ਅਕਾਲੀ ਦਲ ਨੇ ਪ੍ਰੇਮ ਸਿੰਘ ਚੰਦੂਮਾਜਰਾ ਤੇ ਸਿਕੰਦਰ ਮਲੂਕਾ ਸਣੇ ਕਈ ਸੀਨੀਅਰ ਆਗੂ ਪਾਰਟੀ ’ਚੋਂ ਕੱਢੇ, ਇਹ ਵਜ੍ਹਾ ਦੱਸੀ

ਅਕਾਲੀ ਆਗੂ

ਤਸਵੀਰ ਸਰੋਤ, Ravinder Singh Robin/BBC

ਤਸਵੀਰ ਕੈਪਸ਼ਨ, ਜੂਨ ਮਹੀਨੇ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ ਅਤੇ ਹੋਰ ਅਕਾਲੀ ਆਗੂ ਅਕਾਲ ਤਖ਼ਤ ਉੱਤੇ ਅਰਦਾਸ ਵਿੱਚ ਸ਼ਾਮਲ ਹੋਏ ਸਨ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਈ ਸੀਨੀਅਰ ਅਕਾਲੀ ਦਲ ਦੇ ਆਗੂਆਂ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਹੈ।

ਮੀਟਿੰਗ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਇਹ ਉਹੀ ਆਗੂ ਹਨ ਜਿਨ੍ਹਾਂ ਨੇ ਬੀਤੇ ਦਿਨਾਂ ਵਿੱਚ ਪਾਰਟੀ ਦੀ ਲੀਡਰਸ਼ਿਪ ਖਿਲਾਫ਼ ਬਗਾਵਤ ਦਾ ਝੰਡਾ ਚੁੱਕਿਆ ਹੋਇਆ ਹੈ।

ਬੀਤੇ ਦਿਨਾਂ ਵਿੱਚ ਬਾਗ਼ੀ ਅਕਾਲੀ ਆਗੂਆਂ ਵੱਜੋਂ ਸਾਹਮਣੇ ਆਏ ਕਈ ਸੀਨੀਅਰ ਸਿਆਸੀ ਆਗੂਆਂ ਜਿਨ੍ਹਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ, ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ।

ਇਸ ਦੇ ਨਾਲ ਹੀ 7 ਵਿਧਾਨ ਸਭਾ ਹਲਕਿਆਂ ਦੇ ਮੌਜ਼ੂਦਾ ਹਲਕਾ ਇੰਚਾਰਜ ਵੀ ਹਟਾਏ ਗਏ ਹਨ।

ਬੀਬੀਸੀ
ਤਸਵੀਰ ਕੈਪਸ਼ਨ, ਬੀਬੀਸੀ ਪੰਜਾਬੀ ਦੇ ਵੱਟਸਐਪ ਚੈਨਲ ਨਾਲ ਜੁੜਨ ਲਈ ਇਸ ਲਿੰਕ ’ਤੇ ਕਲਿੱਕ ਕਰੋ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ‘ਬਾਗ਼ੀ’ ਆਗੂਆਂ ਨੇ ਜੂਨ ਮਹੀਨੇ ਅਕਾਲ ਤਖ਼ਤ, ਵਿੱਚ ਜਾ ਕੇ ਖ਼ਿਮਾ ਜਾਚਨਾ ਸਬੰਧੀ ਇੱਕ ਪੱਤਰ ਅਕਾਲ ਤਖ਼ਤ ਦੇ ਜਥੇਦਾਰ, ਰਘਬੀਰ ਸਿੰਘ ਨੂੰ ਸੌਂਪਿਆ ਸੀ। ਇਸ ਦੇ ਬਾਅਦ ਤੋਂ ਉਹ ਚਰਚਾ ਵਿੱਚ ਹਨ।

ਇਸ ਮੌਕੇ 'ਬਾਗੀ' ਧੜੇ ਨੇ ਅਕਾਲ ਤਖਤ ਸਾਹਿਬ ਵਿਖੇ ਖ਼ਿਮਾ ਜਾਚਨਾ ਲਈ ਅਰਦਾਸ ਵੀ ਕੀਤੀ ਗਈ। ਉਸ ਵੇਲੇ ਬੀਬੀ ਜਗੀਰ ਕੌਰ ਤੇ ਪ੍ਰੇਮ ਸਿੰਘ ਚੰਦੂਮਾਜਰਾ ਸਣੇ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਸਨ।

