵੀਰ ਸਰੋਤ, ANI
ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਕੇਜਰੀਵਾਲ ਨੇ ਆਪਣਾ ਅਸਤੀਫਾ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਨੂੰ ਸੌਂਪ ਦਿੱਤਾ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਆਗੂ ਗੋਪਾਲ ਰਾਏ ਨੇ ਦਿੱਤੀ।
ਗੋਪਾਲ ਰਾਏ ਨੇ ਕਿਹਾ, "ਜੇਲ ਤੋਂ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਉਹ ਉਦੋਂ ਤੱਕ ਮੁੱਖ ਮੰਤਰੀ ਦੇ ਅਹੁਦੇ 'ਤੇ ਨਹੀਂ ਬੈਠਣਗੇ, ਜਦੋਂ ਤੱਕ ਦਿੱਲੀ ਦੇ ਲੋਕ ਉਨ੍ਹਾਂ ਦਾ ਸਮਰਥਨ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਜੇਤੂ ਨਹੀਂ ਬਣਾਉਂਦੇ।"
ਉਨ੍ਹਾਂ ਕਿਹਾ, “ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਸਵੇਰ ਦੀ ਮੀਟਿੰਗ ਵਿੱਚ ਦਿੱਲੀ ਵਿੱਚ ਸਰਕਾਰ ਚਲਾਉਣ ਲਈ ਆਤਿਸ਼ੀ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਸੀ।
"ਆਮ ਆਦਮੀ ਪਾਰਟੀ ਦੀ ਵੱਲੋਂ ਅਸੀਂ ਇਸ ਫੈਸਲੇ ਬਾਰੇ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ ਨੂੰ ਸੂਚਿਤ ਕਰ ਦਿੱਤਾ ਹੈ।"

ਤਸਵੀਰ ਸਰੋਤ, Getty Images
ਆਮ ਆਦਮੀ ਪਾਰਟੀ ਨੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ।
ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੇ ਇਸ ਦੀ ਜਾਣਕਾਰੀ ਮੀਡੀਆ ਨੂੰ ਦਿੱਤੀ। ਗੋਪਾਲ ਰਾਏ ਨੇ ਕਿਹਾ ਕਿ ਆਤਿਸ਼ੀ ਮੁਸ਼ਕਲ ਹਾਲਾਤਾਂ 'ਚ ਦਿੱਲੀ ਦੇ ਮੁੱਖ ਮੰਤਰੀ ਬਣ ਰਹੇ ਹਨ।
ਗੋਪਾਲ ਰਾਏ ਨੇ ਇਲਜ਼ਾਮ ਲਾਇਆ, "ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਤੋੜਨ ਅਤੇ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ। ਪਰ ਅਸੀਂ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ।"
ਮੰਗਲਵਾਰ ਸਵੇਰੇ ਕਰੀਬ 11 ਵਜੇ ਵਿਧਾਇਕ ਦਲ ਦੀ ਬੈਠਕ 'ਚ ਆਤਿਸ਼ੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਗੋਪਾਲ ਰਾਏ ਨੇ ਕਿਹਾ ਕਿ ਆਤਿਸ਼ੀ ਨੂੰ ਸਰਬਸੰਮਤੀ ਨਾਲ ਮੁੱਖ ਮੰਤਰੀ ਚੁਣਿਆ ਗਿਆ ਹੈ।
ਜਦੋਂ ਕੇਜਰੀਵਾਲ ਜੇਲ੍ਹ ਵਿੱਚ ਸਨ ਤਾਂ ਆਤਿਸ਼ੀ ਸਰਕਾਰ ਦੀਆਂ ਅਹਿਮ ਜ਼ਿੰਮੇਵਾਰੀਆਂ ਨਿਭਾ ਰਹੇ ਸਨ। ਉਹ ਇਸ ਸਮੇਂ ਸਿੱਖਿਆ ਸਮੇਤ ਮਹੱਤਵਪੂਰਨ ਵਿਭਾਗਾਂ ਨੂੰ ਸੰਭਾਲ ਰਹੇ ਸੀ।
