ਅਮ੍ਰਿਤਪਾਲ ਸਿੰਘ ਦੀ ਮਾਤਾ ਨੇ ਕਿਹਾ, 'ਉਹ ਖਾਲਿਸਤਾਨ ਸਮਰਥਕ ਨਹੀਂ, ਉਨ੍ਹਾਂ ਨੇ ਸੰਵਿਧਾਨ ਦੀ ਸਹੁੰ ਚੁੱਕੀ ਹੈ'

ਤਸਵੀਰ ਸਰੋਤ, Getty Images
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜੇਲ੍ਹ ਵਿੱਚ ਰਹਿ ਕੇ ਚੋਣ ਜਿੱਤਣ ਵਾਲੇ ਅਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ।
ਅਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੇ ਸਹੁੰ ਚੁੱਕੀ।
ਅਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਇਸ ਬਾਰੇ ਪੁਸ਼ਟੀ ਕਰਦੇ ਹੋਏ ਕਿਹਾ, “ਅਮ੍ਰਿਤਪਾਲ ਸਿੰਘ ਵੱਲੋਂ ਸਹੁੰ ਚੁੱਕ ਲਏ ਜਾਣ ਉੱਤੇ ਖਡੂਰ ਸਾਹਿਬ ਦੇ ਲੋਕਾਂ ਅਤੇ ਹੋਰ ਸੰਗਤਾਂ ਨੂੰ ਖ਼ੁਸ਼ੀ ਹੈ।”
ਉਨ੍ਹਾਂ ਨੇ ਕਿਹਾ, “ਅਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ ਪਰ ਉਨ੍ਹਾਂ ਨੂੰ ਲੋਕਾਂ ਨਾਲ ਫਤਿਹ ਵੀ ਸਾਂਝੀ ਨਹੀਂ ਕਰਨ ਦਿੱਤੀ ਜਾ ਰਹੀ।”
ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਅਮ੍ਰਿਤਪਾਲ ਸਿੰਘ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾਇਆ ਹੈ ਇਸ ਲਈ ਅਮ੍ਰਿਤਪਾਲ ਸਿੰਘ ਨੂੰ ਲੋਕਾਂ ਨਾਲ ਮਿਲਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਨੂੰ ਸਰਕਾਰ ਵੱਲੋਂ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਅਮ੍ਰਿਤਪਾਲ ਸਿੰਘ ਦੇ ਖਾਲਿਸਤਾਨੀ ਸਮਰਥਕ ਹੋਣ ਬਾਰੇ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਬਲਵਿੰਦਰ ਕੌਰ ਨੇ ਕਿਹਾ, "ਕੋਈ ਕੁਝ ਵੀ ਕਹੇ ਉਹ ਕੋਈ ਖਾਲਿਸਤਾਨੀ ਸਮਰਥਕ ਨਹੀਂ ਹੈ, ਪੰਜਾਬ ਦੇ ਹੱਕਾਂ ਦੀ ਗੱਲ ਕਰਨ ਨਾਲ ਕੋਈ ਖਾਲਿਸਤਾਨੀ ਸਮਰਥਕ ਨਹੀਂ ਹੋ ਜਾਂਦਾ, ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਉਨ੍ਹਾਂ ਨੇ ਚੋਣ ਲੜੀ ਹੈ, ਸੰਵਿਧਾਨ ਦੀ ਸਹੁੰ ਚੁੱਕੀ ਹੈ ਤਾਂ ਅਜਿਹੀ ਕੋਈ ਗੱਲ ਨਹੀਂ ਕਰਨੀ ਚਾਹੀਦੀ।"

