ਆਤਿਸ਼ੀ ਦੀ ਕਥਿਤ ਟਿੱਪਣੀ ਉੱਤੇ ਗਰਮਾਈ ਸਿਆਸਤ, ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਪੁਲਿਸ ਨੂੰ ਕਿਉਂ ਭੇਜਿਆ ਨੋਟਿਸ

ਵਿਜੇਂਦਰ ਗੁਪਤਾ ਅਤੇ ਆਤਿਸ਼ੀ ਦੀ ਤਸਵੀਰ

ਤਸਵੀਰ ਸਰੋਤ, ANI/Getty

ਤਸਵੀਰ ਕੈਪਸ਼ਨ, ਵਿਜੇਂਦਰ ਗੁਪਤਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਹਨ

ਦਿੱਲੀ ਭਾਜਪਾ ਨੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਆਗੂ ਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਉੱਤੇ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਇੱਕ ਕਥਿਤ ਵਿਵਾਦਤ ਟਿੱਪਣੀ ਕਰਨ ਦਾ ਇਲਜ਼ਾਮ ਲਗਾਇਆ ਸੀ, ਜਿਸ ਉੱਤੇ ਹੁਣ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਸਿਆਸਤ ਭਖ ਗਈ ਹੈ।

ਹੁਣ ਦਿੱਲੀ ਦੇ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਇਸ ਮਾਮਲੇ ਵਿੱਚ ਦਿੱਲੀ ਵਿਧਾਨ ਸਭਾ ਦੇ ਮੈਂਬਰ ਅਤੇ ਦਿੱਲੀ ਕੈਬਨਿਟ ਮੰਤਰੀ ਦੇ ਇੱਕ ਮੰਤਰੀ ਖ਼ਿਲਾਫ਼ ਐੱਆਈਆਰ ਦਰਜ ਹੋਣ ਬਾਰੇ ਦੱਸਿਆ ਹੈ ਅਤੇ ਨਾਲ ਹੀ ਬ੍ਰੀਚ ਆਫ ਪ੍ਰੀਵਿਲੇਜ ਦੇ ਸਵਾਲ ਖੜੇ ਕਰਕੇ ਪੰਜਾਬ ਪੁਲਿਸ ਦੇ ਤਿੰਨ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਦਰਅਸਲ, 6 ਜਨਵਰੀ ਨੂੰ ਦਿੱਲੀ ਭਾਜਪਾ ਨੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਆਗੂ ਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਉੱਤੇ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਇੱਕ ਕਥਿਤ ਵਿਵਾਦਤ ਟਿੱਪਣੀ ਕਰਨ ਦਾ ਇਲਜ਼ਾਮ ਲਗਾਇਆ ਸੀ। ਜਿਸਦੇ ਬਾਅਦ ਇਹ ਮਸਲਾ ਗਰਮਾਇਆ ਹੋਇਆ ਹੈ।

ਹਾਲਾਂਕਿ, ਆਤਿਸ਼ੀ ਨੇ ਆਪਣੇ ਉੱਤੇ ਲੱਗੇ ਇਲਜ਼ਾਮਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ ਹੈ ਅਤੇ ਭਾਜਪਾ ਉੱਤੇ ਨਫ਼ਰਤ ਦੀ ਸਿਆਸਤ ਕਰਨ ਦਾ ਇਲਜ਼ਾਮ ਲਾਇਆ ਹੈ।

ਆਤਿਸ਼ੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਹਨ ਅਤੇ ਹੁਣ ਉਹ ਦਿੱਲੀ ਦੇ ਕਾਲਕਾ ਜੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਨ।

ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਕੀ ਕਿਹਾ

ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਕਿਹਾ, "ਸਦਨ ਦੀ ਜਾਇਦਾਦ ਦੇ ਗ਼ਲਤ ਇਸਤੇਮਾਲ ਅਤੇ ਉਸ ਦੇ ਆਧਾਰ 'ਤੇ ਕਿਸੇ ਮੈਂਬਰ ਅਤੇ ਇੱਕ ਮੰਤਰੀ ਖ਼ਿਲਾਫ਼ ਐੱਫਆਈਆਰ ਦਰਜ ਕਰਨਾ ਗੰਭੀਰ ਮਾਮਲਾ ਹੈ। ਇਸ ਮਾਮਲੇ ਵਿੱਚ ਅਸੀਂ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੇ ਡੀਜੀਪੀ, ਸਪੈਸ਼ਲ ਡੀਜੀਪੀ ਸਾਈਬਰ ਕ੍ਰਾਈਮ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਤੋਂ 48 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।"

