ਪੰਨੂ ਦੇ ‘ਕਤਲ ਦੀ ਸਾਜ਼ਿਸ਼’ ਮਾਮਲਾ: ਭਾਰਤੀ ਜਾਂਚ ਟੀਮ ਅਮਰੀਕਾ ਪੁੱਜੀ, ਹੁਣ ਤੱਕ ਕੀ-ਕੀ ਹੋਇਆ

ਖ਼ਾਲਿਸਤਾਨੀ ਹਮਾਇਤੀ ਗੁਰਵਤਵੰਤ ਸਿੰਘ ਪੰਨੂ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਖ਼ਾਲਿਸਤਾਨੀ ਹਮਾਇਤੀ ਗੁਰਵਤਵੰਤ ਸਿੰਘ ਪੰਨੂ ਨੇ ਅਮਰੀਕਾ ਦੀ ਇੱਕ ਅਦਾਲਤ ਵਿੱਚ ਮੁਕੱਦਮਾ ਦਾਇਰ ਕੀਤਾ

ਖ਼ਾਲਿਸਤਾਨ ਪੱਖੀ ਗੁਰਪਤਵੰਤ ਪੰਨੂ ਦੇ ‘ਕਤਲ ਦੀ ਨਾਕਾਮ ਕੋਸ਼ਿਸ਼’ ਦੇ ਮਾਮਲੇ ਵਿੱਚ ਉੱਚ ਪੱਧਰੀ ਭਾਰਤੀ ਜਾਂਚ ਟੀਮ 15 ਅਕਤੂਬਰ ਤੋਂ ਅਮਰੀਕਾ ਦੇ ਦੌਰੇ ’ਤੇ ਹੈ।

ਯੂਐੱਸ ਸਟੇਟ ਡਿਪਾਰਟਮੈਂਟ ਵੱਲੋਂ 14 ਅਕਤੂਬਰ ਨੂੰ ਜਾਰੀ ਕੀਤੇ ਇੱਕ ਬਿਆਨ ਅਨੁਸਾਰ ਅਮਰੀਕਾ ਦੇ ਇੱਕ ਨਾਗਰਿਕ ਦੇ ‘ਕਤਲ ਦੀ ਨਾਕਾਮ ਕੋਸ਼ਿਸ਼’ ਦੇ ਮਾਮਲੇ ਦੀ ਜਾਂਚ ਕਰ ਰਹੀ ਉੱਚ ਪੱਧਰੀ ਭਾਰਤੀ ਜਾਂਚ ਟੀਮ 15 ਅਕਤੂਬਰ ਨੂੰ ਵਾਸ਼ਿੰਗਟਨ ਡੀਸੀ ਦਾ ਦੌਰਾ ਕਰੇਗੀ।

ਇਸ ਦੌਰਾਨ ਉਨ੍ਹਾਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਟੀਮ ਅਮਰੀਕਾ ਦੇ ਅਧਿਕਾਰੀਆਂ ਤੋਂ ਹੁਣ ਤੱਕ ਦੀ ਕੀਤੀ ਗਈ ਜਾਂਚ ਦੇ ਨਾਲ ਹੋਰ ਜਾਣਕਾਰੀ ਹਾਸਲ ਕਰੇਗੀ।

ਇਸ ਭਾਰਤੀ ਜਾਂਚ ਟੀਮ ਨੂੰ ਕੁਝ ਸੰਗਠਿਤ ਅਪਰਾਧੀਆਂ ਦੀਆਂ ਗਤੀਵਿਧੀਆਂ ਦੀ ਜਾਂਚ ਕਰਨ ਲਈ ਸਥਾਪਤ ਕੀਤਾ ਗਿਆ ਹੈ।

