ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ 'ਚ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਦਾ ਮਾਮਲਾ ਭਖਿਆ, ਪੁਲਿਸ ਨੇ ਹੁਣ ਤੱਕ ਕੀ ਦੱਸਿਆ

ਗਣਤੰਤਰ ਦਿਵਸ ਦੇ ਮੌਕੇ ਅੰਮ੍ਰਿਤਸਰ ਵਿੱਚ ਡਾਕਟਰ ਬੀਆਰ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ, ਇੱਕ ਵਿਅਕਤੀ ਨੇ ਡਾਕਟਰ ਬੀਆਰ ਅੰਬੇਡਕਰ ਦੇ ਬੁੱਤ 'ਤੇ ਚੜ੍ਹ ਕੇ ਉਸ ਨੂੰ ਹਥੌੜੇ ਨਾਲ ਤੋੜਨ ਦੀ ਕੋਸ਼ਿਸ ਕੀਤੀ। ਇਹ ਪ੍ਰਤਿਮਾ ਅਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿੱਚ ਲੱਗੀ ਹੋਈ ਹੈ।
ਇਸ ਦੇ ਨਾਲ ਹੀ ਵਿਅਕਤੀ ਨੇ ਉੱਥੇ ਬਣੀ ਸੰਵਿਧਾਨ ਦੀ ਕਿਤਾਬ 'ਤੇ ਵੀ ਅੱਗ ਲਗਾਈ।
ਜਦੋਂ ਇਸ ਦੀ ਜਾਣਕਾਰੀ ਵੱਖ-ਵੱਖ ਦਲਿਤ ਸਮਾਜ ਦੀਆਂ ਜਥੇਬੰਦੀਆਂ ਨੂੰ ਲੱਗੀ ਤਾਂ ਉਹਨਾਂ ਨੇ ਮੌਕੇ ਉੱਤੇ ਆ ਕੇ ਰੋਸ ਪ੍ਰਗਟਾਵਾ ਕੀਤਾ।
ਦਲਿਤ ਜਥੇਬੰਦੀਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੇ ਪੁਲਿਸ ਤੋਂ ਮੰਗ ਕੀਤੀ ਸੀ ਕਿ ਪ੍ਰਤਿਮਾ ਦੇ ਨੇੜੇ ਸੁਰੱਖਿਆ ਇੰਤਜ਼ਾਮ ਕੀਤੇ ਜਾਣ ਪਰ ਉਨ੍ਹਾਂ ਦੀ ਮੰਗ ਨੂੰ ਅਣਗੌਲਿਆ ਕਰ ਦਿੱਤਾ ਗਿਆ।
ਇਸ ਮਾਮਲੇ 'ਚ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਉਸ ਸ਼ਰਾਰਤੀ ਅਨਸਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਉਹ ਵਿਅਕਤੀ ਅੰਮ੍ਰਿਤਸਰ ਦੇ ਬਾਹਰ ਕਿਸੇ ਜ਼ਿਲ੍ਹੇ ਦਾ ਰਹਿਣ ਵਾਲਾ ਹੈ।
ਫਿਲਹਾਲ ਉਸ ਕੋਲ ਅੰਮ੍ਰਿਤਸਰ ਆਉਣ ਦੇ ਵੀ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ ਤੇ ਪੁਲਿਸ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕਰੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਵੱਖ-ਵੱਖ ਆਗੂ ਇਸ ਘਟਨਾ ਦੀ ਨਿੰਦਾ ਕਰ ਰਹੇ ਹਨ।

ਪੁਲਿਸ ਨੇ ਕੀ ਦੱਸਿਆ
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਜੀਪੀਐਸ ਭੁੱਲਰ ਨੇ ਦੱਸਿਆ ਕਿ ''ਕੱਲ੍ਹ ਇੱਕ ਵਿਅਕਤੀ ਵੱਲੋਂ ਡਾਕਟਰ ਬੀਆਰ ਅੰਬੇਡਕਰ ਸਾਹਿਬ ਦੀ ਪ੍ਰਤਿਮਾ ਨਾਲ ਜਿਹੜੀ ਛੇੜਛਾੜ ਕਿ ਕੋਸ਼ਿਸ਼ ਕੀਤੀ ਗਈ ਹੈ, ਉਹ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗੀ ਘਟਨਾ ਹੈ।''
