You’re viewing a text-only version of this website that uses less data. View the main version of the website including all images and videos.
ਨਜ਼ਰੀਆ: ਕੀ ਰਿਹਾ ਹੈ ਖਾਲਿਸਤਾਨ ਬਾਰੇ ਕੈਪਟਨ ਤੇ ਬਾਦਲ ਦਾ ਸਟੈਂਡ?
- ਲੇਖਕ, ਜਗਤਾਰ ਸਿੰਘ
- ਰੋਲ, ਸੀਨੀਅਰ ਪੱਤਰਕਾਰ
ਜਦੋਂ ਵੀ ਸਿੱਖਾਂ ਦੀ ਖੁਦਮੁਖ਼ਤਾਰੀ ਜਾਂ ਖਾਲਿਸਤਾਨ ਦੀ ਮੰਗ ਉੱਠਦੀ ਹੈ, ਤਾਂ ਸਾਰਿਆਂ ਦਾ ਧਿਆਨ ਭੂਗੋਲਿਕ ਪੱਖੋਂ ਭਾਰਤੀ ਪੰਜਾਬ ਵੱਲ ਜਾਂਦਾ ਹੈ।
ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਨਨਕਾਣਾ ਸਾਹਿਬ ਅੱਜ ਪਾਕਿਸਤਾਨ ਵਿੱਚ ਸਥਿਤ ਹੈ।
ਭਾਰਤ ਵਿੱਚ 90 ਦੇ ਦਹਾਕੇ ਵਿੱਚ ਸਿੱਖਾਂ ਦੇ ਹਥਿਆਰਬੰਦ ਸੰਘਰਸ਼ ਖਤਮ ਹੋਣ ਤੋਂ ਬਾਅਦ ਕਿਸੇ ਵੀ ਮੁੱਖ ਸਿਆਸੀ ਪਾਰਟੀ ਜਾਂ ਕਿਸੇ ਹੋਰ ਸਿਆਸੀ ਧੜੇ ਨੇ ਖਾਲਿਸਤਾਨ ਦੀ ਮੰਗ ਨਹੀਂ ਚੁੱਕੀ ਸੀ।
ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਅਕਾਲੀ ਆਗੂਆਂ ਵਿੱਚੋਂ ਹਨ, ਜਿਨ੍ਹਾਂ ਨੇ ਕਦੇ ਖ਼ਾਲਿਸਤਾਨ ਦੀ ਮੰਗ ਚੁੱਕੀ ਸੀ ਪਰ ਇਹ ਮੰਗ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਬੀਤੇ ਤਿੰਨ ਕਾਰਜਕਾਲਾਂ ਤੋਂ ਪਹਿਲਾਂ ਹੀ ਚੁੱਕੀ ਸੀ।
ਹੁਣ ਖਾਲਿਸਤਾਨ ਦੀ ਮੰਗ ਅਮਰੀਕਾ, ਕੈਨੇਡਾ ਅਤੇ ਯੂਕੇ ਵਰਗੇ ਦੇਸਾਂ ਵਿੱਚ ਵਸੇ ਕਈ ਸਿੱਖਾਂ ਵੱਲੋਂ ਚੁੱਕੀ ਜਾ ਰਹੀ ਹੈ। ਉਨ੍ਹਾਂ ਦੇਸਾਂ ਵਿੱਚ ਵਸੇ ਸਿੱਖਾਂ ਦੇ ਜਿਹੜੇ ਧੜੇ ਇਸ ਮੁੱਦੇ ਦਾ ਰਾਗ ਲਗਾਤਾਰ ਅਲਾਪ ਰਹੇ ਹਨ ਉਨ੍ਹਾਂ ਦਾ ਪੰਜਾਬ ਦੀਆਂ ਜੜ੍ਹਾਂ ਨਾਲ ਕੋਈ ਬਹੁਤਾ ਵਾਹ-ਵਾਸਤਾ ਨਹੀਂ ਹੈ।
