ਜਥੇਦਾਰ ਹਰਪ੍ਰੀਤ ਸਿੰਘ ਕਿਵੇਂ ਇੱਕ ਪ੍ਰਚਾਰਕ ਤੋਂ ਜਥੇਦਾਰ ਦੇ ਅਹੁਦੇ ਤੱਕ ਪਹੁੰਚੇ, ਪੰਥਕ ਸਿਆਸਤ ’ਚ ਕਦੋਂ ਉਨ੍ਹਾਂ ਦੇ ਬਿਆਨ ਚਰਚਾ ਦਾ ਵਿਸ਼ਾ ਬਣੇ

ਗਿਆਨੀ ਹਰਪ੍ਰੀਤ ਸਿੰਘ

ਤਸਵੀਰ ਸਰੋਤ, Getty Images

    • ਲੇਖਕ, ਸੁਰਿੰਦਰ ਸਿੰਘ ਮਾਨ
    • ਰੋਲ, ਬੀਬੀਸੀ ਸਹਿਯੋਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਉਥੋਂ ਦੇ ਹੈੱਡ ਗ੍ਰੰਥੀ ਨੂੰ 15 ਦਿਨਾਂ ਲਈ ਜਥੇਦਾਰ ਦੇ ਅਧਿਕਾਰ ਦਿੱਤੇ ਗਏ ਹਨ।

ਗੁਰਪ੍ਰੀਤ ਸਿੰਘ ਸਪੁੱਤਰ ਗੁਰਦੇਵ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ 'ਤੇ ਲਾਏ ਗਏ ਸੰਗੀਨ ਇਲਜ਼ਾਮਾਂ ਦੀ ਜਾਂਚ ਲਈ ਮੀਟਿੰਗ ਵਿੱਚ 3 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ।

ਬੀਬੀਸੀ ਪੱਤਰਕਾਰ ਹਰਮਨਦੀਪ ਸਿੰਘ ਨੇ ਦੱਸਿਆ ਕਿ ਤਿੰਨ ਮੈਂਬਰੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡ ਅਤੇ ਅੰਤ੍ਰਿੰਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ।

ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਜਾਂਚ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇਗੀ।

ਬੀਬੀਸੀ ਪੰਜਾਬੀ
ਤਸਵੀਰ ਕੈਪਸ਼ਨ, ਬੀਬੀਸੀ ਪੰਜਾਬੀ ਦੇ ਵੱਟਸਐਪ ਚੈਨਲ ਨਾਲ ਜੁੜਨ ਲਈ ਇਸ ਲਿੰਕ ’ਤੇ ਕਲਿੱਕ ਕਰੋ

ਹਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਮੈਂਬਰ ਜਸਵੰਤ ਸਿੰਘ ਪੁੜੈਣ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਗਠਿਤ ਕੀਤੀ ਕਮੇਟੀ ਵਿੱਚ ਕਿਸੇ ਵੀ ਵਿਰੋਧੀ ਮੈਂਬਰ ਨੂੰ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਨਿਰਪੱਖ ਜਾਂਚ ਨਹੀਂ ਵਿਰੋਧੀ ਧਿਰ ਦੇ ਮੈਂਬਰ ਵੀ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ।

ਗਿਆਨੀ ਹਰਪ੍ਰੀਤ ਸਿੰਘ ਪਿਛਲੇ ਕੁਝ ਦਿਨਾਂ ਤੋਂ ਪੰਥਕ ਸਿਆਸਤ ਦੇ ਕੇਂਦਰ ਬਿੰਦੂ ਰਹੇ ਹਨ। ਕਈ ਅਕਾਲੀ ਆਗੂਆਂ ਵੱਲੋਂ ਉਨ੍ਹਾਂ ਉਪਰ ਵੱਖ-ਵੱਖ ਇਲਜ਼ਾਮ ਵੀ ਲਗਾਏ ਗਏ। ਇਸ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟੀਕਰਨ ਦਿੰਦਿਆਂ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੇ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਰਿਪੋਰਟ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਪਿਛੋਕੜ ਅਤੇ ਹੁਣ ਤੱਕ ਦੇ ਸਫ਼ਰ 'ਤੇ ਇੱਕ ਝਾਤ ਮਾਰਦੇ ਹਾਂ।