''ਉਹ ਸਾਡੇ ਭਾਰਤੀਆਂ ਵਾਸਤੇ ਬਹੁਤ ਸਤਿਕਾਰ ਹਨ ਅਤੇ ਸਾਡੇ ਸੰਵਿਧਾਨ ਦੇ ਰਚਨਾਕਾਰ ਹਨ। ਇਸ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਸਾਰੀਆਂ ਸਖਤ ਤੋਂ ਸਖਤ ਧਾਰਾਵਾਂ ਜੋ ਬਣਦੀਆਂ ਸਨ, ਲਗਾਈਆਂ ਗਈਆਂ ਹਨ।''
''ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦਾ ਨਾਮ ਆਕਾਸ਼ ਸਿੰਘ ਹੈ। ਜੋ ਕਿ ਚੁੰਗਾ ਬਸਤੀ, ਧਰਮਕੋਟ, ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਹੈ ਅਤੇ ਐਸਸੀ ਭਾਈਚਾਰੇ ਤੋਂ ਹੈ।''
ਉਨ੍ਹਾਂ ਦੱਸਿਆ ਕਿ ''ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।''
ਜੀਪੀਐਸ ਭੁੱਲਰ ਨੇ ਕਿਹਾ ਕਿ ''ਜਿਨ੍ਹਾਂ ਭਰਾਵਾਂ ਨੇ ਬੰਦ ਦਾ ਸੱਦਾ ਦਿੱਤਾ ਹੈ, ਉਨ੍ਹਾਂ ਨੂੰ ਵੀ ਬੇਨਤੀ ਹੈ ਕਿ ਆਪਾਂ ਸਾਰੇ ਸ਼ਾਂਤੀ ਬਣਾਈ ਰੱਖੀਏ। ਪੁਲਿਸ ਹਰ ਤਰ੍ਹਾਂ ਦੇ ਪ੍ਰਬੰਧ ਦੇਖ ਰਹੀ ਹੈ ਤਾਂ ਜੋ ਕਾਨੂੰਨ ਵਿਵਸਥਾ ਬਣੀ ਰਹੇ।''

ਗ੍ਰਿਫ਼ਤਾਰ ਆਕਾਸ਼ ਦੇ ਘਰ ਵਾਲਿਆਂ
24 ਸਾਲਾ ਅਕਾਸ਼ ਦੇ ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਯਕੀਨ ਨਹੀਂ ਆਇਆ ਸੀ ਕਿ ਉਹ ਅਜਿਹੀ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ।
ਮੋਗਾ ਵਿੱਚ ਰਹਿੰਦੇ 24 ਸਾਲਾ ਅਕਾਸ਼ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਤਿੰਨ ਸਾਲ ਪਹਿਲਾਂ ਦੁਬਈ ਚਲਾ ਗਿਆ ਸੀ ਅਤੇ ਕਰੀਬ ਤਿੰਨ ਮਹੀਨੇ ਪਹਿਲਾਂ ਵਾਪਸ ਆ ਕੇ ਅੰਮ੍ਰਿਤਸਰ ਰਹਿ ਰਿਹਾ ਸੀ।
ਅਕਾਸ਼ਦੀਪ ਦੇ ਮਾਤਾ ਆਸ਼ਾ ਰਾਣੀ ਘਰਾਂ ਵਿੱਚ ਕੰਮ ਕਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਕੁਝ ਸਾਲਾਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਸੀ।
ਉਨ੍ਹਾਂ ਨੇ ਕਿਹਾ, "ਮੇਰੇ ਤਿੰਨ ਮੁੰਡੇ ਅਤੇ ਇੱਕ ਕੁੜੀ ਹੈ। ਆਕਾਸ਼ ਕੁਵਾਰਾ ਅਜੇ। ਸਾਡੇ ਘਰੇ ਨਹੀਂ ਆਇਆ ਤੇ ਨਾ ਹੀ ਸਾਡੇ ਘਰੇ ਆਇਆ। ਉਹ ਅੰਮ੍ਰਿਤਸਰ ਰਹਿੰਦਾ ਸੀ।"
