ਹਰਿੰਦਰ ਸਿੱਕਾ ਨੂੰ ਪੰਥ 'ਚੋਂ ਛੇਕਿਆ

ਫਿਲਮ 'ਨਾਨਕ ਸ਼ਾਹ ਫਕੀਰ' ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਸਿੱਖ ਧਰਮ ਵਿੱਚੋਂ ਛੇਕਣ ਦਾ ਐਲਾਨ ਕੀਤਾ ਗਿਆ ਹੈ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਇਹ ਐਲਾਨ ਮੀਡੀਆ ਰਾਹੀਂ ਕੀਤਾ।

ਇਸ ਫਿਲਮ ਨੂੰ ਸ਼੍ਰੋਮਣੀ ਕਮੇਟੀ ਦੇ ਵੱਲੋਂ ਪਹਿਲਾਂ ਹਰੀ ਝੰਡੀ ਦੇਣ ਵਾਲੀ ਕਮੇਟੀ ਦੇ ਆਗੂ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ ਨੇ ਆਪਣੀ ਗਲਤੀ ਸਵੀਕਾਰ ਕਰਦਿਆਂ ਮੁਆਫ਼ੀ ਮੰਗ ਲਈ ਹੈ।

ਫਿਲਮ 'ਨਾਨਕ ਸ਼ਾਹ ਫਕੀਰ' ਦੇ ਵਿਰੋਧ ਵਿੱਚ ਕਈ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਫਿਲਮ ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲ ਤਖਤ ਦੇ ਜਥੇਦਾਰ ਨੇ ਕਿਹਾ, "ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੰਮ ਕਰਨ ਵਾਲਿਆਂ ਦਾ ਸਵਾਗਤ ਹੈ ਪਰ ਹਰਿੰਦਰ ਸਿੱਕਾ ਨੇ ਉਸ ਨੂੰ ਦਿੱਤੀ ਗਈ ਹੱਲਾਸ਼ੇਰੀ ਦੀ ਦੁਰਵਰਤੋਂ ਕੀਤੀ ਹੈ।''

ਅਕਾਲ ਤਖਤ ਦੇ ਜਥੇਦਾਰ ਨੇ ਸਿੱਖ ਕੌਮ ਨੂੰ ਫਿਲਮ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨ ਦੀ ਅਪੀਲ ਕੀਤੀ ਹੈ।

'ਐਸਜੀਪੀਸੀ ਨੂੰ ਦਿਖਾਈ ਸੀ ਫਿਲਮ'

ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੇ ਬੀਬੀਸੀ ਪੰਜਾਬੀ ਨਾਲ ਗੱਲਬਾਤ ਵਿੱਚ ਉਨ੍ਹਾਂ ਨੂੰ ਪੰਥ 'ਚੋਂ ਛੇਕਣ ਬਾਰੇ ਕਿਹਾ, "ਮੈਂ ਅਕਾਲ ਤਖਤ ਸਾਹਿਬ ਨੂੰ ਮੰਨਦਾ ਹਾਂ ਅਤੇ ਫਿਲਮ ਸ਼੍ਰੋਮਣੀ ਕਮੇਟੀ ਨੂੰ ਦਿਖਾਈ ਗਈ ਸੀ ਅਤੇ ਉਨ੍ਹਾਂ ਤੋਂ ਮਨਜ਼ੂਰੀ ਲਈ ਸੀ।''

''ਜਦੋਂ ਫਿਲਮ ਪਹਿਲਾਂ ਰਿਲੀਜ਼ ਕੀਤੀ ਗਈ ਸੀ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਫਿਲਮ 'ਤੇ ਕੁਝ ਸਵਾਲ ਚੁੱਕੇ ਗਏ ਸੀ। ਅਸੀਂ ਉਨ੍ਹਾਂ ਦਿੱਕਤਾਂ ਨੂੰ ਦੂਰ ਕੀਤਾ ਤਾਂ ਹੀ ਫਿਲਮ ਨੂੰ ਉਨ੍ਹਾਂ ਦੀ ਮਨਜ਼ੂਰੀ ਮਿਲੀ ਸੀ।''

ਜਦੋਂ ਹਰਿੰਦਰ ਸਿੱਕਾ ਤੋਂ ਪੁੱਛਿਆ ਗਿਆ ਕਿ ਉਹ ਫਿਲਮ ਦੇ ਵਿਰੋਧ ਤੋਂ ਬਾਅਦ ਵੀ ਫਿਲਮ ਦੀ ਰਿਲੀਜ਼ ਕਿਉਂ ਕਰਵਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਕਿਹਾ, "ਫਿਲਮ ਡਿਸਟ੍ਰੀਬਿਊਟਰਜ਼ ਨੂੰ ਦਿੱਤੀ ਜਾ ਚੁੱਕੀ ਹੈ ਅਤੇ ਇਸ ਲਈ ਹੁਣ ਰਿਲੀਜ਼ ਰੋਕਣਾ ਮੁਸ਼ਕਿਲ ਹੈ।''

ਆਪਣੇ ਅਗਲੇ ਕਦਮ ਬਾਰੇ ਸਿੱਕਾ ਨੇ ਕਿਹਾ, "ਅਜੇ ਮੈਂ ਸ੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ ਪੜ੍ਹਾਂਗਾ ਉਸ ਤੋਂ ਬਾਅਦ ਅਗਲੇ ਕਦਮ ਬਾਰੇ ਫੈਸਲਾ ਲਵਾਂਗਾ।''

ਇਸਦੇ ਨਾਲ ਹੀ ਹਰਿੰਦਰ ਸਿੱਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਅਕਾਲ ਤਖਤ ਸਾਹਿਬ 'ਤੇ ਪੇਸ਼ੀ ਲਈ ਨਹੀਂ ਸੱਦਿਆ ਗਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)