ਗੁਰਪਤਵੰਤ ਪੰਨੂ ਵੱਲੋਂ ਦਾਇਰ ਕੇਸ ’ਚ ਅਮਰੀਕੀ ਅਦਾਲਤ ਵੱਲੋਂ ਭਾਰਤ ਸਰਕਾਰ ਨੂੰ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ

ਅਮਰੀਕਾ ਦੀ ਇੱਕ ਅਦਾਲਤ ਨੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਕੀਤੇ ਇੱਕ ਸਿਵਲ ਕੇਸ ਵਿੱਚ ਭਾਰਤ ਸਰਕਾਰ ਨੂੰ ਸੰਮਨ ਜਾਰੀ ਕੀਤਾ ਹੈ।

ਬੀਬੀਸੀ ਸਹਿਯੋਗੀ ਸਲੀਮ ਰਿਜ਼ਵੀ ਮੁਤਾਬਕ ਇਹ ਸੰਮਨ ਨਿਊ ਯਾਰਕ ਦੇ ਦੱਖਣੀ ਜ਼ਿਲ੍ਹੇ ਦੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੇਸ ਵਿੱਚ ਦਾਇਰ ਇਲਜ਼ਾਮਾਂ ਨੂੰ ਖਾਰਿਜ ਕੀਤਾ ਹੈ।

ਪੰਨੂ ਵੱਲੋਂ ਦਾਇਰ ਕੀਤੇ ਮੁਕੱਦਮੇ ਵਿੱਚ ਇਲਜ਼ਾਮ ਲਗਾਏ ਗਏ ਹਨ ਕਿ ਉਸ ਦੀ ਹੱਤਿਆ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।

18 ਸਤੰਬਰ ਨੂੰ ਜਾਰੀ ਕੀਤੇ ਸੰਮਨ ਵਿੱਚ ਅਜੀਤ ਡੋਵਾਲ, ਭਾਰਤੀ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਮੁਖੀ ਸਮੰਤ ਗੋਇਲ, ਰਾਅ ਦੇ ਏਜੰਟ ਵਿਕਰਮ ਯਾਦਵ ਅਤੇ ਭਾਰਤੀ ਕਾਰੋਬਾਰੀ ਨਿਖਿਲ ਗੁਪਤਾ ਦਾ ਨਾਂ ਵੀ ਸ਼ਾਮਲ ਹੈ।

ਬਚਾਅ ਪੱਖ ਨੂੰ 21 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ।

ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਅਮਰੀਕਾ ਵਿੱਚ ਭਾਰਤ ਸਰਕਾਰ ਖ਼ਿਲਾਫ਼ ਦਾਇਰ ਕੀਤੇ ਮੁਕੱਦਮੇ ’ਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਪ੍ਰਤੀਕਿਰਿਆ ਦਿੱਤੀ ਹੈ।

ਵਿਕਰਮ ਮਿਸਰੀ ਨੇ ਕਿਹਾ, “ਜਿਵੇਂ ਕਿ ਅਸੀਂ ਪਹਿਲਾਂ ਵੀ ਕਿਹਾ ਹੈ ਕਿ ਇਹ ਪੂਰੀ ਤਰ੍ਹਾਂ ਨਾਲ ਬੇਬੁਨਿਆਦ ਇਲਜ਼ਾਮ ਹਨ। ਇਹ ਜੋ ਕੇਸ ਦਾਇਰ ਕੀਤਾ ਗਿਆ ਹੈ, ਇਸ ਨਾਲ ਸਾਡੀ ਸੋਚ ਵਿੱਚ ਕੋਈ ਬਦਲਾਅ ਨਹੀਂ ਆਵੇਗਾ। ਇਸ ਕੇਸ ਨੂੰ ਦਾਇਰ ਕਰਨ ਵਾਲਾ ਵਿਅਕਤੀ ਗੈਰ-ਕਾਨੂੰਨੀ ਸੰਗਠਨ ਦੀ ਨੁਮਾਇੰਦਗੀ ਕਰਦਾ ਹੈ ਜਿਸ ਨੂੰ ਯੂਏਪੀਏ 1967 ਤਹਿਤ ਗੈਰ-ਕਾਨੂੰਨੀ ਐਲਾਨਿਆ ਗਿਆ ਹੈ।”

ਗੁਰਪਤਵੰਤ ਸਿੰਘ ਪੰਨੂ ਕੌਣ ਹਨ

ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨੇ ਗੁਰਪਤਵੰਤ ਸਿੰਘ ਦੇ ਪਿਛੋਕੜ ਬਾਰੇ ਇੱਕ ਰਿਪੋਰਟ ਤਿਆਰ ਕੀਤੀ ਹੈ। ਉਸ ਦੇ ਵੇਰਵੇ ਕੁਝ ਇਸ ਪ੍ਰਕਾਰ ਹਨ...