ਗੁਪਤਾ ਅਤੇ ਅੰਡਰਕਵਰ ਏਜੰਟ ਵਿਚਕਾਰ ਇੱਕ ਲੱਖ ਅਮਰੀਕੀ ਡਾਲਰ ਦੇ ਬਦਲੇ ਕਤਲ ਕਰਨ ਦਾ ਸੌਦਾ ਹੋਇਆ

ਤਸਵੀਰ ਸਰੋਤ, DEPARTMENT OF JUSTICE

ਤਸਵੀਰ ਕੈਪਸ਼ਨ, ਗੁਪਤਾ ਅਤੇ ਅੰਡਰਕਵਰ ਏਜੰਟ ਵਿਚਕਾਰ ਇੱਕ ਲੱਖ ਅਮਰੀਕੀ ਡਾਲਰ ਦੇ ਬਦਲੇ ਕਤਲ ਕਰਨ ਦਾ ਸੌਦਾ ਹੋਇਆ

ਅਮਰੀਕਾ ਵੱਲੋਂ 2023 ਦੇ ਅਖ਼ੀਰ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇੱਕ ਭਾਰਤੀ ਅਧਿਕਾਰੀ ਵੱਲੋਂ ਨਿਖਿਲ ਗੁਪਤਾ ਨੂੰ ਅਮਰੀਕਾ ਵਿੱਚ ਰਹਿੰਦੇ ਸਿੱਖ ਵੱਖਵਾਦੀ ਆਗੂ ਨੂੰ ਮਾਰਨ ਦਾ ਠੇਕਾ ਦਿੱਤਾ ਗਿਆ ਸੀ।

ਇਸ ਮਗਰੋਂ ਭਾਰਤ ਨੇ ਇਨ੍ਹਾਂ ਇਲਜ਼ਾਮਾਂ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਗਠਨ ਕਰਨ ਦੀ ਗੱਲ ਕੀਤੀ ਸੀ।

ਯੂਐੱਸ ਸਟੇਟ ਡਿਪਾਰਟਮੈਂਟ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਪਿਛਲੇ ਸਾਲ ਨਿਆਂ ਵਿਭਾਗ ਨੇ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਦੀ ਪਛਾਣ ਕੀਤੀ ਸੀ, ਜਿਸ ਵੱਲੋਂ ਨਿਊਯਾਰਕ ਸਿਟੀ ਵਿੱਚ ਇੱਕ ਅਮਰੀਕੀ ਨਾਗਰਿਕ ਦੇ ਕਤਲ ਦੀ ਨਾਕਾਮ ਕੋਸ਼ਿਸ਼ ਕੀਤੀ ਗਈ ਸੀ।

ਯੂਐੱਸ ਸਟੇਟ ਡਿਪਾਰਟਮੈਂਟ ਨੇ ਦੱਸਿਆ ਕਿ ਭਾਰਤੀ ਟੀਮ ਨੇ ਅਮਰੀਕਾ ਨੂੰ ਸੂਚਿਤ ਕੀਤਾ ਹੈ ਕਿ ਉਹ ਸਾਬਕਾ ਸਰਕਾਰੀ ਕਰਮਚਾਰੀ ਦੇ ਹੋਰ ਸਬੰਧਾਂ ਦੀ ਜਾਂਚ ਕਰਨ ਲਈ ਕੋਸ਼ਿਸ਼ਾਂ ਕਰ ਰਹੇ ਹਨ ਅਤੇ ਲੋੜ ਪੈਣ ’ਤੇ ਅਗਲੇਰੇ ਕਦਮ ਚੁੱਕਣਗੇ।

ਨਿਖਿਲ ਗੁਪਤਾ

ਤਸਵੀਰ ਸਰੋਤ, Getty Images

ਇਹ ਵੀ ਪੜ੍ਹੋ-

ਨਿਖਿਲ ਗੁਪਤਾ ਕੌਣ ਹੈ

ਅਮਰੀਕੀ ਅਦਾਲਤ ’ਚ ਦਾਇਰ ਇਲਜ਼ਾਮਾਂ 'ਚ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਇੱਕ ਲੱਖ ਡਾਲਰ (ਤਕਰੀਬਨ 83 ਲੱਖ ਰੁਪਏ) ਦੀ ਨਕਦੀ ਬਦਲੇ ਅਮਰੀਕੀ ਨਾਗਰਿਕ ਦੇ ਕਤਲ ਦਾ ਠੇਕਾ ਦੇਣ ਦੇ ਇਲਜ਼ਾਮ ਲਗਾਏ ਗਏ ਸਨ।