"ਮੈਂ ਤਾਂ ਲੋਕਾਂ ਦੇ ਘਰਾਂ ਦਾ ਕੰਮ ਕਰ ਕੇ ਆਈ ਸੀ ਮੈਨੂੰ ਤਾਂ ਵਾਰਦਾਤ ਪਤਾ ਕੁੜੀਆਂ ਕੋਲੋਂ ਪਤਾ ਲੱਗਾ। ਮੈਨੂੰ ਨਹੀਂ ਪਤਾ ਇਸ ਪਿੱਛੇ ਕੀ ਕਾਰਨ ਹੋ ਸਕਦਾ।"
ਅਕਾਸ਼ ਦੇ ਗੁਆਂਢ ਵਿੱਚ ਰਹਿੰਦੇ ਲਾਡੀ ਸਿੰਘ ਦੱਸਦੇ ਹਨ ਕਿ ਅਕਾਸ਼ ਦੇ ਸਾਰੇ ਪਰਿਵਾਰਕ ਮੈਂਬਰ ਮਜ਼ਦੂਰੀ ਕਰਕੇ ਗੁਜ਼ਾਰਾ ਕਰਦੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਆਕਾਸ਼ ਨੇ ਬੇਹੱਦ ਮਾੜਾ ਕੰਮ ਕੀਤਾ। ਇਸ ਦਾ ਪਹਿਲਾਂ ਪੈਸੇ ਇਕੱਠੇ ਕਰ ਕੇ ਘਰਦਿਆਂ ਨਾਲ ਪਾਸਪੋਰਟ ਬਣਵਾਇਆ ਤੇ ਦੁਬਈ ਭੇਜਿਆ।
"ਪਰ ਦੁਬਈ ਜਾ ਕੇ ਉਸ ਨੇ ਘਰਦਿਆਂ ਨਾਲ ਸੰਪਰਕ ਤੋੜ ਦਿੱਤਾ ਸੀ ਅਤੇ ਜਦੋਂ ਦੁਬਈ ਤੋਂ ਵਾਪਸ ਆਇਆ ਸੀ ਤਾਂ ਵੀ ਘਰ ਵਾਲਿਆਂ ਨਾਲ ਸੰਪਰਕ ਨਹੀਂ ਕੀਤਾ ਸੀ।"

ਵਾਇਰਲ ਵੀਡੀਓ ਵਿੱਚ ਕੀ ਨਜ਼ਰ ਆ ਰਿਹਾ
ਇਸ ਪੂਰੀ ਘਟਨਾ ਨਾਲ ਜੁੜਿਆ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ।
ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਇੱਕ ਵਿਅਕਤੀ ਡਾਕਟਰ ਬੀਆਰ ਅੰਬੇਡਕਰ ਦੇ ਬੁੱਤ 'ਤੇ ਚੜ੍ਹਿਆ ਹੋਇਆ ਹੈ ਅਤੇ ਉਸ ਉੱਤੇ ਹਥੌੜੇ ਨਾਲ ਵਾਰ ਕਰ ਰਿਹਾ ਹੈ।
ਇਸ ਦੇ ਨਾਲ ਹੀ ਨਜ਼ਰ ਆ ਰਿਹਾ ਹੈ ਕਿ ਚੌਕ ਵਿੱਚ ਬਣੇ ਇਸ ਬੁੱਤ ਨੇੜੇ ਧੂੰਆਂ ਵੀ ਉੱਡ ਰਿਹਾ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉੱਥੇ ਅੱਗ ਲੱਗੀ ਹੋਣੀ ਜਾਂ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੋਣੀ।
ਦਲਿਤ ਜਥੇਬੰਦੀਆਂ ਵਿੱਚ ਰੋਸ

ਤਸਵੀਰ ਸਰੋਤ, Harpal Cheema/X
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਿਤ ਸਮਾਜ ਦੇ ਆਗੂਆਂ ਨੇ ਕਿਹਾ ਕਿ ਪੁਲਿਸ ਨੇ ਸਾਡੀ ਮੰਗ ਵੱਲ ਧਿਆਨ ਨਹੀਂ ਦਿੱਤਾ ਤੇ ਅੱਜ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਤੋੜਨ ਦੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਨੇ ਪ੍ਰਤਿਮਾ ਦੀ ਬੇਅਦਬੀ ਵੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਬੇਸ਼ੱਕ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਪਰ ਉਹ ਚਾਹੁੰਦੇ ਹਨ ਕਿ ਉਸ ਵਿਅਕਤੀ ਨੂੰ ਸਜ਼ਾ ਉਨ੍ਹਾਂ ਦੇ ਹਿਸਾਬ ਨਾਲ ਹੀ ਦਿੱਤੀ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ।