ਪੇਸ਼ੇ ਤੋਂ ਵਕੀਲ ਗੁਰਪਤਵੰਤ ਸਿੰਘ ਪੰਨੂ ਦੇ ਪਰਿਵਾਰ ਦੇ ਵੱਡੇ-ਵਡੇਰੇ ਪਹਿਲਾਂ ਪੱਟੀ ਦੇ ਪਿੰਡ ਨੱਥੂਚੱਕ ਵਿੱਚ ਰਹਿੰਦੇ ਸਨ ਅਤੇ ਬਾਅਦ ਵਿੱਚ ਉਹ ਅੰਮ੍ਰਿਤਸਰ ਨੇੜੇ ਪੈਂਦੇ ਪਿੰਡ ਖਾਨਕੋਟ ਵਿਖੇ ਜਾ ਵਸੇ ਸਨ।

ਪੰਨੂ ਦਾ ਇੱਕ ਭਰਾ ਤੇ ਇੱਕ ਭੈਣ ਹਨ। ਉਨ੍ਹਾਂ ਦੀ ਸਾਰੀ ਪੜ੍ਹਾਈ ਭਾਰਤ ਵਿੱਚ ਹੀ, ਲੁਧਿਆਣਾ ਅਤੇ ਚੰਡੀਗੜ੍ਹ ਤੋਂ ਹੋਈ ਹੈ। ਉਨ੍ਹਾਂ ਨੇ ਕਾਨੂੰਨ ਦੀ ਪੜ੍ਹਾਈ ਵੀ ਭਾਰਤ ਵਿੱਚ ਹੀ ਕੀਤੀ ਹੈ। ਪੰਨੂ ਦੇ ਪਿਤਾ ਮਹਿੰਦਰ ਸਿੰਘ ਪੰਜਾਬ ਮਾਰਕੀਟਿੰਗ ਬੋਰਡ ਦੇ ਸਕੱਤਰ ਸਨ।

1990ਵਿਆਂ ਵਿੱਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਕਾਨੂੰਨ ਦੀ ਪੜ੍ਹਾਈ ਕੀਤੀ। ਕਾਲਜ ਦੇ ਸਮੇਂ ਤੋਂ ਹੀ ਉਹ ਸਟੂਡੈਂਟ ਐਕਟੀਵਿਸਟ ਬਣ ਗਏ ਸਨ ਅਤੇ ਸਟੂਡੈਂਟ ਪੌਲੀਟਿਕਸ ਵਿੱਚ ਐਕਟਿਵ ਹੋ ਗਏ ਸਨ।

ਨੱਬੇ ਦੇ ਦਹਾਕੇ ਵਿੱਚ ਪੰਨੂ ਉੱਤੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਚੰਡੀਗੜ੍ਹ ਸ਼ਹਿਰਾਂ ਵਿੱਚ ਸਥਿਤ ਥਾਣਿਆਂ ਵਿੱਚ ਇਰਾਦਤਨ ਕਤਲ ਅਤੇ ਕਤਲ ਕਰਨ ਦੇ ਕੇਸ ਦਰਜ ਕੀਤੇ ਗਏ।

ਪੁਲਿਸ ਸੂਤਰਾਂ ਮੁਤਾਬਕ ਗੁਰਪਤਵੰਤ ਪੰਨੂ ਦੇ ਉੱਪਰ ਕਈ ਕੇਸ ਦਰਜ ਹੋਏ ਸਨ, ਜਿਨ੍ਹਾਂ ਵਿੱਚ ਟਾਡਾ (ਟੈਰਰਿਸਟ ਐਂਡ ਡਿਸਰਪਟਿਵ ਐਕਟਿਵਿਟੀਜ਼) ਵੀ ਸ਼ਾਮਿਲ ਹੈ। ਪੰਨੂ ਦਾ ਕਹਿਣਾ ਹੈ ਕਿ ਉਨ੍ਹਾਂ ਉੱਪਰ ਪੁਲਿਸ ਨੇ ਝੂਠੇ ਮੁਕੱਦਮੇ ਦਾਇਰ ਕੀਤੇ ਸਨ।