ਕੁਝ ਲੋਕਾਂ ਲਈ ਇਹ ਵਪਾਰ
ਇੱਕ ਹੋਰ ਪੱਧਰ 'ਤੇ ਕੁਝ ਲੋਕਾਂ ਲਈ ਖ਼ਾਲਿਸਤਾਨ 'ਵਪਾਰ' ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਗਲੇ ਹਫ਼ਤੇ ਭਾਰਤ ਦੌਰੇ ਉੱਤੇ ਆ ਰਹੇ ਹਨ। ਉਨ੍ਹਾਂ ਦੀ ਭਾਰਤ ਫੇਰੀ ਤੋਂ ਪਹਿਲਾਂ ਹੀ ਖ਼ਾਲਿਸਤਾਨ ਪੱਖੀ ਸਿਆਸਤ ਨੇ ਜ਼ੋਰ ਫੜ ਲਿਆ ਹੈ।
ਕੈਨੇਡਾ ਇੱਕ ਅਜਿਹਾ ਦੇਸ ਹੈ ਜਿਸ ਦੀ ਕੈਬੀਨਟ ਵਿੱਚ ਚਾਰ ਸਿੱਖ ਮੰਤਰੀ ਹਨ। ਭਾਰਤ ਸਣੇ ਦੁਨੀਆਂ ਦੇ ਕਿਸੇ ਦੇਸ ਦੇ ਕੇਂਦਰੀ ਕੈਬਨਿਟ ਵਿੱਚ ਸਿੱਖਾਂ ਨੂੰ ਇੰਨੀ ਨੁਮਾਇੰਦਗੀ ਹਾਸਿਲ ਨਹੀਂ ਹੈ।
ਮੰਤਰੀ ਹਰਜੀਤ ਸਿੰਘ ਸੱਜਣ ਅਤੇ ਅਮਰਜੀਤ ਸਿੰਘ ਸੋਹੀ ਨੇ ਕੁਝ ਦਿਨ ਪਹਿਲਾਂ ਹੀ ਇਸ 'ਤੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਖ਼ਾਲਿਸਤਾਨ ਦਾ ਸਮਰਥਨ ਨਹੀਂ ਕਰਦੇ ਹਨ।
ਪਿਛਲੇ ਕੁਝ ਸਮੇਂ ਤੋਂ ਰਿਪੋਰਟਾਂ ਆ ਰਹੀਆਂ ਸੀ ਕਿ ਕੈਨੇਡਾ ਦੇ ਕੁਝ ਸਿਆਸਤਦਾਨ ਪੰਜਾਬ ਵਿੱਚ ਇਸ ਮੰਗ ਦਾ ਸਮਰਥਨ ਕਰ ਰਹੇ ਹਨ।
ਅਜਿਹੇ ਬਹੁਤ ਸਾਰੇ ਲੁਕਵੇਂ ਸੰਕੇਤ ਮਿਲਦੇ ਹਨ ਕਿ ਕੈਨੇਡੀਅਨ ਸਿਆਸਤਦਾਨਾਂ ਵੱਲੋਂ ਇਸ ਲਈ ਸਮਰਥਨ ਹਾਸਲ ਹੈ ਹਾਲਾਂਕਿ ਪੰਜਾਬ ਵਿੱਚ ਇਸ ਦਾ ਕੋਈ ਹਮਾਇਤੀ ਨਹੀਂ ਹੈ।
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਜੀਤ ਸੱਜਣ ਅਤੇ ਅਮਰਜੀਤ ਸੋਹੀ ਦੇ ਸਪੱਸ਼ਟੀਕਰਨ ਦਾ ਸਵਾਗਤ ਕੀਤਾ ਹੈ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕਿਸੇ ਹੋਰ ਮੁਲਕ ਵਿੱਚ ਉੱਚ ਅਹੁਦੇ 'ਤੇ ਕਾਬਜ਼ ਹੋਣ ਵਾਲੇ ਸੱਜਣ ਸਿੰਘ, ਜੋ ਕਿ ਕੈਨੇਡਾ ਦੇ ਰੱਖਿਆ ਮੰਤਰੀ ਵਜੋਂ ਭਾਰਤ ਫੇਰੀ 'ਤੇ ਆਏ ਸਨ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਹਵਾਲਾ ਦੇ ਕੇ ਉਹਨਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਕਿ ਉਹ ਖ਼ਾਲਿਸਤਾਨ ਦੇ ਸਮਰਥਕ ਹਨ।
ਕੁਝ ਖ਼ਾਲਿਸਤਾਨ ਪੱਖੀਆਂ ਨੇ ਉਨ੍ਹਾਂ ਦੀ ਕੈਨੇਡਾ ਫੇਰੀ ਅਸਫ਼ਲ ਕਰਵਾ ਦਿੱਤੀ ਸੀ ਅਤੇ ਉਹ ਮੰਨਦੇ ਹਨ ਕਿ ਉਹ ਆਪਣੀ ਨਿੱਜੀ ਕਿੜ ਕੱਢ ਰਹੇ ਹਨ।
ਰਾਏਸ਼ੁਮਾਰੀ ਲਈ ਮੁਹਿੰਮ
ਇਸ ਦੇ ਖ਼ਿਲਾਫ਼ ਸਿੱਖ ਫਾਰ ਜਸਟਿਸ ਸੰਗਠਨ ਅਦਾਲਤ ਵਿੱਚ ਵੀ ਗਿਆ ਸੀ। ਇਹ ਸੰਗਠਨ ਅਮਰੀਕਾ ਤੋਂ ਪੰਜਾਬ ਵਿੱਚ ਰਾਏਸ਼ੁਮਾਰੀ ਲਈ ਮੁਹਿੰਮ ਚਲਾ ਰਿਹਾ ਹੈ।
ਸਿੱਖ ਫਾਰ ਜਸਟਿਸ ਸੰਗਠਨ ਨੂੰ ਚਲਾਉਣ ਵਾਲੇ ਗੁਰਪਤਵੰਤ ਸਿੰਘ ਪੰਨੂੰ ਇਹ ਸਪਸ਼ਟ ਨਹੀਂ ਕਰ ਸਕੇ ਹਨ ਕਿ ਉਨ੍ਹਾਂ ਦੀ ਮੁਹਿੰਮ ਨੂੰ ਕਿੰਨੇ ਲੋਕਾਂ ਦਾ ਸਮਰਥਨ ਹਾਸਿਲ ਹੈ।
ਇਹ ਯਾਦ ਕਰਨਾ ਉਚਿਤ ਹੈ ਕਿ ਪੰਜਾਬ ਵਿੱਚ 1966 ਦੀ 'ਰਿ-ਆਰਗਨਾਈਜ਼ੇਸ਼ਨ' ਤੋਂ ਪਹਿਲਾਂ 60ਵਿਆਂ ਦੇ ਅੱਧ 'ਚ ਪਹਿਲੀ ਵਾਰ ਅਕਾਲੀ ਆਗੂਆਂ ਨੇ ਸਿੱਖਾਂ ਲਈ ਖ਼ੁਦਮੁਖ਼ਤਾਰ ਸਥਿਤੀ ਦਾ ਮੁੱਦਾ ਚੁੱਕਿਆ ਸੀ।
ਖ਼ਾਲਿਸਤਾਨ ਦੀ ਪਹਿਲੀ ਮੰਗ ਕੁਝ ਸਿੱਖ ਆਗੂ ਜਿਵੇਂ ਇੰਗਲੈਂਡ ਤੋਂ ਚਰਨ ਸਿੰਘ ਪੰਛੀ ਤੇ ਫਿਰ 70ਵਿਆਂ ਦੇ ਸ਼ੁਰ ਵਿੱਚ ਡਾਕਟਰ ਜਗਜੀਤ ਸਿੰਘ ਚੌਹਾਨ ਨੇ ਕੀਤੀ ਸੀ।
ਡਾ. ਜਗਜੀਤ ਸਿੰਘ ਚੌਹਾਨ 70 ਦੇ ਦਹਾਕੇ ਵਿੱਚ ਬਰਤਾਨੀਆ ਨੂੰ ਆਧਾਰ ਬਣਾ ਕੇ ਅਮਰੀਕਾ ਅਤੇ ਪਾਕਿਸਤਾਨ ਦਾ ਦੌਰਾ ਵੀ ਕਰਦੇ ਰਹੇ ਸਨ। ਕੁਝ ਨੌਜਵਾਨ ਸਿੱਖਾਂ ਨੇ ਖ਼ਾਲਿਸਤਾਨ ਨਾਲ ਸਿਆਸੀ ਉਦੇਸ਼ਾਂ ਲਈ 1978 ਵਿੱਚ ਚੰਡੀਗੜ੍ਹ ਵਿੱਚ ਦਲ ਖਾਲਸਾ ਬਣਾਇਆ ਸੀ।
ਸਿੱਖ ਖਾੜਕੂਆਂ ਦੇ ਸੰਘਰਸ਼ ਦਾ ਪਹਿਲਾ ਗੇੜ ਸਾਲ 1984 ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਆਪਰੇਸ਼ਨ ਬਲਿਊ ਸਟਾਰ ਤਹਿਤ ਫੌਜੀ ਹਮਲੇ ਨਾਲ ਖ਼ਤਮ ਹੋਇਆ।
ਹਾਲਾਂਕਿ ਇਸ ਹਥਿਆਰਬੰਦ ਸੰਘਰਸ਼ ਦੀ ਅਗਵਾਈ ਕਰਨ ਵਾਲੇ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਨੇ ਵੀ ਸਪੱਸ਼ਟ ਤੌਰ 'ਤੇ ਕਦੇ ਇਸ ਦੀ ਮੰਗ ਨਹੀਂ ਕੀਤੀ ਸੀ।
ਉਨ੍ਹਾਂ ਨੇ ਇੱਕ ਨਾਅਰਾ ਹੀ ਬਣਾਇਆ ਸੀ- 'ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲਾ ਖ਼ਾਲਿਸਤਾਨ ਦੀ ਨੀਂਹ ਰੱਖੇਗਾ।'
ਉਨ੍ਹਾਂ ਨੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅਪਣਾਏ ਗਏ ਸ੍ਰੀ ਆਨੰਦਪੁਰ ਸਾਹਿਬ 1973 ਦੇ ਮਤੇ ਨੂੰ ਲਾਗੂ ਕਰਵਾਉਣ ਲਈ ਦਬਾਅ ਪਾਇਆ ਸੀ।
ਇਸ ਦਾ ਰਾਜਸੀ ਨਿਸ਼ਾਨਾ ਹੈ ਕਿ ਸਿੱਖ ਪੰਥ ਦੇ ਦਸਮ ਪਾਤਸ਼ਾਹ ਦੇ ਆਦੇਸ਼ਾਂ ਤੇ ਸਿੱਖ ਇਤਿਹਾਸ ਦੇ ਆਧਾਰ 'ਤੇ ਚੱਲਿਆ ਜਾਏ ਅਤੇ ਉਸਦਾ ਮਕਸਦ "ਖਾਲਸਾ ਜੀ ਦਾ ਬੋਲ ਬਾਲਾ" ਹੈ।
ਖਾਲਸਾ ਦੇ ਜਨਮ ਸਿਧ ਅਧਿਕਾਰ ਨੂੰ ਦ੍ਰਿਸ਼ਟਮਾਨ ਕਰਨ ਲਈ ਲੋੜੀਂਦੇ ਦੇਸ਼ਕਾਲ ਤੇ ਰਾਜਸੀ ਵਿਧਾਨ ਦੀ ਸਿਰਜਨਾ ਪ੍ਰਾਪਤੀ, ਸ਼੍ਰੋਮਣੀ ਅਕਾਲੀ ਦਲ ਦੇ ਬੁਨਿਆਦੀ ਢਾਂਚੇ ਦੀ ਨੀਂਹ ਹੈ।"
ਇਹ ਉਦੇਸ਼ ਇੱਕ ਖ਼ੁਦਮੁਖ਼ਤਾਰ ਸੂਬੇ ਦੇ ਨਿਰਮਾਣ ਲਈ ਹਾਕ ਮਾਰਦਾ ਹੈ ਨਾ ਕਿ ਵੱਖਰੇ ਦੇਸ਼ ਲਈ।
ਇਸ ਮਤੇ ਨੂੰ 1977 ਵਿੱਚ ਅਕਾਲੀ ਦਲ ਵੱਲੋਂ ਆਪਣੀ ਜਨਰਲ ਹਾਊਸ ਮੀਟਿੰਗ ਵਿੱਚ ਇੱਕ ਨੀਤੀ ਪ੍ਰੋਗਰਾਮ ਤਹਿਤ ਅਪਣਾਇਆ ਗਿਆ ਸੀ। ਅਗਲੇ ਹੀ ਸਾਲ ਅਕਤੂਬਰ 1978 ਵਿੱਚ ਲੁਧਿਆਣਾ ਕਾਨਫਰੰਸ ਦੌਰਾਨ ਪਾਸਾ ਵੱਟ ਲਿਆ ਗਿਆ।
1978 ਆਨੰਦਪੁਰ ਸਾਹਿਬ ਦਾ ਮਤਾ
ਖ਼ੁਦਮੁਖ਼ਤਾਰੀ ਬਾਰੇ 1978 ਆਨੰਦਪੁਰ ਸਾਹਿਬ ਦਾ ਮਤਾ ਇਸ ਤਰ੍ਹਾਂ ਹੈ: "ਸ਼੍ਰੋਮਣੀ ਅਕਾਲੀ ਦਲ ਨੂੰ ਅਹਿਸਾਸ ਹੈ ਕਿ ਭਾਰਤ ਇੱਕ ਸੰਘੀ ਅਤੇ ਵੱਖ ਵੱਖ ਭਾਸ਼ਾਵਾਂ, ਧਰਮਾਂ ਅਤੇ ਸੱਭਿਆਚਾਰਾਂ ਦੀ ਇਕਾਈ ਹੈ। ਧਾਰਮਿਕ ਅਤੇ ਭਾਸ਼ਾ ਪੱਖੋਂ ਘੱਟ ਗਿਣਤੀਆਂ ਦੇ ਬੁਨਿਆਦੀ ਅਧਿਕਾਰਾਂ ਦੀ ਰੱਖਿਆ ਲਈ, ਲੋਕਤੰਤਰਿਕ ਪਰੰਪਰਾਵਾਂ ਦੀਆਂ ਮੰਗਾਂ ਦੀ ਪੂਰਤੀ ਕਰਨ ਅਤੇ ਆਰਥਿਕ ਤਰੱਕੀ ਨੂੰ ਪੱਕਾ ਕਰਨ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਸੰਵਿਧਾਨਿਕ ਸਰੰਚਨਾ ਨੂੰ ਕੇਂਦਰ ਅਤੇ ਸੂਬਿਆਂ ਦੇ ਸੰਬੰਧਾਂ ਅਤੇ ਅਧਿਕਾਰਾਂ ਨੂੰ ਮੁੜ ਪਰਿਭਾਸ਼ਤ ਕਰਕੇ ਉਪਰ ਲਿਖੇ ਸਿਧਾਂਤਾਂ ਅਤੇ ਉਦੇਸ਼ਾਂ ਦੇ ਆਧਾਰ 'ਤੇ ਸੰਘੀ ਢਾਂਚਾ ਹੋਣਾ ਚਾਹੀਦਾ ਹੈ।''
ਖਾਲਿਸਤਾਨ ਦੀ ਮੰਗ
ਖ਼ਾਲਿਸਤਾਨ ਦੀ ਮੰਗ ਰਸਮੀ ਤੌਰ 'ਤੇ 29 ਅਪ੍ਰੈਲ 1986 ਨੂੰ ਖਾੜਕੂ ਸੰਗਠਨਾਂ ਦੇ ਸਾਂਝੇ ਮੋਰਚੇ ਪੰਥਕ ਕਮੇਟੀ ਵੱਲੋਂ ਕੀਤੀ ਗਈ।
ਇਸ ਦਾ ਰਾਜਸੀ ਨਿਸ਼ਾਨਾ ਇੰਝ ਬਿਆਨ ਕੀਤਾ ਗਿਆ ਸੀ:"ਪਵਿੱਤਰ ਅਕਾਲ ਤਖ਼ਤ ਸਾਹਿਬ ਤੋਂ ਅੱਜ ਦੇ ਖ਼ਾਸ ਦਿਹਾੜੇ 'ਤੇ ਅਸੀਂ ਸਾਰੇ ਮੁਲਕਾਂ, ਸਰਕਾਰਾਂ ਸਾਹਮਣੇ ਐਲਾਨ ਕਰਦੇ ਹੋਏ, ਉਨ੍ਹਾਂ ਨੂੰ ਦੱਸ ਰਹੇ ਹਾਂ ਕਿ ਅੱਜ ਤੋਂ ਖਾਲਸਾ ਪੰਥ ਦਾ 'ਖ਼ਲਿਸਤਾਨ' ਅਲੱਗ ਘਰ ਹੋਵੇਗਾ, ਜਿੱਥੇ ਸਾਰੇ ਖਾਲਸੇ ਦੇ ਆਸ਼ੇ ਮੁਤਾਬਕ ਚੜ੍ਹਦੀ ਕਲਾ ਵਿੱਚ ਰਹਿਣਗੇ।''
