'ਲਗਦਾ ਹੈ ਟਰੂਡੋ ਨੇ ਸਿੱਖ ਵੋਟਾਂ ਲੈਣ ਲਈ ਅਜਿਹਾ ਕੀਤਾ ਹੈ'... ਭਾਰਤ 'ਤੇ ਲਾਏ ਇਲਜ਼ਾਮਾਂ ਮਗਰੋਂ ਪੰਜਾਬੀ ਮੀਡੀਆ 'ਚ ਕੁਝ ਇੰਝ ਘਿਰੇ ਟਰੂਡੋ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

ਪਿਛਲੇ ਦਿਨੀਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਵੱਖਵਾਦੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ’ਚ ਕੁਝ ਖਟਾਸ ਆਈ ਹੈ।

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਫ਼ਿਲਹਾਲ ਰੋਕ ਦਿੱਤੀਆਂ ਹਨ।

ਇਸੇ ਹਫ਼ਤੇ 18 ਸਤੰਬਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਦੀ ਸੰਸਦ ਵਿੱਚ ਕਿਹਾ ਕਿ ਹਰਦੀਪ ਨਿੱਝਰ ਦੇ ਕਤਲ ਨਾਲ ਭਾਰਤ ਸਰਕਾਰ ਦੇ ਏਜੰਟਾਂ ਦਾ ‘ਸੰਭਾਵੀ ਸਬੰਧ’ ਹੈ।

ਹਾਲਾਂਕਿ ਭਾਰਤ ਸਰਕਾਰ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਵਿੱਚ ਟਕਰਾਅ ਹੋਰ ਤਿੱਖਾ ਹੋ ਗਿਆ।

ਭਾਰਤ ਸਰਕਾਰ ਨੂੰ ਸ਼ੱਕ ਸੀ ਕਿ ਭਾਰਤ ਵਿੱਚ ਕਈ ਦਹਿਸ਼ਤਗਰਦ ਘਟਨਾਵਾਂ ਦੇ ਤਾਰ ਨਿੱਝਰ ਨਾਲ ਜੁੜਦੇ ਹਨ ਅਤੇ ਸਾਲ 2020 ਵਿੱਚ ਉਸ ਨੂੰ ਦਹਿਸ਼ਤਗਰਦ ਐਲਾਨ ਦਿੱਤਾ ਸੀ।

ਜਸਟਿਨ ਟਰੂਡੋ ਅਤੇ ਮੰਤਰੀ ਨਰਿੰਦਰ ਮੋਦੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਜੀ 20 ਸਮਾਗਮਾਂ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕੈਨੇਡਾ ਸਰਕਾਰ ਨੇ ਓਟਾਵਾ ਵਿੱਚ ਭਾਰਤੀ ਮਿਸ਼ਨ ਵਿੱਚ ਤੈਨਾਤ ਇੱਕ ਭਾਰਤੀ ਕੂਟਨੀਤਿਕ ਅਧਿਕਾਰੀ ਨੂੰ ਦੇਸ਼ ਤੋਂ ਬਾਹਰ ਕੱਢ ਦਿੱਤਾ ਹੈ। ਇਹ ਅਧਿਕਾਰੀ ਭਾਰਤ ਸਰਕਾਰ ਦੀ ਖੂਫ਼ੀਆ ਏਜੰਸੀ ਦਾ ਮੁਖੀ ਸੀ।

ਜਵਾਬ ਵਿੱਚ ਭਾਰਤ ਕੈਨੇਡੀਅਨ ਹਾਈ ਕਮਿਸ਼ਨ ਦੇ ਇੱਕ ਉੱਚ ਅਧਿਕਾਰੀ ਨੂੰ ਭਾਰਤ ਛੱਡਣ ਦੇ ਹੁਕਮ ਦੇ ਚੁੱਕਿਆ ਹੈ।