ਉਸ ਵੇਲੇ ਦੀ ਨਰਸਿਮ੍ਹਾ ਰਾਓ ਦੀ ਸਰਕਾਰ 'ਚ ਉਨ੍ਹਾਂ ਦੇ ਪਰਿਵਾਰ ਦੇ ਰਸੂਖ਼ ਵਾਲੇ ਲੋਕਾਂ ਨੇ ਜ਼ੋਰ ਲਗਾ ਕੇ ਪੰਨੂ ਨੂੰ ਕਈ ਕੇਸਾਂ ਵਿੱਚੋਂ ਕਢਵਾ ਲਿਆ ਸੀ।

ਇਸ ਤੋਂ ਬਾਅਦ, 1991-92 ਵਿੱਚ ਪੰਨੂ ਅਮਰੀਕਾ ਚਲੇ ਗਏ। ਉੱਥੇ ਜਾ ਕੇ ਉਨ੍ਹਾਂ ਨੇ ਕਨੈਕਟੀਕਟ ਯੂਨੀਵਰਸਿਟੀ ਵਿੱਚ ਦਾਖ਼ਲਾ ਲੈ ਲਿਆ, ਜਿੱਥੇ ਪੰਨੂ ਨੇ ਐੱਮਬੀਏ ਫਾਇਨਾਂਸ ਅਤੇ ਨਿਊਯਾਰਕ ਯੂਨੀਵਰਸਿਟੀ ਵਿੱਚ ਮਾਸਟਰਜ਼ ਆਫ਼ ਲਾਅ ਦੀ ਡਿਗਰੀ ਹਾਸਿਲ ਕੀਤੀ।

ਅਮਰੀਕਾ ਵਿੱਚ ਉਚੇਰੀ ਸਿੱਖਿਆ ਲੈਣ ਤੋਂ ਬਾਅਦ ਪੰਨੂ ਨੇ ਨਿਊਯਾਰਕ ਸਥਿਤ ਵਾਲ ਸਟਰੀਟ ਵਿੱਚ ਸਿਸਟਮ ਐਨੇਲਿਸਟ ਵਜੋਂ 2014 ਤੱਕ ਕੰਮ ਕੀਤਾ। ਉਹ ਅਮਰੀਕਾ ਜਾ ਕੇ ਵੀ ਸਿਆਸੀ ਤੌਰ 'ਤੇ ਸਰਗਰਮ ਰਹੇ।

ਪੰਨੂ ਇੱਕ ਡਿਫੈਂਸ ਵਕੀਲ ਹਨ ਅਤੇ ਉਨ੍ਹਾਂ ਨੇ ਸਾਲ 2007 ਵਿੱਚ ਹੀ ਸਿਖਸ ਫਾਰ ਜਸਟਿਸ ਦੀ ਸਥਾਪਨਾ ਕੀਤੀ ਸੀ।

ਸਿਖਸ ਫਾਰ ਜਸਟਿਸ ਦਾ ਰਜਿਸਟਰਡ ਦਫ਼ਤਰ ਵਾਸ਼ਿੰਗਟਨ ਵਿੱਚ ਹੈ ਅਤੇ ਪੰਨੂ ਦਾ ਦਫ਼ਤਰ ਨਿਊਯਾਰਕ ਵਿੱਚ ਹੈ, ਜਿੱਥੇ ਉਹ ਆਪਣੀ ਲਾਅ ਫਰਮ ਚਲਾਉਂਦੇ ਹਨ।

ਕੌਣ ਹੈ ਨਿਖਿਲ ਗੁਪਤਾ

ਅਮਰੀਕੀ ਅਦਾਲਤ 'ਚ ਦਾਇਰ ਇਲਜ਼ਾਮਾਂ 'ਚ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਇੱਕ ਲੱਖ ਡਾਲਰ (ਤਕਰੀਬਨ 83 ਲੱਖ ਰੁਪਏ) ਦੀ ਨਕਦੀ ਬਦਲੇ ਅਮਰੀਕੀ ਨਾਗਰਿਕ ਦੇ ਕਤਲ ਦਾ ਠੇਕਾ ਦੇਣ ਦੇ ਇਲਜ਼ਾਮ ਲਗਾਏ ਗਏ ਹਨ।

