ਅੰਮ੍ਰਿਤਸਰ ਰੇਲ ਹਾਦਸਾ: ਮੈਂ ਅਸਤੀਫਾ ਨਹੀਂ ਦੇਵਾਂਗਾ, ਹਾਦਸਾ ਰੇਲਵੇ ਦੀ ਜ਼ਮੀਨ 'ਤੇ ਹੋਇਆ- ਨਵਜੋਤ ਸਿੰਘ ਸਿੱਧੂ

    • ਲੇਖਕ, ਸਰਬਜੀਤ ਸਿੰਘ ਧਾਲੀਵਾਲ
    • ਰੋਲ, ਬੀਬੀਸੀ ਪੱਤਰਕਾਰ ਅੰਮ੍ਰਿਤਸਰ ਤੋਂ

ਅੰਮ੍ਰਿਤਸਰ ਰੇਲ ਹਾਦਸੇ ਮਗਰੋਂ ਜ਼ਿੰਮੇਵਾਰ ਲੋਕਾਂ ਨੂੰ ਸਾਹਮਣੇ ਲਿਆਉਣ ਅਤੇ ਕਾਰਵਾਈ ਦੀ ਮੰਗ ਤੇਜ਼ੀ ਫੜ ਰਹੀ ਹੈ। ਅਕਾਲੀ ਦਲ ਤੇ ਨਵਜੋਤ ਸਿੰਘ ਸਿੱਧੂ ਆਹਮੋ ਸਾਹਮਣੇ ਆ ਗਏ ਹਨ। ਪੂਰੇ ਮਸਲੇ 'ਤੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੀ ਨਵਜੋਤ ਕੌਰ ਸਿੱਧੂ ਨੇ ਵੀ ਆਪਣਾ ਪੱਖ ਰੱਖਿਆ।

ਅੰਮ੍ਰਿਤਸਰ ਪੂਰਬੀ ਦੀ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਐਲਾਨੀ ਗਈ ਮਜਿਸਟਰੇਟ ਜਾਂਚ ਵਿੱਚ ਸਹਿਯੋਗ ਦੇਣ ਦੀ ਗੱਲ ਕਹੀ ਹੈ।

ਬੀਬੀਸੀ ਨਾਲ ਗੱਲ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ, ''ਇਸ ਹਾਦਸੇ ਦੀ ਜ਼ਿੰਮੇਵਾਰੀ ਸਮੂਹਿਕ ਤੌਰ 'ਤੇ ਸਾਰਿਆ ਦੀ ਹੈ, ਇਸ ਲਈ ਸਾਰਿਆਂ ਨੂੰ ਜਾਂਚ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ।''

ਇਹ ਵੀ ਪੜ੍ਹੋ:

ਅੰਮ੍ਰਿਤਸਰ ਹਾਦਸੇ ਤੋਂ ਬਾਅਦ ਦੇ ਘਟਨਕ੍ਰਮ ਬਾਰੇ 7 ਅਹਿਮ ਨੁਕਤੇ꞉

  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹਤ ਕਾਰਜਾਂ ਲਈ ਮੰਤਰੀਆਂ ਦੀ ਇੱਕ ਤਿੰਨ ਮੈਂਬਰੀ ਕਮੇਟੀ ਬਣਾਈ ਅਤੇ ਮਜਿਸਟਰੇਟ ਜਾਂਚ ਦੇ ਹੁਕਮ ਦਿੱਤੇ।
  • ਹਾਦਸੇ ਤੋਂ ਬਾਅਦ ਭੜਕੇ ਲੋਕਾਂ ਨੇ ਨਵਜੋਤ ਸਿੱਧੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੁਲਿਸ ਉੱਪਰ ਪਥਰਾਅ ਕੀਤਾ ਜਿਸ ਮਗਰੋਂ ਮਾਹੌਲ ਸਾਂਭਿਆ।
  • ਰੇਲਵੇ ਨੇ ਅਤੇ ਡਰਾਈਵਰ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਕਿ ਪ੍ਰੋਗਰਾਮ ਦੀ ਜਾਣਕਾਰੀ ਨਹੀਂ ਮਿਲੀ ਸੀ , ਇੰਜਣ ਦਾ ਹਾਰਨ ਵਜਾਇਆ ਗਿਆ ਸੀ।
  • ਸੁਖਬੀਰ ਸਿੰਘ ਬਾਦਲ꞉ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਉੱਪਰ ਐਫਆਈਆਰ ਦਰਜ ਕਰਨਦਿਆਂ ਹਾਦਸੇ ਨੂੰ ਕਤਲਿਆਮ ਦੱਸਿਆ।
  • ਨਵਜੋਤ ਸਿੰਘ ਸਿੱਧੂ꞉ ਮੈਂ ਅਸਤੀਫਾ ਨਹੀਂ ਦੇਵਾਂਗਾ, ਹਾਦਸਾ ਰੇਲਵੇ ਦੀ ਜ਼ਮੀਨ 'ਤੇ ਹੋਇਆ।
  • ਸਮਾਗਮ ਦੀ ਮੁੱਖ ਮਹਿਮਾਨ, ਡਾਕਟਰ ਨਵਜੋਤ ਕੌਰ ਸਿੱਧੂ ਸੀ ਉੱਪਰ ਲੋਕਾਂ ਦਾ ਇਲਜ਼ਾਮ ਸੀ ਕਿ ਉਹ ਹਾਦਸੇ ਤੋਂ ਬਾਅਦ ਉੱਥੋਂ ਚਲੀ ਗਈ, ਪਰ ਡਾਕਟਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਹਾਦਸੇ ਦੀ ਜਾਣਕਾਰੀ ਘਰੇ ਪਹੁੰਚਣ ਤੋਂ ਬਾਅਦ ਮਿਲੀ।
  • ਸਮਾਗਮ ਦੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਮਿੱਠੂ ਮਦਾਨ ਨੇ ਇਸ ਸਮੁੱਚੇ ਹਾਦਸੇ ਨੂੰ ਕੁਦਰਤ ਦਾ ਕੰਮ ਦੱਸਿਆ ਜਿਸ ਵਿੱਚ ਕਿਸੇ ਦਾ ਕੋਈ ਕਸੂਰ ਨਹੀਂ ਸੀ।

