ਪੰਜਾਬ ’ਚ ਅਕਾਲੀ ਦਲ ਦਾ ਜ਼ਿਮਨੀ ਚੋਣਾਂ ਨਾ ਲੜਨ ਦਾ ਐਲਾਨ, ਅਕਾਲ ਤਖ਼ਤ ਦੇ ਜਥੇਦਾਰ ਨੇ ਸੁਖਬੀਰ ਬਾਦਲ ਤੇ ਪਾਰਟੀ ਬਾਰੇ ਇਹ ਕਿਹਾ

iਗਿਆਨੀ ਰਘਬੀਰ ਸਿੰਘ ਤੇ ਸੁਖਬੀਰ ਸਿੰਘ ਬਾਦਲ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖ਼ਤ ਵਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਹਿੱਸਾ ਨਹੀਂ ਲਵੇਗਾ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਚੋਣਾਂ ਲੜਨ ’ਤੇ ਕੋਈ ਪਾਬੰਦੀ ਨਹੀਂ ਹੈ।

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨਣ ਵਿੱਚ ਲੱਗੀਆਂ ਹੋਈਆਂ ਹਨ। ਉਸ ਸਮੇਂ ਸੀਨੀਅਰ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਂਨਫ਼ਰੰਸ ਨੂੰ ਸੰਬੋਧਿਤ ਕਰਦਿਆਂ ਪਾਰਟੀ ਦਾ ਇਹ ਫ਼ੈਸਲਾ ਦੱਸਿਆ।

ਚੀਮਾ ਨੇ ਕਿਹਾ ਕਿ ਪਾਰਟੀ ਦੇ ਮੁੱਖ ਦਫ਼ਤਰ ’ਚ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਸੱਦੀ ਗਈ ਸੀ ਜਿਸ ਵਿੱਚ ਸਾਰਿਆਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ ਪਾਰਟੀ ਵੱਲੋਂ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਚਾਰਾਂ ਸੀਟਾਂ ’ਤੇ ਆਪਣੇ ਉਮੀਦਵਾਰ ਨਹੀਂ ਖੜੇ ਕੀਤੇ ਜਾਣਗੇ।

ਉਨ੍ਹਾਂ ਇਸ ਪਿੱਛੇ ਮੁੱਖ ਕਾਰਨ ਤਖ਼ਤ ਸ਼੍ਰੀ ਅਕਾਲ ਤਖ਼ਤ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣਾ ਦੱਸਿਆ।

ਹਾਲਾਂਕਿ ਅਕਾਲ ਤਖ਼ਤ ਦੇ ਜਥੇਦਾਰ ਰਖਬੀਰ ਸਿੰਘ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਸ਼੍ਰੋਮਣੀ ਅਕਾਲੀ ਦਲ ਉੱਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਲੜਨ ਸਬੰਧੀ ਕਿਸੇ ਕਿਸਮ ਦੀ ਕੋਈ ਪਾਬੰਦੀ ਨਹੀਂ ਹੈ।

ਜ਼ਿਕਰਯੋਗ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ 30 ਅਗਸਤ ਨੂੰ 'ਤਨਖ਼ਾਹੀਆ' ਐਲਾਨਿਆ ਗਿਆ ਸੀ। ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਜ਼ਿਮਨੀ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਛੋਟ ਦਿੱਤੀ ਜਾਵੇ।

ਜਿਸ ਦੇ ਜਵਾਬ ਵਿੱਚ ਬੁੱਧਵਾਰ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਸੀ ਕਿ ਕੋਈ ਵੀ ਤਨਖ਼ਾਹੀਆ ਵਿਅਕਤੀ ਜਦੋਂ ਤੱਕ ਸ਼੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਸੰਬੰਧਿਤ ਮਾਮਲੇ ਸਬੰਧੀ ਤਨਖ਼ਾਹ ਨਹੀਂ ਲਗਵਾ ਲੈਂਦਾ ਅਤੇ ਇਸ ਨੂੰ ਪੂਰਾ ਨਹੀਂ ਕਰ ਲੈਂਦਾ ਉਸ ਨੂੰ ਅਜਿਹੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ।

ਉਨ੍ਹਾਂ ਇਹ ਮਾਮਲਾ ਦਿਵਾਲੀ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨ ਦਾ ਭਰੋਸਾ ਦਿੱਤਾ ਸੀ।

ਬੀਬੀਸੀ ਪੰਜਾਬੀ
ਤਸਵੀਰ ਕੈਪਸ਼ਨ, ਬੀਬੀਸੀ ਪੰਜਾਬੀ ਦੇ ਵੱਟਸਐਪ ਚੈਨਲ ਨਾਲ ਜੁੜਨ ਲਈ ਇਸ ਲਿੰਕ ’ਤੇ ਕਲਿੱਕ ਕਰੋ

‘ਪਾਰਟੀ ਪ੍ਰਧਾਨ ਦੇ ਨਾਲ’

ਚੀਮਾ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਨੇ ਜੋ ਵੀ ਨੈਤਿਕ ਜ਼ਿੰਮੇਵਾਰੀ ਲਈ ਹੈ ਉਹ ਪਾਰਟੀ ਕਰਕੇ ਲਈ ਹੈ। ਅਸੀਂ ਕਦੀ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਹਰ ਨਹੀਂ ਹਾਂ।”

“ਅਸੀਂ ਇਸ ਮਸਲੇ ਉੱਤੇ ਆਪਣੀ ਵੱਡੀ ਜ਼ਿੰਮੇਵਾਰੀ ਸਮਝਦੇ ਹਾਂ ਅਤੇ ਮੰਨਦੇ ਹਾਂ ਕਿ ਅਕਾਲ ਤਖ਼ਤ ਤੋਂ ਆਇਆ ਹੁਕਮ ਇਕੱਲੇ ਪਾਰਟੀ ਪ੍ਰਧਾਨ ਲਈ ਨਹੀਂ ਹੈ ਬਲਕਿ ਜੇ ਮੁਖੀ ਨੂੰ ਕੋਈ ਹੁਕਮ ਦਿੱਤਾ ਗਿਆ ਹੈ ਤਾਂ ਉਹ ਸੰਦੇਸ਼ ਸਾਰਾ ਪਰਿਵਾਰ ਯਾਨੀ ਸਾਰੀ ਪਾਰਟੀ ਵਾਸਤੇ ਵੀ ਹੈ।”

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ 30 ਅਗਸਤ ਨੂੰ 'ਤਨਖ਼ਾਹੀਆ' ਐਲਾਨੇ ਜਾਣ ਮਗਰੋਂ 31 ਅਗਸਤ ਨੂੰ ਸੁਖਬੀਰ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੀ।

ਡਾਕਟਰ ਦਲਜੀਤ ਸਿੰਘ ਬਾਦਲ

ਤਸਵੀਰ ਸਰੋਤ, Shiromani Akali Dal/FB

ਤਸਵੀਰ ਕੈਪਸ਼ਨ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਬਾਦਲ ਨੇ ਪ੍ਰੈਸ ਕਾਂਨਫ਼ਰੰਸ ਕਰਕੇ ਪਾਰਟੀ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ

ਅਕਾਲ ਤਖ਼ਤ ਦਾ ਸੰਦੇਸ਼

ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਜ਼ਿਮਨੀ ਚੋਣਾਂ ਅਤੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣ ਬਾਰੇ ਇੱਕ ਵੀਡੀਓ ਜਾਰੀ ਕਰਕੇ ਅਕਾਲ ਤਖ਼ਤ ਦੇ ਹੁਕਮਾਂ ਬਾਰੇ ਦੱਸਿਆ।

ਉਨ੍ਹਾਂ ਕਿਹਾ, “ਪੰਜਾਬ ਵਿੱਚ ਅਗਲੇ ਮਹੀਨੇ ਚਾਰ ਹਲਕਿਆਂ ਵਿੱਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੀ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈ ਸਕਦਾ ਹੈ। ਉਹ ਚੋਣਾਂ ਲੜ ਸਕਦਾ ਹੈ।”

“ਅਕਾਲੀ ਦਲ ਦੇ ਚੋਣਾਂ ਲੜਨ ’ਤੇ ਕੋਈ ਪਾਬੰਦੀ ਨਹੀਂ ਹੈ। ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਮਾਮਲਾ ਹੈ ਜਿਸ ਵਿੱਚ ਅਕਾਲ ਤਖ਼ਤ ਦੀ ਪਰੰਪਰਾ ਅਤੇ ਮਰਿਆਦਾ ਮੁਤਾਬਕ ਉਨ੍ਹਾਂ ਨੂੰ ਚੋਣ ਲੜਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਬਾਕੀ ਸਾਰੀ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈ ਸਕਦੀ ਹੈ।”

ਸ਼੍ਰੀ ਅਕਾਲ ਤਖ਼ਤ ਸਾਹਿਬ
ਤਸਵੀਰ ਕੈਪਸ਼ਨ, ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ 30 ਅਗਸਤ ਨੂੰ 'ਤਨਖ਼ਾਹੀਆ' ਐਲਾਨਿਆ ਗਿਆ ਸੀ

‘ਤਨਖ਼ਾਹੀਏ’ ਹੋਣ ਦਾ ਕੀ ਅਰਥ ਹੈ?

ਪੰਥਕ ਹਲਕਿਆਂ ਨਾਲ ਜੁੜੀਆਂ ਸ਼ਖਸ਼ੀਅਤਾਂ ਅਤੇ ਪੰਥਕ ਸਿਆਸਤ ਨਾਲ ਨੇੜਤਾ ਰੱਖਣ ਵਾਲਿਆਂ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਤਨਖ਼ਾਹੀਆ ਕਰਾਰ ਦੇਣਾ ਇੱਕ ਅਹਿਮ ਅਤੇ ਗੰਭੀਰ ਮਾਮਲਾ ਹੈ।

ਇਨ੍ਹਾਂ ਸ਼ਖਸ਼ੀਅਤਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਨੂੰ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਭਵਿੱਖ ਲਈ ਸ਼ੁਭ ਸੰਕੇਤ ਨਹੀਂ ਮੰਨਿਆ ਜਾ ਸਕਦਾ।

ਸਿੱਖ ਇਤਿਹਾਸਕਾਰ ਅਤੇ ਸਾਬਕਾ ਪ੍ਰੋਫੈਸਰ ਗੁਰਦਰਸ਼ਨ ਸਿੰਘ ਢਿੱਲੋਂ ਕਹਿੰਦੇ ਹਨ, "ਸਿੱਖ ਧਰਮ ਦੇ ਫ਼ਲਸਫ਼ੇ ਮੁਤਾਬਿਕ ਧਾਰਮਿਕ ਅਵੱਗਿਆ ਹੋਣ ਤੋਂ ਬਾਅਦ ਕਿਸੇ ਵੀ ਵਿਅਕਤੀ ਨੂੰ ਲਗਾਈ ਜਾਂਦੀ ਧਾਰਮਿਕ ਸੇਵਾ ਨੂੰ ਤਨਖ਼ਾਹ ਕਿਹਾ ਜਾਂਦਾ ਹੈ।"

"ਧਾਰਮਿਕ ਅਵੱਗਿਆ ਤੋਂ ਬਾਅਦ ਲਾਈ ਜਾਂਦੀ ਧਾਰਮਿਕ ਸੇਵਾ ਨੂੰ ਪੂਰਾ ਕਰਨ ਵਿੱਚ ਜੇ ਕੋਈ ਵਿਅਕਤੀ ਆਨਾ ਕਾਨੀ ਕਰਦਾ ਹੈ ਤਾਂ ਉਸ ਨੂੰ ਪੰਥ ਵਿੱਚੋਂ ਛੇਕ ਦਿੱਤਾ ਜਾਂਦਾ ਹੈ।"

ਉਹ ਕਹਿੰਦੇ ਹਨ, "ਸਵਾਲ ਇਹ ਨਹੀਂ ਹੈ ਕਿ ਜਿਸ ਵਿਅਕਤੀ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ ਉਹ ਕਿਸੇ ਵੱਡੇ ਅਹੁਦੇ ਉੱਪਰ ਹੈ ਜਾਂ ਛੋਟੇ। ਸਿੱਖ ਧਰਮ ਦੇ ਫਲਸਫੇ ਮੁਤਾਬਕ ਸੇਵਾ ਕਰਨਾ ਹੀ ਧਰਮ ਹੈ।"

"ਸੁਖਬੀਰ ਸਿੰਘ ਬਾਦਲ ਨੂੰ ਹੁਣ ਇੱਕ ਨਿਮਾਣੇ ਸਿੱਖ ਆਗੂ ਵਜੋਂ ਨਿਮਰਤਾ ਸਹਿਤ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਮਿਲਣ ਵਾਲੀ ਧਾਰਮਿਕ ਸਜ਼ਾ ਨੂੰ ਪੂਰਾ ਕਰਨਾ ਚਾਹੀਦਾ ਹੈ।"

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)