ਤਸਵੀਰ ਸਰੋਤ, ANI
ਅਮ੍ਰਿਤਪਾਲ ਸਿੰਘ ਵੱਲੋਂ ਸਹੁੰ ਚੁੱਕੇ ਜਾਣ ਦੀ ਜਾਂ ਉਨ੍ਹਾਂ ਦੀ ਹੋਰ ਕੋਈ ਵੀ ਹਾਲੀਆ ਤਸਵੀਰ ਹਾਲੇ ਤੱਕ ਸਾਹਮਣੇ ਨਹੀਂ ਆਈ ਹੈ।
ਸਹੁੰ ਚੁੱਕਣ ਲਈ ਅਮ੍ਰਿਤਪਾਲ ਸਿੰਘ ਨੂੰ ਨੈਸ਼ਨਲ ਸਕਿਊਰਿਟੀ ਐਕਟ, 1980 ਦੀ ਧਾਰਾ 15 ਦੇ ਤਹਿਤ ਆਰਜ਼ੀ ਤੌਰ ਉੱਤੇ ਰਿਹਾਅ ਕੀਤਾ ਗਿਆ ਸੀ।
ਅਮ੍ਰਿਤਪਾਲ ਉੱਤੇ ਸਹੁੰ ਚੁੱਕਣ ਵੇਲੇ ਕਈ ਤਰੀਕੇ ਦੀਆਂ ਪਾਬੰਦੀਆਂ ਵੀ ਲਗਾਈਆਂ ਗਈਆਂ ਸਨ। ਉਨ੍ਹਾਂ ਨੂੰ ਕੁਝ ਤੈਅ ਲੋਕਾਂ ਨੂੰ ਮਿਲਣ ਦੀ ਇਜਾਜ਼ਤ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਕਿਸੇ ਵੀ ਤਰੀਕੇ ਦੀ ਤਸਵੀਰ ਖਿੱਚਣ ਜਾਂ ਕੋਈ ਵੀਡੀਓ ਜਾਰੀ ਕਰਨ ਉੱਤੇ ਵੀ ਰੋਕ ਸੀ।

ਅਮ੍ਰਿਤਪਾਲ ਸਿੰਘ ਦਾ ਕੀ ਹੈ ਪਿਛੋਕੜ

ਤਸਵੀਰ ਸਰੋਤ, SURINDER SINGH MANN/BBC
ਅਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ, ਉਹ ਸਿੱਖਾਂ ਲਈ ਖੁਦਮੁਖਤਿਆਰ ਰਾਜ (ਖਾਲਿਸਤਾਨ) ਦੀ ਪ੍ਰਾਪਤੀ ਨੂੰ ਆਪਣਾ ਨਿਸ਼ਾਨਾ ਦੱਸਦੇ ਰਹੇ ਹਨ।
ਕਈ ਸਾਲ ਦੁਬਈ ਰਹਿਣ ਤੋਂ ਬਾਅਦ ਸਾਲ 2022 'ਚ ਅਗਸਤ ਮਹੀਨੇ ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਨੇ ਅਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕੀਤਾ।
ਅਮ੍ਰਿਤਪਾਲ ਸਿੰਘ ਨੂੰ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ 'ਵਾਰਸ ਪੰਜਾਬ ਦੇ' ਜਥੇਬੰਦੀ ਦਾ ਨਵਾਂ ਮੁਖੀ ਬਣਾਇਆ ਗਿਆ ਸੀ।
ਅਮ੍ਰਿਤਪਾਲ ਸਿੰਘ ਦੀ 'ਵਾਰਸ ਪੰਜਾਬ ਦੇ' ਮੁਖੀ ਵਜੋਂ ਦਸਤਾਰਬੰਦੀ ਜਥੇਬੰਦੀ ਦੀ ਪਹਿਲੀ ਵਰ੍ਹੇਗੰਢ ਮੌਕੇ 29 ਸਤੰਬਰ 2022 ਨੂੰ ਕੀਤੀ ਗਈ ਸੀ।
ਦਰਅਸਲ ਇਸ ਦਿਨ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਵੀ ਸੀ।
ਪਰ ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।
ਅਜਨਾਲਾ ਹਿੰਸਾ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਉੱਤੇ ਐਨਐੱਸਏ ਵੀ ਲਗਾਇਆ ਗਿਆ।
ਅਪ੍ਰੈਲ 2023 ਨੂੰ ਅਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।
ਕੀ ਹੈ ਰਾਸ਼ਟਰੀ ਸੁਰੱਖਿਆ ਕਾਨੂੰਨ

