ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਖੂਨ - ਖਰਾਬਾ ਰੁੱਕਣ ’ਤੇ ਜਾਵਾਂਗਾ - ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ ਵਿਖੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਣਗੇ।

ਮੁੱਖ ਮੰਤਰੀ ਵੱਲੋਂ ਟਵਿੱਟਰ 'ਤੇ ਪ੍ਰੈੱਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ।

ਟਵਿੱਟਰ 'ਤੇ ਜਾਰੀ ਬਿਆਨ ਵਿੱਚ ਕੈਪਟਨ ਨੇ ਕਿਹਾ, "ਕਰਤਾਰਪੁਰ ਸਾਹਿਬ ਜਾਣ ਦਾ ਮੇਰਾ ਹਮੇਸ਼ਾ ਤੋਂ ਸੁਫਨਾ ਰਿਹਾ ਹੈ। ਮੈਨੂੰ ਅਫਸੋਸ ਹੈ ਕਿ ਮੈਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਮਿਲੇ ਸੱਦੇ ਨੂੰ ਕਬੂਲ ਨਹੀਂ ਕੀਤਾ ਹੈ।''

''ਭਾਰਤ ਫੌਜੀਆਂ ਦੀਆਂ ਹੋ ਰਹੀਆਂ ਮੌਤਾਂ ਤੇ ਪੰਜਾਬ ਵਿੱਚ ਜਾਰੀ ਅੱਤਵਾਦੀ ਹਮਲਿਆਂ ਵਿਚਾਲੇ ਮੈਂ ਪਾਕਿਸਤਾਨ ਨਹੀਂ ਜਾ ਸਕਦਾ ਹਾਂ। ਰੱਬ ਤੋਂ ਅਰਦਾਸ ਹੈ ਕਿ ਸ਼ਾਂਤੀ ਸਥਾਪਿਤ ਹੋਵੇ।''

ਇਹ ਵੀ ਪੜ੍ਹੋ:

ਉਨ੍ਹਾਂ ਇਹ ਵੀ ਲਿਖਿਆ ਕਿ ਇੱਕ ਵਾਰ ਖ਼ੂਨ ਖਰਾਬਾ ਰੁੱਕ ਜਾਵੇ ਉਹ ਕਰਤਾਰਪੁਰ ਸਾਹਿਬ ਜਾਣ ਦਾ ਸੁਪਨਾ ਜ਼ਰੂਰ ਪੂਰਾ ਕਰਨਗੇ।

ਹਾਲਾਂਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਜਾਣ ਦਾ ਸੱਦਾ ਜ਼ਰੂਰ ਕਬੂਲ ਕਰ ਲਿਆ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਦੇਸਾਂ ਦੀਆਂ ਸਰਕਾਰਾਂ ਦਾ ਚੰਗਾ ਕਦਮ ਦੱਸਿਆ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਇਸ ਫ਼ੈਸਲੇ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਧੰਨਵਾਦ ਕੀਤਾ ਸੀ ਅਤੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਇਮਰਾਨ ਖ਼ਾਨ ਦੀ ਤਾਰੀਫ਼ ਕੀਤੀ ਸੀ।

ਇਮਰਾਨ ਖ਼ਾਨ ਵੱਲੋਂ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਦੇ ਲਈ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਾਰਜ ਨੂੰ ਵੀ ਸੱਦਾ ਭੇਜਿਆ ਗਿਆ ਹੈ।

ਹਾਲਾਂਕਿ ਸੁਸ਼ਮਾ ਸਵਰਾਜ ਨੇ ਆਪਣੀ ਥਾਂ 'ਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਪੁਰੀ ਨੂੰ ਭੇਜਣ ਦੀ ਗੱਲ ਆਖੀ ਹੈ।

ਸੁਸ਼ਮਾ ਸਵਰਾਜ ਮੁਤਾਬਕ ਉਨ੍ਹਾਂ ਵੱਲੋਂ ਪਹਿਲਾਂ ਹੀ ਤੈਅ ਸੂਚੀ ਮੁਤਾਬਕ ਉਹ ਉਸ ਦਿਨ ਤੇਲੰਗਾਨਾ ਵਿੱਚ ਚੋਣ ਪ੍ਰਚਾਰ ਲਈ ਜਾਣਗੇ।

ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਧੰਨਵਾਦ ਕੀਤਾ। ਉਨ੍ਹਾਂ ਲਿਖਿਆ ਕਿ ਉਹ ਖ਼ੁਦ ਨੂੰ ਖੁਸ਼ਕਿਸਮਤ ਸਮਝ ਰਹੇ ਹਨ ਕਿ ਇਸ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੂੰ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ।

ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਪੁਰੀ ਨੇ ਲਿਖਿਆ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰ ਰਹੇ ਹਨ ਕਿ ਉਹ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੇ ਹਨ।

ਇੱਧਰ ਭਾਰਤ ਵੱਲੋਂ 26 ਨਵੰਬਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਵਿੱਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣਗੇ।

ਵੀਰਵਾਰ ਨੂੰ ਹੀ ਭਾਰਤ ਸਰਕਾਰ ਨੇ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਕਰਤਾਰਪੁਰ ਲਾਂਘੇ ਦੀ ਉਸਾਰੀ ਕਰਨ ਦੇ ਫੈਸਲੇ 'ਤੇ ਮੋਹਰ ਲਗਾਈ ਸੀ।

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਕੈਬਨਿਟ ਦੇ ਫੈਸਲੇ ਦੀ ਜਾਣਕਾਰੀ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਬਿਆਨ ਜਾਰੀ ਕਰਕੇ ਦਿੱਤੀ ਸੀ। ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਨੁਮਾਇੰਦਗੀ ਹੇਠ ਇੱਕ ਕਮੇਟੀ ਬਣੀ ਸੀ ਜਿਸ ਦੇ ਸੁਝਾਅ 'ਤੇ ਫੈਸਲਾ ਲਿਆ ਗਿਆ ਸੀ।

ਇਹ ਵੀ ਤੁਹਾਨੂੰ ਪਸੰਦ ਆ ਸਕਦਾ ਹੈ

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)