"ਅਜਿਹੇ ਸਿੱਖਾਂ ਨੂੰ ਸਰਕਾਰੀ ਪ੍ਰਬੰਧ ਚਲਾਉਣ ਲਈ ਉੱਚੇ ਅਹੁਦਿਆਂ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਜਿਹੜੇ ਸਰਬਤ ਦੇ ਭਲੇ ਲਈ ਕੰਮ ਕਰਦੇ ਹੋਣ ਅਤੇ ਆਪਣੇ ਖ਼ੂਨ-ਪਸੀਨੇ ਦੀ ਕਮਾਈ ਨਾਲ ਗੁਜ਼ਾਰਾ ਕਰਦੇ ਹੋਣਗੇ।"
ਭਾਰਤੀ ਪੁਲਿਸ ਦੇ ਸਾਬਕਾ ਆਈਪੀਐੱਸ ਅਫ਼ਸਰ ਸਿਮਰਨਜੀਤ ਸਿੰਘ ਮਾਨ ਨੇ ਸਾਲ 1989 ਵਿੱਚ ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਇਸ ਮੁੱਦੇ ਨੂੰ ਚੁੱਕਿਆ ਪਰ ਵਾਰ-ਵਾਰ ਆਪਣਾ ਰੁਖ ਬਦਲਦੇ ਰਹੇ।
ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨੂੰ ਮੈਮੋਰੰਡਮ
ਹਾਲਾਂਕਿ, ਸਾਲ 1992 ਵਿੱਚ ਇਹ ਮੁੱਦਾ ਰਸਮੀ ਤੌਰ 'ਤੇ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਵੱਲੋਂ ਚੁੱਕਿਆ ਗਿਆ ਸੀ। ਇਸ ਸਬੰਧੀ ਉਨ੍ਹਾਂ ਨੇ 22 ਅਪ੍ਰੈਲ, 1992 ਨੂੰ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨੂੰ ਇੱਕ ਮੈਮੋਰੰਡਮ ਵੀ ਸੌਂਪਿਆ ਸੀ।
ਖਾਲਿਸਤਾਨ ਬਾਰੇ ਮੈਮੋਰੈਂਡਮ
ਮੈਮੋਰੰਡਮ ਦਾ ਆਖ਼ਰੀ ਪੈਰਾ ਇਸ ਪ੍ਰਕਾਰ ਸੀ,"ਸਿੱਖਾਂ ਦੇ ਆਰਥਿਕ, ਸਮਾਜਕ ਅਤੇ ਸੱਭਿਆਚਾਰਕ ਹੱਕਾਂ ਦੀ ਰਾਖੀ ਅਤੇ ਆਜ਼ਾਦੀ ਦੀ ਬਹਾਲੀ ਲਈ ਪੰਜਾਬ ਨੂੰ ਫੌਜ ਦੇ ਘੇਰੇ 'ਚੋਂ ਕੱਢਣਾ ਅਤੇ ਗ਼ੈਰ-ਬਸਤੀਵਾਦੀ ਬਣਾਉਣਾ ਅਹਿਮ ਕਦਮ ਹੈ। ਦੁਨੀਆਂ ਦੀਆਂ ਸਾਰੀਆਂ ਆਜ਼ਾਦ ਕੌਮਾਂ ਵਾਂਗ ਸਿੱਖ ਕੌਮ ਵੀ ਹੈ।''
"ਲੋਕਾਂ ਨੂੰ ਆਜ਼ਾਦੀ ਨਾਲ ਰਹਿਣ ਦੇ ਹੱਕ ਸਬੰਧੀ ਸੰਯੁਕਤ ਰਾਸ਼ਟਰ ਦੇ ਐਲਾਨਨਾਮੇ ਮੁਤਾਬਕ ਸਿੱਖਾਂ ਨੂੰ ਵੀ ਉਨ੍ਹਾਂ ਦੀ ਆਜ਼ਾਦ ਹਸਤੀ ਬਹਾਲ ਕਰਨ ਲਈ ਵਿਤਕਰੇ, ਬਸਤੀਵਾਦੀ ਅਤੇ ਗ਼ੁਲਾਮੀ ਅਤੇ ਰਾਜਸੀ ਵਿਰੋਧੀ ਬੰਧਨਾਂ 'ਚੋਂ ਮੁਕਤੀ ਚਾਹੀਦੀ ਹੈ।"