ਉਸ ਤੋਂ ਪਹਿਲਾਂ ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਜੀ20 ਸੰਮੇਲਨ ਦੇ ਸਬੰਧ ਵਿੱਚ ਭਾਰਤ ਆਏ ਸਨ ਉਸ ਦੌਰਾਨ ਵੀ ਦੋਵਾਂ ਮੁਲਕਾਂ ਦਰਮਿਆਨ ਰਿਸ਼ਤਿਆਂ ਵਿਚਲੀ ਕੜਵਾਹਟ ਕੁਝ ਝਲਕੀ ਸੀ।

ਕੈਨੇਡੀਅਨ ਪ੍ਰਧਾਨ ਮੰਤਰੀ ਦਾ ਜਹਾਜ਼ ਖ਼ਰਾਬ ਹੋਣ ਤੋਂ ਬਾਅਦ ਟਰੂਡੋ ਅਤੇ ਉਨ੍ਹਾਂ ਦਾ ਪੁੱਤਰ ਦਿੱਲੀ ਦੇ ਹੋਟਲ ਵਿੱਚ ਰਹੇ ਪਰ ਉਨ੍ਹਾਂ ਨੇ ਨਾ ਤਾਂ ਭਾਰਤ ਵੱਲੋਂ ਵਾਪਸੀ ਲਈ ਪੇਸ਼ਕਸ਼ ਕੀਤੀ ਗਈ ਫਲਾਈਟ ਲਈ ਅਤੇ ਨਾ ਹੀ ਕੈਨੇਡਾ ਦੇ ਦੂਤਾਵਾਸ ਵਿੱਚ ਹੋਏ ਕਿਸੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ।

ਵਿਦਿਆਰਥੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਵੱਡੀ ਗਿਣਤੀ ਵਿੱਚ ਪੰਜਾਬੀ ਨੌਜਵਾਨ ਕੈਨੇਡਾ ਵਿੱਚ ਸਟੱਡੀ ਵੀਜ਼ਾ ਰਹਿ ਰਹੇ ਹਨ (ਸੰਕੇਤਕ ਤਸਵੀਰ)

ਟਰੂਡੋ ਦੀ ਭੂਮਿਕਾ ਬਾਰੇ ਪੰਜਾਬੀ ਮੀਡੀਆ

ਵੱਡੇ ਪੰਜਾਬੀ ਅਖ਼ਬਾਰਾਂ ਨੇ ਆਪਣੀ ਕਵਰੇਜ ਅਤੇ ਸੰਪਾਦਕੀਆਂ ਵਿੱਚ ਦੋਵਾਂ ਦੇਸ਼ਾਂ ਨੂੰ ਆਪਣੇ ਮਨ-ਮਿਟਾਵ ਗੱਲਬਾਤ ਰਾਹੀਂ ਸੁਲਝਾਉਣ ਦੀ ਨਸੀਹਤ ਦਿੱਤੀ ਹੈ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ, “ਕੈਨੇਡਾ ਵਿੱਚ ਸਿੱਖ ਵਸੋਂ ਦਾ ਅਨੁਪਾਤ ਸਭ ਤੋਂ ਜ਼ਿਆਦਾ 2.1 ਫ਼ੀਸਦ ਹੈ ਅਤੇ ਉੱਥੇ ਭਾਰਤ ਤੋਂ ਬਾਅਦ ਦੁਨੀਆਂ ਵਿੱਚ ਸਭ ਤੋਂ ਵੱਧ ਸਿੱਖ ਰਹਿੰਦੇ ਹਨ।”

ਕੈਨੇਡਾ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਕੁਝ ਪੰਜਾਬੀ ਅਖ਼ਬਾਰਾਂ ਨੇ ਕੈਨੇਡਾ ਵਸਦੇ ਸਿੱਖਾਂ ਦੀ ਸੁਰੱਖਿਆ ’ਤੇ ਚਿੰਤਾ ਜ਼ਾਹਰ ਕੀਤੀ ਹੈ

ਭਾਜਪਾ ਪੱਖੀ ਅਖ਼ਬਾਰ ਚੜ੍ਹਦੀਕਲਾ ਨੇ ਆਪਣੀ 21 ਸਤੰਬਰ ਦੀ ਸੰਪਾਦਕੀ ਵਿੱਚ ਪੰਜਾਬੀ ਭਾਈਚਾਰੇ ਦੇ ਫ਼ਿਕਰ ਦੀ ਤਰਜਮਾਨੀ ਕੀਤੀ।

