ਅਕਾਲ ਤਖ਼ਤ ਨੂੰ ਫਿਲਮ 'ਹਿੰਦ ਦੀ ਚਾਦਰ' 'ਤੇ ਕੀ ਇਤਰਾਜ਼ ਹਨ, ਕਿਹੜੇ ਮਤੇ ਕਰਕੇ ਰੁਕ ਸਕਦੀ ਹੈ ਫ਼ਿਲਮ ਦੀ ਰਿਲੀਜ਼

    • ਲੇਖਕ, ਹਰਮਨਦੀਪ ਸਿੰਘ
    • ਰੋਲ, ਬੀਬੀਸੀ ਪੱਤਰਕਾਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ 'ਤੇ ਬਣੀ ਐਨੀਮੇਸ਼ਨ ਫਿਲਮ 'ਹਿੰਦ ਦੀ ਚਾਦਰ' ਵਿਵਾਦਾਂ ਵਿੱਚ ਘਿਰ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਫ਼ਿਲਮ ਦੇ ਨਿਰਦੇਸ਼ਕ ਅਤੇ ਨਿਰਮਾਤਾ ਨੂੰ ਫ਼ਿਲਮ ਰਿਲੀਜ਼ ਨਾ ਕਰਨ ਲਈ ਕਿਹਾ ਹੈ।

ਇਸ ਫਿਲਮ ਦੇ ਨਿਰਮਾਤਾ ਬਵੇਜਾ ਮੂਵੀ ਪ੍ਰਾਈਵੇਟ ਲਿਮਿਟਿਡ ਹਨ।

ਐੱਸਜੀਪੀਸੀ ਨੇ ਫ਼ਿਲਮ ਵਿੱਚ ਸਿਧਾਂਤਕ, ਇਤਿਹਾਸਕ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਤਰੁਟੀਆਂ ਤੇ ਖ਼ਾਮੀਆਂ ਹੋਣ ਦਾ ਹਵਾਲਾ ਦਿੱਤਾ ਹੈ।

ਇਸ ਤੋਂ ਪਹਿਲਾਂ ਅਕਾਲ ਤਖ਼ਤ ਨੇ ਵੀ ਫ਼ਿਲਮ ਦੀ ਰਿਲੀਜ਼ ਰੋਕਣ ਲਈ ਕਿਹਾ ਸੀ। ਇਸ ਸਬੰਧੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਇੱਕ ਪੱਤਰ ਲਿਖਿਆ ਗਿਆ ਸੀ।

ਸ੍ਰੀ ਗੁਰੂ ਤੇਗ ਬਹਾਦਰ ਦੇ ਜੀਵਨ 'ਤੇ ਅਧਾਰਿਤ ਇਸ ਫ਼ਿਲਮ ਰਿਲੀਜ਼ ਤਰੀਕ 21 ਨਵੰਬਰ ਰੱਖੀ ਗਈ ਸੀ। ਇਸ ਸਬੰਧੀ ਪੋਸਟਰ ਵੀ ਜਾਰੀ ਹੋ ਚੁੱਕੇ ਹਨ।

ਹਾਲਾਂਕਿ, ਇਸ ਸਬੰਧੀ ਬਵੇਜਾ ਮੂਵੀ ਪ੍ਰੀਵੇਟ ਲਿਮੀਟਡ ਨੂੰ ਈਮੇਲ ਰਾਹੀਂ ਸੰਪਰਕ ਕੀਤਾ ਗਿਆ ਹੈ ਪਰ ਉਨ੍ਹਾਂ ਦਾ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਮੁਤਾਬਕ ਸਿੱਖ ਗੁਰੂ ਸਾਹਿਬਾਨ, ਉਹਨਾਂ ਦੇ ਪਰਿਵਾਰਕ ਮੈਂਬਰਾਂ, ਸਿੱਖ ਸ਼ਹੀਦਾਂ, ਮਹਾਂਪੁਰਖਾਂ ਅਤੇ ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ ਫਿਲਮਾਂ ਬਣਾਉਣ ਦੀ ਮਨਾਹੀ ਹੈ।