ਉਨ੍ਹਾਂ ਨੇ ਇੱਕ ਪ੍ਰੈੱਸ ਕਾਨਫਰੈਂਸ ਦੌਰਾਨ ਅੱਗੇ ਕਿਹਾ, "ਜਿਸ ਵੀਡੀਓ ਦੇ ਆਧਾਰ 'ਤੇ ਐੱਫਆਈਆਰ ਦਰਜ ਕੀਤੀ ਗਈ ਹੈ, ਉਹ ਕਿਸੇ ਨਿੱਜੀ ਮਾਧਿਅਮ ਤੋਂ ਕੀਤੀ ਗਈ ਰਿਕਾਰਡਿੰਗ ਨਹੀਂ ਹੈ। ਇਹ ਸਦਨ ਦੇ ਅੰਦਰੋਂ ਕੀਤੀ ਗਈ ਸਰਕਾਰੀ ਰਿਕਾਰਡਿੰਗ ਹੈ। ਇਹ ਪੂਰੀ ਤਰ੍ਹਾਂ ਸਦਨ ਦੀ ਜਾਇਦਾਦ ਹੈ।"

ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਇਹ ਵੀ ਕਿਹਾ ਕਿ ਵਿਰੋਧੀ ਧਿਰ ਦੀ ਮੰਗ ਉੱਤੇ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਉਣ ਦੇ ਮਕਸਦ ਨਾਲ, ਅਸੀਂ ਪਹਿਲਾਂ ਹੀ ਫੌਰੈਂਸਿਕ ਸਾਇੰਸ ਲੈਬ ਵਿੱਚ ਜਾਂਚ ਲਈ ਭੇਜਿਆ ਸੀ।

ਉਨ੍ਹਾਂ ਕਿਹਾ,"ਸਦਨ ਵਿੱਚ ਮੰਗ ਕੀਤੀ ਗਈ ਸੀ ਕਿ ਜਾਂਚ ਹੋਵੇ ਅਸੀਂ ਸਦਨ ਦੇ ਮੈਂਬਰਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਅਸੀਂ ਇਸ ਨੂੰ ਜਾਂਚ ਲਈ ਭੇਜ ਦਿੱਤਾ, ਜਦੋਂ ਅਸੀਂ ਜਾਂਚ ਲਈ ਭੇਜ ਦਿੱਤਾ ਫਿਰ ਪੰਜਾਬ ਦੇ ਜਲੰਧਰ ਵਿੱਚ ਅਜਿਹਾ ਕਰਨ ਦੀ ਕੀ ਲੋੜ ਸੀ।"

ਮਨਜਿੰਦਰ ਸਿੰਘ ਸਿਰਸਾ ਅਤੇ ਆਤਿਸ਼ੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮਨਜਿੰਦਰ ਸਿੰਘ ਸਿਰਸਾ ਨੇ ਆਤਿਸ਼ੀ ਉੱਤੇ ਗੁਰੂ ਤੇਗ ਬਹਾਦਰ ਬਾਰੇ ਵਿਵਾਦਿਤ ਟਿੱਪਣੀ ਦੇ ਇਲਜ਼ਾਮ ਲਗਾਏ ਸਨ