ਅਦਾਲਤ ਵਿਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ ਨਿਖਿਲ ਗੁਪਤਾ ਨੇ ਭਾਰਤ ਸਰਕਾਰ ਲਈ ਕੰਮ ਕਰਨ ਵਾਲੇ ਇੱਕ ਅਧਿਕਾਰੀ ਦੇ ਨਿਰਦੇਸ਼ਾਂ 'ਤੇ ਅਮਰੀਕਾ ਵਿੱਚ ਇੱਕ ਹਿੱਟਮੈਨ ਨਾਲ ਸੰਪਰਕ ਕੀਤਾ ਅਤੇ ਉਸ ਨੂੰ ਇੱਕ ਸਿੱਖ ਵੱਖਵਾਦੀ ਨੇਤਾ ਨੂੰ ਮਾਰਨ ਦਾ ਠੇਕਾ ਦਿੱਤਾ।

ਇਲਜ਼ਾਮ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇੱਕ ਭਾਰਤੀ ਅਧਿਕਾਰੀ ਨਾਲ ਗੱਲਬਾਤ ਦੌਰਾਨ ਨਿਖਿਲ ਗੁਪਤਾ ਨੇ ਦੱਸਿਆ ਸੀ ਕਿ ਉਹ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕੌਮਾਂਤਰੀ ਤਸਕਰੀ ਵਿੱਚ ਸ਼ਾਮਲ ਸੀ।

ਬੀਬੀਸੀ ਪੰਜਾਬੀ
ਤਸਵੀਰ ਕੈਪਸ਼ਨ, ਬੀਬੀਸੀ ਪੰਜਾਬੀ ਦੇ ਵੱਟਸਐਪ ਚੈਨਲ ਨਾਲ ਜੁੜਨ ਲਈ ਇਸ ਲਿੰਕ ’ਤੇ ਕਲਿੱਕ ਕਰੋ

ਦਸਤਾਵੇਜ਼ ਦੇ ਅਨੁਸਾਰ, ਜਿਸ ਹਿੱਟਮੈਨ ਨਾਲ ਨਿਖਿਲ ਗੁਪਤਾ ਨੇ ਸੰਪਰਕ ਕੀਤਾ, ਉਹ ਅਮਰੀਕੀ ਖ਼ੁਫ਼ੀਆ ਵਿਭਾਗ ਦਾ ਇੱਕ ਅੰਡਰਕਵਰ ਏਜੰਟ ਸੀ।

ਇਸ ਏਜੰਟ ਨੇ ਨਿਖਿਲ ਗੁਪਤਾ ਦੀਆਂ ਸਾਰੀਆਂ ਗਤੀਵਿਧੀਆਂ ਅਤੇ ਗੱਲਬਾਤ ਰਿਕਾਰਡ ਕੀਤੀ ਅਤੇ ਇਸੇ ਆਧਾਰ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਮਈ 2024 ਵਿੱਚ ਨਿਖਿਲ ਗੁਪਤਾ ਦੀ ਅਮਰੀਕਾ ਨੂੰ ਹਵਾਲਗੀ ਦੇਣ ਨੂੰ ਚੈੱਕ ਗਣਰਾਜ ਦੀ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ ਸੀ।

ਚੈੱਕ ਗਣਰਾਜ ਦੀਆਂ ਸੁਰੱਖਿਆ ਏਜੰਸੀਆਂ ਨੇ ਨਿਖਿਲ ਗੁਪਤਾ ਨੂੰ 16 ਜੂਨ ਨੂੰ ਅਮਰੀਕਾ ਹਵਾਲੇ ਕੀਤਾ ਸੀ।

ਇਸ ਮਾਮਲੇ ਵਿੱਚ 17 ਜੂਨ ਨੂੰ ਨਿਖਿਲ ਗੁਪਤਾ ਨੂੰ ਮੈਨਹਟਨ ਦੀ ਸੰਘੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਮਰੀਕਾ ਦੇ ਸੰਘੀ ਵਕੀਲਾਂ ਦਾ ਇਲਜ਼ਾਮ ਸੀ ਕਿ ਨਿਖਿਲ ਗੁਪਤਾ ਅਮਰੀਕੀ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਦੀ ਨਾਕਾਮ ਸਾਜ਼ਿਸ਼ ਵਿੱਚ ਸ਼ਾਮਲ ਸੀ।