ਕੌਣ ਕੀ ਕਹਿ ਰਿਹਾ
ਇਸ ਸਬੰਧੀ ਪੰਜਾਬ ਦੇ ਵੱਖ-ਵੱਖ ਮੰਤਰੀਆਂ ਅਤੇ ਸਿਆਸਤਦਾਨਾਂ ਦੀਆਂ ਪ੍ਰਤੀਕਿਰਿਆਵਾਂ ਆਉਣੀਆਂ ਵੀ ਸ਼ੁਰੂ ਹੋ ਗਈਆਂ ਹਨ।
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਇਸ ਘਟਨਾ ਸਬੰਧੀ ਇੱਕ ਵੀਡੀਓ ਸ਼ੇਅਰ ਕਰਦੇ ਹੋਏ, ਇਸ ਦੀ ਨਿੰਦਾ ਕੀਤੀ ਹੈ।
ਉਨ੍ਹਾਂ ਨੇ ਇਸ ਬਾਰੇ ਵੀ ਜਾਣਕਾਰੀ ਦਿੱਤੀ ਹੈ ਕਿ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
'ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ' - ਸੀਐਮ ਮਾਨ

ਤਸਵੀਰ ਸਰੋਤ, Bhagwant Maan/X
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੂਰੀ ਘਟਨਾ ਦੀ ਸਖਤ ਨਿੰਦਾ ਕੀਤੀ ਹੈ।
ਉਨ੍ਹਾਂ ਆਪਣੇ ਐਕਸ ਅਕਾਊਂਟ 'ਤੇ ਲਿਖਿਆ, ''ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ।''
''ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ।''
''ਪ੍ਰਸ਼ਾਸਨ ਨੂੰ ਇਸ ਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।''
ਐਸਜੀਪੀਸੀ ਨੇ ਕੀ ਕਿਹਾ

ਤਸਵੀਰ ਸਰੋਤ, X/SGPCAmritsar
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਘਟਨਾ ਬਾਬਤ ਕਿਹਾ ਕਿ ਇਹ ਹਰਕਤ ਦਰਬਾਰ ਸਾਹਿਬ ਦੇ ਗਲਿਆਰੇ ਵਿੱਚ ਹੋਈ ਹੈ।
ਉਨ੍ਹਾਂ ਨੇ ਆਪਣੇ ਐਕਸ ਅਕਾਊਂਟ ਉੱਤੇ ਲਿਖਿਆ, 'ਇਸ ਫੋਟੋ ਵਿੱਚ ਦੇਖਿਆ ਜਾ ਸਕਦਾ ਹੈ ਕਿ ਸ੍ਰੀ ਅੰਮ੍ਰਿਤਸਰ ਵਿੱਚ ਡਾ. ਬੀ ਆਰ ਅੰਬੇਡਕਰ ਜੀ ਦਾ ਬੁੱਤ ਸ੍ਰੀ ਹਰਿਮੰਦਰ ਸਾਹਿਬ ਤੋਂ ਕਰੀਬ ਇੱਕ ਕਿਲੋਮੀਟਰ ਦੀ ਦੂਰੀ ਉੱਤੇ ਹੈ। ਸਾਬਕਾ ਸਾਂਸਦ ਸ੍ਰੀ ਵਿਜੇ ਸਾਂਪਲਾ ਵੱਲੋਂ ਕੀਤੀ ਗਈ ਗਲਤ ਬਿਆਨਬਾਜ਼ੀ ਕਿ ਬੁੱਤ ਨਾਲ ਛੇੜਛਾੜ ਦੀ ਹਰਕਤ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਵਿੱਚ ਹੋਈ।'
'ਸਮਾਜ 'ਚ ਵੰਡੀਆਂ ਪਾਉਣ ਦੀਆਂ ਘਿਣਾਉਣੀਆਂ ਕੋਸ਼ਿਸ਼ਾਂ ਵਿਰੁੱਧ ਇੱਕਜੁੱਟ ਹੋਈਏ'

ਤਸਵੀਰ ਸਰੋਤ, Sukhbir Singh Badal/X