ਜਦੋਂ ਤੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਆਪ' ਵਰਕਰਾਂ ਨੂੰ ਸੰਬੋਧਨ ਕਰਦਿਆਂ ਅਸਤੀਫ਼ੇ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਇਸ ਗੱਲ ਨੂੰ ਲੈ ਕੇ ਚਰਚਾ ਛਿੜ ਗਈ ਸੀ ਕਿ ਇਹ ਅਹੁਦਾ ਕੌਣ ਸੰਭਾਲੇਗਾ।

ʻਆਪʼ ਦੇ ਸੰਪਰਕ ʼਚ ਕਿਵੇਂ ਆਏ ਸਨ ਆਤਿਸ਼ੀ
ਇੰਡੀਅਨ ਐਕਸਪ੍ਰੈੱਸ ਦੀ ਰਿਪੋਰਟ ਮੁਤਾਬਕ ਆਤਿਸ਼ੀ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਵਿਜੇ ਕੁਮਾਰ ਸਿੰਘ ਅਤੇ ਤ੍ਰਿਪਤਾ ਵਾਹੀ ਦੀ ਬੇਟੀ ਹੈ।
ਆਤਿਸ਼ੀ ਨੇ ਦਿੱਲੀ ਦੇ ਸਪਰਿੰਗਡੇਲਸ ਸਕੂਲ ਤੋਂ ਪੜ੍ਹਾਈ ਕੀਤੀ ਹੈ। ਆਤਿਸ਼ੀ ਨੇ ਸੇਂਟ ਸਟੀਫਨ ਕਾਲਜ ਤੋਂ ਇਤਿਹਾਸ ਦੀ ਪੜ੍ਹਾਈ ਕੀਤੀ ਹੈ।
ਆਤਿਸ਼ੀ ਨੇ ਆਕਸਫੋਰਡ ਯੂਨੀਵਰਸਿਟੀ ਤੋਂ ਮਾਸਟਰ ਡਿਗਰੀ ਹਾਸਲ ਕੀਤੀ ਹੋਈ ਹੈ। ਬਾਅਦ ਵਿੱਚ ਆਤਿਸ਼ੀ ਨੂੰ ਚਿਵਨਿੰਗ ਸਕਾਲਰਸ਼ਿਪ ਵੀ ਮਿਲੀ।
ਕੁਝ ਸਮਾਂ ਆਤਿਸ਼ੀ ਨੇ ਆਂਧਰਾ ਪ੍ਰਦੇਸ਼ ਦੇ ਰਿਸ਼ੀ ਵੈਲੀ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਇਆ। ਉਹ ਜੈਵਿਕ ਖੇਤੀ ਅਤੇ ਸਿੱਖਿਆ ਪ੍ਰਣਾਲੀ ਨਾਲ ਸਬੰਧਤ ਕੰਮਾਂ ਵਿੱਚ ਸਰਗਰਮ ਰਹੀ।
ਇਸ ਮਗਰੋਂ ਆਤਿਸ਼ੀ ਭੋਪਾਲ ਆ ਗਈ। ਇੱਥੇ ਉਨ੍ਹਾਂ ਨੇ ਕਈ ਐੱਨਜੀਓ ਦੇ ਨਾਲ ਕੰਮ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਉਹ ਆਮ ਆਦਮੀ ਪਾਰਟੀ ਅਤੇ ਪ੍ਰਸ਼ਾਂਤ ਭੂਸ਼ਣ ਦੇ ਸੰਪਰਕ ਵਿੱਚ ਆਈ।
ਆਤਿਸ਼ੀ ਅੰਨਾ ਅੰਦੋਲਨ ਦੇ ਸਮੇਂ ਤੋਂ ਸੰਗਠਨ ਵਿੱਚ ਸਰਗਰਮ ਰਹੀ ਅਤੇ ਹੁਣ ਉਹ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਹੈ।

ਤਸਵੀਰ ਸਰੋਤ, Getty Images
ਆਤਿਸ਼ੀ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ ਸੀ।
ਉਹ ਸਾਲ 2015 ਤੋਂ 2018 ਤੱਕ ਦਿੱਲੀ ਦੇ ਤਤਕਾਲੀ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਸਲਾਹਕਾਰ ਵਜੋਂ ਕੰਮ ਕਰ ਰਹੀ ਸੀ।
ਆਮ ਆਦਮੀ ਪਾਰਟੀ ਦੀ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਅਨੁਸਾਰ ਮਨੀਸ਼ ਸਿਸੋਦੀਆ ਦੇ ਸਲਾਹਕਾਰ ਹੁੰਦਿਆਂ ਉਨ੍ਹਾਂ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ, ਸਕੂਲ ਪ੍ਰਬੰਧਕ ਕਮੇਟੀਆਂ ਬਣਾਉਣ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੇਲੋੜੀਆਂ ਫੀਸਾਂ ਵਧਾਉਣ ਤੋਂ ਰੋਕਣ ਲਈ ਸਖ਼ਤ ਨਿਯਮ ਬਣਾਉਣ ਵਰਗੇ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਆਤਿਸ਼ੀ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਵੀ ਹਨ।
