ਕੈਪਟਨ ਦਾ ਜਗਮੀਤ ਤੇ ਹਰਜੀਤ ਸੱਜਣ ਬਾਰੇ ਫਿਰ ਤਿੱਖਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅਤੇ ਜਗਮੀਤ ਸਿੰਘ ਸੂਬੇ ਵਿੱਚ ਮਾਹੌਲ ਖ਼ਰਾਬ ਕਰ ਰਹੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਦੋਵੇਂ ਆਗੂ ਆਪਣੇ ਆਪ ਨੂੰ ਭਾਰਤੀ ਮੰਨਦੇ ਹਨ ਤਾਂ ਉਨ੍ਹਾਂ ਨੂੰ ਬੇਤੁਕੇ ਬਿਆਨਾਂ ਤੋਂ ਬਚਣਾ ਚਾਹੀਦਾ ਹੈ।

ਇਸ ਨਾਲ ਪੰਜਾਬ ਵਿੱਚ ਅਸਥਿਰਤਾ ਦਾ ਮਾਹੌਲ ਪੈਦਾ ਹੁੰਦਾ ਹੈ।

ਉਨ੍ਹਾਂ ਅੱਗੇ ਕਿਹਾ, "ਦੋਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਵਲੋਂ ਆਪਣੇ ਸਿਆਸੀ ਫ਼ਾਇਦੇ ਲਈ ਕੇਨੈਡਾ ਵਿੱਚ ਦਿੱਤੇ ਬਿਆਨਾਂ ਨਾਲ ਭਾਰਤ ਵਿੱਚ ਗਲਤ ਸੰਦੇਸ਼ ਜਾਂਦਾ ਹੈ।

ਪੰਜਾਬ ਵਿੱਚ ਚਲ ਰਹੀ 'ਕਾਲਾ ਪੋਚਾ' ਮੁਹਿੰਮ ਬਾਰੇ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਬੋਲੀ ਪਹਿਲੇ, ਦੂਜੇ ਜਾਂ ਤੀਜੇ ਨੰਬਰ 'ਤੇ ਲਿਖਣ ਨਾਲ ਕੋਈ ਫਰਕ ਨਹੀਂ ਪੈਂਦਾ ਹੈ।

ਪਿਛਲੇ ਕੁਝ ਦਿਨਾਂ ਤੋਂ ਸਾਈਨ ਬੋਰਡਾਂ 'ਤੇ ਪੰਜਾਬੀ ਨੂੰ ਉੱਤੇ ਰੱਖਣ ਦੀ ਮੰਗ ਸੀ। ਇਸ ਮੰਗ ਬਾਰੇ ਪੰਜਾਬ ਸਰਕਾਰ ਵੱਲੋਂ ਐੱਨ.ਐੱਚ.ਏ.ਆਈ ਨੂੰ ਦੱਸਿਆ ਗਿਆ।

ਐੱਨ.ਐੱਚ.ਏ.ਆਈ ਨੇ ਪੰਜਾਬ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਇੱਕ ਹਫ਼ਤੇ ਦੇ ਅੰਦਰ ਪੰਜਾਬੀ ਨੂੰ ਸਾਈਨ ਬੋਰਡਾਂ 'ਤੇ ਉੱਤੇ ਲਿੱਖਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।

ਮਜੀਠੀਆ ਖਿਲਾਫ਼ ਕਦਮ?

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਅਮਰਿੰਦਰ ਬੋਲੇ, "ਉਨ੍ਹਾਂ ਖਿਲਾਫ਼ ਇੰਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਪੰਜਾਬ ਸਰਕਾਰ ਮੁਕੰਮਲ ਸਹਿਯੋਗ ਦੇਵੇਗੀ।''

"ਹਾਲਾਂਕਿ ਜਾਂਚ ਦੇ ਮੁਕੰਮਲ ਹੋਣ ਤੱਕ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ ਹੈ।''

ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਬਿਕਰਮ ਸਿੰਘ ਮਜੀਠੀਆ ਹੀ ਕਿਉਂ ਨਾ ਹੋਣ।

(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ; ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗਰਾਮ ਪੰਨਾ ਦੇਖੋ; ਅਤੇ ਇੱਥੇ ਕਲਿਕ ਕਰਕੇ ਟਵਿੱਟਰ ਤੇ ਸਾਡੇ ਨਾਲ ਜੁੜੋ।)