ਮੁਆਫ਼ੀ ਲਈ ਜਥੇਦਾਰ ਨੂੰ ਦਿੱਤੀ ਗਈ ਚਿੱਠੀ ਵਿੱਚ ਕਿਹਾ ਗਿਆ ਕਿ 2007 ਤੋਂ ਲੈ ਕੇ 2017 ਤੱਕ ਕਈ ਗ਼ਲਤੀਆਂ ਹੋਈਆਂ ਜਿਨ੍ਹਾਂ ਵਿੱਚ ਬੇਅਦਬੀ ਤੇ ਡੇਰਾ ਸੱਚਾ ਸੌਦਾ, ਸਿਰਸਾ ਦੇ ਮੁਖੀ ਰਾਮ ਰਹੀਮ ਸਬੰਧੀ ਲਏ ਗਏ ਫ਼ੈਸਲਿਆਂ ਦਾ ਜ਼ਿਕਰ ਕੀਤਾ ਗਿਆ ਹੈ।

ਮਹੇਸ਼ਇੰਦਰ ਸਿੰਘ ਗਰੇਵਾਲ

ਤਸਵੀਰ ਸਰੋਤ, shiromani akali dal

ਤਸਵੀਰ ਕੈਪਸ਼ਨ, ਮਹੇਸ਼ਇੰਦਰ ਸਿੰਘ ਗਰੇਵਾਲ

ਅਕਾਲੀ ਦਲ ਨੇ ਕੀ ਕਿਹਾ

ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਅਗਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ, “ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜ਼ਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲਿਆ ਹੈ।”

“ਪਾਰਟੀ ਦੀ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਰਣੈ ਤੇ ਪਹੁੰਚੀ ਕਿ ਇਨ੍ਹਾਂ ਆਗੂਆਂ ਵੱਲੋਂ ਲਗਾਤਾਰ ਪਾਰਟੀ ਦੇ ਅਕਸ ਨੂੰ ਢਾਅ ਲਾਉਣ ਵਾਲੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।”

“ਅਨੁਸ਼ਾਸ਼ਨੀ ਕਮੇਟੀ ਦੇ ਮੈਂਬਰਾਂ ਨੇ ਇਹ ਮਹਿਸੂਸ ਕੀਤਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 26 ਜੂਨ, 2024 ਨੂੰ ਹੋਈ ਸੀ। ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਉਪਰੋਕਤ ਸਾਰੇ ਆਗੂਆਂ ਨੂੰ ਸੁਹਿਰਦਤਾ ਨਾਲ ਅਪੀਲ ਕੀਤੀ ਗਈ ਸੀ ਕਿ ਉਹ ਜੋ ਕੁਝ ਵੀ ਕਹਿਣਾ ਚਾਹੁੰਦੇ ਹਨ ਉਹ ਪਾਰਟੀ ਫੋਰਮ ਉਪਰ ਆ ਕੇ ਕਹਿਣ।”

ਗਰੇਵਾਲ ਦਾ ਕਹਿਣਾ ਹੈ ਕਿ,“ਜੇ ਉਹ ਪਾਰਟੀ ਦੀ ਮੀਟਿੰਗ ਵਿੱਚ ਗੱਲ ਕਰਨ ਦੀ ਬਜਾਇ ਬਾਹਰ ਮੀਡੀਆ ਵਿੱਚ ਜਾ ਕੇ ਪਾਰਟੀ ਨੂੰ ਢਾਅ ਲਾਉਣ ਲਈ ਝੂਠਾ ਭੰਡੀ ਪ੍ਰਚਾਰ ਕਰਦੇ ਹਨ ਤਾਂ ਇਹ ਸਮਝਿਆ ਜਾਵੇਗਾ ਕਿ ਉਨ੍ਹਾਂ ਦਾ ਪਾਰਟੀ ਜਥੇਬੰਦੀ ਵਿੱਚ ਕੋਈ ਭਰੋਸਾ ਨਹੀਂ।”

“ਪਰ ਇਨ੍ਹਾਂ ਆਗੂਆਂ ਨੇ ਸੰਜਮ ਦਿਖਾਉਣ ਦੀ ਥਾਂ ਉਲਟਾ ਪਾਰਟੀ ਖ਼ਿਲਾਫ਼ ਖੁੱਲ੍ਹ ਕੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਅਜਿਹੀ ਅਨਸ਼ਾਸ਼ਨਹੀਣਤਾ ਨੂੰ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”

ਬਾਦਲ ਤੇ ਭੂੰਦੜ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੀ ਅਨੁਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ

ਮੀਟਿੰਗ ਤੋਂ ਬਾਅਦ ਅਨੁਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਇਲਜ਼ਾਮ ਲਾਇਆ ਕਿ ਇਨ੍ਹਾਂ ਦਾ ਇਰਾਦਾ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦਾ ਹੈ।

ਉਨ੍ਹਾਂ ਕਿਹਾ ਕਿ, “ਪਾਰਟੀ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਹਨਾਂ ਸਾਰੇ ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫੈਸਲਾ ਕੀਤਾ।”

“ਇਹ ਤਾੜਨਾ ਵੀ ਕੀਤੀ ਹੈ ਕਿ ਭਵਿੱਖ ਵਿੱਚ ਵੀ ਜੇ ਕਿਸੇ ਆਗੂ ਵੱਲੋਂ ਪਾਰਟੀ ਅਨੁਸ਼ਾਸ਼ਨ ਨੂੰ ਭੰਗ ਕੀਤਾ ਜਾਵੇਗਾ ਤਾਂ ਉਨ੍ਹਾਂ ਖਿਲਾਫ ਵੀ ਸਖ਼ਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।”

ਪਰਮਿੰਦਰ ਸਿੰਘ ਢੀਂਡਸਾ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਪਾਰਟੀ ਵਿੱਚੋਂ ਕੱਢੇ ਗਏ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਇੱਕਤਰਫ਼ਾ ਫ਼ੈਸਲਾ ਹੈ

ਇੱਕਤਰਫ਼ਾ ਫ਼ੈਸਲਾ - ਢੀਂਡਸਾ

ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਬੀਬੀਸੀ ਪੱਤਰਕਾਰ ਗਗਨਦੀਪ ਸਿੰਘ ਜੱਸੋਵਾਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਲਿਆ ਗਿਆ ਫ਼ੈਸਲਾ ਇੱਕਤਰਫਾ ਹੈ।

"ਸਾਨੂੰ ਆਪਣਾ ਪੱਖ ਪੇਸ਼ ਕਰਨ ਦਾ ਉਚਿਤ ਮੌਕਾ ਨਹੀਂ ਦਿੱਤਾ ਗਿਆ। ਅਸੀਂ ਪਹਿਲੇ ਦਿਨ ਤੋਂ ਹੀ ਕਹਿੰਦੇ ਆ ਰਹੇ ਹਾਂ ਕਿ ਅਕਾਲੀ ਦਲ ਨਹੀਂ ਬਾਦਲ ਦਲ ਬਣ ਗਿਆ ਹੈ। ਇਨ੍ਹਾਂ ਅਨੁਸ਼ਾਸਨ ਕਮੇਟੀ ਮੈਂਬਰਾਂ ਵਿੱਚ ਆਜ਼ਾਦਾਨਾ ਫ਼ੈਸਲਾ ਲੈਣ ਦੀ ਹਿੰਮਤ ਨਹੀਂ ਸੀ, ਉਹ ਸਿਰਫ਼ ਹਦਾਇਤਾਂ ਦੀ ਪਾਲਣਾ ਕਰਦੇ ਸਨ।"

ਉਨ੍ਹਾਂ ਅੱਗੇ ਕਿਹਾ ਕਿ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡੇਰਾ ਸਿਰਸਾ ਨੂੰ ਦਿੱਤੀ ਮੁਆਫ਼ੀ ਸਬੰਧੀ ਚੱਲ ਰਹੇ ਵਿਵਾਦ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਜਾਪਦੀ ਹੈ।

ਉਨ੍ਹਾਂ ਸਵਾਲ ਕੀਤਾ ਕਿ, “ਕਿਉਂ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ ਤੇ ਹੋਰ ਡੇਰਾ ਸਿਰਸਾ ਦੀ ਮਾਫ਼ੀ ਦੇ ਮੁੱਦੇ 'ਤੇ ਪਾਰਟੀ ਦਾ ਬਚਾਅ ਕਰ ਰਹੇ ਹਨ, ਜਦਕਿ ਸੁਖਬੀਰ ਸਿੰਘ ਬਾਦਲ ਖ਼ੁਦ ਲੋਕਾਂ ਸਾਹਮਣੇ ਇਲਜ਼ਾਮਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਅੱਗੇ ਕਿਉਂ ਨਹੀਂ ਆ ਰਹੇ।”

ਬੀਬੀਸੀ ਜਗੀਰ ਕੌਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸੀਨੀਅਰ ਅਕਾਲੀ ਆਗੂ ਬੀਬੀਸੀ ਜਗੀਰ ਕੌਰ

‘ਸ਼੍ਰੋਮਣੀ ਅਕਾਲੀ ਦਲ ਤਾਂ ਸਾਡੇ ਕੋਲ ਹੈ’- ਬੀਬੀ ਜਗੀਰ ਕੌਰ

ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨਾਲ ਗੱਲਬਾਤ ਦੌਰਾਨ ਬੀਬੀ ਜਗੀਰ ਕੌਰ ਨੇ ਪਾਰਟੀ ਵਿੱਚੋਂ ਕੱਢੇ ਜਾਣ ਉੱਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ, “ਸ਼੍ਰੋਮਣੀ ਅਕਾਲੀ ਦਲ ਤਾਂ ਸਾਡੇ ਕੋਲ ਹੈ ਇਸ ਵੇਲੇ। ਹੋਰ ਤੇ ਤਿੰਨ-ਚਾਰ ਲੋਕਾਂ ਦੀ ਬਾਦਲ ਕੰਪਨੀ ਹੈ।”

“ਅਸੀਂ ਸਾਰੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਸੀਨੀਅਲ ਆਗੂ ਹਾਂ। ਇਨ੍ਹਾਂ (ਬਾਦਲ ਧੜੇ) ਤੋਂ ਦੁਖੀ ਹੋ ਕੀ ਅਕਾਲੀ ਦਲ ਸੁਧਾਰ ਲਹਿਰ ਚਲਾਈ ਗਈ ਹੈ। ਪਿੰਡਾਂ ਵਿੱਚ ਜਾ ਰਹੇ ਹਾਂ ਤੇ ਆਪਣਾ ਕੰਮ ਕਰ ਰਹੇ ਹਾਂ।”

ਬੀਬੀ ਜਗੀਰ ਕੌਰ ਨੇ ਕਿਹਾ ਕਿ, “ਐਕਸ਼ਨ ਉਨ੍ਹਾਂ ਉੱਤੇ ਹੁੰਦਾ ਹੈ ਜੋ ਪਾਰਟੀ ਦਾ ਨੁਕਾਸਨ ਕਰਨ ਨਾ ਕਿ ਉਨ੍ਹਾਂ ਉੱਤੇ ਜੋ ਪਾਰਟੀ ਦੀ ਭਲਾਈ ਕੰਮ ਕਰ ਰਹੇ ਹੋਣ। ਇੱਕ ਵੀ ਅਜਿਹੀ ਕਾਰਵਾਈ ਨਹੀਂ ਹੋ ਜੋ ਅਸੀਂ ਪਾਰਟੀ ਦੇ ਖ਼ਿਲਾਫ਼ ਕੀਤੀ ਹੋਵੇ।”

ਉਨ੍ਹਾਂ ਨੇ ਕਿਹਾ ਕਿ, “ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਕੰਮ ਕਰਦੇ ਰਹਾਂਗੇ।”

ਅਕਾਲ ਤਖ਼ਤ

ਤਸਵੀਰ ਸਰੋਤ, Ravinder Singh Robin/BBC

ਤਸਵੀਰ ਕੈਪਸ਼ਨ, ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀਨਾਮਾ ਸੌਂਪਦੇ ਹੋਏ ਬੀਬੀਸੀ ਜਗੀਰ ਕੌਰ

ਬਾਗੀ ਅਕਾਲੀਆਂ ਨੇ ਮਾਫ਼ੀਨਾਮਾ ਜਥੇਦਾਰ ਨੂੰ ਸੌਂਪਿਆਂ ਸੀ

1 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ‘ਬਾਗ਼ੀ’ ਆਗੂਆਂ ਨੇ ਅਕਾਲ ਤਖ਼ਤ, ਅੰਮ੍ਰਿਤਸਰ ਜਾ ਕੇ ਖ਼ਿਮਾ ਜਾਚਨਾ ਸਬੰਧੀ ਇੱਕ ਪੱਤਰ ਜਥੇਦਾਰ ਅਕਾਲ ਤਖ਼ਤ ਰਘਬੀਰ ਸਿੰਘ ਨੂੰ ਸੌਂਪਿਆ ਸੀ।

ਇਸ ਮੌਕੇ 'ਬਾਗੀ' ਧੜੇ ਨੇ ਅਕਾਲ ਤਖਤ ਸਾਹਿਬ ਵਿਖੇ ਖ਼ਿਮਾ ਜਾਚਨਾ ਲਈ ਅਰਦਾਸ ਵੀ ਕੀਤੀ ਗਈ ਸੀ। ਇਸ ਦੌਰਾਨ ਬੀਬੀ ਜਗੀਰ ਕੌਰ ਤੇ ਪ੍ਰੇਮ ਸਿੰਘ ਚੰਦੂਮਾਜਰਾ ਸਣੇ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਸਨ।

ਮੁਆਫ਼ੀ ਲਈ ਜਥੇਦਾਰ ਨੂੰ ਦਿੱਤੀ ਗਈ ਚਿੱਠੀ ਵਿੱਚ ਕਿਹਾ ਗਿਆ ਕਿ 2007 ਤੋਂ ਲੈ ਕੇ 2017 ਤੱਕ ਕਈ ਗ਼ਲਤੀਆਂ ਹੋਈਆਂ।

ਜਿਨ੍ਹਾਂ ਵਿੱਚ ਬੇਅਦਬੀ ਤੇ ਡੇਰਾ ਸੱਚਾ ਸੌਦਾ, ਸਿਰਸਾ ਆਗੂ ਰਾਮ ਰਹੀਮ ਸਬੰਧੀ ਲਏ ਗਏ ਫ਼ੈਸਲਿਆਂ ਦਾ ਜ਼ਿਕਰ ਕੀਤਾ ਗਿਆ ਸੀ।

ਮੁਆਫ਼ੀਨਾਮਾ ਦੇਣ ਤੋਂ ਬਾਅਦ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਉਹ ਪਿਛਲੇ ਸਮੇਂ ਵਿੱਚ ਹੋਈਆਂ ਗ਼ਲਤੀਆਂ ਬਾਰੇ ਅਕਾਲ ਤਖ਼ਤ ਦੇ ਜਥੇਦਾਰ ਸਾਹਿਬ ਨੂੰ ਲਿਖਤੀ ਮੁਆਫ਼ੀ ਦੇਣ ਆਏ ਸੀ।

ਉਨ੍ਹਾਂ ਕਿਹਾ ਕਿ, “ਪੰਥਕ ਰੌਹ ਰੀਤਾਂ ਮੁਤਾਬਕ ਕਾਰਵਾਈ ਹੋਵੇ ਤਾਂ ਜੋ ਅਸੀਂ ਅਕਾਲੀ ਦਲ ਨੂੰ ਹੋਰ ਮਜ਼ਬੂਰ ਕਰ ਸਕੀਏ ਤੇ ਅੱਗੇ ਵੱਧੀਏ।”

 ਸੁਖਬੀਰ ਸਿੰਘ ਬਾਦਲ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਪਾਰਟੀ ’ਚ ਸੁਖਬੀਰ ਬਾਦਲ ਦਾ ਵਿਰੋਧ

ਸੁਖਬੀਰ ਬਾਦਲ ਸਾਲ 2008 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਸਨ।

ਸੁਖਬੀਰ ਬਾਦਲ ਦੀ ਪ੍ਰਧਾਨਗੀ ਦਾ ਵਿਰੋਧ ਅਕਾਲੀ ਆਗੂਆਂ ਦੇ ਪਹਿਲਾਂ ਵੀ ਕਈ ਵਾਰੀ ਕੀਤਾ ਹੈ।

ਇਸ ਤੋਂ ਪਹਿਲਾਂ ਸਾਲ 2018 ਵਿੱਚ ਮਾਝੇ ਦੇ ਸੀਨੀਅਰ ਆਗੂ ਮੰਨੇ ਜਾਂਦੇ ਮਰਹੂਮ ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ ਤੇ ਮਰਹੂਮ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਸੁਖਬੀਰ ਬਾਦਲ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਲਾਂਭੇ ਕੀਤੇ ਜਾਣ ਦੀ ਆਵਾਜ਼ ਚੁੱਕੀ ਸੀ।

ਉਨ੍ਹਾਂ ਨੇ ਇਕੱਠਿਆਂ ਅਕਾਲੀ ਦਲ ਟਕਸਾਲੀ ਦਾ ਗਠਨ ਕੀਤਾ ਸੀ।

ਇਸ ਤੋਂ ਇੱਕ ਸਾਲ ਬਾਅਦ ਹੀ ਮਾਲਵੇ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਵੀ ਬਾਗੀ ਸੁਰਾਂ ਨਾਲ ਆਪਣੀ ਆਵਾਜ਼ ਰਲਾਈ ਸੀ।

2022 ਵਿੱਚ ਭਾਜਪਾ ਨਾਲ ਰਲ ਕੇ ਚੋਣਾਂ ਲੜਨ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਮੁੜ ਮਾਰਚ 2024 ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ।

ਇਹ ਵੀ ਪੜ੍ਹੋ-

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)