ਮੈਮੋਰੰਡਮ ਸਿਮਰਨਜੀਤ ਸਿੰਘ ਮਾਨ, ਸਣੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਸ਼ਾਮਲ ਸਨ।
ਇਸ ਮੈਮੋਰੈਂਡਮ 'ਤੇ ਸਿਮਰਨਜੀਤ ਸਿੰਘ ਮਾਨ, ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਐੱਸਜੀਪੀਸੀ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਨੇ ਦਸਤਖਤ ਕੀਤੇ ਸੀ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਚਰਨ ਸਿੰਘ ਟੌਹੜਾ ਵੱਲੋਂ ਇਸ ਬਾਰੇ ਕਦੇ ਜ਼ਿਕਰ ਨਹੀਂ ਕੀਤਾ ਗਿਆ।
ਅੰਮ੍ਰਿਤਸਰ ਐਲਾਨਨਾਮਾ-ਅਮਰਿੰਦਰ ਤੇ ਬਰਨਾਲਾ ਦਾ ਰੁਖ
ਸਿਮਰਨਜੀਤ ਸਿੰਘ ਮਾਨ ਦੇ ਅਕਾਲੀ ਦਲ (ਅੰਮ੍ਰਿਤਸਰ) ਨੇ 1994 ਵਿੱਚ ਰਾਜਸੀ ਨਿਸ਼ਾਨੇ ਮੁੜ ਸਥਾਪਿਤ ਕੀਤੇ, ਜਿਸ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਸਤਾਖ਼ਰ ਕੀਤੇ ਸਨ।
ਇਹ ਦਸਤਾਵੇਜ ਅੰਮ੍ਰਿਤਸਰ ਐਲਾਨਨਾਮੇ ਵਜੋਂ ਵੀ ਜਾਣਿਆ ਜਾਂਦਾ ਹੈ, ਜਿਸ 'ਤੇ ਪਹਿਲੀ ਮਈ, 1994 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਦਸਤਖ਼ਤ ਕੀਤੇ ਗਏ ਸੀ।
ਇਸ ਦਸਤਾਵੇਜ ਮੁਤਾਬਕ, "ਸ਼੍ਰੋਮਣੀ ਅਕਾਲੀ ਦਲ ਦਾ ਮੰਨਣਾ ਹੈ ਕਿ ਹਿੰਦੁਸਤਾਨ (ਇੰਡੀਆ) ਵੱਖ-ਵੱਖ ਰਾਸ਼ਟਰੀ ਸੰਸਕ੍ਰਿਤੀਆਂ ਦਾ ਉੱਪ ਮਹਾਂਦੀਪ ਹੈ, ਹਰੇਕ ਆਪਣੀ ਵਿਰਾਸਤ ਅਤੇ ਮੁੱਖ ਧਾਰਾ ਦੇ ਨਾਲ ਹੈ।''
"ਇਸ ਉੱਪ ਮਹਾਂਦੀਪ ਨੂੰ ਮਹਾਂਸੰਘੀ ਸਰੰਚਨਾ ਦੇ ਨਾਲ ਪੁਨਰਗਠਿਤ ਕਰਨ ਦੀ ਲੋੜ ਹੈ ਤਾਂ ਜੋ ਹਰੇਕ ਸੰਸਕ੍ਰਿਤੀ ਆਪਣੀ ਪ੍ਰਤਿਭਾ ਅਨੁਸਾਰ ਖਿੜ ਸਕੇ ਅਤੇ ਵਿਸ਼ਵ ਦੇ ਬਗੀਚੇ ਵਿੱਚ ਇੱਕ ਵੱਖਰੀ ਖੁਸ਼ਬੂ ਛੱਡੀ ਜਾ ਸਕੇ।''