ਗਿਆਨੀ ਹਰਪ੍ਰੀਤ ਸਿੰਘ ਦੇ ਧਾਰਮਿਕ ਜੀਵਨ ਦਾ ਸਫ਼ਰ

ਗਿਆਨੀ ਹਰਪ੍ਰੀਤ ਸਿੰਘ

ਤਸਵੀਰ ਸਰੋਤ, Giani Harpreet Singh

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਧਾਰਮਿਕ ਅਧਿਐਨ ਵਿੱਚ ਮਾਸਟਰ ਡਿਗਰੀ ਹਾਸਲ ਕੀਤੀ ਹੈ।

ਇਸੇ ਤਰ੍ਹਾਂ ਉਨ੍ਹਾਂ ਨੇ ਧਾਰਮਿਕ ਅਤੇ ਗੁਰਮਤਿ ਦੀ ਸਿੱਖਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਦਾਰੇ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਤਲਵੰਡੀ ਸਾਬੋ ਤੋਂ ਹਾਸਲ ਕੀਤੀ।

ਗਿਆਨੀ ਹਰਪ੍ਰੀਤ ਸਿੰਘ ਦਾ ਇਹ ਕੋਰਸ ਤਿੰਨ ਸਾਲਾਂ ਦਾ ਸੀ।

ਉਹ ਸਾਲ 1997 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬਤੌਰ ਪ੍ਰਚਾਰਕ ਭਰਤੀ ਹੋਏ ਸਨ।

ਧਰਮ ਪ੍ਰਚਾਰ ਕਮੇਟੀ ਅਧੀਨ ਦੋ ਸਾਲ ਸੇਵਾ ਨਿਭਾਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ 1999 ਵਿੱਚ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਦਰਬਾਰ ਸਾਹਿਬ ਦਾ ਮੁੱਖ ਗ੍ਰੰਥੀ ਨਿਯੁਕਤ ਕੀਤਾ ਗਿਆ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ 21 ਅਪਰੈਲ 2017 ਨੂੰ ਸਿੱਖਾਂ ਦੇ ਪੰਜਵੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਨਿਯੁਕਤ ਕੀਤਾ ਗਿਆ ਸੀ।

ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੂੰ ਅੰਤ੍ਰਿੰਗ ਕਮੇਟੀ ਵੱਲੋਂ 22 ਅਕਤੂਬਰ 2018 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਸੀ।

ਗਿਆਨੀ ਹਰਪ੍ਰੀਤ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਦੇ ਤੁਲਨਾਤਮਕ ਅਧਿਐਨ ਵਿਸ਼ੇ ਉਪਰ ਪੀਐੱਚਡੀ ਕਰ ਰਹੇ ਹਨ।

ਗਿਆਨੀ ਹਰਪ੍ਰੀਤ ਸਿੰਘ ਬੇਬਾਕ ਟਿੱਪਣੀਆਂ ਕਾਰਨ ਚਰਚਾ ਵਿੱਚ ਰਹੇ

ਗਿਆਨੀ ਹਰਪ੍ਰੀਤ ਸਿੰਘ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, 27 ਮਾਰਚ 2023 ਨੂੰ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇੱਕ ਇਕੱਠ ਦੌਰਾਨ ਪੰਜਾਬ ਸਰਕਾਰ ਵੱਲੋਂ ਬੇਕਸੂਰ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਭੇਜਣ ਦੀ ਗੱਲ ਵੀ ਕਹੀ ਸੀ।

ਗਿਆਨੀ ਹਰਪ੍ਰੀਤ ਸਿੰਘ ਵੱਖ-ਵੱਖ ਸਿੱਖ ਮੁੱਦਿਆਂ ਉੱਪਰ ਆਪਣੀਆਂ ਬੇਬਾਕ ਟਿੱਪਣੀਆਂ ਕਾਰਨ ਵੀ ਸਿੱਖ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣੇ ਰਹੇ ਹਨ।