ਐੱਸਜੀਪੀਸੀ ਨੇ ਕੀ ਕਿਹਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ ਕਿਹਾ ਹੈ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਫ਼ਿਲਮ ਨੂੰ ਰਿਲੀਜ਼ ਨਾ ਕੀਤਾ ਜਾਵੇ।

ਮੰਨਣ ਨੇ ਕਿਹਾ, "ਬਵੇਜਾ ਮੂਵੀ ਪ੍ਰਾਈਵੇਟ ਲਿਮਿਟਿਡ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ 'ਤੇ ਬਣਾਈ ਗਈ ਇਸ ਫਿਲਮ ਵਿਚ ਸਿੱਖ ਸਿਧਾਂਤ, ਇਤਿਹਾਸ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਕਮੀਆਂ ਹਨ।"

"ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ 'ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰ ਭੇਜ ਕੇ 21 ਨਵੰਬਰ 2025 ਨੂੰ ਇਸ ਫਿਲਮ ਨੂੰ ਰਿਲੀਜ਼ ਨਾ ਕਰਨ ਦਾ ਕਿਹਾ ਹੈ।"

"ਜਥੇਦਾਰ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਧੀਨ ਫ਼ਿਲਮ ਦੀ ਰਿਲੀਜ਼ ਰੋਕੀ ਜਾਵੇ।"

ਘੋਖ ਕਮੇਟੀ ਨੇ ਕਿਹੜੀ ਰਿਪੋਰਟ ਸੌਂਪੀ

ਐੱਸਜੀਪੀਸੀ ਮੁਤਾਬਕ ਫ਼ਿਲਮ ਨੂੰ ਦੇਖਣ ਤੋਂ ਬਾਅਦ ਹੀ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਸਿੱਖ ਵਿਦਵਾਨਾਂ ਦੀ ਸ਼ਮੂਲੀਅਤ ਵਾਲੀ ਕਮੇਟੀ ਨੇ ਫ਼ਿਲਮ ਸਬੰਧੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਸੀ।

ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਫਿਲਮ ਘੋਖ ਕਮੇਟੀ ਨੇ ਇਸ ਫਿਲਮ ਨੂੰ ਦੇਖਿਆ ਸੀ ਅਤੇ ਇਸ ਕਮੇਟੀ ਦੀ ਰਿਪੋਰਟ ਦੇ ਆਧਾਰ ਉੱਤੇ ਹੀ ਰੋਕ ਸਬੰਧੀ ਫ਼ੈਸਲਾ ਲਿਆ ਗਿਆ ਹੈ।

ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰੂ ਸਾਹਿਬਾਨ ਨੂੰ ਕਿਸੇ ਵੀ ਤਰ੍ਹਾਂ ਕਲਪਨਾ ਜਾਂ ਐਨੀਮੇਸ਼ਨ ਰਾਹੀਂ ਦਰਸਾਉਣ ਦੀ ਮਨਾਹੀ ਹੈ ਅਤੇ ਅਜਿਹਾ ਕਰਨਾ ਸਿੱਖ ਸਿਧਾਂਤਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮਿਆਂ ਦੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਕਿਰਦਾਰ ਨਿਭਾਉਣ 'ਤੇ ਰੋਕ ਹੈ, ਤਾਂ ਫਿਰ ਅਜਿਹੀਆਂ ਫਿਲਮਾਂ ਬਣਾਉਣ ਤੋਂ ਪਹਿਲਾਂ ਹੀ ਸੰਕੋਚ ਕਰਨਾ ਚਾਹੀਦਾ ਹੈ। ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਨਾਲ-ਨਾਲ ਵਿਵਾਦ ਵੀ ਪੈਦਾ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਜਦੋਂ ਸਿੱਖ ਪੰਥ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ ਤਾਂ ਉਸ ਵੇਲੇ ਸਿੱਖ ਸਿਧਾਂਤਾਂ ਤੋਂ ਪਾਸੇ ਜਾ ਕੇ ਗੁਰੂ ਸਾਹਿਬ ਨਾਲ ਸਬੰਧਤ ਐਨੀਮੇਸ਼ਨ ਫਿਲਮ ਨੂੰ ਜਾਰੀ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।