ਦਿੱਲੀ ਸਰਕਾਰ ਵਿੱਚ ਇਸ ਸਮੇਂ ਆਤਿਸ਼ੀ ਕੋਲ ਜੋ ਵਿਭਾਗਾਂ ਹਨ, ਉਨ੍ਹਾਂ ਵਿੱਚ ਸਿੱਖਿਆ, ਉੱਚ ਸਿੱਖਿਆ, ਤਕਨੀਕੀ ਸਿਖਲਾਈ ਅਤੇ ਸਿੱਖਿਆ (ਟੀਟੀਈ), ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਊਰਜਾ, ਮਾਲੀਆ, ਯੋਜਨਾ, ਵਿੱਤ, ਵਿਜੀਲੈਂਸ, ਪਾਣੀ, ਲੋਕ ਸੰਪਰਕ ਅਤੇ ਕਾਨੂੰਨ-ਨਿਆਂ ਵਰਗੇ ਵਿਭਾਗ ਸ਼ਾਮਲ ਹਨ।
ਉਹ ਦਿੱਲੀ ਦੇ ਕਾਲਕਾਜੀ ਇਲਾਕੇ ਤੋਂ ਵਿਧਾਇਕ ਹਨ।

ਤਸਵੀਰ ਸਰੋਤ, ANI
ਕੇਜਰੀਵਾਲ ਦਾ ਅਸਤੀਫਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਮੰਗਲਵਾਰ 17 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ।
ਉਹ ਅੱਜ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕਰਨਗੇ ਅਤੇ ਇਸ ਦੌਰਾਨ ਉਹ ਆਪਣਾ ਅਸਤੀਫਾ ਸੌਂਪਣਗੇ।
ਇਸ ਦਾ ਐਲਾਨ ਕੇਜਰੀਵਾਲ ਨੇ 15 ਸਤੰਬਰ ਨੂੰ ਐਲਾਨ ਕੀਤਾ ਸੀ।
ਐਲਾਨ ਕਰਦਿਆਂ ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਲੋਕ ਇਸ ਅਹੁਦੇ 'ਤੇ ਬੈਠਣ ਲਈ ਨਹੀਂ ਕਹਿੰਦੇ, ਉਹ ਮੁੜ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਣਗੇ।
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਜਨਤਾ ਤੋਂ 'ਇਮਾਨਦਾਰੀ ਦਾ ਸਰਟੀਫਿਕੇਟ' ਲੈ ਕੇ ਹੀ ਦਫ਼ਤਰ 'ਚ ਪਰਤਣਗੇ।

ਐਤਵਾਰ ਨੂੰ ਪਾਰਟੀ ਹੈੱਡਕੁਆਰਟਰ 'ਤੇ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਸੀ, “ਜਦੋਂ ਤੱਕ ਦਿੱਲੀ 'ਚ ਚੋਣਾਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਕੋਈ ਹੋਰ ਨੇਤਾ ਦਿੱਲੀ ਦਾ ਮੁੱਖ ਮੰਤਰੀ ਹੋਵੇਗਾ।”
ਕੇਜਰੀਵਾਲ ਨੇ ਕਿਹਾ ਸੀ, "ਮੈਂ ਲੋਕਾਂ ਵਿੱਚ ਜਾਵਾਂਗਾ, ਹਰ ਗਲੀ ਵਿੱਚ ਜਾਵਾਂਗਾ, ਹਰ ਘਰ ਵਿੱਚ ਜਾਵਾਂਗਾ ਅਤੇ ਜਦੋਂ ਤੱਕ ਜਨਤਾ ਇਹ ਫ਼ੈਸਲਾ ਨਹੀਂ ਦਿੰਦੀ ਕਿ ਕੇਜਰੀਵਾਲ ਇਮਾਨਦਾਰ ਹੈ, ਮੈਂ ਸੀਐਮ ਦੀ ਕੁਰਸੀ 'ਤੇ ਨਹੀਂ ਬੈਠਾਂਗਾ।"
ਹਾਲਾਂਕਿ, ਕੇਜਰੀਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਜਦੋਂ ਉਨ੍ਹਾਂ ਨੂੰ 21 ਮਾਰਚ, 2024 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਤਿਹਾੜ ਜੇਲ੍ਹ ਵਿੱਚ ਸਨ।
ਕੀ ਹੈ ਕਥਿਤ ਸ਼ਰਾਬ ਘੁਟਾਲਾ?