''ਜੇਕਰ ਅਜਿਹੇ ਇੱਕ ਸੰਗਠਨਾਤਮਕ ਪੁਨਰਗਠਨ ਨੂੰ ਭਾਰਤੀ ਹਿੰਦੁਸਤਾਨੀ (ਭਾਰਤੀ) ਸ਼ਾਸਕਾਂ (ਭਾਰਤ ਸਰਕਾਰ) ਵੱਲੋਂ ਸਵੀਕਾਰ ਨਹੀਂ ਕੀਤਾ ਜਾਂਦਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਾਲਿਸਤਾਨ ਦੀ ਮੰਗ ਅਤੇ ਸੰਘਰਸ਼ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ ਹੈ।''
ਇਸ 'ਤੇ ਕੈਪਟਨ ਅਮਰਿੰਦਰ ਸਿੰਘ, ਜਗਦੇਵ ਸਿੰਘ ਤਲਵੰਡੀ, ਸਿਮਰਨਜੀਤ ਸਿੰਘ ਮਾਨ, ਕਰਨਲ ਜਸਮੇਰ ਸਿੰਘ ਬਾਲਾ, ਭਾਈ ਮਨਜੀਤ ਸਿੰਘ ਅਤੇ ਸੁਰਜੀਤ ਸਿੰਘ ਬਰਨਾਲਾ ਦੇ ਦਸਤਖ਼ਤ ਹਨ।
ਬਾਦਲ ਤੋਂ ਬਿਨਾਂ ਅਕਾਲੀ ਦਲ ਇਹ ਸਿਆਸੀ ਏਜੰਡਾ ਸੀ।
'ਖ਼ਾਲਿਸਤਾਨ ਦੀ ਮੰਗ ਕੋਈ ਜੁਰਮ ਨਹੀਂ'
ਪ੍ਰਕਾਸ਼ ਸਿੰਘ ਬਾਦਲ ਨੇ ਫਰਵਰੀ 1996 ਨੂੰ ਮੋਗਾ ਵਿੱਚ ਕਰਵਾਈ ਗਈ ਅਕਾਲੀ ਦਲ ਦੀ 75ਵੀਂ ਵਰ੍ਹੇਗੰਢ 'ਤੇ ਇਸ ਨੂੰ ਪੰਜਾਬੀਅਤ ਵਿੱਚ ਤਬਦੀਲ ਕਰ ਦਿੱਤਾ। ਇਸ ਪ੍ਰਭਾਵ ਲਈ ਕੋਈ ਰਸਮੀ ਮਤਾ ਨਹੀਂ ਸੀ।
ਸੁਪਰੀਮ ਕੋਰਟ ਨੇ 1995 ਵਿੱਚ ਕਿਹਾ ਕਿ ਲੋਕਤੰਤਰ ਮੁਤਾਬਕ ਖ਼ਾਲਿਸਤਾਨ ਦੀ ਮੰਗ ਕੋਈ ਜੁਰਮ ਨਹੀਂ ਹੈ।
ਇੱਕੋ ਸੰਗਠਨ-ਦਲ ਖਾਲਸਾ ਵੱਲੋਂ ਲਗਾਤਾਰ ਪਰ ਲੋਕਤੰਤਰਿਕ ਤਰੀਕੇ ਨਾਲ ਖਾਲਿਸਤਾਨ ਦੀ ਮੰਗ ਉੱਠਦੀ ਰਹੀ ਹੈ ਪਰ ਇਸ ਮੰਗ ਨੂੰ ਭਾਰਤੀ ਪੰਜਾਬ ਦੇ ਲੋਕਾਂ ਵਿੱਚ ਬਹੁਤਾ ਸਮਰਥਨ ਹਾਸਲ ਨਹੀਂ ਹੈ।
ਮੌਜੂਦਾ ਦੌਰ 'ਚ ਭਾਰਤੀ ਪੰਜਾਬ ਵਿੱਚ ਖ਼ਾਲਿਸਤਾਨ ਦੇ ਕੋਈ ਬਹੁਤੇ ਹਮਾਇਤੀ ਨਹੀਂ ਹਨ ਅਤੇ ਇਹ ਇੱਕ ਮਹੱਤਵਪੂਰਨ ਤੱਥ ਹੈ।