ਉਨ੍ਹਾਂ ਨੇ ਅਕਾਲ ਤਖ਼ਤ ਦੇ ਆਪਣੇ ਕਾਰਜਕਾਲ ਦੌਰਾਨ ਸਿੱਖ ਮੁੱਦਿਆਂ ਦੀ ਖੁੱਲ੍ਹ ਕੇ ਵਕਾਲਤ ਕੀਤੀ ਸੀ।

ਸਿੱਖ ਸਿਆਸਤ ਉੱਪਰ ਖੁੱਲ੍ਹ ਕੇ ਬੋਲਣ ਕਾਰਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਉਨ੍ਹਾਂ ਸਬੰਧੀ ਟਿੱਪਣੀਆਂ ਵੀ ਕਰਦੇ ਰਹੇ ਹਨ।

ਕੇਂਦਰ ਸਰਕਾਰ ਵੱਲੋਂ ਭਾਰਤ ਵਿੱਚ ਸੀਏਏ ਅਤੇ ਐੱਨਆਰਸੀ ਕਾਨੂੰਨ ਲਾਗੂ ਕਰਨ ਦੇ ਖਿਲਾਫ਼ ਉੱਠੇ ਸੰਘਰਸ਼ ਦੀ ਉਨ੍ਹਾਂ ਨੇ ਡਟਵੀਂ ਹਮਾਇਤ ਕੀਤੀ ਸੀ।

ਇੱਕ ਸਮਾਂ ਇਹ ਵੀ ਆਇਆ ਜਦੋਂ ਉਨ੍ਹਾਂ ਨੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ 'ਸਰਮਾਏਦਾਰਾਂ' ਦੀ ਪਾਰਟੀ ਵੀ ਕਹਿ ਦਿੱਤਾ ਸੀ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਆਪਣੇ ਕਾਰਜਕਾਲ ਸਮੇਂ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਸਬੰਧੀ ਵੀ ਟਿੱਪਣੀਆਂ ਕੀਤੀਆਂ ਸਨ।

ਇਹ ਵੀ ਪੜ੍ਹੋ-

ਅੰਮ੍ਰਿਤਪਾਲ ਦੇ ਮਾਮਲੇ ਉਪਰ ਬੋਲੇ

27 ਮਾਰਚ 2023 ਨੂੰ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇੱਕ ਇਕੱਠ ਦੌਰਾਨ ਪੰਜਾਬ ਸਰਕਾਰ ਵੱਲੋਂ ਬੇਕਸੂਰ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਭੇਜਣ ਦੀ ਗੱਲ ਵੀ ਕਹੀ ਸੀ।

ਇਹ ਉਹ ਸਮਾਂ ਸੀ, ਜਦੋਂ 'ਵਾਰਿਸ ਪੰਜਾਬ ਦੇ' ਆਗੂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਸੀ।

ਇਸੇ ਸਮੇਂ ਗਿਆਨੀ ਹਰਪ੍ਰੀਤ ਸਿੰਘ ਦਾ ਉਹ ਬਿਆਨ ਵੀ ਚਰਚਾ ਵਿੱਚ ਆਇਆ ਸੀ, ਜਦੋਂ ਉਨ੍ਹਾਂ ਨੇ ਪੰਜਾਬ ਵਿੱਚ 325 ਟੈਸਟ ਟਿਊਬ ਬੇਬੀ ਸੈਂਟਰ ਖੋਲ੍ਹਣ ਦੀ ਗੱਲ ਕਹੀ ਸੀ।

ਉਨ੍ਹਾਂ ਕਿਹਾ ਸੀ, "ਸਾਡੀਆਂ ਨਸਲਾਂ ਅਤੇ ਫਸਲਾਂ ਤਬਾਹ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਗੈਰ ਪੰਜਾਬੀਆਂ ਦਾ ਸੀਮਨ ਪੰਜਾਬ ਵਿੱਚ ਵਰਤਿਆ ਜਾ ਰਿਹਾ ਹੈ।"