ਸੀਬੀਆਈ ਨੇ 26 ਫਰਵਰੀ 2023 ਨੂੰ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਦੌਰਾਨ ਗ੍ਰਿਫਤਾਰ ਕੀਤਾ ਸੀ।
ਮਨੀਸ਼ ਸਿਸੋਦੀਆ ਦੀ ਅਗਵਾਈ ਵਿੱਚ ਨਵੰਬਰ 2021 ਵਿੱਚ ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਲਿਆਂਦਾ ਗਿਆ ਸੀ।
ਹਾਲਾਂਕਿ, ਅਗਸਤ 2022 ਵਿੱਚ, ਦਿੱਲੀ ਸਰਕਾਰ ਨੇ ਇਸ ਨਵੀਂ ਸ਼ਰਾਬ ਨੀਤੀ ਨੂੰ ਰੱਦ ਕਰ ਦਿੱਤਾ ਸੀ।
ਇਲਜ਼ਾਮ ਹਨ ਕਿ ਇਸ ਨੀਤੀ ਨੂੰ ਲਾਗੂ ਕਰਨ ਵਿੱਚ ਵੱਡਾ ਘਪਲਾ ਹੋਇਆ ਹੈ। ਇਸ ਨਵੀਂ ਨੀਤੀ ਤਹਿਤ ਦਿੱਲੀ ਸਰਕਾਰ ਨੇ ਦਿੱਲੀ ਵਿੱਚ ਸ਼ਰਾਬ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਣਾ ਸੀ ਅਤੇ ਸ਼ਰਾਬ ਦਾ ਕਾਰੋਬਾਰ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿੱਚ ਆਉਣਾ ਸੀ।
ਜਦੋਂ ਇਹ ਨਵੀਂ ਨੀਤੀ ਲਿਆਂਦੀ ਗਈ ਸੀ ਤਾਂ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਇਸ ਦਾ ਮਕਸਦ ਮਾਲੀਆ ਵਧਾਉਣਾ, ਸ਼ਰਾਬ ਦੀ ਕਾਲਾਬਾਜ਼ਾਰੀ ਨੂੰ ਰੋਕਣਾ, ਵਿਕਰੀ ਲਾਇਸੈਂਸ ਦੀ ਪ੍ਰਕਿਰਿਆ ਨੂੰ ਸਰਲ ਬਣਾਉਣਾ ਅਤੇ ਸ਼ਰਾਬ ਖਰੀਦਣ ਦੇ ਤਜ਼ਰਬੇ ਨੂੰ ਬਿਹਤਰ ਬਣਾਉਣਾ ਹੈ।
ਇਸ ਨਵੀਂ ਨੀਤੀ ਤਹਿਤ ਸ਼ਰਾਬ ਦੀ ਹੋਮ ਡਿਲੀਵਰੀ ਕਰਨ ਵਰਗੇ ਨਵੇਂ ਕਦਮ ਵੀ ਸ਼ਾਮਲ ਕੀਤੇ ਗਏ ਸਨ। ਇੰਨਾ ਹੀ ਨਹੀਂ ਸ਼ਰਾਬ ਵੇਚਣ ਵਾਲਿਆਂ ਨੂੰ ਵੀ ਸ਼ਰਾਬ ਦੀ ਕੀਮਤ 'ਚ ਛੋਟ ਦੇਣ ਦੀ ਇਜਾਜ਼ਤ ਦਿੱਤੀ ਗਈ ਸੀ।
ਜੁਲਾਈ 2022 ਵਿੱਚ, ਦਿੱਲੀ ਦੇ ਤਤਕਾਲੀ ਮੁੱਖ ਸਕੱਤਰ ਨਰੇਸ਼ ਕੁਮਾਰ ਨੇ ਉਪ ਰਾਜਪਾਲ ਨੂੰ ਭੇਜੀ ਇੱਕ ਰਿਪੋਰਟ ਵਿੱਚ ਸ਼ਰਾਬ ਨੀਤੀ ਵਿੱਚ ਕਈ ਬੇਨਿਯਮੀਆਂ ਦਾ ਦਾਅਵਾ ਕੀਤਾ ਸੀ ਅਤੇ ਇਲਜ਼ਾਮ ਲਗਾਇਆ ਸੀ ਕਿ ਮਨੀਸ਼ ਸਿਸੋਦੀਆ ਨੇ ਵਿਕਰੇਤਾਵਾਂ ਨੂੰ ਲਾਇਸੈਂਸ ਦੇਣ ਦੇ ਬਦਲੇ ਰਿਸ਼ਵਤ ਲਈ ਸੀ।
ਇਸ ਰਿਪੋਰਟ ਦੇ ਆਧਾਰ 'ਤੇ ਉਪ ਰਾਜਪਾਲ ਨੇ ਸੀਬੀਆਈ ਨੂੰ ਮਾਮਲੇ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਸੀ ਅਤੇ ਦਿੱਲੀ ਸਰਕਾਰ ਨੂੰ ਨਵੀਂ ਸ਼ਰਾਬ ਨੀਤੀ ਵਾਪਸ ਲੈਣੀ ਪਈ ਸੀ।
ਸੀਬੀਆਈ ਨੇ ਅਗਸਤ 2022 ਵਿੱਚ ਮਨੀਸ਼ ਸਿਸੋਦੀਆ ਸਮੇਤ 15 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਖਰੇ ਤੌਰ 'ਤੇ ਜਾਂਚ ਕਰ ਰਿਹਾ ਹੈ। ਈਡੀ ਨੇ ਇਸ ਜਾਂਚ ਦੌਰਾਨ ਕਈ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ












