You’re viewing a text-only version of this website that uses less data. View the main version of the website including all images and videos.
ਮਹਿਲਾ ਭਲਵਾਨ ਮੁੜ ਧਰਨਾ ਦੇਣ ਲਈ ਮਜਬੂਰ ਕਿਉਂ, ਸੁੁਪਰੀਮ ਕੋਰਟ ਨੇ ਮਾਮਲੇ ਉੱਤੇ ਕੀ ਕਿਹਾ
ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਭਲਵਾਨਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਪਹਿਲਵਾਨਾਂ ਦੇ ਇਲਜ਼ਾਮ ਬਹੁਤ ਗੰਭੀਰ ਹਨ।
ਦੱਸ ਦੇਈਏ ਕਿ ਸੱਤ ਕੁਸ਼ਤੀ ਭਲਵਾਨਾਂ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਰਨ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਇਨ੍ਹਾਂ ਭਲਵਾਨ ਦਾ ਇਲਜ਼ਾਮ ਹੈ ਕਿ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਰਨ ਨੇ ਇਕ ਮਹਿਲਾ ਪਹਿਲਵਾਨ ਦਾ ਜਿਨਸੀ ਸ਼ੋਸ਼ਣ ਕੀਤਾ, ਜਿਨ੍ਹਾਂ ਵਿੱਚ ਇੱਕ ਛੋਟੀ ਉਮਰ ਦੀ ਭਲਵਾਨ ਵੀ ਸ਼ਾਮਲ ਹੈ।
ਬੀਬੀਸੀ ਸਹਿਯੋਗੀ ਸੁਚਿਤਰਾ ਮੋਹੰਤੀ ਦੀ ਰਿਪੋਰਟ ਮੁਤਾਬਕ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਇਸ ਅਦਾਲਤ ਨੂੰ ਇਸ ਮਾਮਲੇ 'ਤੇ ਵਿਚਾਰ ਕਰਨ ਦੀ ਲੋੜ ਹੈ।
ਸੁਪਰੀਮ ਕੋਰਟ ਨੇ ਆਪਣੇ ਨਿਰਦੇਸ਼ 'ਚ ਕਿਹਾ, "ਪਟੀਸ਼ਨਕਰਤਾਵਾਂ ਦੀ ਪਛਾਣ ਨੂੰ ਸੋਧਣ ਦੀ ਲੋੜ ਹੈ। ਸਿਰਫ਼ ਸੋਧਿਆ ਹੋਇਆ ਹਿੱਸਾ ਹੀ ਜਨਤਕ ਕੀਤਾ ਜਾਣਾ ਚਾਹੀਦਾ ਹੈ। ਦਿੱਲੀ ਪੁਲਿਸ ਨੂੰ ਜਾਰੀ ਨੋਟਿਸ 'ਤੇ ਸ਼ੁੱਕਰਵਾਰ ਤੱਕ ਜਵਾਬ ਆਉਣਾ ਚਾਹੀਦਾ ਹੈ।"
ਇਲਜ਼ਾਮਾਂ 'ਤੇ ਕੀ ਬੋਲੇ ਬ੍ਰਿਜ ਭੂਸ਼ਣ ਸ਼ਰਨ ਸਿੰਘ
ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਰਨ ਸਿੰਘ ਨੇ ਇਲਜ਼ਾਮਾਂ 'ਤੇ ਕਿਸੇ ਵੀ ਤਰ੍ਹਾਂ ਦੀ ਪ੍ਰਤੀਕਿਰਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਅੱਜ ਜਦੋਂ ਮੀਡੀਆ ਨੇ ਉਨ੍ਹਾਂ ਨੂੰ ਸਬੰਧਿਤ ਮਾਮਲੇ ਬਾਰੇ ਸਵਾਲ ਪੁੱਛੇ ਤਾਂ ਉਨ੍ਹਾਂ ਕਿਹਾ, "ਇਹ ਮਾਮਲਾ ਸੁਪਰੀਮ ਕੋਰਟ 'ਚ ਹੈ, ਇਸ ਲਈ ਉਹ ਇਸ 'ਤੇ ਕੁਝ ਨਹੀਂ ਕਹਿ ਸਕਦੇ।"
