ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੀ ਗ੍ਰਿਫ਼ਤਾਰੀ, ਕੋਰਟ ਨੇ 27 ਫਰਵਰੀ ਤੱਕ ਰਿਮਾਂਡ ’ਤੇ ਭੇਜਿਆ

    • ਲੇਖਕ, ਗਗਨਦੀਪ ਸਿੰਘ
    • ਰੋਲ, ਬੀਬੀਸੀ ਪੱਤਰਕਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਨੂੰ ਅੱਜ ਬਠਿੰਡਾ ਦੀ ਜਿਲ੍ਹਾ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਨੇ ਉਨ੍ਹਾਂ ਦਾ 27 ਫਰਵਰੀ ਤੱਕ ਰਿਮਾਂਡ ਲੈ ਲਿਆ ਹੈ।

ਪੰਜਾਬ ਵਿਜਿਲੈਂਸ ਬਿਊਰੋ ਨੇ ਇਹ ਗ੍ਰਿਫ਼ਤਾਰੀ 16 ਫ਼ਰਵਰੀ ਨੂੰ ਸਾਹਮਣੇ ਆਏ ਇੱਕ ਰਿਸ਼ਵਤ ਦੇ ਮਾਮਲੇ ਵਿੱਚ ਕੀਤੀ ਹੈ।

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇਹ ਦਾਅਵਾ ਕੀਤਾ ਗਿਆ ਕਿ ਵਿਧਾਇਕ ਅਮਿਤ ਰਤਨ ਦੇ ਪੀਏ, ਰਸ਼ਿਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ।

ਰਸ਼ਿਮ ਗਰਗ ਦੀ ਬਠਿੰਡਾ ਤੋਂ ਗ੍ਰਿਫ਼ਤਾਰੀ ਵਿਧਾਇਕ ਅਮਿਤ ਰਤਨ ਦੀ ਮੌਜੂਦਗੀ ਵਿੱਚ ਹੀ ਹੋਈ ਸੀ।

ਰਿਸ਼ਵਤ ਦਾ ਮਾਮਲਾ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਸ਼ਿਮ ਗਰਗ ਨੂੰ ਪਿੰਡ ਘੁੱਦਾ, ਬਲਾਕ ਸੰਗਤ, ਜ਼ਿਲ੍ਹਾ ਬਠਿੰਡਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਅਧਾਰ ਉੱਤੇ ਗ੍ਰਿਫਤਾਰ ਕੀਤਾ ਗਿਆ ਸੀ।

ਉਨਾਂ ਦੱਸਿਆ ਕਿ ਸਰਪੰਚ ਸੀਮਾ ਤੇ ਉਨ੍ਹਾਂ ਦੇ ਪਤੀ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਸੀ ਕਿ ਗ੍ਰਾਮ ਪੰਚਾਇਤ ਘੁੱਦਾ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਸੰਮਤੀ ਰਾਹੀਂ ਪ੍ਰਾਪਤ 25 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਨੂੰ ਬੀਡੀਪੀਓ ਤੋਂ ਰਿਲੀਜ਼ ਕਰਾਉਣ ਬਦਲੇ ਰਸ਼ਿਮ ਗਰਗ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ।

ਬਿਊਰੋ ਮੁਤਾਬਕ ਉਨ੍ਹਾਂ ਨੇ ਰਸ਼ਿਮ ਗਰਗ ਨੂੰ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧ ਵਿੱਚ ਰਸ਼ਿਮ ਗਰਗ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਸੀ ।

ਭਗਵੰਤ ਮਾਨ ਨੇ ਕੀ ਕਿਹਾ

ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ।

ਉਨ੍ਹਾਂ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰ ਲਿਖਿਆ, “ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ … ਬਰਦਾਸ਼ਤ ਨਹੀਂ ਕੀਤੀ ਜਾਵੇਗੀ”

“ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ’ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ...”

ਅਕਾਲੀ ਦਲ ਨੇ ਕੀਤਾ ਸੀ ਅਮਿਤ ਰਤਨ ਨੂੰ ਬਰਖ਼ਾਸਤ

43 ਸਾਲਾ ਅਮਿਤ ਰਤਨ ਬਠਿੰਡਾ ਦੇ ਪਿੰਡ ਕੋਟਫੱਤਾ ਦੇ ਰਹਿਣ ਵਾਲੇ ਹਨ।

ਅਮਿਤ ਰਤਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਸਨ।

ਉਨ੍ਹਾਂ ਨੇ ਪਹਿਲੀ ਵਾਰ ਚੋਣ ਬਠਿੰਡਾ ਦਿਹਾਤੀ ਤੋਂ 2017 ਵਿੱਚ ਲੜੀ ਸੀ। ਉਸ ਸਮੇਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਹੀ ਟਿਕਟ ਦਿੱਤੀ ਸੀ।

ਉਹ ਚੋਣਾਂ ਉਹ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੁਪਿੰਦਰ ਰੂਬੀ ਤੋਂ ਕਰੀਬ 10,000 ਵੋਟਾਂ ਨਾਲ ਹਾਰ ਗਏ ਸਨ।

ਅਕਾਲੀ ਦਲ ਵਿੱਚ ਉਹ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਵਜੋਂ ਕੰਮ ਕਰਦੇ ਸਨ।

ਅਕਾਲੀ ਦਲ ਨੇ ਉਨ੍ਹਾਂ ਨੂੰ ਪਾਰਟੀ ਵਰਕਰਾਂ ਤੋਂ ਕਥਿਤ ਤੌਰ ’ਤੇ ਪੈਸੇ ਲੈਣ ਦੇ ਇਲਜ਼ਾਮ ਲਗਾਉਂਦਿਆਂ ਪਾਰਟੀ ਵਿੱਚੋਂ ਕੱਢ ਦਿੱਤਾ ਸੀ।

ਇਸ ਤੋਂ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ਜੁਆਇਨ ਕੀਤੀ ਤੇ 2022 ਦੀਆਂ ਚੋਣਾਂ ਆਪ ਦੀ ਟਿਕਟ ਤੋਂ ਹੀ ਲੜੀਆਂ ਹਨ।

ਇਹ ਮੁਕਾਬਲਾ ਅਮਿਤ ਰਤਨ ਨੇ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਭੱਟੀ ਨੂੰ 35,479 ਵੋਟਾਂ ਨਾਲ ਹਰਾ ਕੇ ਜਿੱਤੀ।

ਹੁਣ ਉਹ ਰਿਸ਼ਵਤ ਦੇ ਇਲਜ਼ਾਮਾਂ ਦੇ ਘੇਰੇ ਵਿੱਚ ਹਨ।

ਵਿਰੋਧੀ ਪਾਰਟੀਆਂ ਦਾ ਗੁੱਸਾ

ਆਪ ਵਿਧਾਇਕ ਦੇ ਪੀਏ ਰਸ਼ਿਮ ਗਰਗ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀਆਂ ਵਿਰੋਧੀ ਪਾਰਟੀਆਂ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ, ਅਮਿਤ ਰਤਨ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀਆਂ ਸਨ।

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਰਿਸ਼ਵਤ ਦੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਨਾ ਕੀਤੇ ਜਾਣ ਬਦਲੇ ਆਲੋਚਨਾ ਕੀਤੀ ਸੀ ।

ਉਨ੍ਹਾਂ ਇਸ ਬਾਰੇ ਇੱਕ ਟਵੀਟ ਕੀਤਾ ਜਿਸ ਵਿੱਚ ਲਿਖਿਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਸੀ ਕਿ, “ਉਹ ਪੰਜਾਬੀਆਂ ਨੂੰ ਦੱਸਣ ਕਿ ਕੀ ਉਹ ਪਾਰਟੀ ਦੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਨੂੰ ਬਚਾ ਕਿਉਂ ਰਹੇ ਹਨ।”

ਸੁਖਬੀਰ ਨੇ ਕਿਹਾ ਸੀ ਕਿ ਇਹ ਘਿਣਾਉਣੀ ਗੱਲ ਹੈ ਕਿ ਬਠਿੰਡਾ ਤੋਂ ਭ੍ਰਿਸ਼ਟ 'ਆਪ' ਵਿਧਾਇਕ ਨੂੰ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕਰਨ ਦੀ ਬਜਾਏ, 'ਆਪ' ਸਰਕਾਰ ਉਸ ਦਾ ਬਚਾਅ ਕਰ ਰਹੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)