9 ਜਨਵਰੀ ਨੂੰ ਪੰਜਾਬ ਪੁਲਿਸ ਨੇ ਇਸ ਸਬੰਧੀ ਆਪਣੇ ਐਕਸ ਹੈਂਡਲ 'ਤੇ ਇੱਕ ਨੋਟ ਜਾਰੀ ਕੀਤਾ ਹੈ। ਜਿਸ ਵਿੱਚ ਦੱਸਿਆ ਗਿਆ ਕਿ ਇਕਬਾਲ ਸਿੰਘ ਨਾਮ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਉੱਤੇ ਐੱਫਆਈਆਰ ਦਰਜ ਕੀਤੀ ਗਈ ਹੈ। ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਕਿ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੈਟਫਾਰਮ ਤੋਂ ਲਈ ਵੀਡੀਓ ਦੀ ਆਡੀਓ ਦੀ ਮੁਹਾਲੀ ਦੀ ਇੱਕ ਫੋਰੈਂਸਿਕ ਲੈਬ ਵਿੱਚ ਜਾਂਚ ਕੀਤੀ ਗਈ ਸੀ, ਜਿਸ ਤੋਂ ਸਪੱਸ਼ਟ ਤੌਰ 'ਤੇ ਪਤਾ ਚੱਲਦਾ ਹੈ ਕਿ ਆਤਿਸ਼ੀ ਨੇ ਕਿਤੇ ਵੀ "ਗੁਰੂ" ਸ਼ਬਦ ਦੀ ਵਰਤੋਂ ਨਹੀਂ ਕੀਤੀ। ਇਸ ਸਬੰਧੀ ਦਿੱਲੀ ਵਿਧਾਨ ਸਭਾ ਵਿੱਚ ਜਲੰਧਰ ਪੁਲਿਸ ਕਮਿਸ਼ਨਰ ਵਿਰੁੱਧ ਵੀ ਸ਼ਿਕਾਇਤ ਦਰਜ ਕੀਤੀ ਗਈ ਸੀ।

ਬੀਬੀਸੀ ਪੰਜਾਬੀ ਨੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦਾ ਪੱਖ ਜਾਨਣ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਜਲੰਧਰ ਪੁਲਿਸ ਕਮਿਸ਼ਨਰੇਟ ਧਨਪ੍ਰੀਤ ਕੌਰ ਨਾਲ ਫੋਨ ਅਤੇ ਈਮੇਲ ਜ਼ਰੀਏ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਹੈ।

ਜਿਵੇਂ ਹੀ ਪੰਜਾਬ ਪੁਲਿਸ ਦਿੱਲੀ ਵਿਧਾਨ ਸਭਾ ਸਪੀਕਰ ਵੱਲੋਂ ਚੁੱਕੇ ਸਵਾਲਾਂ ਅਤੇ ਇਸ ਮਾਮਲੇ ਨਾਲ ਸਬੰਧਿਤ ਹੋਰ ਸਵਾਲਾਂ ਬਾਰੇ ਆਪਣੀ ਪ੍ਰਤੀਕਿਰਿਆ ਸਾਂਝੀ ਕਰੇਗੀ, ਉਸ ਨੂੰ ਇਸ ਖ਼ਬਰ ਵਿੱਚ ਸ਼ਾਮਿਲ ਕਰ ਦਿੱਤਾ ਜਾਵੇਗਾ।

ਕੁਲਦੀਪ ਧਾਲੀਵਾਲ
ਤਸਵੀਰ ਕੈਪਸ਼ਨ, ਕੁਲਦੀਪ ਧਾਲੀਵਾਲ ਨੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ

ਆਮ ਆਦਮੀ ਪਾਰਟੀ ਨੇ ਕੀ ਕਿਹਾ

ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਅਤੇ ਐੱਫਆਈਆਰ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਕਿਹਾ, "ਭਾਜਪਾ ਨੇ ਸਾਡੇ ਆਮ ਆਦਮੀ ਪਾਰਟੀ ਦੇ ਨੇਤਾ ਆਤਿਸ਼ੀ ਦਾ ਇੱਕ ਵੀਡੀਓ ਜਾਰੀ ਕੀਤਾ ਹੈ ਅਤੇ ਭਾਜਪਾ ਮੰਤਰੀ ਕਪਿਲ ਮਿਸ਼ਰਾ ਨੇ ਇਹ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤਾ ਹੈ। ਇੱਕ ਵਿਅਕਤੀ ਇਕਬਾਲ ਸਿੰਘ ਜਲੰਧਰ ਅਤੇ ਪੰਜਾਬ ਪੁਲਿਸ ਦੀ ਬੇਨਤੀ 'ਤੇ ਇਹ ਜਾਂਚ ਕੀਤੀ ਗਈ ਕਿ ਵੀਡੀਓ ਅਸਲੀ ਹੈ ਜਾਂ ਨਹੀਂ।"

"ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਵੀਡੀਓ ਫੇਕ ਹੈ। ਇਸ ਮਾਮਲੇ ਵਿੱਚ ਕਪਿਲ ਮਿਸ਼ਰਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।"

ਇਹ ਵੀ ਪੜ੍ਹੋ-

ਕਿਉਂ ਹੋਇਆ ਵਿਵਾਦ?