ਤਸਵੀਰ ਸਰੋਤ, GETTY IMAGES
ਰਾਸ਼ਟਰੀ ਸੁਰੱਖਿਆ ਕਾਨੂੰਨ ਨੂੰ ਐੱਨਐੱਸਏ- 1980 ਕਿਹਾ ਜਾ ਸਕਦਾ ਹੈ।
ਇਹ ਪੂਰੇ ਭਾਰਤ ਵਿੱਚ ਲਾਗੂ ਹੈ ਅਤੇ ਇਸ ਤਹਿਤ ਕਿਸੇ ਵੀ ਥਾਂ 'ਤੇ ਨਜ਼ਰਬੰਦੀ ਦੇ ਹੁਕਮ ਕੀਤੇ ਜਾ ਸਕਦੇ ਹਨ।
ਇਹ ਕਾਨੂੰਨ ਕਈ ਮਹੀਨਿਆਂ ਤੱਕ ਮੁਲਜ਼ਮ ਨੂੰ ਨਿਗਰਾਨੀ ਅਧੀਨ ਹਿਰਾਸਤ ਵਿੱਚ ਰੱਖਣ ਦੀ ਆਗਿਆ ਦਿੰਦਾ ਹੈ।
ਕੇਂਦਰ ਜਾਂ ਸੂਬਾ ਸਰਕਾਰ ਨੂੰ ਜੇਕਰ ਲੱਗੇ ਕਿ ਕੋਈ ਵਿਅਕਤੀ ਦੇਸ਼ ਦੇ ਦੂਸਰੇ ਦੇਸ਼ਾਂ ਨਾਲ ਸਬੰਧਾਂ ਲਈ ਖਤਰਾ ਹੈ ਤਾਂ ਇਸ ਕਾਨੂੰਨ ਦੀ ਵਰਤੋਂ ਹੋ ਸਕਦੀ ਹੈ।
ਇਹ ਐਕਟ ਕਿਸੇ ਵਿਦੇਸ਼ੀ ਨਾਗਰਿਕ ਉਪਰ ਵੀ ਲੱਗ ਸਕਦਾ ਹੈ ਜੇਕਰ ਉਸ ਦੀ ਲਗਾਤਾਰ ਮੌਜੂਦਗੀ ਨਿਗਰਾਨੀ ਹੇਠ ਰੱਖਣੀ ਹੋਵੇ।
ਹਿਰਾਸਤ ਦੇ ਆਦੇਸ਼ ਇਸ ਗੱਲ ’ਤੇ ਖਾਰਿਜ ਨਹੀਂ ਕੀਤੇ ਜਾ ਸਕਦੇ ਕਿ ਜਿਸ ਵਿਅਕਤੀ ਖਿਲਾਫ਼ ਆਦੇਸ਼ ਦਿੱਤਾ ਹੈ, ਉਹ ਸਰਕਾਰ ਜਾਂ ਅਧਿਕਾਰੀ ਦੇ ਅਧਿਕਾਰ ਖੇਤਰ ਤੋਂ ਬਾਹਰ ਹੈ।
ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪੰਜ ਸਾਥੀਆਂ ’ਤੇ ਲਾਇਆ ਗਿਆ ਐੱਨਐੱਸਏ ਐਕਟ ਕੀ ਹੈ ਅਤੇ ਇਹ ਕਦੋਂ ਲੱਗਦਾ ਹੈ? ਇਸ ਬਾਰੇ ਹੋਰ ਜਾਣਨ ਲਈ ਤੁਸੀਂ ਇਹ ਰਿਪੋਰਟ ਪੜ੍ਹ ਸਕਦੇ ਹੋ।