ਕਿਹੜੇ ਮਤੇ ਦੀ ਉਲੰਘਣਾ

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਮੁਤਾਬਕ ਫ਼ਿਲਮ "ਹਿੰਦ ਦੀ ਚਾਦਰ" ਫਿਲਮ ਧਰਮ ਪ੍ਰਚਾਰ ਕਮੇਟੀ ਦੇ ਸਾਲ 2022 ਵਿੱਚ 13 ਦਸੰਬਰ ਨੂੰ ਪਾਏ ਗਏ ਇੱਕ ਮਤਾ ਨੰਬਰ 651 ਦੀ ਉਲੰਘਣਾ ਹੈ।

ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜੇ ਪੱਤਰ ਵਿੱਚ ਲਿਖਿਆ ਹੈ ਕਿ ਧਰਮ ਪ੍ਰਚਾਰ ਕਮੇਟੀ ਦੇ ਇਸ ਮਤੇ ਮੁਤਾਬਕ ਗੁਰੂ ਸਾਹਿਬਾਨ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਬਾਰੇ ਹਰ ਤਰ੍ਹਾਂ ਦੀਆਂ ਫਿਲਮਾਂ ਬਣਾਉਣ ਉੱਤੇ ਮੁਕੰਮਲ ਰੋਕ ਲਗਾਈ ਗਈ ਹੈ।

ਉਨ੍ਹਾਂ ਅੱਗੇ ਕਿਹਾ, "ਫਿਲਮਾਂ/ਐਨੀਮੇਸ਼ਨ ਫ਼ਿਲਮਾਂ ਸੰਬੰਧੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਿਤੀ 2 ਮਈ 2025 ਨੂੰ ਹੋਈ ਇਕੱਤਰਤਾ ਵਿੱਚ ਪੰਥਕ ਸ਼ਖਸੀਅਤਾਂ, ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਦੀਆਂ ਗੰਭੀਰ ਵਿਚਾਰ-ਚਰਚਾਵਾਂ ਤੋਂ ਬਾਅਦ ਹੀ ਸਪਸ਼ਟ ਕੀਤਾ ਗਿਆ ਸੀ ਕਿ ਸਿੱਖ ਗੁਰੂ ਸਾਹਿਬਾਨ, ਉਹਨਾਂ ਦੇ ਪਰਿਵਾਰਕ ਮੈਂਬਰਾਂ, ਸਿੱਖ ਸ਼ਹੀਦਾਂ, ਮਹਾਂਪੁਰਖਾਂ ਅਤੇ ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ ਫਿਲਮਾਂ ਨਹੀਂ ਬਣਾਈਆਂ ਜਾ ਸਕਦੀਆਂ।"

ਸਕੱਤਰੇਤ ਨੇ ਪੱਤਰ ਵਿੱਚ ਕੀ ਕਿਹਾ

ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ, "ਬਵੇਜਾ ਮੂਵੀਜ ਪ੍ਰਾਈਵੇਟ ਲਿਮਿਟਡ, ਮੁੰਬਈ ਵੱਲੋਂ ਬਣਾਈ ਗਈ 'ਹਿੰਦ ਦੀ ਚਾਦਰ' ਐਨੀਮੇਸ਼ਨ ਫਿਲਮ ਦੀ ਸਿੱਖ ਵਿਦਵਾਨਾਂ ਅਤੇ ਸਬ ਕਮੇਟੀ ਦੇ ਕੋਆਰਡੀਨੇਟਰ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਅਨੁਸਾਰ ਇਸ ਫਿਲਮ ਵਿੱਚ ਸਿਧਾਂਤਕ, ਇਤਿਹਾਸਕ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਤਰੁਟੀਆਂ ਤੇ ਖ਼ਾਮੀਆਂ ਹਨ। ਜਿਨ੍ਹਾਂ ਨੂੰ ਸਿੱਖ ਭਾਈਚਾਰਾ ਕਦੇ ਵੀ ਸਵਿਕਾਰ ਨਹੀਂ ਕਰ ਸਕਦਾ।"

"ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਬਵੇਜਾ ਮੂਵੀਜ ਪ੍ਰਾਈਵੇਟ ਲਿਮਿਟਡ ਮੁੰਬਈ ਵੱਲੋਂ ਬਣਾਈ ਗਈ ਇਹ ਫਿਲਮ ਹਿੰਦੀ ਚਾਦਰ ਉੱਤੇ ਮੁਕੰਮਲ ਰੋਕ ਲਾਈ ਜਾਂਦੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹਨਾਂ ਵੱਲੋਂ ਮਿਤੀ 21 ਨਵੰਬਰ 2025 ਨੂੰ ਇਹ ਫਿਲਮ ਸਿਨੇਮਾ ਘਰਾਂ ਵਿੱਚ ਜਾਰੀ ਕਰਨ ਦੇ ਪੋਸਟਰ ਅਧਿਕਾਰਿਕ ਰੂਪ ਵਿੱਚ ਜਾਰੀ ਕੀਤੇ ਗਏ ਹਨ, ਜੋ ਠੀਕ ਨਹੀਂ ਹੈ।"

"ਇਸ ਮਾਮਲੇ ਵਿੱਚ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨਾਲ ਲਿਖ੍ਹਾਪੜ੍ਹੀ ਕਰਕੇ ਇਹ ਫਿਲਮ 21 ਨਵੰਬਰ 2025 ਨੂੰ ਜਾਰੀ ਨਾ ਹੋਵੇ, ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਨੂੰ ਸਿੱਖ ਭਾਵਨਾਵਾਂ ਦੇ ਵਿਰੁੱਧ ਮੰਨਿਆ ਜਾਵੇ ਅਤੇ ਇਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।"

ਵਿਸ਼ੇਸ਼ ਇਕੱਤਰਤਾ ਵਿੱਚ ਕੀ ਫ਼ੈਸਲਾ ਹੋਇਆ ਸੀ

ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵੀਡੀਓ ਸਬੰਧੀ ਵਿਚਾਰਾਂ ਕਰਨ ਲਈ ਇਸ ਸਾਲ 2 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਸ਼ਖ਼ਸੀਅਤਾਂ, ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਤੇ ਕੁਝ ਸਾਬਤ ਸੂਰਤ ਸਿੱਖ ਅਦਾਕਾਰਾਂ ਤੇ ਕਲਾਕਾਰਾਂ ਦੀ ਵਿਸ਼ੇਸ਼ ਇਕੱਤਰਤਾ ਹੋਈ ਸੀ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ਉੱਤੇ ਧਾਰਮਿਕ ਤੇ ਪੰਥਕ ਵਿਦਵਾਨਾਂ ਦੀ ਰਾਇ ਮੁਤਾਬਕ ਸੰਨ 1934, 1940, 2003, 2015 ਅਤੇ 2022 ਵਿੱਚ ਫ਼ਿਲਮਾਂ ਬਾਰੇ ਲਏ ਗਏ ਫ਼ੈਸਲਿਆਂ ਬਾਰੇ ਪ੍ਰੋੜ੍ਹਤਾ ਨਾਲ ਵਿਚਾਰ-ਚਰਚਾ ਕੀਤੀ ਗਈ ਸੀ।