ਅਖ਼ਬਾਰ ਨੇ ਲਿਖਿਆ, “ਕੈਨੇਡਾ ਅਤੇ ਪੰਜਾਬ ਵਿੱਚ ਰਹਿੰਦੇ ਪੰਜਾਬੀ, ਭਾਰਤ ਅਤੇ ਕੈਨੇਡਾ ਦੇ ਖ਼ਰਾਬ ਹੁੰਦੇ ਰਿਸ਼ਤਿਆਂ ਬਾਰੇ ਫਿਕਰਮੰਦ ਹਨ। ਅਜਿਹਾ ਇਸ ਲਈ ਹੈ ਕਿਉਂਕਿ ਲਗਭਗ 1,60,000 ਵਿਦਿਆਰਥੀ ਪੰਜਾਬ ਤੋਂ ਕੈਨੇਡਾ ਪੜ੍ਹਨ ਲਈ ਗਏ ਹੋਏ ਹਨ ਅਤੇ ਇਹ ਰੁਝਾਨ ਲਗਾਤਾਰ ਜਾਰੀ ਹੈ।”

“ਇੱਕ ਤਰ੍ਹਾਂ ਨਾਲ ਪੰਜਾਬੀ ਕੈਨੇਡਾ ਨੂੰ ਆਪਣਾ ਘਰ ਸਮਝਦੇ ਹਨ। ਇਸ ਨੂੰ ਮਿੰਨੀ ਪੰਜਾਬ ਵੀ ਕਿਹਾ ਜਾਂਦਾ ਹੈ।...”

ਅਖ਼ਬਾਰ ਨੇ ਇਲਜ਼ਾਮ ਲਗਾਇਆ ਕਿ ਕੈਨੇਡੀਅਨ ਸਰਕਾਰ ਨੇ ਨਿੱਝਰ ਦੀ ਮੌਤ ਵਿੱਚ ਭਾਰਤ ਦੀ ਭੂਮਿਕਾ ਹੋਣ ਦਾ ਇਲਜ਼ਾਮ ਲਗਾਇਆ ਹੈ ਪਰ ਇਸ ਤੋਂ ਪਹਿਲਾਂ ਕਦੀ ਵੀ ਕੋਈ ਜਾਂਚ ਪੂਰੀ ਕਰਨ ਵਿੱਚ ਉਨ੍ਹਾਂ ਨੇ ਕਦੇ ‘ਇੰਨੀ ਫੁਰਤੀ’ ਨਹੀਂ ਦਿਖਾਈ।

ਹਰਦੀਪ ਸਿੰਘ ਨਿੱਝਰ

ਤਸਵੀਰ ਸਰੋਤ, FB/VIRSA SINGH VALTOHA

ਤਸਵੀਰ ਕੈਪਸ਼ਨ, ਹਰਦੀਪ ਸਿੰਘ ਨਿੱਝਰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ (ਸਰੀ) ਦੇ ਪ੍ਰਧਾਨ ਸਨ

ਸੰਪਾਦਕੀ ਵਿੱਚ ਕਿਹਾ ਗਿਆ, “ਅਜਿਹਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ (ਟਰੂਡੋ) ਨੇ ਇਹ ਬਿਆਨ ਸਿੱਖ ਵੋਟਾਂ ਹਾਸਲ ਕਰਨ ਲਈ ਦਿੱਤਾ ਹੈ। ਕਿਹਾ ਜਾ ਸਕਦਾ ਹੈ ਕਿ ਇਹ ਕੋਈ ਚੰਗਾ ਸੰਕੇਤ ਨਹੀਂ ਹੈ। ਇਸ ਤੋਂ ਨਾ ਸਿਰਫ਼ ਦੋਵਾਂ ਦੇਸ਼ਾਂ ਦਾ ਨੁਕਸਾਨ ਹੋਵੇਗਾ ਸਗੋਂ ਪੰਜਾਬ ਅਤੇ ਪੰਜਾਬੀ ਵੀ ਇਸ ਦਾ ਮੁੱਲ ਤਾਰਨਗੇ।“