ਮੈਂ ਅਸਤੀਫਾ ਨਹੀਂ ਦੇਵਾਂਗਾ- ਨਵਜੋਤ ਸਿੰਘ ਸਿੱਧੂ

ਦੂਜੇ ਪਾਸੇ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ ਜਿਸ ਵਿੱਚ ਸਰਕਾਰ ਤੋਂ ਹਾਦਸੇ ਦੀ ਮੈਜਿਸਟਰੇਟ ਦੀ ਥਾਂ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਮੰਗ ਨਾ ਮੰਨੇ ਜਾਣ 'ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ।

ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮੰਗਿਆ ਸੀ ਤੇ ਉਨ੍ਹਾਂ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰਨ ਦੀ ਮੰਗ ਵੀ ਕੀਤੀ ਸੀ।

ਇਸ ਗੱਲ ਉੱਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਿਹਾ, '' ਮੈਂ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਵਾਂਗਾ। ਇਹ ਹਾਦਸਾ ਰੇਲਵੇ ਦੀ ਜ਼ਮੀਨ 'ਤੇ ਵਾਪਰਿਆ ਹੈ। ਸਮਾਗਮ ਲਈ ਮਨਜ਼ੂਰੀ ਮੈਦਾਨ ਦੇ ਅੰਦਰ ਦਿੱਤੀ ਗਈ ਸੀ ਜਦਕਿ ਘਟਨਾ ਬਾਹਰ ਵਾਪਰੀ।''

ਮੌਤਾਂ ਦਾ ਅੰਕੜਾ 58

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਨੇ ਐਤਵਾਰ ਨੂੰ ਸਥਾਨਕ ਪੱਤਰਕਾਰ ਰਵਿੰਦਰ ਸਿੰਘ ਰੌਬਿਨ ਨੂੰ ਦੱਸਿਆ ਕਿ ਹਾਦਸੇ ਵਾਲੇ ਦਿਨ ਮਰਨ ਵਾਲਿਆਂ ਦੀ ਗਿਣਤੀ 57 ਹੈ ਜਿਨ੍ਹਾਂ ਵਿੱਚੋਂ 56 ਦੀ ਪਹਿਚਾਣ ਹੋ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ, "ਪਹਿਲੀ ਗਿਣਤੀ ਹਾਦਸੇ ਵਾਲੀ ਥਾਂ ਤੋਂ ਮਿਲੇ ਬੈਗਾਂ ਉੱਪਰ ਆਧਾਰਿਤ ਸੀ ਜਦਕਿ ਹੁਣ ਜੋ ਗਿਣਤੀ ਦੱਸੀ ਜਾ ਰਹੀ ਹੈ ਉਹ ਉਨ੍ਹਾਂ ਲਾਸ਼ਾਂ 'ਤੇ ਆਧਾਰਿਤ ਹੈ ਜਿਨ੍ਹਾਂ ਦੀ ਪਛਾਣ ਹੋ ਚੁੱਕੀ ਹੈ।"

ਸ਼ਾਮ ਤੱਕ ਇੱਕ ਹੋਰ ਵਿਅਕਤੀ ਵੱਲੋਂ ਹਸਪਤਾਲ ਵਿੱਚ ਦਮ ਤੋੜ ਜਾਣ ਕਰਕੇ ਇਹ ਗਿਣਤੀ 58 ਹੋ ਗਈ ਹੈ।

ਮੌਤਾਂ ਬਾਰੇ ਹਾਦਸੇ ਵਾਲੇ ਦਿਨ ਪੁਲਿਸ ਕਮਿਸ਼ਨਰ ਐੱਸਐੱਸ ਸ੍ਰੀਵਾਸਤਵ ਨੇ ਬੀਬੀਸੀ ਨੂੰ ਦੱਸਿਆ ਸੀ ਕਿ 59 ਮੌਤਾਂ ਹੋਈਆਂ ਹਨ ਅਤੇ 57 ਜ਼ਖਮੀਂ ਹੋਏ ਹਨ।

ਸ਼ਨਿੱਚਰਵਾਰ ਸਵੇਰੇ ਅੰਮ੍ਰਿਤਸਰ ਦੇ ਏਡੀਸੀ ਹਿਮਾਂਸ਼ੂ ਨੇ ਵੀ 59 ਮੌਤਾਂ ਦੀ ਪੁਸ਼ਟੀ ਕੀਤੀ ਸੀ।

ਇਹ ਵੀ ਪੜ੍ਹੋ ਅਤੇ ਦੇਖੋ:

ਅੰਮ੍ਰਿਤਸਰ ਹਾਦਸੇ ਤੋਂ ਬਾਅਦ ਕੀ-ਕੀ ਹੋਇਆ꞉

  • ਸ਼ੁੱਕਰਵਾਰ ਨੂੰ ਦਸਿਹਿਰੇ ਮੌਕੇ ਰਾਵਣ ਦਹਿਨ ਦੇਖਣ ਲਈ ਪਹੁੰਚੇ ਲੋਕ ਉੱਥੋਂ ਲੰਘ ਰਹੀਂ ਰੇਲ ਗੱਡੀ ਦੇ ਚਪੇਟ ਵਿੱਚ ਆ ਗਏ।
  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਯਾਤਰਾ ਰੱਦ ਕੀਤੀ ਅਤੇ ਮੌਕੇ ਦਾ ਮੁਆਇਨਾ ਕੀਤਾ।
  • ਰਾਹਤ ਕਾਰਜਾਂ ਲਈ ਮੰਤਰੀਆਂ ਦੀ ਇੱਕ ਤਿੰਨ ਮੈਂਬਰੀ ਕਮੇਟੀ ਬਣਾਈ ਅਤੇ ਮਜਿਸਟਰੇਟ ਜਾਂਚ ਦੇ ਹੁਕਮ ਦਿੱਤੇ।
  • ਰੇਲ ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਉਨ੍ਹਾਂ ਨੇ ਗੱਡੀ ਰੋਕਣ ਦੀ ਕੋਸ਼ਿਸ਼ ਕੀਤੀ ਸੀ।
  • ਰੇਲਵੇ꞉ ਪ੍ਰੋਗਰਾਮ ਦੀ ਜਾਣਕਾਰੀ ਨਹੀਂ ਮਿਲੀ, ਇੰਜਣ ਦਾ ਹਾਰਨ ਵਜਾਇਆ ਗਿਆ ਸੀ।
  • ਸੁਖਬੀਰ ਸਿੰਘ ਬਾਦਲ꞉ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਉੱਪਰ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਅਤੇ ਹਾਦਸੇ ਨੂੰ ਕਤਲਿਆਮ ਦੱਸਿਆ।
  • ਨਵਜੋਤ ਸਿੰਘ ਸਿੱਧੂ꞉ ਮੇਰੀ ਪਤਨੀ ਪੀੜਤਾਂ ਦੀ ਸੰਭਾਲ ਕਰ ਰਹੀ ਹੈ ਅਤੇ ਉਨ੍ਹਾਂ ਦੇ ਟਾਂਕੇ ਤੱਕ ਲਾ ਰਹੀ ਹੈ।
  • ਕੈਪਟਨ ਅਮਰਿੰਦਰ ਸਿੰਘ꞉ ਇਹ ਤੂੰ-ਤੂੰ, ਮੈਂ-ਮੈਂ ਦਾ ਨਹੀਂ ਸਗੋਂ ਮਿਲ ਕੇ ਕੰਮ ਕਰਨ ਦਾ ਸਮਾਂ ਹੈ।

ਹਾਦਸੇ ਨਾਲ ਜੁੜੀਆਂ ਬੀਬੀਸੀ ਪੰਜਾਬੀ ਦੀਆਂ ਵੀਡੀਓ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)