ਐਸਜੀਪੀਸੀ ਨੇ ਕੁਲਦੀਪ ਨਈਅਰ ਤੋਂ ਸਨਮਾਨ ਵਾਪਸ ਲੈਣ ਦਾ ਲਿਆ ਫ਼ੈਸਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸਿੱਧ ਪੱਤਰਕਾਰ ਅਤੇ ਲੇਖਕ ਕੁਲਦੀਪ ਨਈਅਰ ਤੋਂ ਸਨਮਾਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ।
ਨਈਅਰ ਦੁਆਰਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਤੁਲਨਾ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਨਾਲ ਕਰਨ ਤੋਂ ਬਾਅਦ ਇਹ ਫੈਸਲਾ ਲਿੱਤਾ ਗਿਆ।
ਐਸਜੀਪੀਸੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਬਿਆਨ ਵਿੱਚ ਕਿਹਾ, "ਕੁਲਦੀਪ ਨਈਅਰ ਵੱਲੋਂ ਵਰਤੀ ਗਈ ਸ਼ਬਦਾਵਲੀ ਕਾਰਨ ਸਿੱਖ ਜਗਤ ਵਿਚ ਰੋਸ ਦੀ ਭਾਵਨਾ ਪਾਈ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਉਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ ਸ਼੍ਰੋਮਣੀ ਪੱਤਰਕਾਰ ਦਾ ਸਨਮਾਨ ਵਾਪਸ ਲੈਣ ਦਾ ਅੰਤ੍ਰਿੰਗ ਕਮੇਟੀ ਨੇ ਫੈਸਲਾ ਲਿਆ ਹੈ।"
ਇਹ ਫੈਸਲਾ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿੱਚ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ।
ਕੁਲਦੀਪ ਨਈਅਰ ਨੂੰ ਅਕਾਲ ਤਖ਼ਤ ਦੇ 400 ਸਾਲਾ ਸਥਾਪਨਾ ਦਿਵਸ ਮੌਕੇ ਪੱਤਰਕਾਰੀ ਲਈ ਸਨਮਾਨ ਦਿੱਤਾ ਗਿਆ ਸੀ। ਜਿਸਨੂੰ ਹੁਣ ਵਾਪਿਸ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ।
ਦਮਦਮੀ ਟਕਸਾਲ ਨੇ ਕੀਤਾ ਸਵਾਗਤ
ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਦਾ ਦਮਦਮੀ ਟਕਸਾਲ ਨੇ ਸਵਾਗਤ ਕੀਤਾ ਹੈ।

ਤਸਵੀਰ ਸਰੋਤ, Sgpc
ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੀ ਬੈਠਕ ਵਿੱਚ ਲਏ ਗਏ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ।
ਉਨ੍ਹਾਂ ਨੇ ਕਿਹਾ ਕੁਲਦੀਪ ਨਈਅਰ ਨੇ ਜਰਨੈਲ ਸਿੰਘ ਭਿੰਡਰਾਵਾਲੇ ਖ਼ਿਲਾਫ ਭੱਦੇ ਸ਼ਬਦਾਂ ਦੀ ਵਰਤੋਂ ਕਰਕੇ ਸਿੱਖ ਕੌਮ ਨੂੰ ਠੇਸ ਪਹੁੰਚਾਈ ਹੈ।
ਉਨਾਂ ਨੇ ਕਿਹਾ ਕੁਲਦੀਪ ਨਈਅਰ ਨੇ ਜਿਸ ਤਰ੍ਹਾਂ ਭਿੰਡਰਾਂਵਾਲੇ ਦੀ ਤੁਲਨਾ ਗੁਰਮੀਤ ਰਾਮ ਰਹੀਮ ਨਾਲ ਕੀਤੀ ਹੈ, ਉਸ ਨਾਲ ਸਾਰੇ ਸਿੱਖ ਭਾਈਚਾਰੇ ਵਿੱਚ ਰੋਸ ਹੈ।
ਦਮਦਮੀ ਟਕਸਾਲ ਦੇ ਮੁਖੀ ਨੇ ਨਈਅਰ ਦੀ ਸਵੈਜੀਵਨੀ ''ਬਿਓਡ ਦ ਲਾਈਨਜ਼'' 'ਤੇ ਵੀ ਪਾਬੰਦੀ ਲਾਉਣ ਦੀ ਸਰਕਾਰ ਤੋਂ ਮੰਗ ਕੀਤੀ ਹੈ।
(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗਰਾਮ ਪੰਨਾ ਦੇਖੋ।)