ਵੱਖਵਾਦ-ਵਿਰੋਧੀ ਜੱਗਬਾਣੀ ਨੇ 21 ਸੰਤਬਰ ਦੇ ਅੰਕ ਵਿੱਚ ਕੈਨੇਡਾ ਪੜ੍ਹਦੇ ਵਿਦਿਆਰਥੀਆਂ ਦੇ ਦਰਦ ਬਾਰੇ ਲਿਖਿਆ।

ਅਖ਼ਬਾਰ ਮੁਤਾਬਕ, “ਜੇਕਰ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਆਈ ਤਰੇੜ ਹੋਰ ਡੂੰਘੀ ਹੁੰਦੀ ਹੈ ਤਾਂ ਇਸ ਦਾ ਅਸਰ ਕੈਨੇਡਾ ਵਿੱਚ ਪੜ੍ਹਾਈ ਕਰਨ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਉੱਤੇ ਜ਼ਰੂਰ ਪਵੇਗਾ ਅਤੇ ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਦੀ ਕੁੱਲ ਗਿਣਤੀ ਵੀ ਇਸ ਕਾਰਨ ਘੱਟ ਸਕਦੀ ਹੈ।''

ਸਾਲ 2022 ਵਿੱਚ 3,19,000 ਭਾਰਤੀ ਵਿਦਿਆਰਥੀ ਕੈਨੇਡਾ ਵਿੱਚ ਸਟੱਡੀ-ਵੀਜ਼ਾ ਜ਼ਰੀਏ ਪੜ੍ਹ ਰਹੇ ਸਨ।

ਯਕੀਨਨ ਭਾਰਤ ਅਤੇ ਕੈਨੇਡਾ ਦਰਮਿਆਨ ਪੈਦਾ ਹੋਏ ਇਸ ਤਣਾਅ ਦਾ ਨਾ ਸਿਰਫ਼ ਭਾਰਤੀ ਵਿਦਿਆਰਥੀਆਂ ’ਤੇ ਸਿੱਧਾ ਅਸਰ ਪਵੇਗਾ ਸਗੋਂ ਕੈਨੇਡੀਅਨ ਯੂਨੀਵਰਸਿਟੀਆਂ ਨੂੰ ਵੀ ਇਸਦਾ ਖਾਮਿਆਜ਼ਾ ਭੁਗਤਣਾ ਪਵੇਗਾ।”

BBC

ਹਰਜੀਤ ਸਿੰਘ ਨਿੱਝਰ ਦੀ ਮੌਤ, ਟਰੂਡੋ ਦੇ ਇਲਜ਼ਾਮ 'ਤੇ ਪੰਜਾਬੀ ਮੀਡੀਆ

  • ਭਾਰਤੀ ਪੰਜਾਬੀ ਮੀਡੀਆ ਦੇ ਦੇਸ਼-ਵਿਦੇਸ਼ ਵਿੱਚ ਬਹੁਗਿਣਤੀ ਪਾਠਕ ਸਿੱਖ ਹਨ।
  • ਪੰਜਾਬੀ ਮੀਡੀਆ ਦੀਆਂ ਰਿਪੋਰਟਾਂ ’ਚ ਇਹ ਦਰਸਾਉਣ ਦੀ ਕੋਸ਼ਿਸ਼ ਝਲਕਦੀ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਖ਼ਾਲਿਸਤਾਨ ਦੇ ਮੁੱਦੇ ’ਤੇ ਭਾਰਤ-ਕੈਨੇਡਾ ਰਿਸ਼ਤਿਆਂ ਦੇ ਵਿਘੜਨ ਲਈ ਜ਼ਿੰਮੇਵਾਰ ਹਨ।
  • ਪੰਜਾਬੀ ਮੀਡੀਆ ਨੇ ਕੈਨੇਡਾ ਦੀਆਂ ਇਮੀਗ੍ਰੇਸ਼ਨ ਨੀਤੀਆਂ ਅਤੇ ਉੱਥੇ ਪੜ੍ਹਦੇ ਭਾਰਤੀ (ਖ਼ਾਸ ਕਰ ਪੰਜਾਬੀ) ਵਿਦਿਆਰਥੀਆਂ ਦੇ ਭਵਿੱਖ ਉੱਪਰ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।
  • ਕਈ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਨੇ ਕੈਨੇਡਾ ਵੱਲੋਂ ਲਗਾਏ ਗਏ ਇਲਜ਼ਾਮਾਂ ਬਾਰੇ ਭਾਰਤੀ ਸਰਕਾਰ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ।
BBC

ਪੰਜਾਬੀ ਟ੍ਰਿਬਿਊਨ ਤੇ ਅਜੀਤ

ਇਸੇ ਤਰ੍ਹਾਂ ਪੰਜਾਬੀ ਟ੍ਰਿਬਿਊਨ ਦੀ 20 ਸਤੰਬਰ ਦੀ ਸੰਪਾਦਕੀ ਵਿੱਚ ਕੈਨੇਡੀਅਨ ਸਰਕਾਰ ਦੀ ਏਅਰ ਇੰਡੀਆ ਦੀ ਉਡਾਣ (ਜਿਸ ਨੂੰ ਖ਼ਾਲਿਸਤਾਨ ਪੱਖੀਆਂ ਨੇ ਉਡਾ ਦਿੱਤਾ ਸੀ) ਦੇ ਮਾਮਲੇ ਵਿੱਚ ਫੁਰਤੀ ਨਾ ਦਿਖਾਉਣ ਲਈ ਆਲੋਚਨਾ ਕੀਤੀ ਗਈ।

ਸਾਲ 1985 ਵਿੱਚ ਵਾਪਰੇ ਇਸ ਜਹਾਜ਼ ਹਾਦਸੇ ਵਿੱਚ 329 ਯਾਤਰੀਆਂ ਦੀ ਮੌਤ ਹੋ ਗਈ ਸੀ।

ਅਖ਼ਬਾਰ ਨੇ ਲਿਖਿਆ, “ਜੇ ਕੈਨੇਡਾ ਸਰਕਾਰ ਕੋਲ ਨਿੱਝਰ ਦੇ ਕਤਲ ਵਿੱਚ ਭਾਰਤ ਦੇ ਏਜੰਟਾਂ ਦੀ ਸ਼ਮੂਲੀਅਤ ਬਾਰੇ ਸਬੂਤ ਹਨ ਤਾਂ ਉਹ ਭਾਰਤ ਸਰਕਾਰ ਨਾਲ ਫ਼ੌਰੀ ਤੌਰ ’ਤੇ ਸਾਂਝੇ ਕੀਤੇ ਜਾਣੇ ਚਾਹੀਦੇ ਹਨ।”

ਅਖ਼ਬਾਰ ਨੇ ਭਾਰਤ ਦੀ ਕੈਨੇਡੀਅਨ ਹਾਈ ਕਮਿਸ਼ਨ ਦੀ ਕਾਰਵਾਈ ਬਾਰੇ ਲਿਖਿਆ,“ਜਵਾਬ ਵਿੱਚ ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨ ਦੇ ਉੱਚ ਅਧਿਕਾਰੀ ਨੂੰ ਭਾਰਤ ਛੱਡਣ ਦੇ ਹੁਕਮ ਦੇ ਕੇ ਸਹੀ ਕਦਮ ਚੁੱਕਿਆ ਹੈ।“