ਗੁਰਪਤਵੰਤ ਪੰਨੂ

ਤਸਵੀਰ ਸਰੋਤ, NIA/SOCIAL MEDIA

ਤਸਵੀਰ ਕੈਪਸ਼ਨ, ਗੁਰਪਤਵੰਤ ਪੰਨੂ ਦੇ ਸੰਗਠਨ ਨੂੰ ਭਾਰਤ ਨੇ ਗ਼ੈਰ-ਕਾਨੂੰਨੀ ਸੰਗਠਨ ਐਲਾਇਆ ਹੈ

ਗੁਰਪਤਵੰਤ ਪੰਨੂ ਦੇ ਇਲਜ਼ਾਮ 'ਤੇ ਭਾਰਤ ਸਰਕਾਰ ਦੀ ਪ੍ਰਤੀਕਿਰਿਆ

ਖ਼ਾਲਿਸਤਾਨੀ ਹਮਾਇਤੀ ਗੁਰਵਤਵੰਤ ਸਿੰਘ ਪੰਨੂ ਨੇ ਅਮਰੀਕਾ ਦੀ ਇੱਕ ਅਦਾਲਤ ਵਿੱਚ ਮੁਕੱਦਮਾ ਦਾਇਰ ਕਰਦਿਆਂ ਇਲਜ਼ਾਮ ਲਗਾਇਆ ਸੀ ਕਿ ਅਮਰੀਕਾ ਵਿੱਚ ਉਸ ਦਾ ਕਤਲ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।

ਇਸ ਮਾਮਲੇ ਵਿੱਚ ਸਤੰਬਰ ਮਹੀਨੇ ਅਮਰੀਕਾ ਦੀ ਇੱਕ ਅਦਾਲਤ ਨੇ ਭਾਰਤ ਸਰਕਾਰ ਨੂੰ ਸੰਮਨ ਜਾਰੀ ਕੀਤਾ ਸੀ।

ਇਹ ਸੰਮਨ ਨਿਊ ਯਾਰਕ ਦੇ ਦੱਖਣੀ ਜ਼ਿਲ੍ਹੇ ਦੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਸਨ।

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਕੇਸ ਵਿੱਚ ਦਾਇਰ ਇਲਜ਼ਾਮਾਂ ਨੂੰ ਖਾਰਿਜ ਕਰ ਦਿੱਤਾ ਸੀ।

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਇਸ ਮਾਮਲੇ ਬਾਰੇ ਕਿਹਾ ਸੀ, "ਜਿਵੇਂ ਕਿ ਅਸੀਂ ਪਹਿਲਾਂ ਵੀ ਕਿਹਾ ਹੈ ਕਿ ਇਹ ਪੂਰੀ ਤਰ੍ਹਾਂ ਨਾਲ ਬੇਬੁਨਿਆਦ ਇਲਜ਼ਾਮ ਹਨ। ਇਹ ਜੋ ਕੇਸ ਦਾਇਰ ਕੀਤਾ ਗਿਆ ਹੈ, ਇਸ ਨਾਲ ਸਾਡੀ ਸੋਚ ਵਿੱਚ ਕੋਈ ਬਦਲਾਅ ਨਹੀਂ ਆਵੇਗਾ।"

"ਇਸ ਕੇਸ ਨੂੰ ਦਾਇਰ ਕਰਨ ਵਾਲਾ ਵਿਅਕਤੀ ਗ਼ੈਰ-ਕਾਨੂੰਨੀ ਸੰਗਠਨ ਦੀ ਨੁਮਾਇੰਦਗੀ ਕਰਦਾ ਹੈ ਜਿਸ ਨੂੰ ਯੂਏਪੀਏ 1967 ਤਹਿਤ ਗ਼ੈਰ-ਕਾਨੂੰਨੀ ਐਲਾਨਿਆ ਗਿਆ ਹੈ।”

ਇਹ ਵੀ ਪੜ੍ਹੋ-

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)