ਗੁਰੂ ਸਾਹਿਬਾਨ ਦਾ ਇਤਿਹਾਸ ਤੇ ਕਾਂਗਰਸ-ਅਕਾਲੀ ਦਲ ਦਾ ‘ਸਿਆਸੀ ਸਿਲੇਬਸ’

ਸ਼੍ਰੋਮਣੀ ਅਕਾਲੀ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਦੀ ਇਤਿਹਾਸ ਦੀ ਕਿਤਾਬ ਵਿੱਚ ਸਿੱਖ ਗੁਰੂ ਸਾਹਿਬਾਨ ਨਾਲੇ ਜੁੜੇ 23 ਅਧਿਆਏ ਹਟਾ ਦਿੱਤੇ ਗਏ ਹਨ।

ਇਸ ਬਾਰੇ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਕੇ ਇਨ੍ਹਾਂ ਇਲਜ਼ਾਮਾਂ ਦਾ ਖੰਡਨ ਕੀਤਾ ਹੈ ਅਤੇ ਅਕਾਲੀ ਦਲ ਨੂੰ ਅਜਿਹੀ ਸਿਆਸਤ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਕੋਰਸ ਨੂੰ ਸਿਰਫ ਐਨਸੀਆਰਟੀ ਦੇ ਸਿਲੇਬਸ ਨਾਲ ਮਿਲਾਉਣ ਦੇ ਲਈ ਕੁਝ ਬਦਲਾਅ ਕੀਤੇ ਗਏ ਹਨ ਤਾਂ ਜੋ ਪੰਜਾਬ ਦੇ ਵਿਦਿਆਰਥੀ ਕੌਮੀ ਪੱਧਰ 'ਤੇ ਮੁਕਾਬਲੇ ਵਿੱਚ ਰਹਿਣ।''

ਮੁੱਖ ਮੰਤਰੀ ਨੇ ਕਿਹਾ ਹੈ ਕਿ ਇਤਿਹਾਸ ਦੇ ਅਧਿਆਏ 11ਵੀਂ ਅਤੇ 12ਵੀਂ ਜਮਾਤਾਂ ਵਿੱਚ ਵੰਡੇ ਗਏ ਹਨ ਅਤੇ ਇਹ ਸਭ ਐਕਸਪਰਟ ਕਮੇਟੀ ਦੀ ਸਿਫਾਰਿਸ਼ਾਂ 'ਤੇ ਕੀਤਾ ਗਿਆ ਹੈ ਜਿਸ ਵਿੱਚ ਐਸਜੀਪੀਸੀ ਦਾ ਵੀ ਇੱਕ ਮੈਂਬਰ ਸੀ।

ਪ੍ਰੈਸ ਨੋਟ ਵਿੱਚ ਕਿਹਾ ਗਿਆ ਹੈ ਕਿ ਸਕੂਲ ਦੀਆਂ ਕਿਤਾਬਾਂ ਤੋਂ ਗੁਰੂ ਸਾਹਿਬਾਨ ਨਾਲ ਜੁੜੇ ਕਿਸੇ ਵੀ ਅਧਿਆਏ ਨੂੰ ਨਹੀਂ ਹਟਾਇਆ ਗਿਆ ਹੈ। ਸਗੋਂ ਚਾਰ ਸਾਹਿਬਜ਼ਾਦਿਆਂ ਬਾਰੇ ਨਵੇਂ ਅਧਿਆਏ ਕਿਤਾਬਾਂ ਦਾ ਹਿੱਸਾ ਬਣੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)