ਪ੍ਰਕਾਸ਼ ਸਿੰਘ ਬਾਦਲ ਕੋਲੋਂ ਵਾਪਸ ਲਿਆ ਜਾ ਰਿਹਾ ਫਖ਼ਰ-ਏ-ਕੌਮ ਖ਼ਿਤਾਬ ਕੀ ਹੈ, ਅਕਾਲ ਤਖ਼ਤ ਨੇ ਕਦੋਂ ਤੇ ਕਿਉਂ ਇਹ ਸਨਮਾਨ ਦਿੱਤਾ ਸੀ

ਤਸਵੀਰ ਸਰੋਤ, Ravinder Singh Robin/BBC
- ਲੇਖਕ, ਨਵਜੋਤ ਕੌਰ
- ਰੋਲ, ਬੀਬੀਸੀ ਪੱਤਰਕਾਰ
2 ਦਸੰਬਰ 2024 ਨੂੰ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਹਿਬਾਨਾਂ ਨੇ ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਕੋਲੋਂ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈਣ ਦਾ ਆਦੇਸ਼ ਦਿੱਤਾ ਹੈ।
ਇਸ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਹੈ।
ਅਕਾਲੀ ਆਗੂਆਂ ਵੱਲੋਂ ਆਪਣੇ ਕਾਰਜਕਾਲ ਦੌਰਾਨ ਹੋਏ ਗੁਨਾਹਾਂ ਨੂੰ ਕਬੂਲ ਕਰਨ ਤੋਂ ਬਾਅਦ ਜਥੇਦਾਰ ਵੱਲੋਂ ਧਾਰਮਿਕ ਸਜ਼ਾ ਦੇ ਹੁਕਮ ਸੁਣਾਏ ਗਏ ਹਨ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਆਗੂ ਕੈਬਨਿਟ ਮੈਂਬਰ ਰਹੇ ਹਨ, ਉਨ੍ਹਾਂ ਲਈ ਇਹ ਸਜ਼ਾ ਲਗਾਈ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਅਕਾਲੀ ਆਗੂਆਂ ਨੂੰ ਤਨਖ਼ਾਹ ਲਗਾਉਂਦੇ ਸਮੇਂ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਕਰਦਿਆਂ ਕਿਹਾ, "ਜਿਵੇਂ ਸੁਖਬੀਰ ਸਿੰਘ ਬਾਦਲ ਨੇ ਕਬੂਲਿਆ ਹੈ ਕਿ ਉਨ੍ਹਾਂ ਨੇ ਜਥੇਦਾਰ ਸਾਹਿਬਾਨਾਂ ਨੂੰ ਆਪਣੀ ਰਿਹਾਇਸ਼ ਉੱਤੇ ਬੁਲਾ ਕੇ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦਿਵਾਈ ਸੀ।"
"ਪ੍ਰਕਾਸ਼ ਸਿੰਘ ਬਾਦਲ ਵੀ ਉਸ ਵੇਲੇ ਹਾਜ਼ਰ ਸਨ, ਇਸ ਕਰਕੇ ਸਿੰਘ ਸਹਿਬਾਨਾਂ ਨੇ ਫ਼ੈਸਲਾ ਕੀਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਦਿੱਤਾ ਗਿਆ ਪੰਥ ਰਤਨ ਫ਼ਖ਼ਰ-ਏ-ਕੌਮ ਦਾ ਸਨਮਾਨ ਵਾਪਸ ਲਿਆ ਜਾਂਦਾ ਹੈ।"
ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਬਾਅਦ ਬਾਦਲ ਪਰਿਵਾਰ ਕਦੋਂ ਫ਼ਖ਼ਰ-ਏ-ਕੌਮ ਵਾਪਸ ਕਰੇਗਾ ਇਸ ਦੇ ਬਾਰੇ ਅਜੇ ਕੋਈ ਦਿਨ ਜਾਂ ਤਾਰੀਕ ਪੱਕੀ ਨਹੀਂ ਕੀਤੀ ਗਈ ਹੈ।

ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ 5 ਦਸੰਬਰ 2011 ਨੂੰ ਉਨ੍ਹਾਂ ਦੀ ਸਰਕਾਰ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਫ਼ਖ਼ਰ-ਏ-ਕੌਮ ਨਾਲ ਸਨਮਾਨਿਤ ਕੀਤਾ ਗਿਆ ਸੀ।
ਹਾਲਾਂਕਿ ਇਸ ਦਾ ਐਲਾਨ 26 ਨਵੰਬਰ 2011 ਨੂੰ ਅਨੰਦਪੁਰ ਸਾਹਿਬ ਵਿੱਚ ਬਣੀ ਸਿੱਖ ਇਤਿਹਾਸਕ ਇਮਾਰਤ ਵਿਰਾਸਤ-ਏ-ਖਾਲਸਾ ਦਾ ਉਦਘਾਟਨ ਕਰਨ ਮੌਕੇ ਕਰ ਦਿੱਤਾ ਗਿਆ ਸੀ।
ਉਸ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਮੌਜੂਦ ਸਨ।

ਤਸਵੀਰ ਸਰੋਤ, Ravinder Singh Robin/BBC
ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਬਿਲਕੁਲ ਥੱਲੇ ਖੜ੍ਹਾ ਕੀਤਾ ਗਿਆ ਸੀ।
ਫ਼ਸੀਲ ਉੱਤੇ ਮੌਜੂਦ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਥੱਲੇ ਝੁਕ ਕੇ ਪ੍ਰਕਾਸ਼ ਸਿੰਘ ਬਾਦਲ ਦੇ ਗਲ਼ ਵਿੱਚ ਸਿਰੋਪਾਓ ਪਾਇਆ, ਲੋਈ, ਇੱਕ ਕਿਰਪਾਨ ਅਤੇ ਇੱਕ ਚਾਂਦੀ ਦੀ ਪਲੇਟ ਦੇ ਕੇ 'ਫ਼ਖ਼ਰ-ਏ-ਕੌਮ' ਨਾਲ ਸਨਮਾਨਿਤ ਕੀਤਾ ਸੀ।
ਗਿਆਨੀ ਗੁਰਬਚਨ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਸਨਮਾਨ ਦੇਣ ਦਾ ਕਾਰਨ ਵੀ ਦੱਸਿਆ ਸੀ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਸੀ, "ਪ੍ਰਕਾਸ਼ ਸਿੰਘ ਬਾਦਲ ਨੂੰ ਰਾਜਨੀਤੀ ਅਤੇ ਧਾਰਮਿਕ ਸੇਵਾਵਾਂ 'ਚ ਯੋਗਦਾਨ ਪਾਉਣ ਲਈ, ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ ਮੋਰਚਿਆਂ, ਜੇਲ੍ਹ ਯਾਤਰਾਵਾਂ ਦੇ ਨਾਲ-ਨਾਲ ਗੁਰੂ ਗ੍ਰੰਥ ਅਤੇ ਗੁਰੂ ਸਿਧਾਂਤਾਂ ਦੇ ਪਹਿਰੇਦਾਰ ਹੋਣ ਕਾਰਨ 'ਫ਼ਖਰ-ਏ-ਕੌਮ' ਪੰਥ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।"

ਤਸਵੀਰ ਸਰੋਤ, Ravinder Singh Robin/BBC
ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖ਼ਰ-ਏ-ਕੌਮ ਦੇਣ ਦਾ ਵਿਰੋਧ
ਇੱਕ ਪਾਸੇ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖ਼ਰ-ਏ-ਕੌਮ ਨਾਲ ਨਿਵਾਜ਼ਿਆ ਗਿਆ ਸੀ ਉਧਰ ਕੁਝ ਸਿੱਖ ਜਥੇਬੰਦੀਆਂ ਨੇ ਇਸ ਦਾ ਵਿਰੋਧ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖ਼ਰ-ਏ-ਕੌਮ ਦੇਣ ਦਾ ਤਿੱਖਾ ਵਿਰੋਧ ਕੀਤਾ ਸੀ।
ਦੋਵੇਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਸੀ ਕਿ ਇਹ ਸਨਮਾਨ ਸੱਤਾ ਦੇ ਪ੍ਰਭਾਵ ਹੇਠ ਆ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਹੈ।

ਤਸਵੀਰ ਸਰੋਤ, ProfGurdarshan Singh Dhillon/BBC
ਫ਼ਖ਼ਰ-ਏ-ਕੌਮ ਐਵਾਰਡ ਕੀ ਹੈ?
ਪੰਥਕ ਸਿਆਸਤ ਅਤੇ ਸਿੱਖ ਇਤਿਹਾਸ ਦੇ ਜਾਣਕਾਰ ਡਾਕਟਰ ਗੁਰਦਰਸ਼ਨ ਸਿੰਘ ਢਿੱਲੋਂ ਕਹਿੰਦੇ ਹਨ, "ਸਿੱਖ ਕੌਮ ਵਿੱਚ ਕਈ ਆਗੂਆਂ ਨੂੰ ਵੱਖ-ਵੱਖ ਸਮੇਂ ਉੱਤੇ ਉਨ੍ਹਾਂ ਦੇ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਤੋਂ ਸਨਮਾਨਿਤ ਕੀਤਾ ਗਿਆ ਹੈ ਪਰ ਕਿਸੇ ਨੂੰ ਵੀ ਫ਼ਖ਼ਰ-ਏ-ਕੌਮ ਸਨਮਾਨ ਦੇਣ ਦਾ ਕੋਈ ਪੁਰਾਣਾ ਰਿਕਾਰਡ ਨਹੀਂ ਹੈ।"
"ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਇਸ ਕਰਕੇ ਦਿੱਤਾ ਗਿਆ ਕਿਉਂਕਿ ਉਦੋਂ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ ਅਤੇ ਉਨ੍ਹਾਂ ਨੂੰ ਇਹ ਸਨਮਾਨ ਦੇਣ ਦਾ ਫ਼ੈਸਲਾ ਸਿਆਸਤ ਤੋਂ ਪ੍ਰੇਰਿਤ ਹੋ ਸਕਦਾ ਹੈ।"
ਅਜੇ ਤੱਕ ਕਿਸੇ ਵੀ ਹੋਰ ਸਿੱਖ ਆਗੂ ਨੂੰ ਫ਼ਖ਼ਰ-ਏ-ਕੌਮ ਨਾਲ ਸਨਮਾਨਿਤ ਨਹੀਂ ਕੀਤਾ ਗਿਆ।
ਹਾਲਾਂਕਿ ਇਸ ਤੋਂ ਇਲਾਵਾ ਸਿਰਦਾਰ ਕਪੂਰ ਸਿੰਘ ਨੂੰ ਸਿੱਖ ਕੌਮ ਪ੍ਰੋਫੈਸਰ ਆਫ਼ ਸਿੱਖਇਜ਼ਮ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ ਸੀ। ਹੋਰ ਵੀ ਕਈ ਸਿੱਖ ਆਗੂਆਂ ਨੂੰ ਸਮੇਂ-ਸਮੇਂ ਉੱਤੇ ਸਨਮਾਨ ਦਿੱਤੇ ਗਏ ਹਨ।
ਫ਼ਖਰ-ਏ-ਕੌਮ ਵਾਪਸ ਲੈਣ ਦਾ ਫ਼ੈਸਲਾ ਸੁਣਾਉਣ ਵਾਲੇ ਪੰਜ ਸਿੰਘ ਸਹਿਬਾਨ ਕੌਣ ਹਨ?

ਤਸਵੀਰ ਸਰੋਤ, SGPC
ਅਕਾਲ ਤਖ਼ਤ ਸਾਹਿਬ ਤੋਂ ਦੋਸ਼ੀ ਪਾਏ ਗਏ ਅਕਾਲੀ ਆਗੂਆਂ ਨੂੰ ਸਜ਼ਾ ਸੁਣਾਉਣ ਦਾ ਫ਼ੈਸਲਾ ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ਵਿੱਚ ਲਿਆ ਗਿਆ।
ਇਨ੍ਹਾਂ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਦੋ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਗੁਰਮਿੰਦਰ ਸਿੰਘ ਅਤੇ ਗਿਆਨੀ ਬਲਜੀਤ ਸਿੰਘ ਸ਼ਾਮਲ ਸਨ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੌਣ ਹਨ?
ਗਿਆਨੀ ਰਘਬੀਰ ਸਿੰਘ ਨੇ ਇੱਕ ਸਾਲ ਪਹਿਲਾਂ ਜੂਨ 2023 ਵਿੱਚ ਹੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਜੋਂ ਸੇਵਾ ਸੰਭਾਲੀ ਜਦੋਂ ਗਿਆਨੀ ਹਰਪ੍ਰੀਤ ਸਿੰਘ ਨੇ ਸਵੈਇੱਛਾ ਨਾਲ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ 2017 ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦਾ ਜਨਮ ਪਿੰਡ ਸੁਲਤਾਨ ਵਿੰਡ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿੱਚ ਹੋਇਆ।
ਉਨ੍ਹਾਂ ਨੇ 1989 ਵਿੱਚ ਸ਼੍ਰੀ ਹਰਮਿੰਦਰ ਸਾਹਿਬ ਵਿੱਚ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕੀਤੀਆਂ। 1995 ਵਿੱਚ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਵਿੱਚ ਸ਼ਾਮਲ ਹੋਏ।
ਉਨ੍ਹਾਂ 2014 ਤੱਕ ਪੰਜ ਪਿਆਰਿਆਂ ਵਜੋਂ ਸੇਵਾਵਾਂ ਨਿਭਾਈਆਂ। ਉਸ ਤੋਂ ਬਾਅਦ ਲਗਾਤਾਰ ਦਰਬਾਰ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਈ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ













