ਨਵਜੋਤ ਸਿੱਧੂ ਨੂੰ ਦੋਸ਼ੀ ਕਰਾਰ ਦੇਣਾ ਸਹੀ : ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਕਿਹਾ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਰੋਡ ਰੇਜ ਮਾਮਲੇ ਵਿੱਚ ਸੁਣਾਈ ਸਜ਼ਾ ਜਾਇਜ਼ ਹੈ।

ਪੀਟੀਆਈ ਅਨੁਸਾਰ ਜਸਟਿਸ ਜੇ ਚੇਲਾਮੇਸ਼ਵਰ ਤੇ ਸੰਜੇ ਕਿਸ਼ਨ ਕੌਲ ਦੀ ਬੈਂਚ ਦੇ ਸਾਹਮਣੇ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਪਟਿਆਲਾ ਦੇ ਵਸਨੀਕ ਗੁਰਨਾਮ ਸਿੰਘ ਦੀ ਮੌਤ ਨਵਜੋਤ ਸਿੱਧੂ ਵੱਲੋਂ ਦਿੱਤੀ ਪਹਿਲੀ ਸੱਟ ਕਾਰਨ ਹੀ ਹੋਈ ਸੀ।

ਪੰਜਾਬ ਸਰਕਾਰ ਨੇ ਟ੍ਰਾਇਲ ਕੋਰਟ ਦੇ ਫੈਸਲੇ 'ਤੇ ਅਸਹਿਮਤੀ ਪ੍ਰਗਟ ਕੀਤੀ ਹੈ।

ਪੰਜਾਬ ਸਰਕਾਰ ਦੇ ਵਕੀਲ ਨੇ ਕੋਰਟ ਵਿੱਚ ਕਿਹਾ, "ਇਸ ਬਾਰੇ ਕੋਈ ਸਬੂਤ ਨਹੀਂ ਮਿਲਿਆ ਹੈ ਕਿ ਗੁਰਨਾਮ ਸਿੰਘ ਦੀ ਮੌਤ ਬ੍ਰੇਨ ਹੈਮਰੇਜ ਕਾਰਨ ਨਹੀਂ ਬਲਕਿ ਕਾਰਡੀਐਕ ਅਰੈਸਟ ਕਰਕੇ ਹੋਈ ਹੈ। ਨਵਜੋਤ ਸਿੰਘ ਵੱਲੋਂ ਮ੍ਰਿਤਕ 'ਤੇ ਕੀਤੇ ਵਾਰ ਕਾਰਨ ਹੀ ਉਸ ਦੀ ਮੌਤ ਬ੍ਰੇਨ ਹੈਮਰੇਜ ਕਾਰਨ ਹੋਈ ਸੀ।''

ਨਵਜੋਤ ਸਿੱਧੂ ਨੇ ਇੰਡੀਅਨ ਐਕਸਪ੍ਰੈਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਹੈ ਕਿ ਉਹ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਐਡਵੋਕੇਟ ਜਨਰਲ ਹੀ ਇਸ ਬਾਰੇ ਜਵਾਬ ਦੇ ਸਕਦੇ ਹਨ।

ਕੀ ਹੈ ਪੂਰਾ ਮਾਮਲਾ?

ਨਵਜੋਤ ਸਿੱਧੂ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 27 ਦਸੰਬਰ 1988 ਨੇ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ 65 ਸਾਲਾ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਸੀ ਅਤੇ ਉਸੇ ਕੁੱਟਮਾਰ ਵਿੱਚ ਵਜੀ ਸੱਟ ਕਾਰਨ ਗੁਰਨਾਮ ਸਿੰਘ ਦੀ ਮੌਤ ਹੋਈ ਸੀ।

ਟ੍ਰਾਇਲ ਕੋਰਟ ਨੇ ਨਵਜੋਤ ਸਿੱਧੂ ਨੂੰ ਬਰੀ ਕਰ ਦਿੱਤਾ ਸੀ ਪਰ ਹਾਈ ਕੋਰਟ ਨੇ ਨਵਜੋਤ ਸਿੱਧੂ ਨੂੰ ਦੋਸ਼ੀ ਮੰਨਦੇ ਹੋਏ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ।

ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਦੀ ਤਿੰਨ ਸਾਲ ਦੀ ਸਜ਼ਾ ਨੂੰ ਸਸਪੈਂਡ ਕਰ ਦਿੱਤਾ ਸੀ। ਫਿਲਹਾਲ ਸੁਪਰੀਮ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਜਾਰੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)