ਰਾਮ ਰਹੀਮ ਨੂੰ ਮੈਂ ਕਦੇ ਨਹੀਂ ਮਿਲਿਆ - ਅਕਸ਼ੈ ਕੁਮਾਰ

ਬਰਗਾੜੀ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਪੁਲਿਸ ਫਾਇਰਿੰਗ ਦੀ ਜਾਂਚ ਕਰ ਰਹੀ ਸਪੈਸ਼ਲ ਜਾਂਚ ਟੀਮ (ਐੱਸਆਈਟੀ) ਵੱਲੋਂ ਅਦਾਕਾਰ ਅਕਸ਼ੈ ਕੁਮਾਰ ਨੂੰ ਸੰਮਨ ਕੀਤਾ ਗਿਆ ਤਾਂ ਉਨ੍ਹਾਂ ਨੇ ਆਪਣਾ ਪੱਖ ਰੱਖਿਆ।

ਇੱਹ ਗੱਲ ਵੱਖ ਹੈ ਕਿ ਅਕਸ਼ੇ ਕੁਮਾਰ ਨੇ ਟਵਿੱਟਰ 'ਤੇ ਆਪਣਾ ਪੱਖ ਰੱਖਦਿਆਂ ਐੱਸਆਈਟੀ ਦੇ ਸੰਮਨ ਬਾਰੇ ਕੋਈ ਗੱਲ ਨਹੀਂ ਕੀਤੀ।

ਅਕਸ਼ੈ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ ਕਰਵਾਉਣ ਦੀਆਂ ਗੱਲਾਂ, ਡੇਰਾ ਮੁਖੀ ਨੂੰ ਅਕਾਲ ਤਖ਼ਤ ਤੋਂ ਸਾਹਿਬ ਤੋਂ ਮੁਆਫ਼ੀ ਵਾਲੇ ਮੁੱਦੇ ਉੱਤੇ ਆਪਣੀ ਸਫਾਈ ਦਿੱਤੀ।

ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਕੁਝ ਡੇਰਾ ਸਮਰਥਕਾਂ ਦੀਆਂ ਗ੍ਰਿਫਤਾਰੀਆਂ ਵੀ ਹੋਈਆਂ ਸਨ।

ਐੱਸਆਈਟੀ ਨੇ ਅਕਸ਼ੇ ਦੇ ਨਾਲ ਨਾਲ ਪੰਜਾਬ ਦੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਬਾਦਲ ਨੂੰ ਵੀ ਹਾਜ਼ਿਰ ਹੋਣ ਲਈ ਕਿਹਾ ਹੈ।

ਅਕਸ਼ੈ ਕੁਮਾਰ ਨੇ ਕੀ ਕਿਹਾ?

  • ਸੋਸਲ ਮੀਡੀਆ 'ਤੇ ਅਫਵਾਹ ਫੈਲਾਈ ਜਾ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਰਾਮ ਰਹੀਮ ਨਾਮ ਦੇ ਬਾਬੇ ਦੀ ਕਿਸੇ ਮੁਲਾਕਾਤ ਵਿੱਚ ਮੇਰਾ ਕੋਈ ਯੋਗਦਾਨ ਹੈ।
  • ਮੈਂ ਆਪਣੀ ਜਿੰਦਗੀ ਵਿੱਚ ਰਾਮ ਰਹੀਮ ਨੂੰ ਕਦੇ ਨਹੀਂ ਮਿਲਿਆ।
  • ਸੋਸ਼ਲ ਮੀਡੀਆ ਤੋਂ ਹੀ ਪਤਾ ਲੱਗਾ ਹੈ ਕਿ ਮੁੰਬਈ ਦੇ ਜੁਹੂ ਇਲਾਕੇ ਵਿੱਚ ਓਹ ਵੀ ਰਹਿੰਦਾ ਸੀ ਪਰ ਅਸੀਂ ਕਦੇ ਨਹੀਂ ਮਿਲੇ।
  • ਪਿਛਲੇ ਕਈ ਸਾਲਾਂ ਤੋਂ ਮੈਂ ਪੰਜਾਬੀ ਸਭਿਆਚਾਰ ਅਤੇ ਸਿੱਖੀ ਦੀ ਵਿਚਾਰਧਾਰਾ ਉੱਤੇ ਫਿਲਮਾਂ ਬਣਾ ਰਿਹਾ ਹਾਂ। ਮੈਨੂ ਆਪਣੇ ਪੰਜਾਬੀ ਹੋਣ 'ਤੇ ਮਾਣ ਹੈ ਅਤੇ ਸਿੱਖ ਧਰਮ ਲਈ ਅਥਾਹ ਸਰਧਾ ਅਤੇ ਸਤਿਕਾਰ ਹੈ।
  • ਮੈਂ ਭੁੱਲ ਕੇ ਵੀ ਆਪਣੇ ਇਹਨਾਂ ਭੈਣ ਭਰਾਵਾਂ ਦੇ ਦਿਲ ਦੁਖਾਉਣ ਵਾਲੀ ਕਿਸੇ ਗੱਲ 'ਚ ਸ਼ਾਮਿਲ ਨਹੀਂ ਹੋ ਸਕਦਾ
  • ਕਿਸੇ ਬਦਨੀਤੀ ਨਾਲ ਜਾਂ ਕਿਸੇ ਘਟੀਆ ਰਾਜਨੀਤੀ ਤੋਂ ਪ੍ਰੇਰਿਤ ਮੈਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਇਹਨਾਂ ਅਫਵਾਹਾਂ ਦੀ ਮੈਂ ਨਿੰਦਾ ਕਰਦਾ ਹਾਂ।

ਇਹ ਵੀ ਪੜ੍ਹੋ:

ਕੀ ਹੈ ਐੱਸਆਈਟੀ ਦੇ ਸੰਮਨ ਵਿੱਚ?

ਸੰਮਨ ਮੁਤਾਬਕ, ''ਬਰਗਾੜੀ ਬੇਅਦਬੀ ਮਾਮਲਾ, ਕੋਟਕਪੂਰਾ ਤੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਦੀ ਜਾਂਚ ਦੇ ਮਾਮਲੇ ਵਿੱਚ ਜਿਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਉਨ੍ਹਾਂ ਦਾ ਹਾਜ਼ਿਰ ਹੋਣਾ ਲਾਜ਼ਮੀ ਹੈ। ਇਨ੍ਹਾਂ ਘਟਨਾਵਾਂ ਦੇ ਸਬੰਧ ਵਿੱਚ ਉਨ੍ਹਾਂ ਕੋਲੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਨ੍ਹਾਂ ਕੋਲ ਜੋ ਵੀ ਜਾਣਕਾਰੀਆਂ ਹਨ ਉਹ ਦਿੱਤੀਆਂ ਜਾਣ।''

ਕੀ ਸੀ ਡੇਰਾ ਮੁਖੀ ਨੂੰ ਮਾਫ਼ੀ ਵਾਲਾ ਮਾਮਲਾ?

ਸਾਲ 2007 ਵਿੱਚ ਇਲਜ਼ਾਮ ਲੱਗੇ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਸਿੱਖਾਂ ਦੇ 10ਵੇਂ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੁਸ਼ਾਕ ਧਾਰਨ ਕੀਤੀ।

ਇਸ ਮਾਮਲੇ ਨੂੰ ਲੈ ਕੇ ਡੇਰਾ ਸਮਰਥਕਾਂ ਅਤੇ ਸਿੱਖ ਜਥੇਬੰਦੀਆਂ ਵਿੱਚ ਹਿੰਸਕ ਟਕਰਾਅ ਵੀ ਹੋਇਆ। ਰਾਮ ਰਹੀਮ ਦਾ ਬਾਈਕਾਟ ਕਰ ਦਿੱਤਾ ਗਿਆ।

ਸਾਲ 2015 ਵਿੱਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਡੇਰਾ ਮੁਖੀ ਨੂੰ ਮਾਫ਼ੀ ਦੇ ਦਿੱਤੀ, ਪਰ ਪੰਜ ਪਿਆਰਿਆਂ ਤੇ ਸਿੱਖ ਜਥੇਬੰਦੀਆਂ ਦੇ ਜ਼ਬਰਦਸਤ ਵਰੋਧ ਮਗਰੋਂ ਮਾਫ਼ੀਨਾਮਾ ਵਾਪਸ ਲੈ ਲਿਆ ਗਿਆ।

ਬੇਅਦਬੀ ਮਾਮਲੇ ਦਾ ਪੂਰਾ ਘਟਨਾਕ੍ਰਮ

  • ਇੱਕ ਜੂਨ 2015: ਗੁਰੂ ਗ੍ਰੰਥ ਸਾਹਿਬ ਪਿੰਡ ਕੋਟਕਪੂਰਾ ਦੇ ਬੁਰਜ ਜਵਾਹਾਰ ਸਿੰਘ ਵਾਲਾ ਤੋਂ ਲਾਪਤਾ।
  • 12 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿਚੋਂ ਮਿਲੇ।
  • 14 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ। ਇਸੇ ਦਿਨ ਬਹਿਬਲ ਕਲਾਂ ਵਿਚ ਸਿੱਖਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ।
  • 18 ਅਕਤੂਬਰ 2015: ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਐੱਸਆਈਟੀ ਦਾ ਗਠਨ। ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਪਰ ਪੁਲਿਸ ਦੇ ਦਾਅਵਿਆਂ ਉੱਤੇ ਸਵਾਲ ਖੜੇ ਹੋਏ।
  • 24 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਹੁਦੇ ਤੋਂ ਹਟਾਇਆ ਗਿਆ ਅਤੇ ਸੇਵਾ ਮੁਕਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ।
  • 26 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ
  • 30 ਜੂਨ,2016: ਜਸਟਿਸ ਜ਼ੋਰ ਸਿੰਘ ਕਮਿਸ਼ਨ ਨੇ ਰਿਪੋਰਟ ਸਰਕਾਰ ਨੂੰ ਸੌਂਪੀ, ਪਰ ਕਮਿਸ਼ਨ ਦੀਆਂ ਤਜਵੀਜ਼ਾਂ ਉੱਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
  • 14 ਅਪ੍ਰੈਲ 2017: ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ।
  • 30 ਜੂਨ 2018: ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ।
  • 31 ਜੂਨ 2018: ਅਮਰਿੰਦਰ ਸਿੰਘ ਦੀ ਸਰਕਾਰ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਸੀਬੀਆਈ ਹਵਾਲੇ ਕੀਤੀ।
  • 28 ਅਗਸਤ 2018: ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਅਤੇ ਅਕਾਲੀ ਦਲ ਵੱਲੋਂ ਬਹਿਸ ਦਾ ਬਾਈਕਾਟ। ਮਾਮਲੇ ਦੀ ਜਾਂਚ ਲਈ ਸੀਬੀਆਈ ਤੋਂ ਕੇਸ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ।
  • 10 ਸਤੰਬਰ 2018: ਪੰਜਾਬ ਸਰਕਾਰ ਵੱਲੋਂ ਬਹਿਬਲਾਂ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)