ਹਰਦੀਪ ਸਿੰਘ ਨਿੱਝਰ ਕੌਣ ਸੀ, ਜਿਸ ਦੇ ਕਤਲ ਦਾ ਇਲਜ਼ਾਮ ਕੈਨੇਡਾ ਭਾਰਤ ਉੱਤੇ ਲਾ ਰਿਹਾ

ਤਸਵੀਰ ਸਰੋਤ, FB/Virsa Singh Valtoha
- ਲੇਖਕ, ਗਗਨਦੀਪ ਸਿੰਘ ਜੱਸੋਵਾਲ
- ਰੋਲ, ਬੀਬੀਸੀ ਪੱਤਰਕਾਰ
ਖਾਲਿਸਤਾਨ ਹਮਾਇਤੀ ਤੇ ਭਾਰਤ ਸਰਕਾਰ ਨੂੰ ਕਈ ਮਾਮਲਿਆਂ ਵਿੱਚ ਲੋੜੀਂਦੇ 45 ਸਾਲਾ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਦੇ ਸਰੀ ਵਿਖੇ ਇਸ ਸਾਲ ਜੂਨ ਵਿੱਚ ਕਤਲ ਹੋਇਆ ਸੀ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਕੇਸ ਨਾਲ ਭਾਰਤ ਦਾ ਨਾਂ ਜੋੜਿਆ ਹੈ।
ਕਤਲ ਦੀ ਇਹ ਵਾਰਦਾਤ 18 ਜੂਨ ਦੀ ਰਾਤ ਨੂੰ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪਾਰਕਿੰਗ ਵਿੱਚ ਵਾਪਰੀ ਸੀ।
ਪੁਲਿਸ ਨੇ ਇਸ ਕਤਲ ਦੀ ਵਾਰਦਾਤ ਦੀ ਪੁਸ਼ਟੀ ਕਰਦਿਆਂ ਦੱਸਿਆ ਗਿਆ ਸੀ ਕਿ ਨਿੱਝਰ ਨੂੰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕੀਤਾ ਹੈ।
ਨਿੱਝਰ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਨ।
ਸੋਮਵਾਰ ਨੂੰ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ (ਸੰਸਦ) ਵਿੱਚ ਬੋਲਦਿਆਂ ਟਰੂਡੋ ਨੇ ਕਿਹਾ, ‘‘ਕੈਨੇਡੀਅਨ ਧਰਤੀ ਉੱਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੀ ਖੁਦਮੁਖਤਿਆਰੀ ਦਾ ਨਾ-ਸਹਿਣਯੋਗ ਉਲੰਘਣ ਹੈ।’’
‘‘ਇਹ ਅਜ਼ਾਦ, ਖੁੱਲ੍ਹੇ ਅਤੇ ਜਮਹੂਰੀ ਮੁੱਢਲੇ ਨਿਯਮ ਜਿਨ੍ਹਾਂ ਨਾਲ ਸਮਾਜ ਚੱਲਦਾ ਹੈ, ਉਸ ਦੇ ਵੀ ਖ਼ਿਲਾਫ਼ ਹੈ।’’
ਇਸੇ ਦੌਰਾਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉੱਥੋਂ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਦੇ ਬਿਆਨ ਨੂੰ ਵਾਚਿਆ ਅਤੇ ਰੱਦ ਕਰ ਦਿੱਤਾ।
ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੈਨੇਡਾ ਵਿੱਚ ਹਿੰਸਾ ਦੀ ਕਿਸੇ ਵੀ ਕਾਰਵਾਈ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ ਬੇਬੁਨਿਆਦ ਅਤੇ ਪ੍ਰੇਰਿਤ ਹਨ।
