ਟਰੂਡੋ ਨੇ ਕਿਹਾ, ਕੈਨੇਡਾ ਕਿਸੇ ਵੱਖਵਾਦੀ ਲਹਿਰ ਦਾ ਹਮਾਇਤੀ ਨਹੀਂ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਕੈਨੇਡਾ ਵੱਲੋਂ ਭਾਰਤ ਵਿੱਚ ਕਿਸੇ ਵੀ ਵੱਖਵਾਦੀ ਮੁਹਿੰਮ ਦੀ ਹਮਾਇਤ ਨਹੀਂ ਕੀਤੀ ਜਾਵੇਗੀ।

ਇਹ ਭਰੋਸਾ ਅੰਮ੍ਰਿਤਸਰ ਵਿਖੇ ਜਸਟਿਨ ਟਰੂਡੋ ਅਤੇ ਕੈਪਟਨ ਅਮਰਿੰਦਰ ਦੀ ਮੁਲਾਕਾਤ ਦੌਰਾਨ ਦਿਵਾਇਆ ਗਿਆ।

ਕੈਨੇਡਾ ਦੇ ਪ੍ਰਧਾਨ ਮੰਤਰੀ 7 ਦਿਨਾਂ ਦੀ ਭਾਰਤ ਫੇਰੀ 'ਤੇ ਹਨ। ਅੰਮ੍ਰਿਤਸਰ ਫੇਰੀ ਦੌਰਾਨ ਜਸਟਿਨ ਟਰੂਡੋ ਹਰਮੰਦਿਰ ਸਾਹਿਬ ਵੀ ਮੱਥਾ ਟੇਕਣ ਪਹੁੰਚੇ।

ਕੈਪਟਨ ਅਮਰਿੰਦਰ ਸਿੰਘ ਹੈਂਡਲ ਨੇ ਟਵਿਟਰ 'ਤੇ ਜਾਰੀ ਬਿਆਨ ਵਿੱਚ ਕਿਹਾ, "ਮੈਨੂੰ ਖੁਸ਼ੀ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਾਰਤ ਵਿੱਚ ਕਿਸੇ ਵੀ ਵੱਖਵਾਦੀ ਮੁਹਿੰਮ ਦੀ ਹਮਾਇਤ ਨਹੀਂ ਕੀਤੀ ਜਾਵੇਗੀ।''

ਉਨ੍ਹਾਂ ਅੱਗੇ ਕਿਹਾ, "ਜਸਟਿਨ ਟਰੂਡੋ ਦੇ ਇਸ ਬਿਆਨ ਤੋਂ ਬਾਅਦ ਭਾਰਤ ਵਿੱਚ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਸਾਨੂੰ ਉਮੀਦ ਹੈ ਕਿ ਕੈਨੇਡਾ ਸਰਕਾਰ ਵੱਲੋਂ ਵੱਖਵਾਦੀ ਜਥੇਬੰਦੀਆਂ 'ਤੇ ਨੱਥ ਪਾਉਣ ਲਈ ਉਹ ਸਹਿਯੋਗ ਕਰਨਗੇ।''

ਕੈਪਟਨ ਅਮਰਿੰਦਰ ਸਿੰਘ ਨੇ ਜਸਟਿਨ ਟਰੂਡੋ ਨਾਲ ਤਕਰੀਬਨ 40 ਮਿੰਟ ਤੱਕ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਵੀ ਮੌਜੂਦ ਸਨ।

ਯਾਦ ਕਰਵਾਇਆ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਨੂੰ ਉਨ੍ਹਾਂ ਦੀ ਪਿਛਲੀ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਹਰਜੀਤ ਸੱਜਣ 'ਤੇ ਖਾਲਿਸਤਾਨ ਦੇ ਹਮਾਇਤੀ ਹੋਣ ਦਾ ਇਲਜ਼ਾਮ ਲਾਇਆ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)