BBC

ਭਾਰਤ-ਕੈਨੇਡਾ ਮਸਲਾ: ਹੁਣ ਤੱਕ ਕੀ ਕੁਝ ਹੋਇਆ

  • ਸੋਮਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਏਜੰਸੀਆਂ ਦੇ ਹਵਾਲੇ ਨਾਲ ਨਿੱਝਰ ਕਤਲ ਕੇਸ ਅਤੇ ਭਾਰਤ ਸਰਕਾਰ ਵਿਚਾਲੇ ਪ੍ਰਤੱਖ਼ ਲਿੰਕ ਹੋਣ ਦੀ ਗੱਲ ਕਹੀ ਸੀ।
  • ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ।
  • ਭਾਰਤ ਨੇ ਵੀ ਮੰਗਲਵਾਰ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।
  • ਭਾਰਤ ਸਰਕਾਰ ਨੇ ਇਸ ਬਿਆਨ ਨੂੰ ਬੇ-ਬੁਨਿਆਦ ਅਤੇ ਸਿਆਸੀ ਤੌਰ ਉੱਤੇ ਪ੍ਰੇਰਿਤ ਕਰਾਰ ਦਿੱਤਾ ਸੀ।
  • 21 ਸਤੰਬਰ ਨੂੰ ਨਿਊਯਾਰਕ ਵਿੱਚ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣੇ ਇਲਜ਼ਾਮ ਦੁਹਰਾਏ, “ਇਸ ਗੱਲ ਉੱਤੇ ਭਰੋਸਾ ਕਰਨ ਲਈ ਪੁਖ਼ਤਾ ਕਾਰਨ ਹਨ ਕਿ ਭਾਰਤੀ ਏਜੰਟ ਇੱਕ ਕੈਨੇਡੀਅਨ ਨਾਗਰਿਕ ਦੇ ਕੈਨੇਡੀਅਨ ਧਰਤੀ ਉੱਤੇ ਹੋਏ ਕਤਲ ਵਿੱਚ ਸ਼ਾਮਿਲ ਹਨ।”
  • ਇਸ ਵਿਵਾਦ ਦੇ ਚਲਦਿਆਂ ਦੋਵੇਂ ਦੇਸ਼ਾਂ ਨੇ ਆਪਣੇ-ਆਪਣੇ ਨਾਗਰਿਕਾਂ ਨੂੰ ਇੱਕ-ਦੂਜੇ ਦੇ ਦੇਸ਼ 'ਚ ਰਹਿਣ ਜਾਂ ਯਾਤਰਾ ਦੌਰਾਨ ਵਧੇਰੇ ਸਾਵਧਾਨ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ।
  • ਇਸੇ ਦੌਰਾਨ ਅਮਰੀਕਾ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਟਰੂ਼ਡੋ ਵਲੋਂ ਲਾਏ ਇਲਜ਼ਾਮਾਂ ਦੀ ਵਿਸਥਾਰਤ ਜਾਂਚ ਦਾ ਸਮਰਥਕ ਹੈ ਅਤੇ ਭਾਰਤ ਨੂੰ ਇਸ ਮਸਲੇ ਉੱਤੇ ਸਹਿਯੋਗ ਕਰਨਾ ਚਾਹੀਦਾ ਹੈ।
  • ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਮਹਿਲਾ ਬੁਲਾਰੇ ਮੁਮਤਾਜ਼ ਜ਼ਾਹਰਾ ਬਲੋਚ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, ''ਇਹ ਇੱਕ ਲਾਪਰਵਾਹ ਅਤੇ ਗ਼ੈਰ-ਜ਼ਿੰਮੇਦਾਰ ਹਰਕਤ ਹੈ ਜੋ ਇੱਕ ਭਰੋਸੇਯੋਗ ਅੰਤਰ-ਰਾਸ਼ਟਰੀ ਸਹਿਯੋਗੀ ਦੇ ਰੂਪ 'ਚ ਭਾਰਤ ਦੀ ਭਰੋਸੇਯੋਗਤਾ 'ਤੇ ਸਵਾਲ ਹੈ।’’
BBC
ਭਾਰਤ ਸਰਕਾਰ