ਹੋਰ ਕਿਹੜੀਆਂ ਫ਼ਿਲਮਾਂ ਵਿਵਾਦਾਂ ਵਿੱਚ ਰਹੀਆਂ

'ਹਿੰਦ ਦੀ ਚਾਦਰ' ਅਜਿਹੀ ਪਹਿਲੀ ਫਿਲਮ ਨਹੀਂ ਹੈ, ਜਿਸ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਸਿੱਖ ਧਰਮ ਨਾਲ ਸਬੰਧਿਤ ਸ਼ਖ਼ਸੀਅਤਾਂ ਅਤੇ ਇਤਿਹਾਸ ਸਬੰਧੀ ਫ਼ਿਲਮਾਂ ਬਣਾਈਆਂ ਗਈਆਂ ਸਨ, ਪਰ ਉਨ੍ਹਾਂ ਉੱਤੇ ਵੀ ਸਿਧਾਂਤਕ, ਇਤਿਹਾਸਕ ਅਤੇ ਫ਼ਿਲਮਾਂਕਣ ਦੇ ਪੱਖ ਤੋਂ ਇਤਰਾਜ਼ ਜ਼ਾਹਿਰ ਕੀਤੇ ਗਏ ਸਨ।

ਸਾਲ 2022 ਪੰਜਾਬੀ ਫ਼ਿਲਮ 'ਦਾਸਤਾਨ ਏ-ਸਰਹਿੰਦ' ਨੂੰ ਲੈ ਕੇ ਵਿਵਾਦ ਖੜਾ ਹੋਇਆ ਸੀ। ਫ਼ਿਲਮ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੇ ਜੀਵਨ 'ਤੇ ਅਧਾਰਿਤ ਸੀ।

ਸਾਲ 2015 ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਉੱਤੇ ਬਣੀ ਫਿਲਮ ‘ਨਾਨਕ ਸ਼ਾਹ ਫ਼ਕੀਰ’ ਉੱਤੇ ਵੀ ਇਤਰਾਜ਼ ਪ੍ਰਗਟ ਕੀਤਾ ਗਿਆ ਸੀ ਜਿਸ ਮਗਰੋਂ ਉਹ ਫਿਲਮ ਰਿਲੀਜ਼ ਨਹੀਂ ਹੋ ਸਕੀ ਸੀ।

ਅਦਾਕਾਰਾ ਅਤੇ ਮੰਡੀ ਤੋਂ ਲੋਕ ਸਭਾ ਮੈਂਬਰ ਕੰਗਨਾ ਰਣੌਤ ਦੀ ਫ਼ਿਲਮ "ਐਮਰਜੈਂਸੀ" ਉੱਤੇ ਵੀ ਐੱਸਜੀਪੀਸੀ ਨੇ ਇਤਰਾਜ਼ ਜ਼ਾਹਰ ਕੀਤਾ ਸੀ।

ਫ਼ਿਲਮ ਦਾ ਵਿਰੋਧ ਕਰਨ ਵਾਲਿਆਂ ਵਿੱਚ ਫ਼ਰੀਦਕੋਟ ਤੋਂ ਆਜ਼ਾਦ ਚੋਣ ਲੜ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖ਼ਾਲਸਾ ਅਤੇ ਕੁਝ ਸਿੱਖ ਆਗੂ ਸ਼ਾਮਲ ਸਨ।

ਖ਼ਾਲਸਾ ਦਾ ਇਤਰਾਜ਼ ਸੀ ਕਿ ਫ਼ਿਲਮ ਵਿੱਚ ਸਿੱਖਾਂ ਦੇ ਅਕਸ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਕੇ ਬਦਨਾਮ ਕਰਨ ਦੀ ਸਾਜ਼ਿਸ਼ ਕੀਤੀ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਫ਼ਿਲਮ ਸਬੰਧੀ ਸਵਾਲ ਚੁੱਕੇ ਸਨ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)