ਇਹ ਵਿਵਾਦ ਦਿੱਲੀ ਵਿਧਾਨ ਸਭਾ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਹੋਇਆ ਹੈ। ਦਿੱਲੀ ਅਸੈਂਬਲੀ ਦੇ ਫੇਸਬੁੱਕ ਪੇਜ ਉੱਤੇ ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਲਾਈਵ ਪ੍ਰਸਾਰਣ ਦੀ ਵੀਡੀਓ ਅਨੁਸਾਰ 6 ਜਨਵਰੀ 2025 ਨੂੰ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਰਾਜਪਾਲ ਦੇ ਭਾਸ਼ਣ ਉੱਤੇ ਧੰਨਵਾਦ ਭਾਸ਼ਣ ਦੇਣ ਦਾ ਐਲਾਨ ਕੀਤਾ।

ਇਸ ਦੌਰਾਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਵੱਲੋਂ ਸਦਨ ਵਿੱਚ ਪ੍ਰਦੂਸ਼ਣ ਦੇ ਮੁੱਦੇ ਉੱਤੇ ਚਰਚਾ ਕਰਨ ਦੀ ਮੰਗ ਕੀਤੀ ਗਈ। ਜਿਸ ਤੋਂ ਬਾਅਦ ਕੁਝ ਮਿੰਟਾਂ ਲਈ ਸਦਨ ਵਿੱਚ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਸਪੀਕਰ ਵਿਜੇਂਦਰ ਗੁਪਤਾ ਦੋਵੇਂ ਧਿਰਾਂ ਨੂੰ ਇਹ ਕਹਿੰਦੇ ਸੁਣਾਈ ਦਿੱਤੇ ਕਿ ਪ੍ਰਦੂਸ਼ਣ ਦੇ ਉੱਤੇ ਚਰਚਾ ਕੱਲ੍ਹ ਹੋਵੇਗੀ।

ਕੁਝ ਮਿੰਟ ਬਾਅਦ ਹੀ ਭਾਜਪਾ ਆਗੂ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਇਹ ਕਹਿੰਦੇ ਸੁਣਾਈ ਦਿੱਤੇ ਕਿ ਆਤਿਸ਼ੀ ਜੀ ਗੁਰੂਆਂ ਬਾਰੇ ਜੋ ਬੋਲ ਰਹੇ ਹਨ ਉਹ ਸਹੀ ਨਹੀਂ ਹੈ।

ਹਾਲਾਂਕਿ ਇਸ ਦੌਰਾਨ ਸਦਨ ਦੀ ਕਾਰਵਾਈ ਦੀ ਆਵਾਜ਼ ਮਾਈਕ ਰਾਹੀਂ ਨਹੀਂ ਆ ਰਹੀ ਸੀ। ਲਾਈਵ ਪ੍ਰਸਾਰਣ ਵਿੱਚ ਮਨਜਿੰਦਰ ਸਿਰਸਾ ਅਤੇ ਆਤਿਸ਼ੀ ਆਪਣੀ ਸੀਟ ਤੋਂ ਖੜ੍ਹੇ ਹੋ ਕੇ ਬੋਲਦੇ ਦਿਖਾਈ ਦੇ ਰਹੇ ਹਨ।

ਇਸ ਤੋਂ ਬਾਅਦ ਸਦਨ ਵਿੱਚ ਹੰਗਾਮਾ ਸ਼ੁਰੂ ਹੋ ਗਿਆ ਤੇ ਸਦਨ ਦੀ ਕਾਰਵਾਈ ਨੂੰ ਮੁਅੱਤਲ ਕਰ ਦਿੱਤਾ ਗਿਆ।

