You’re viewing a text-only version of this website that uses less data. View the main version of the website including all images and videos.
ਪੰਜਾਬ ਸਰਕਾਰ ਨਸ਼ਿਆਂ 'ਤੇ ਠੱਲ ਪਾਉਣ 'ਚ ਪੂਰੀ ਤਰ੍ਹਾਂ ਫੇਲ੍ਹ- ਜਥੇਦਾਰ ਗਿਆਨੀ ਗੁਰਬਚਨ ਸਿੰਘ
- ਲੇਖਕ, ਰਵਿੰਦਰ ਸਿੰਘ ਰੌਬਿਨ
- ਰੋਲ, ਬੀਬੀਸੀ ਪੰਜਾਬੀ ਲਈ
ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਕਾਰਨ ਕਈ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਲਾਇਆ ਹੈ।
ਜਥੇਦਾਰ ਨੇ ਕਿਹਾ, ''ਪੰਜਾਬ ਸਰਕਾਰ ਨਸ਼ਿਆਂ 'ਤੇ ਠੱਲ ਪਾਉਣ 'ਚ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਗਈ ਹੈ। ਪੰਜਾਬ ਲਈ ਕਿਹਾ ਗਿਆ ਸੀ ਕਿ ਪੰਜਾਬ ਵਸਦਾ ਗੁਰਾਂ ਦੇ ਨਾਂ ਉਸ ਪੰਜਾਬ ਵਿੱਚ ਇਸ ਸਮੇਂ ਨਸ਼ਿਆਂ ਦੀ ਹਾਹਾਕਾਰ ਮਚੀ ਹੋਈ ਹੈ।''
ਉਨ੍ਹਾਂ ਅੱਗੇ ਕਿਹਾ ਕਿ ਰੋਜ਼ਾਨਾ ਹੀ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਨਸ਼ੇ ਦੀ ਭੇਟ ਚੜ੍ਹ ਰਹੀਆ ਹਨ ਅਤੇ ਸਰਕਾਰ ਇਸ ਮਸਲੇ 'ਤੇ ਅਜੇ ਤੱਕ ਪੂਰੀ ਤਰ੍ਹਾ ਫੇਲ੍ਹ ਹੋਈ ਹੈ ਕਿਉਂਕਿ ਜਿਨ੍ਹਾਂ ਨੇ ਨਸ਼ਾ ਰੋਕਣਾ ਸੀ ਉਹ ਹੀ ਨਸ਼ੇ ਦੇ ਸੌਦਾਗਰ ਬਣੇ ਹੋਏ ਹਨ।
ਜਥੇਦਾਰ ਨੇ ਕਿਹਾ, ''ਪੰਚਾਇਤਾਂ ਪਿੰਡਾਂ ਵਿੱਚ ਕੋਈ ਵੀ ਨਸ਼ਾ ਨਾ ਵਿਕਣ ਦੇਣ ਅਤੇ ਇਸ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ ਵਿਸ਼ੇਸ਼ ਧਿਆਨ ਦੇਵੇ ਤਾਂ ਜੋ ਸਾਡੀ ਨੌਜਵਾਨੀ ਅਤੇ ਆਉਣ ਵਾਲੀ ਪਨੀਰੀ ਇਸ ਤੋਂ ਬੱਚ ਸਕੇ।''
ਕੀ ਹੈ ਮਾਮਲਾ?
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ ਖਾਸ ਕਰ ਮਾਝਾ ਵਿੱਚ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਕਾਰਨ ਕਈ ਨੌਜਵਾਨਾਂ ਦੀਆਂ ਮੌਤ ਦੀਆਂ ਖ਼ਬਰਾਂ ਆਈਆਂ।
ਇਸ ਸਬੰਧ ਵਿੱਚ ਸੋਸ਼ਲ ਮੀਡੀਆ 'ਤੇ ਕਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੋਈਆਂ। ਕਈ ਜਥੇਬੰਦੀਆਂ ਅਤੇ ਵਿਰੋਧੀ ਪਾਰਟੀਆਂ ਨੇ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਵੀ ਕੀਤਾ।
ਕੈਪਟਨ ਨੇ ਚੋਣਾਂ ਤੋ ਪਹਿਲਾਂ ਖਾਧੀ ਸੀ ਸਹੁੰ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕਿਹਾ ਸੀ ਕਿ ਪੰਜਾਬ ਵਿੱਚ ਚਾਰ ਹਫ਼ਤਿਆਂ ਅੰਦਰ ਨਸ਼ਾ ਖ਼ਤਮ ਕਰ ਦੇਵਾਂਗਾ।