ਤਸਵੀਰ ਸਰੋਤ, GOVERNEMENT OF INDIA

ਪੰਜਾਬੀ ਦੇ ਹੀ ਅਜੀਤ ਵੈੱਬ ਟੀਵੀ ਉੱਪਰ 20 ਸਤੰਬਰ ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਫ਼ਿਕਰ ਜਤਾਇਆ ਗਿਆ, “ਹਾਲੀਆ ਘਟਨਾਕ੍ਰਮ ਨੇੜਲੇ ਭਵਿੱਖ ਵਿੱਚ ਸਮੱਸਿਆਵਾਂ ਖੜ੍ਹੀਆਂ ਕਰ ਸਕਦਾ ਹੈ। ਇਨ੍ਹਾਂ ਸਵਾਲਾਂ ਦਾ ਉੱਠਣਾ ਸੁਭਾਵਕ ਹੀ ਹੈ ਕਿਉਂਕਿ ਇਲਜ਼ਾਮ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਲਗਾਏ ਗਏ ਹਨ ਅਤੇ ਭਾਰਤੀ ਸਰਕਾਰ ਵੱਲੋਂ ਵੀ ਉਸੇ ਸੁਰ ਵਿੱਚ ਪ੍ਰਤੀਕਿਰਿਆ ਦਿੱਤੀ ਗਈ ਹੈ।”

“ਸਾਨੂੰ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹ ਮੁੱਦਾ ਵੱਡਾ ਮੋੜ ਲਵੇਗਾ ਕਿਉਂਕਿ ਇਸਦੀ ਗੂੰਜ ਬਰਤਾਨਵੀ ਸੰਸਦ ਵਿੱਚ ਵੀ ਸੁਣਾਈ ਦਿੱਤੀ ਹੈ।“

ਜਸਟਿਨ ਟਰੂਡੋ ਅਤੇ ਨਰਿੰਦਰ ਮੋਦੀ

ਤਸਵੀਰ ਸਰੋਤ, JUSTIN TRUDEAU/FB

ਤਸਵੀਰ ਕੈਪਸ਼ਨ, ਦਿੱਲੀ ਵਿੱਚ ਹੋਏ ਜੀ20 ਸੰਮੇਲਨ ਦੌਰਾਨ ਜਸਟਿਨ ਟਰੂਡੋ ਅਤੇ ਨਰਿੰਦਰ ਮੋਦੀ

ਦਿੱਲੀ ਤੋਂ ਸਪਸ਼ਟੀਕਰਨ ਦੀ ਮੰਗ

ਪੰਜਾਬੀ ਟ੍ਰਿਬਿਊਨ ਅਖ਼ਬਾਰ ਨੇ 21 ਸਤੰਬਰ ਨੂੰ ਕੁਝ ਸਿੱਖ ਜਥੇਬੰਦੀਆਂ ਦਾ ਪੱਖ ਪ੍ਰਕਾਸ਼ਿਤ ਕੀਤਾ ਹੈ।

ਇਨ੍ਹਾਂ ਜਥੇਬੰਦੀਆਂ ਨੇ ਭਾਰਤੀ ਸਰਕਾਰ ਨੂੰ ਕੈਨੇਡਾ ਵੱਲੋਂ ਲਗਾਏ ਗਏ ਇਲਜ਼ਾਮਾਂ ਬਾਰੇ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਹੈ।

ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਨੇ ਭਾਰਤ ਸਰਕਾਰ ਤੋਂ ਸਮੁੱਚੇ ਵਿਸ਼ਵ ਵਿੱਚ ਵਸਦੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਕਿਹਾ, “ਜੇ ਕੈਨੇਡਾ ਵਿੱਚ ਰਹਿੰਦੇ ਇੱਕ ਸਿੱਖ ਆਗੂ ਦੇ ਕਤਲ ਵਿੱਚ ਭਾਰਤੀ ਏਜੰਸੀਆਂ ਸ਼ਾਮਲ ਹਨ ਤਾਂ ਇਹ ਬਹੁਤ ਮੰਦਭਾਗਾ ਹੈ।”

ਕਿਵੇਂ ਭਖਿਆ ਮਸਲਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਮੁਲਕ ਦੀ ਸੰਸਦ ਵਿੱਚ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਸਾਲ ਜੂਨ ਵਿੱਚ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਇਦ ਭਾਰਤ ਦੀ ਭੂਮਿਕਾ ਸੀ।

ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ। ਜਵਾਬੀ ਕਾਰਵਾਈ ਵਿੱਚ ਭਾਰਤ ਨੇ ਵੀ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।

ਇਸ ਮਾਮਲੇ 'ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ, ''ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਭਾਰਤ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ। ਸੰਬੰਧਿਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।”

"ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।"

ਭਾਰਤ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)