ਰਾਘਵ ਚੱਢਾ ਦੇ ਵਿਆਹ 'ਚ ਜਾਣ ਬਾਰੇ ਛਿੜੀ ਸੀ ਚਰਚਾ

ਗਿਆਨੀ ਹਰਪ੍ਰੀਤ ਸਿੰਘ ‘ਆਪ’ ਆਗੂ ਰਾਘਵ ਚੱਢਾ ਦੇ ਵਿਆਹ ਸਮਾਗਮ ਵਿੱਚ ਜਾਣ ’ਤੇ ਵੀ ਸਿਆਸੀ ਆਗੂਆਂ ਦੇ ਨਿਸ਼ਾਨੇ ’ਤੇ ਆਏ ਸਨ।

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਗਿਆਨੀ ਹਰਪ੍ਰੀਤ ਸਿੰਘ ‘ਆਪ’ ਆਗੂ ਰਾਘਵ ਚੱਢਾ ਦੇ ਵਿਆਹ ਸਮਾਗਮ ਵਿੱਚ ਜਾਣ ’ਤੇ ਵੀ ਸਿਆਸੀ ਆਗੂਆਂ ਦੇ ਨਿਸ਼ਾਨੇ ’ਤੇ ਆਏ ਸਨ।

ਗਿਆਨੀ ਹਰਪ੍ਰੀਤ ਸਿੰਘ ਉਸ ਵੇਲੇ ਵੀ ਸਿਆਸੀ ਆਗੂਆਂ ਦੇ ਨਿਸ਼ਾਨੇ 'ਤੇ ਆਏ ਸਨ, ਜਦੋਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਅਤੇ ਅਦਾਕਾਰਾ ਪਰਿਨੀਤੀ ਚੋਪੜਾ ਦੇ ਵਿਆਹ ਸਮਾਗਮ ਵਿੱਚ ਹਿੱਸਾ ਲਿਆ ਸੀ।

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਸਮੇਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਗਿਆ ਭਾਸ਼ਣ ਵੀ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਸਲਾਹਿਆ ਗਿਆ ਸੀ।

ਪਿਛਲੇ ਦਿਨੀਂ ਜਦੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਅਕਾਲ ਤਖ਼ਤ ਸਾਹਿਬ ਉੱਪਰ ਤਲਬ ਕੀਤਾ ਗਿਆ ਸੀ ਤਾਂ ਉਸ ਵੇਲੇ ਤੋਂ ਗਿਆਨੀ ਹਰਪ੍ਰੀਤ ਸਿੰਘ ਅਤੇ ਵਲਟੋਹਾ ਦਰਮਿਆਨ ਸ਼ਬਦੀ ਜੰਗ ਚੱਲੀ।

ਹੁਣ ਜਿਵੇਂ ਹੀ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਰਿਸ਼ਤੇਦਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਸ਼ਿਕਾਇਤ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਦਿੱਤੀ ਗਈ ਹੈ ਤਾਂ ਪੰਥਕ ਹਲਕਿਆਂ ਵਿੱਚ ਇਹ ਮਾਮਲਾ ਪੂਰੀ ਤਰ੍ਹਾਂ ਨਾਲ ਭਖ ਗਿਆ।

ਗਿਆਨੀ ਹਰਪ੍ਰੀਤ ਸਿੰਘ ਨੇ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਪਣੇ ਸੰਬੋਧਨ ਵਿੱਚ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਸਾਬਕਾ ਆਗੂ ਜਾਣਬੁੱਝ ਕੇ ਉਨ੍ਹਾਂ ਖ਼ਿਲਾਫ਼ ਪੁਰਾਣੀਆਂ ਗੱਲਾਂ ਨੂੰ ਸਾਹਮਣੇ ਲਿਆ ਕੇ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸਬੰਧ ਵਿੱਚ ਅਕਾਲ ਤਖ਼ਤ ਦੇ ਸਕੱਤਰੇਤ ਵਾਲੀ ਜਾਰੀ ਕੀਤੀ ਗਈ ਵੀਡੀਓ ਵੀ ਇੱਕ ਕਥਿਤ ਸਾਜ਼ਿਸ਼ ਦਾ ਹਿੱਸਾ ਹੈ।

ਇਹ ਵੀ ਪੜ੍ਹੋ-

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)