ਮਨਜਿੰਦਰ ਸਿੰਘ ਸਿਰਸਾ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮਨਜਿੰਦਰ ਸਿਰਸਾ ਅਤੇ ਹੋਰ ਦਿੱਲੀ ਭਾਜਪਾ ਆਗੂਆਂ ਨੇ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਇੱਕ ਪੱਤਰ ਲਿਖ ਕੇ ਆਤਿਸ਼ੀ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਸੀ

ਇਸ ਤੋਂ ਬਾਅਦ ਭਾਜਪਾ ਆਗੂਆਂ ਨੇ ਇਲਜ਼ਾਮ ਲਾਇਆ ਕਿ ਆਤਿਸ਼ੀ ਨੇ ਆਪਣੇ ਭਾਸ਼ਣ ਦੌਰਾਨ ਗੁਰੂ ਤੇਗ ਬਹਾਦਰ ਜੀ ਦਾ ਜ਼ਿਕਰ ਕਰਦਿਆਂ ਅਜਿਹੇ ਸ਼ਬਦ ਵਰਤੇ ਜੋ ਬਹੁਤ ਅਪਮਾਨਜਨਕ ਸਨ ਅਤੇ ਉਨ੍ਹਾਂ ਨੂੰ ਦੁਹਰਾਇਆ ਨਹੀਂ ਜਾ ਸਕਦਾ, ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਆਪਣੇ ਐਕਸ ਅਕਾਊਂਟ ਉੱਤੇ ਵਿਧਾਨ ਸਭਾ ਕਾਰਵਾਈ ਦੀ ਇੱਕ ਵੀਡੀਓ ਪਾ ਕੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਉੱਤੇ ਸਿੱਖਾਂ ਗੁਰੂਆਂ ਦਾ ਅਪਮਾਨ ਕਰਨ ਦੇ ਇਲਜ਼ਾਮ ਲਾਏ।

ਸਿਰਸਾ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, "ਆਤਿਸ਼ੀ ਨੇ ਗੁਰੂ ਤੇਗ ਬਹਾਦਰ ਬਾਰੇ ਬਹੁਤ ਅਪਮਾਨਜਨਕ ਭਾਸ਼ਾ ਵਰਤੀ ਹੈ, ਜੋ ਅੱਜ ਤੱਕ ਕਦੇ ਨਹੀਂ ਵਰਤੀ ਗਈ। ਸਪੀਕਰ ਵਿਧਾਨ ਸਭਾ ਨੂੰ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਕੇ ਆਤਿਸ਼ੀ ਖ਼ਿਲਾਫ਼ ਕੇਸ ਦਰਜ ਕਰਨਾ ਚਾਹੀਦਾ ਹੈ, ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨੀ ਚਾਹੀਦੀ ਹੈ ਅਤੇ ਜੇਲ੍ਹ ਭੇਜਣਾ ਚਾਹੀਦਾ ਹੈ।"

ਮਨਜਿੰਦਰ ਸਿਰਸਾ ਅਤੇ ਹੋਰ ਦਿੱਲੀ ਭਾਜਪਾ ਆਗੂਆਂ ਨੇ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਇੱਕ ਪੱਤਰ ਲਿਖ ਕੇ ਆਤਿਸ਼ੀ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ।

ਵਿਜੇਂਦਰ ਗੁਪਤਾ

ਤਸਵੀਰ ਸਰੋਤ, BBC/ANI

ਪੱਤਰ ਵਿੱਚ ਲਿਖਿਆ ਸੀ, "ਡਾ. ਅਤਿਸ਼ੀ ਨੇ ਗੁਰੂ ਤੇਗ ਬਹਾਦਰ ਜੀ ਦੇ ਬਾਰੇ ਜੋ ਕਿਹਾ ਉਹ ਸ਼ਰਮਨਾਕ ਹੈ, ਜਿਸ ਨੂੰ ਅਸੀਂ ਲਿਖ ਵੀ ਨਹੀਂ ਸਕਦੇ। ਇਸ ਮਾਮਲੇ ਵਿੱਚ ਡਾ. ਆਤਿਸ਼ੀ ਦੇ ਵਿਰੁੱਧ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਹੋਣੀ ਚਾਹੀਦੀ ਹੈ।"