ਸ਼੍ਰੋਮਣੀ ਅਕਾਲੀ ਦਲ ਆਗੂ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਆਪਣੇ ਐਕਸ ਅਕਾਊਂਟ 'ਤੇ ਰੋਸ ਜ਼ਾਹਿਰ ਕੀਤਾ।
ਉਨ੍ਹਾਂ ਲਿਖਿਆ, ''ਗਣਤੰਤਰ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ 'ਤੇ ਡਾਕਟਰ ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਅਪਵਿੱਤਰ ਕਰਨ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਾ ਹਾਂ।''
''ਇਸ ਘਿਨਾਉਣੇ ਕੰਮ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਮੈਂ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਪੂਰੀ ਜਾਂਚ ਦੀ ਮੰਗ ਕਰਦਾ ਹਾਂ।''
ਉਨ੍ਹਾਂ ਅੱਗੇ ਲਿਖਿਆ, ''ਆਓ ਆਪਣੇ ਸਮਾਜ ਵਿੱਚ ਵੰਡੀਆਂ ਪਾਉਣ ਦੀਆਂ ਅਜਿਹੀਆਂ ਘਿਣਾਉਣੀਆਂ ਕੋਸ਼ਿਸ਼ਾਂ ਵਿਰੁੱਧ ਇੱਕਜੁੱਟ ਹੋਈਏ।''
'ਇਹ ਸਾਡੇ ਸੰਵਿਧਾਨ ਤੇ ਸਮਾਨਤਾ ਦੀਆਂ ਕਦਰਾਂ-ਕੀਮਤਾਂ 'ਤੇ ਹਮਲਾ'
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਆਪਣੇ ਐਕਸ ਅਕਾਊਂਟ 'ਤੇ ਘਟਨਾ ਦੀ ਨਿੰਦਾ ਕਰਦਿਆਂ ਲਿਖਿਆ, ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾਕਟਰ ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗੀ ਹੈ।''
''ਇਹ ਕਾਰਵਾਈ ਸਾਡੇ ਸੰਵਿਧਾਨ ਅਤੇ ਸਮਾਨਤਾ ਦੀਆਂ ਕਦਰਾਂ-ਕੀਮਤਾਂ 'ਤੇ ਹਮਲਾ ਹੈ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਅਤੇ ਪੰਜਾਬ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਕਰੇਗੀ।''
ਭਾਜਪਾ ਆਗੂ ਵਿਜੇ ਸਾਂਪਲਾ ਨੇ ਇਸ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਕਰਾਰ ਦਿੱਤਾ ਅਤੇ ਕਿਹਾ ਕਿ ''ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।''
ਉਨ੍ਹਾਂ ਲਿਖਿਆ, ''ਪੁਲਿਸ ਪ੍ਰਸ਼ਾਸਨ ਨੂੰ ਜਾਂਚ ਕਰਨੀ ਚਾਹੀਦੀ ਹੈ ਕਿ ਇਹ ਲੋਕ ਕੌਣ ਹਨ ਅਤੇ ਅਜਿਹਾ ਕਰਕੇ ਉਹ ਕੀ ਸਾਬਤ ਕਰਨਾ ਚਾਹੁੰਦੇ ਹਨ? ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਕਾਰਵਾਈ ਯਕੀਨੀ ਬਣਾਏਗੀ।''
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ












