ਕੌਣ ਹੈ ਗੋਲਡੀ ਬਰਾੜ ਜਿਸ ਦੇ ਨਾਮ ’ਤੇ ਪੰਜਾਬ ਵਿੱਚ ਹੋ ਰਹੀ ਹੈ ਸਿਆਸੀ ਦੂਸ਼ਣਬਾਜ਼ੀ

- ਲੇਖਕ, ਸਰਬਜੀਤ ਸਿੰਘ ਧਾਲੀਵਾਲ
- ਰੋਲ, ਬੀਬੀਸੀ ਪੱਤਰਕਾਰ
ਸਿੱਧੂ ਮੂਸੇਵਾਲ ਕਤਲ ਕੇਸ ਵਿੱਚ ਮੁੱਖ ਸਾਜ਼ਿਸ਼ ਕਰਤਾ ਗੋਲਡੀ ਬਰਾੜ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਇਸ ਸਮੇਂ ਗਰਮਾਈ ਹੋਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦਾ ਦਾਅਵਾ ਕੀਤਾ ਸੀ।
ਮੁੱਖ ਮੰਤਰੀ ਦੇ ਇਸ ਦਾਅਵੇ ਉੱਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂ ਸਵਾਲ ਚੁੱਕ ਰਹੇ ਹਨ।
ਅਸਲ ਵਿੱਚ ਮੀਡੀਆ ਦੇ ਇੱਕ ਹਿੱਸੇ ਵਿੱਚ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਨਾ ਲਏ ਜਾਣ ਦੀਆਂ ਖ਼ਬਰਾਂ ਚੱਲ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਇਸੇ ਆਧਾਰ ਉੱਤੇ ਮੁੱਖ ਮੰਤਰੀ ਦੇ ਦਾਅਵੇ ਉੱਤੇ ਸਵਾਲ ਚੁੱਕ ਰਿਹਾ ਹੈ।
ਗੋਲਡੀ ਬਰਾੜ ਨੂੰ ਲੈ ਕੇ ਸਿਆਸਤ ਕਿਉਂ
2 ਦਸੰਬਰ ਨੂੰ ਗੁਜਰਾਤ ਵਿੱਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੋਲਡੀ ਬਰਾੜ ਨੂੰ ਅਮਰੀਕੀ ਸੁਰੱਖਿਆ ਏਜੰਸੀਆਂ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਦਾਅਵੇ ਨਾਲ ਆਖਿਆ ਸੀ, “ਮੈਂ ਸੂਬੇ ਦੇ ਮੁਖੀ ਵਜੋਂ ਦੱਸ ਰਿਹਾ ਹਾਂ ਕਿ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।"
ਮੁੱਖ ਮੰਤਰੀ ਦੇ ਇਸ ਦਾਅਵੇ ਉੱਤੇ ਸਭ ਤੋਂ ਪਹਿਲਾਂ ਸਵਾਲ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਚੁੱਕੇ ਸਨ।

ਉਨ੍ਹਾਂ ਨੇ ਕਿਹਾ ਸੀ, “ਗੋਲਡੀ ਬਰਾੜ ਦੇ ਮੁੱਦੇ ਉੱਤੇ ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨਾਲ ਝੂਠ ਬੋਲਿਆ ਹੈ।"
ਮਜੀਠੀਆ ਨੇ ਸਵਾਲ ਕੀਤਾ ਸੀ, “ਮੁੱਖ ਮੰਤਰੀ ਦੱਸਣ ਕਿ ਉਨ੍ਹਾਂ ਨੂੰ ਗੋਲਡੀ ਬਰਾੜ ਬਾਰੇ ਜਾਣਕਾਰੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਸੀ ਜਾਂ ਫਿਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਫ਼ੋਨ ਉੱਤੇ ਦਿੱਤੀ ਸੀ।"
ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨਾ ਤੁਰੰਤ ਬੰਦ ਕਰਨ।

ਤਸਵੀਰ ਸਰੋਤ, Getty Images
ਬਿਕਰਮ ਮਜੀਠੀਆ ਨੇ ਸਵਾਲ ਕੀਤਾ ਸੀ ਪੰਜਾਬ ਪੁਲਿਸ ਅਤੇ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਇਸ ਮੁੱਦੇ ਉੱਤੇ ਕੁਝ ਨਹੀਂ ਬੋਲ ਰਹੀਆਂ ਫਿਰ ਮੁੱਖ ਮੰਤਰੀ ਨੇ ਗੋਲਡੀ ਬਰਾੜ ਬਾਰੇ ਦਾਅਵਾ ਕਿਸ ਆਧਾਰ ਉੱਤੇ ਕੀਤਾ।
ਬਿਕਰਮ ਮਜੀਠੀਆ ਤੋਂ ਬਾਅਦ ਸੋਮਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਗੋਲਡੀ ਬਰਾੜ ਦੇ ਮੁੱਦੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਘੇਰਿਆ।
ਸੁਖਬੀਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੇ ਲਈ ਲੋਕਾਂ ਤੋਂ ਮੁਆਫ਼ੀ ਮੰਗਣ ਦੀ ਮੰਗ ਵੀ ਮੁੱਖ ਮੰਤਰੀ ਤੋਂ ਕੀਤੀ।

ਤਸਵੀਰ ਸਰੋਤ, Getty Images
ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਗੋਲਡੀ ਬਰਾੜ ਦੇ ਸਬੰਧ ਵਿੱਚ ਮੁੱਖ ਮੰਤਰੀ ਨੂੰ ਸਥਿਤੀ ਸਪਸ਼ਟ ਕਰਨ ਦੀ ਮੰਗ ਕਰ ਦਿੱਤੀ।
ਪੰਜਾਬ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਚੋਣਾਂ ਵਿੱਚ ਸਿਆਸੀ ਫ਼ਾਇਦਾ ਲੈਣ ਦੇ ਲਈ ਗੋਲਡੀ ਬਰਾੜ ਸਬੰਧੀ ਬਿਆਨ ਦਿੱਤਾ ਸੀ।
ਉਨ੍ਹਾਂ ਮੁੱਖ ਮੰਤਰੀ ਨੂੰ ਇਸ ਸਬੰਧ ਵਿੱਚ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ ਸੀ।
ਗੋਲਡੀ ਬਰਾੜ ਬਾਰੇ ਕੁਝ ਗੱਲਾਂ
- ਗੋਲਡੀ ਬਰਾੜ ਦਾ ਅਸਲੀ ਨਾਂ ਸਤਿੰਦਰਜੀਤ ਸਿੰਘ ਹੈ
- ਉਹ ਪੰਜਾਬ ਦੇ ਮੁਕਤਸਰ ਦਾ ਰਹਿਣ ਵਾਲਾ ਹੈ
- ਗੋਲਡੀ ਬਰਾੜ ਨੂੰ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮਾਸਟਰਮਾਈਂਡ ਦੱਸਦੀ ਹੈ
- ਉਹ ਸਟੱਡੀ ਵੀਜ਼ਾ ਉੱਤੇ ਕੈਨੇਡਾ ਗਿਆ ਹੋਇਆ ਸੀ
- ਉਸ ਦੇ ਪਿਤਾ ਪੰਜਾਬ ਪੁਲਿਸ ਦੇ ਸਹਾਇਕ ਪੁਲਿਸ ਇੰਸਪੈਕਟਰ ਰਹਿ ਚੁੱਕੇ ਹਨ
- ਉਸ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ


ਆਮ ਆਦਮੀ ਪਾਰਟੀ ਆਪਣੇ ਬਿਆਨ ਉੱਤੇ ਕਾਇਮ
ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।
ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਪੂਰੇ ਮਾਮਲਾ ਕੇਂਦਰ ਸਰਕਾਰ ਦੇ ਹੱਥ ਵਿੱਚ ਹੈ ਉਸ ਨੇ ਹੀ ਇਸ ਮਾਮਲੇ ਵਿੱਚ ਅੱਗੇ ਕੰਮ ਕਰਨਾ ਹੈ।
ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਨੇ ਗੋਲਡੀ ਬਰਾੜ ਬਾਰੇ ਜੋ ਦਾਅਵਾ ਕੀਤਾ ਸੀ ਉਹ ਬਿਲਕੁਲ ਸੱਚ ਹੈ। ਭਗਵੰਤ ਮਾਨ ਸਰਕਾਰ ਅਪਰਾਧੀਆ ਖ਼ਿਲਾਫ਼ ਕਾਰਵਾਈ ਲਈ ਵਚਨਬੱਧ ਹੈ।
ਉਨ੍ਹਾਂ ਬਿਕਰਮ ਮਜੀਠੀਆ ਨੂੰ ਸਵਾਲ ਕੀਤਾ, “ਮਜੀਠੀਆ ਨੂੰ ਮੁੱਖ ਮੰਤਰੀ ਦੀ ਬਜਾਏ ਗੋਲਡੀ ਬਰਾੜ ਦੇ ਦਾਅਵੇ ਉੱਤੇ ਯਕੀਨ ਕਿਉਂ ਹੈ।"
ਉਨ੍ਹਾਂ ਆਖਿਆ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਕੌਣ ਹੈ ਗੋਲਡੀ ਬਰਾੜ
ਸਿੱਧੂ ਮੂਸੇਵਾਲ ਦੀ ਹੱਤਿਆ ਦੇ ਮੁੱਖ ਸਾਜ਼ਿਸ਼ ਕਰਤਾ ਤੋਂ ਇਲਾਵਾ ਪੰਜਾਬ ਪੁਲਿਸ ਨੂੰ ਗੋਲਡੀ ਬਰਾੜ ਕਈ ਮਾਮਲਿਆਂ ਦੇ ਵਿੱਚ ਇਸ ਸਮੇਂ ਲੋੜੀਂਦਾ ਹੈ।
ਪੰਜਾਬ ਪੁਲਿਸ ਦੇ ਰਿਕਾਰਡ ਦੇ ਮੁਤਾਬਕ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਪਿਛਲੇ 10 ਸਾਲਾ ਤੋਂ ਅਪਰਾਧ ਦੀ ਦੁਨੀਆ ਵਿੱਚ ਸਰਗਰਮ ਹੈ।
ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਗੋਲਡੀ ਬਰਾੜ 29 ਮਈ ਨੂੰ ਸਿੱਧੂ ਮੂਸੇਵਾਲ ਦੇ ਕਤਲ ਤੋਂ ਬਾਅਦ ਇੱਕ ਦਮ ਸੁਰਖ਼ੀਆਂ ਵਿੱਚ ਆ ਗਿਆ ਸੀ।
ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦਾਅਵਾ ਕੀਤਾ ਸੀ ਉਸ ਨੇ ਹੀ ਮੂਸੇਵਾਲਾ ਦਾ ਕਤਲ ਕਰਵਾਇਆ ਹੈ।
ਪਿਛਲੇ ਮਹੀਨੇ ਡੇਰਾ ਸਿਰਸਾ ਦੇ ਸ਼ਰਧਾਲੂ ਦੀ ਪੰਜਾਬ ਵਿੱਚ ਕੀਤੀ ਗਈ ਹੱਤਿਆ ਦੀ ਜ਼ਿੰਮੇਵਾਰੀ ਵੀ ਗੋਲਡੀ ਬਰਾੜ ਨੇ ਲਈ ਸੀ।
ਪੰਜਾਬ ਪੁਲਿਸ ਦੇ ਰਿਕਾਰਡ ਦੇ ਮੁਤਾਬਕ ਗੋਲਡੀ ਬਰਾੜ 2017 ਵਿੱਚ ਕੈਨੇਡਾ ਚਲਾ ਗਿਆ ਸੀ ਅਤੇ ਉੱਥੇ ਬੈਠ ਕੇ ਹੀ ਉਹ ਆਪਣੇ ਸਾਥੀਆਂ ਦੀ ਮਦਦ ਨਾਲ ਪੰਜਾਬ ਵਿੱਚ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਭਾਰਤ ਸਰਕਾਰ ਨੇ ਉਸ ਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕਰਵਾ ਦਿੱਤਾ ਹੈ। ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਮੂਲ ਰੂਪ ਵਿੱਚ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਨਾਲ ਸਬੰਧਿਤ ਹੈ।

ਤਸਵੀਰ ਸਰੋਤ, Getty Images
ਸਿੱਧੂ ਮੂਸੇਵਾਲਾ ਕਤਲ
29 ਮਈ 2022 ਦਿਨ ਐਤਵਾਰ ਨੂੰ ਬਾਅਦ ਦੁਪਹਿਰ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਗਾਇਕ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ।
ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ।
ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
ਇਸ ਘਟਨਾ ਵਿੱਚ ਮੂਸੇਵਾਲਾ ਦੇ ਦੋ ਸਾਥੀ ਵੀ ਜ਼ਖਮੀ ਹੋਏ। ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਹੀ ਸੈਂਕੜੇ ਲੋਕਾਂ ਦੀ ਸੁਰੱਖਿਆ ਪੰਜਾਬ ਸਰਕਾਰ ਨੇ ਜਾਂ ਤਾਂ ਹਟਾ ਲਈ ਸੀ ਜਾਂ ਘਟਾ ਦਿੱਤੀ ਸੀ।

