ਦੂਜੇ ਪਾਸੇ ਕੈਨੇਡੀਅਨ ਪ੍ਰਧਾਨ ਮੰਤਰੀ ਵੱਲੋਂ ਸੰਸਦ ਵਿੱਚ ਕੀਤੀ ਗਈ ਟਿੱਪਣੀ ਤੋਂ ਬਾਅਦ ਵਿਦੇਸ਼ ਮੰਤਰੀ ਮੇਲਾਨੀ ਜੋਲੀ ਨੇ ਦੱਸਿਆ ਕਿ ਕੈਨੇਡਾ ਨੇ ਭਾਰਤੀ ਕੂਟਨੀਤਕ ਪਵਨ ਕੁਮਾਰ ਰਾਏ ਨੂੰ ਮੁਲਕ ਛੱਡਣ ਲ਼ਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ:

ਕੌਣ ਸੀ ਹਰਦੀਪ ਸਿੰਘ ਨਿੱਝਰ

ਤਸਵੀਰ ਸਰੋਤ, BBC/Pardeep Sharma
ਹਰਦੀਪ ਸਿੰਘ ਨਿੱਝਰ ਜਲੰਧਰ ਦੇ ਪਿੰਡ ਭਾਰ ਸਿੰਘ ਪੁਰਾ ਨਾਲ ਸਬੰਧਤ ਸੀ। ਭਾਰਤ ਸਰਕਾਰ ਅਨੁਸਾਰ, ਨਿੱਝਰ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਸੀ ਅਤੇ ਖਾਲਿਸਤਾਨ ਟਾਈਗਰ ਫੋਰਸ ਦੇ ਮਾਡਿਊਲ ਮੈਂਬਰਾਂ ਨੂੰ ਸੰਚਾਲਨ, ਨੈੱਟਵਰਕਿੰਗ, ਸਿਖਲਾਈ ਅਤੇ ਵਿੱਤੀ ਮਦਦ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ।
ਪੰਜਾਬ ਸਰਕਾਰ ਅਨੁਸਾਰ, ਕੌਮੀ ਜਾਂਚ ਏਜੰਸੀ (NIA) ਤਰਫੋਂ ਨਿੱਝਰ ਦੀ ਕੁੱਲ 11 ਕਨਾਲ 13.5 ਮਰਲੇ ਜ਼ਮੀਨ ਜਲੰਧਰ ਦੇ ਫਿਲੌਰ ਸਬ-ਡਿਵੀਜ਼ਨ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਭਾਰਾ ਸਿੰਘ ਪੁਰਾ ਵਿੱਚ ਜ਼ਬਤ ਕੀਤੀ ਗਈ ਸੀ।
ਸਿੱਖਸ ਫਾਰ ਜਸਟਿਸ ਦੇ ਖਿਲਾਫ ਇੱਕ ਵੱਖਰੇ ਖਾਲਿਸਤਾਨ ਰਾਸ਼ਟਰ ਲਈ ਆਪਣੀ ਆਨਲਾਈਨ ਮੁਹਿੰਮ "ਸਿੱਖ ਰੈਫਰੈਂਡਮ 2020" ਲਈ ਇੱਕ ਕੇਸ ਦੇ ਸਬੰਧ ਵਿੱਚ 2020 ਵਿੱਚ ਪੰਜਾਬ ਵਿੱਚ ਨਿੱਝਰ ਦੀ ਜਾਇਦਾਦ ਕੁਰਕ ਕੀਤੀ ਗਈ ਸੀ।
ਨਿੱਝਰ 1997 ਵਿੱਚ ਕੈਨੇਡਾ ਗਏ ਸੀ। ਉਨ੍ਹਾਂ ਦੇ ਮਾਤਾ-ਪਿਤਾ ਕੋਵਿਡ-19 ਲੌਕਡਾਊਨ ਤੋਂ ਪਹਿਲਾਂ ਪਿੰਡ ਆਏ ਸਨ। ਨਿੱਝਰ ਵਿਆਹੇ ਸੀ ਤੇ ਉਨ੍ਹਾਂ ਦੇ ਦੋ ਪੁੱਤਰ ਹਨ। ਕੈਨੇਡਾ ਵਿੱਚ ਨਿੱਝਰ ਪਲੰਬਰ ਵਜੋਂ ਕੰਮ ਕਰਦੇ ਸੀ।
ਭਾਰਤੀ ਦੀ ਕੌਮੀ ਜਾਂਚ ਏਜੰਸੀ (ਐੱਨਆਈਏ) ਮੁਤਾਬਕ ਨਿੱਝਰ ’ਤੇ ਇਲਜ਼ਾਮ ਸਨ ਕਿ ਉਹ ਕਥਿਤ ਤੌਰ 'ਤੇ ਕੇਟੀਐੱਫ਼ (ਖਾਲਿਸਤਾਨ ਟਾਈਗਰ ਫੋਰਸ) ਦੇ ਮੁਖੀ ਜਗਤਾਰ ਸਿੰਘ ਤਾਰਾ ਨਾਲ ਮੁਲਾਕਾਤ ਕਰਨ ਲਈ 2013-14 ਵਿੱਚ ਪਾਕਿਸਤਾਨ ਗਏ ਸੀ।
ਤਾਰਾ ਨੂੰ 2015 ਵਿੱਚ ਥਾਈਲੈਂਡ ਵਿੱਚ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਗਿਆ ਸੀ।