ਅਦਾਲਤ ਵਿਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ ਨਿਖਿਲ ਗੁਪਤਾ ਨੇ ਭਾਰਤ ਸਰਕਾਰ ਲਈ ਕੰਮ ਕਰਨ ਵਾਲੇ ਇਕ ਅਧਿਕਾਰੀ ਦੇ ਨਿਰਦੇਸ਼ਾਂ 'ਤੇ ਅਮਰੀਕਾ ਵਿੱਚ ਇਕ ਹਿੱਟਮੈਨ ਨਾਲ ਸੰਪਰਕ ਕੀਤਾ ਅਤੇ ਉਸ ਨੂੰ ਇਕ ਸਿੱਖ ਵੱਖਵਾਦੀ ਨੇਤਾ ਨੂੰ ਮਾਰਨ ਦਾ ਠੇਕਾ ਦਿੱਤਾ।

ਇਲਜ਼ਾਮ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇੱਕ ਭਾਰਤੀ ਅਧਿਕਾਰੀ ਨਾਲ ਗੱਲਬਾਤ ਦੌਰਾਨ ਨਿਖਿਲ ਗੁਪਤਾ ਨੇ ਦੱਸਿਆ ਸੀ ਕਿ ਉਹ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕੌਮਾਂਤਰੀ ਤਸਕਰੀ ਵਿੱਚ ਸ਼ਾਮਲ ਸੀ।

ਇਲਜ਼ਾਮ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਨਿਖਿਲ ਗੁਪਤਾ ਗੁਜਰਾਤ ਵਿੱਚ ਇੱਕ ਅਪਰਾਧਿਕ ਕੇਸ ਚੱਲ ਰਿਹਾ ਹੈ ਜਿਸ ਵਿੱਚ ਮਦਦ ਦੇ ਬਦਲੇ ਉਸ ਨੇ ਇੱਕ ਭਾਰਤੀ ਅਧਿਕਾਰੀ ਲਈ ਨਿਊਯਾਰਕ ਵਿੱਚ ਕਤਲ ਕਰਵਾਉਣ ਲਈ ਤਿਆਰ ਹੋ ਗਿਆ।

ਦਸਤਾਵੇਜ਼ ਦੇ ਅਨੁਸਾਰ, ਜਿਸ ਹਿੱਟਮੈਨ ਨਾਲ ਨਿਖਿਲ ਗੁਪਤਾ ਨੇ ਸੰਪਰਕ ਕੀਤਾ, ਉਹ ਅਮਰੀਕੀ ਖ਼ੁਫ਼ੀਆ ਵਿਭਾਗ ਦਾ ਇੱਕ ਅੰਡਰਕਵਰ ਏਜੰਟ ਸੀ।

ਇਸ ਏਜੰਟ ਨੇ ਨਿਖਿਲ ਗੁਪਤਾ ਦੀਆਂ ਸਾਰੀਆਂ ਗਤੀਵਿਧੀਆਂ ਅਤੇ ਗੱਲਬਾਤ ਰਿਕਾਰਡ ਕੀਤੀ। ਇਸ ਆਧਾਰ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਮਈ 2024 ਵਿੱਚ ਨਿਖਿਲ ਗੁਪਤਾ ਦੀ ਅਮਰੀਕਾ ਨੂੰ ਹਵਾਲਗੀ ਦੇਣ ਨੂੰ ਚੈੱਕ ਗਣਰਾਜ ਦੀ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ ਸੀ।

ਭਾਰਤੀ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਅਮਰੀਕਾ ਦੇ ਨਿਊਯਾਰਕ ਵਿੱਚ ਰਹਿ ਰਹੇ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦਾ ਠੇਕਾ ਦਿੱਤਾ ਗਿਆ ਸੀ। ਪੰਨੂ ਨੇ ਵੀ ਇਕ ਪੱਤਰ ਜਾਰੀ ਕਰਕੇ ਇਸ ਨੂੰ ਆਪਣੇ ਖ਼ਿਲਾਫ਼ ਸਾਜ਼ਿਸ਼ ਦੱਸਿਆ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)