ਹਾਲਾਂਕਿ ਆਤਿਸ਼ੀ ਨੇ ਇਨ੍ਹਾਂ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ।

ਆਤਿਸ਼ੀ ਨੇ ਦਾਅਵਾ ਕੀਤਾ ਕਿ ਉਹ ਪ੍ਰਦੂਸ਼ਣ 'ਤੇ ਚਰਚਾ ਤੋਂ ਭੱਜਣ ਅਤੇ ਆਵਾਰਾ ਕੁੱਤਿਆਂ ਦੇ ਮੁੱਦੇ 'ਤੇ ਵਿਧਾਨ ਸਭਾ 'ਚ ਭਾਜਪਾ ਦੇ ਵਿਰੋਧ ਪ੍ਰਦਰਸ਼ਨ ਬਾਰੇ ਗੱਲ ਕਰ ਰਹੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ਜਾਣਬੁਝ ਕੇ ਇੱਕ ਗ਼ਲਤ ਟਾਈਟਲ ਜੋੜਿਆ ਅਤੇ ਇਸ ਵਿੱਚ ਗੁਰੂ ਤੇਗ ਬਹਾਦਰ ਜੀ ਦਾ ਨਾਮ ਪਾ ਦਿੱਤਾ।

ਆਤਿਸ਼ੀ ਨੇ ਐਕਸ ਉੱਤੇ ਸਦਨ ਕਾਰਵਾਈ ਦੌਰਾਨ ਦੀ ਆਪਣੀ ਵੀਡੀਓ ਪਾ ਕੇ ਲਿਖਿਆ, "ਵੀਡੀਓ ਵਿੱਚ, ਮੈਂ ਭਾਜਪਾ ਵੱਲੋਂ ਪ੍ਰਦੂਸ਼ਣ 'ਤੇ ਚਰਚਾ ਕਰਨ ਤੋਂ ਬਚਣ ਅਤੇ ਅਵਾਰਾ ਕੁੱਤਿਆਂ ਦੇ ਮੁੱਦੇ 'ਤੇ ਹੋਏ ਪ੍ਰਦਰਸ਼ਨ ਦੀ ਗੱਲ ਕੀਤੀ ਸੀ 'ਤਾਂ, ਤੁਸੀਂ ਕਰੋ ਨਾ ਚਰਚਾ ਕਿਉਂ ਸਵੇਰ ਤੋਂ ਭੱਜ ਰਹੇ ਹੋ, ਤੁਸੀਂ ਕਹਿ ਰਹੇ ਹੋ, 'ਕੁੱਤਿਆਂ ਦਾ ਸਤਿਕਾਰ ਕਰੋ! ਕੁੱਤਿਆਂ ਦਾ ਸਤਿਕਾਰ ਕਰੋ! ਸਪੀਕਰ, ਕਿਰਪਾ ਕਰਕੇ ਇਸ 'ਤੇ ਚਰਚਾ ਕਰੋ।' ਪਰ ਭਾਜਪਾ ਨੇ ਝੂਠੇ ਸਿਰਲੇਖ ਲਗਾ ਕੇ ਗੁਰੂ ਤੇਗ ਬਹਾਦਰ ਜੀ ਦਾ ਨਾਮ ਪਾ ਦਿੱਤਾ।"

ਆਤਿਸ਼ੀ ਨੇ ਇਹ ਵੀ ਲਿਖਿਆ, "ਭਾਜਪਾ ਸਿੱਖਾਂ ਨਾਲ ਇੰਨੀ ਨਫ਼ਰਤ ਕਿਉਂ ਕਰਦੀ ਹੈ ਕਿ ਉਹ ਗੁਰੂ ਤੇਗ ਬਹਾਦਰ ਜੀ ਦਾ ਨਾਮ ਝੂਠੇ ਢੰਗ ਨਾਲ ਖਿੱਚ ਰਹੀ ਹੈ?"