ਏਜੰਸੀ ਮੁਤਾਬਕ ਨਿੱਝਰ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਨਾਲ ਵੀ ਜੁੜੇ ਹੋਏ ਸੀ। ਨਿੱਝਰ ਨੂੰ ਹਾਲ ਹੀ 'ਚ ਆਸਟ੍ਰੇਲੀਆ 'ਚ ਖਾਲਿਸਤਾਨ ਰੈਫਰੈਂਡਮ ਲਈ ਹੋਈ ਵੋਟਿੰਗ ਦੌਰਾਨ ਦੇਖਿਆ ਗਿਆ ਸੀ।
ਨਿੱਝਰ 'ਤੇ ਲੱਗੇ ਇਲਜ਼ਾਮ

ਤਸਵੀਰ ਸਰੋਤ, BBC/Pardeep Sharma
ਭਾਰਤੀ ਦੀ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਨਿੱਝਰ ’ਤੇ 10 ਲੱਖ ਰੁਪਏ ਦਾ ਨਕਦ ਇਨਾਮ ਐਲਾਨਿਆ ਸੀ।
ਪੰਜਾਬ ਪੁਲਿਸ ਦੇ ਸੂਤਰਾਂ ਮੁਤਾਬਕ ਨਿੱਝਰ ਦਾ ਨਾਂ ਉਸ ਵਾਂਟੇਡ ਲਿਸਟ ਵਿੱਚ ਸੀ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2018 ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਭਾਰਤ ਫੇਰੀ ਦੌਰਾਨ ਸੌਂਪੀ ਸੀ।
ਨਿੱਝਰ ਦਾ ਨਾਂ ਉਸ ਐੱਫ਼ਆਈਆਰ ਵਿੱਚ ਵੀ ਸੀ ਜੋ ਦਸੰਬਰ 2020 ਵਿੱਚ ਐੱਨਆਈਏ ਨੇ ਦਰਜ ਕੀਤੀ ਸੀ, ਜਦੋਂ ਪੰਜਾਬ ਤੇ ਹੋਰ ਸੂਬਿਆਂ ਦੇ ਕਿਸਾਨ ਦਿੱਲੀ ਵਿੱਚ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ।
ਐੱਨਆਈਏ ਨੇ ਕਈ ਸਿੱਖ ਕਾਰਕੁਨਾਂ ਦੇ ਨਾਂ ਉਸ ਐਫ਼ਆਈਆਰ ਵਿੱਚ ਦਰਜ ਕੀਤੇ ਸੀ।
ਇਨ੍ਹਾਂ ਵਿੱਚ ਹਰਦੀਪ ਸਿੰਘ ਨਿੱਝਰ, ਗੁਰਪਤਵੰਤ ਸਿੰਘ ਪੰਨੂ ਅਤੇ ਪਰਮਜੀਤ ਸਿੰਘ ਪੰਮਾ ਸ਼ਾਮਲ ਸਨ।
ਇਨ੍ਹਾਂ ’ਤੇ ਲੋਕਾਂ ਵਿੱਚ ਡਰ ਪੈਦਾ ਕਰਕੇ ਭਾਰਤ ਖਿਲਾਫ ਬਗਾਵਤ ਕਰਵਾਉਣ, ਲੋਕਾਂ ਵਿੱਚ ਨਿਰਾਸ਼ਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਭੜਕਾਉਣ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲਾਏ ਗਏ ਸਨ।
ਖਾਲਿਸਤਾਨ ਹਮਾਇਤੀ ਜਿੰਨ੍ਹਾਂ ਦੀ ਹਾਲ ਹੀ ’ਚ ਮੌਤ ਹੋਈ

ਤਸਵੀਰ ਸਰੋਤ, Social Media
ਹਰਦੀਪ ਸਿੰਘ ਨਿੱਝਰ ਦੀ ਮੌਤ 18 ਜੂਨ ਨੂੰ ਕੈਨੇਡਾ ਦੇ ਸਰੀ ਵਿੱਚ ਹੋਈ।
ਇਸ ਤੋਂ ਪਹਿਲਾਂ ਯੂਕੇ ਵਿੱਚ ਖਾਲਿਸਤਾਨ ਹਮਾਇਤੀ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਅਵਤਾਰ ਸਿੰਘ ਖੰਡਾ ਦਾ 15 ਜੂਨ ਨੂੰ ਬਰਮਿੰਘਮ ਯੂਕੇ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਖੰਡਾ ਦੀ ਮੌਤ ਦਾ ਸਹੀ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਇਸ ਸਾਲ ਮਈ ਵਿੱਚ ਅਜਿਹੀਆਂ ਖਬਰਾਂ ਆਈਆਂ ਸਨ ਕਿ ਖਾਲਿਸਤਾਨ ਹਮਾਇਤੀ ਪਰਮਜੀਤ ਸਿੰਘ ਪੰਜਵੜ ਪਾਕਿਸਤਾਨ ਦੇ ਲਾਹੌਰ ਵਿੱਚ ਕਥਿਤ ਤੌਰ 'ਤੇ ਮਾਰੇ ਗਏ ਸੀ। ਉਹ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਵਿੱਚੋਂ ਇੱਕ ਸੀ। ਹਾਲਾਂਕਿ ਉਨ੍ਹਾਂ ਦੀ ਮੌਤ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਪਰਮਜੀਤ ਸਿੰਘ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਜਵੜ ਨਾਲ ਸਬੰਧਤ ਹਨ। ਸਾਲ 1986 ਵਿਚ ਖਾਲਿਸਤਾਨ ਕਮਾਂਡੋ ਫੋਰਸ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਕੇਂਦਰੀ ਸਹਿਕਾਰੀ ਬੈਂਕ ਵਿਚ ਕੰਮ ਕਰਦੇ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਪੰਜਾਬ ਵਿਚ ਉਨ੍ਹਾਂ ਦੇ ਜੱਦੀ ਸਥਾਨ 'ਤੇ ਕੀਤੀ ਗਈ ਸੀ।
ਰਿਪੁਦਮਨ ਮਲਿਕ ਦਾ ਕਤਲ ਵੀ ਰਹੱਸ ਬਣਿਆ ਹੋਇਆ ਹੈ।
75 ਸਾਲ ਦੇ ਰਿਪੁਦਮਨ ਸਿੰਘ ਮਲਿਕ ਦਾ 15 ਜੂਨ, 2022 ਨੂੰ ਸਰੀ (ਕੈਨੇਡਾ) ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਮਲਿਕ ਅਤੇ ਸਹਿ-ਦੋਸ਼ੀ ਅਜੈਬ ਸਿੰਘ ਬਾਗੜੀ ਨੂੰ 2005 ਵਿੱਚ 1985 ਦੇ ਦੋ ਬੰਬ ਧਮਾਕਿਆਂ ਨਾਲ ਜਹਾਜ਼ ਉਡਾਉਣ ਅਤੇ ਸਬੰਧਤ ਸਾਜ਼ਿਸ਼ ਰਚਣ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਸੀ ਜਿਸ ਵਿੱਚ 331 ਲੋਕ ਮਾਰੇ ਗਏ ਸਨ।
ਰਿਪੁਦਮਨ ਮਲਿਕ ਬੱਬਰ ਖਾਲਸਾ ਨਾਲ ਜੁੜੇ ਹੋਏ ਸਨ। ਭਾਰਤ ਸਰਕਾਰ ਨੇ ਉਨ੍ਹਾਂ ਦਾ ਨਾਂ ਕਾਲੀ ਸੂਚੀ ਤੋਂ ਹਟਾ ਦਿੱਤਾ ਸੀ। ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਵੀ ਕੀਤੀ ਸੀ।
ਇਸ ਸਾਲ ਫਰਵਰੀ 'ਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸਿੱਖਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਲਈ ਧੰਨਵਾਦ ਕੀਤਾ ਸੀ।
ਮਲਿਕ ਦੀ ਚਿੱਠੀ ਵਿੱਚ 1984 ਦੇ ਦੰਗਿਆਂ ਦੇ ਕੇਸਾਂ ਨੂੰ ਮੁੜ ਖੋਲ੍ਹਣ ਸਮੇਤ ਭਾਜਪਾ ਸਰਕਾਰ ਵੱਲ਼ੋਂ ਕੀਤੀਆਂ ਗਈਆਂ ਵੱਖ-ਵੱਖ ਸਿੱਖ-ਪੱਖੀ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ ਸੀ।