ਭਲਵਾਨ ਪਹਿਲਾਂ ਵੀ ਬੈਠੇ ਸਨ ਧਰਨੇ 'ਤੇ
ਇਸ ਤੋਂ ਪਹਿਲਾਂ ਇਸੇ ਸਾਲ ਜਨਵਰੀ ਵਿੱਚ ਵੀ ਇਹ ਭਲਵਾਨ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਧਰਨੇ 'ਤੇ ਬੈਠੇ ਸਨ। ਉਦੋਂ ਵੀ ਉਨ੍ਹਾਂ ਨੇ ਫ਼ੈਡਰੇਸ਼ਨ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਣਸੀ ਸ਼ੋਸ਼ਣ ਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਹਨ।
ਉਸ ਵੇਲੇ ਭਲਵਾਨਾਂ ਨੇ ਇਹ ਵੀ ਇਲਜ਼ਾਮ ਲਗਾਇਆ ਸੀ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਕੁਸ਼ਤੀ ਫ਼ੈਡਰੇਸ਼ਨ ਨੂੰ ਆਪਣੀ ਮਨਮਰਜ਼ੀ ਨਾਲ ਚਲਾਉਂਦੇ ਹਨ ਜਿਸ ਸਦਕਾ ਖਿਡਾਰੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ।
ਕੌਣ ਹਨ ਬ੍ਰਿਜ ਭੂਸ਼ਣ ਸ਼ਰਨ ਸਿੰਘ
1991 ਵਿੱਚ ਪਹਿਲੀ ਵਾਰ ਗੋਂਡਾ ਤੋਂ ਸੰਸਦ ਮੈਂਬਰ ਬਣੇ ਬ੍ਰਿਜ ਭੂਸ਼ਣ ਭਾਰਤੀ ਜਨਤਾ ਪਾਰਟੀ ਦੇ ਦਬੰਗ ਆਗੂਆਂ ਵਿੱਚੋਂ ਇੱਕ ਮੰਨੇ ਜਾਂਦੇ ਹਨ। ਉਹ ਛੇਵੀਂ ਬਾਰ ਸਾਂਸਦ ਬਣੇ ਹਨ।
ਇੱਕ ਜ਼ਮਾਨੇ ਵਿੱਚ ਗੋਂਡਾ ਸ਼ਹਿਰ ਵਿੱਚ ‘ਸਥਾਨਕ ਆਗੂ ਕਹੇ ਜਾਣ ਵਾਲੇ’ ਬ੍ਰਿਜ ਭੂਸ਼ਣ ਸ਼ਰਨ ਸਿੰਘ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਹਨ।
2008 ਵਿੱਚ ਬ੍ਰਿਜ ਭੂਸ਼ਣ ਭਾਜਪਾ ਛੱਡ ਦੇ ਮੁਲਾਇਮ ਸਿੰਘ ਦੀ ਸਮਾਜਵਾਦੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। 2014 ਦੀਆਂ ਲੋਕ ਸਭਾ ਚੋਣਾਂ ਤੋਂ ਕੁਝ ਵਕਤ ਪਹਿਲਾਂ ਹੀ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਵਾਪਸੀ ਕੀਤੀ ਅਤੇ ਲਗਾਤਾਰ ਦੋ ਵਾਰ ਚੋਣ ਜਿੱਤੇ ਚੁੱਕੇ ਹਨ।
ਸਥਾਨਕ ਲੋਕ ਦੱਸਦੇ ਹਨ ਕਿ ਬ੍ਰਿਜ ਭੂਸ਼ਣ ਐਕਟਿਵ ਸਿਆਸਤ ਵਿੱਚ ਉਤਰਨ ਤੋਂ ਪਹਿਲਾਂ ਕੁਸ਼ਤੀ ਦੇ ਮੁਕਾਬਲੇ ਕਰਵਾਉਂਦੇ ਸਨ। ਇਨ੍ਹਾਂ ਨੂੰ ਮਹਿੰਗੀ ਐੱਸਯੂਵੀ ਗੱਡੀਆਂ ਦਾ ਬੇਹੱਦ ਸ਼ੌਕ ਹੈ।
ਜ਼ਿਕਰਯੋਗ ਹੈ ਕਿ ਉਨ੍ਹਾਂ ਉੱਤੇ ਕਤਲ, ਅੱਗਜ਼ਨੀ ਤੇ ਭੰਨ-ਤੋੜ ਕਰਨ ਦੇ ਇਲਜ਼ਾਮ ਵੀ ਲਗ ਚੁੱਕੇ ਹਨ।