"ਮੈਂ ਇੱਕ ਅਜਿਹੇ ਪਰਿਵਾਰ ਤੋਂ ਹਾਂ ਜਿੱਥੇ ਪੀੜ੍ਹੀਆਂ ਤੋਂ ਵੱਡੇ ਪੁੱਤਰ ਨੇ ਸਿੱਖ ਧਰਮ ਅਪਣਾਇਆ ਹੈ। ਮੈਂ ਆਪਣੀ ਜਾਨ ਦੇ ਸਕਦੀ ਹਾਂ ਪਰ ਮੈਂ ਗੁਰੂ ਸਾਹਿਬ ਦਾ ਅਪਮਾਨ ਨਹੀਂ ਕਰ ਸਕਦੀ।"

ਅੰਮ੍ਰਿਤਸਰ

ਤਸਵੀਰ ਸਰੋਤ, Shiromani AkaliDal

ਤਸਵੀਰ ਕੈਪਸ਼ਨ, ਅੰਮ੍ਰਿਤਸਰ ਵਿੱਚ ਮੰਗ ਪੱਤਰ ਸੌਂਪਦੇ ਹੋਏ ਅਕਾਲੀ ਦਲ ਦੇ ਆਗੂ

9 ਜਨਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਤਿਸ਼ੀ ਦੇ ਖ਼ਿਲਾਫ ਰੋਸ ਪ੍ਰਦਰਸ਼ਨ ਕੀਤੇ ਅਤੇ ਪੁਤਲੇ ਵੀ ਸਾੜ੍ਹੇ। ਅਕਾਲੀ ਦਲ ਦੇ ਵਫਦਾਂ ਨੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਸੌਂਪੇ ਜਿਸ ਵਿਚ ਉਨ੍ਹਾਂ ਨੇ ਅਪੀਲ ਕੀਤੀ ਕਿ ਪੰਜਾਬ ਦੇ ਰਾਜਪਾਲ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਤੁਰੰਤ ਆਤਿਸ਼ੀ ਦੇ ਖਿਲਾਫ ਕਾਰਵਾਈ ਕਰਨ।

ਉਧਰ ਆਮ ਆਦਮੀ ਪਾਰਟੀ ਵੱਲੋਂ ਇਲਜ਼ਾਮ ਲਾਇਆ ਗਿਆ ਕਿ ਸਵਾਲਾਂ ਵਿੱਚ ਆਇਆ ਵੀਡੀਓ ਪੰਜਾਬ ਦੇ ਕੁਝ ਸਿਆਸੀ ਲੀਡਰਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਪੋਸਟ ਕੀਤਾ ਗਿਆ ਜੋ ਮੰਦਭਾਗਾ ਹੈ। ਇਸ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਈ ਥਾਵਾਂ ਉੱਤੇ ਪ੍ਰਦਰਸ਼ਨ ਕੀਤਾ।

ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ,"ਮੈਨੂੰ ਦੁੱਖ ਹੈ ਕਿ ਸੁਖਪਾਲ ਸਿੰਘ ਖਹਿਰਾ, ਸੁਖਬੀਰ ਸਿੰਘ ਬਾਦਲ ਅਤੇ ਪਰਗਟ ਸਿੰਘ ਨੇ ਵੀ ਪੋਸਟ ਸਾਂਝੀ ਕੀਤੀ। ਮੈਂ ਇਨ੍ਹਾਂ ਦੀ ਨਿੰਦਾ ਕਰਦਾ ਹਾਂ।"

ਉਧਰ ਕਾਂਗਰਸੀ ਆਗੂ ਪਰਗਟ ਸਿੰਘ ਨੇ ਵੀ ਆਮ ਆਦਮੀ ਪਾਰਟੀ ਦੇ ਇਲਜ਼ਾਮਾਂ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਸੋਸ਼ਲ ਮੀਡੀਆ ਉੱਤੇ ਲਿਖਿਆ, "ਵੀਡੀਓ ਦੇ ਮਾਮਲੇ 'ਤੇ ਮੇਰੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਆਏ ਆਮ ਆਦਮੀ ਪਾਰਟੀ ਦੇ ਲੀਡਰਾਂ ਨਾਲ ਗੱਲਬਾਤ ਕਰਨ ਲਈ ਜਦੋਂ ਮੈਂ ਖੁਦ ਬਾਹਰ ਆਇਆ, ਤਾਂ ਉਹ ਪ੍ਰਸ਼ਾਸਨ ਨੂੰ ਅੱਗੇ ਕਰਕੇ ਖੁਦ ਚਲੇ ਗਏ।"

ਇਹ ਵੀ ਪੜ੍ਹੋ-

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)