ਬਹਿਬਲ ਕਲਾਂ ਗੋਲੀਕਾਂਡ 'ਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ, ਜਾਣੋ ਕਦੋਂ ਕੀ-ਕੀ ਹੋਇਆ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਐੱਸਆਈਟੀ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

ਕੁੰਵਰ ਵਿਜੈ ਪ੍ਰਤਾਪ ਸਿੰਘ ਮੁਤਾਬਕ, ''ਗੁਪਤ ਸੂਚਨਾ ਦੇ ਆਧਾਰ 'ਤੇ ਹੁਸ਼ਿਆਰਪੁਰ ਤੋਂ ਤੜਕੇ ਚਰਨਜੀਤ ਸ਼ਰਮਾ ਨੂੰ ਕਾਬੂ ਕੀਤਾ ਗਿਆ।''

ਐੱਸਆਈਟੀ ਨੂੰ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਜਲਦੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਸਨ।

14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਵਿੱਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਲੋਕ ਧਰਨਾ ਦੇ ਰਹੇ ਸਨ।

ਅੱਜ ਸ਼ਾਮ ਤੋਂ ਬਾਅਦ ਚਰਨਜੀਤ ਸ਼ਰਮਾ ਦਾ ਮਿਲਣਾ ਮੁਸ਼ਕਿਲ ਸੀ - ਕੁੰਵਰ ਵਿਜੈ ਪ੍ਰਤਾਪ

ਐੱਸਆਈਟੀ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ, ''29 ਜਨਵਰੀ ਨੂੰ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਚਰਨਜੀਤ ਸ਼ਰਮਾ ਨੂੰ ਨੋਟਿਸ ਜਾਰੀ ਕੀਤਾ ਸੀ ਪਰ ਸਾਨੂੰ ਖ਼ਬਰ ਮਿਲੀ ਕਿ ਇਹ ਭੱਜ ਸਕਦੇ ਹਨ। ਜੇਕਰ ਅਸੀਂ ਕਾਰਵਾਈ ਨਾ ਕਰਦੇ ਤਾਂ ਅੱਜ ਸਾਮ ਤੋਂ ਬਾਅਦ ਚਰਨਜੀਤ ਸ਼ਰਮਾ ਦਾ ਮਿਲਣਾ ਮੁਸ਼ਕਿਲ ਸੀ।''

ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇੱਥੇ ਹੀ ਚਰਨਜੀਤ ਸ਼ਰਮਾ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਸੀ।

ਇਹ ਵੀ ਪੜ੍ਹੋ:

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀ ਕਿਹਾ?

ਬੀਬੀਸੀ ਪੰਜਾਬੀ ਦੇ ਸਹਿਯੋਗੀ ਸੁਖਚਰਨ ਪ੍ਰੀਤ ਮੁਤਾਬਕ, ਮੋਗਾ ਦੇ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਦੇ ਘਟਨਾਕ੍ਰਮ ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, "ਐੱਸ ਆਈ ਟੀ ਸਾਡੀ ਸਰਕਾਰ ਵੱਲੋਂ ਗਠਿਤ ਕੀਤੀ ਗਈ ਸੀ ਜਿਸ ਨੇ ਡੇਢ ਸਾਲ ਸਾਡੇ ਕਾਰਜਕਾਲ ਵਿੱਚ ਕੰਮ ਕੀਤਾ ਅਤੇ ਡੇਢ ਸਾਲ ਮੌਜੂਦਾ ਸਰਕਾਰ ਅਧੀਨ ਕੰਮ ਕੀਤਾ ਹੈ।"

"ਉਹੀ ਅਫ਼ਸਰ ਨੇ ਜਿਹੜੇ ਸਾਡੇ ਵੇਲੇ ਐੱਸ ਆਈ ਟੀ ਵਿੱਚ ਸਨ। ਹਾਲੇ ਤੱਕ ਵੀ ਇਹ ਤਹਿ ਤੱਕ ਨਹੀਂ ਪਹੁੰਚੇ ਹਨ। ਚਲੋ ਇੱਕ ਬੰਦਾ ਇਨ੍ਹਾਂ ਗ੍ਰਿਫ਼ਤਾਰ ਕੀਤਾ ਹੈ, ਮੈਂ ਇਹ ਨਹੀਂ ਕਹਿੰਦਾ ਗ਼ਲਤ ਕੀਤਾ ਹੈ, ਜੋ ਕੁੱਝ ਕੀਤਾ ਹੈ ਠੀਕ ਕੀਤਾ ਹੈ।"

ਸਾਲ 2015 ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲੇ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੇ ਗਏ ਜਸਟਿਸ ਰਣਜੀਤ ਸਿੰਘ (ਰਿਟਾ.) ਕਮਿਸ਼ਨ ਨੇ ਸਮੁੱਚੀ ਰਿਪੋਰਟ ਚਾਰ ਭਾਗਾਂ ਵਿੱਚ ਪੇਸ਼ ਕੀਤੀ ਸੀ।

ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਲਈ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ।

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬਹਿਬਲ ਕਲਾਂ ਵਿੱਚ ਪੁਲਿਸ ਨੇ ਬਿਨਾਂ ਕਿਸੇ ਚਿਤਾਵਨੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਗੋਲੀ ਚਲਾਉਣ ਦੀ ਆਗਿਆ ਲਏ ਬਿਨਾਂ ਫਾਇਰਿੰਗ ਕੀਤੀ ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।

ਰਿਪੋਰਟ ਵਿੱਚ ਪੀੜਤਾਂ ਦੇ ਬਿਆਨ ਦੇ ਆਧਾਰ 'ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੇ ਨਾਮ ਵੀ ਸ਼ਾਮਿਲ ਹਨ ਅਤੇ ਕਮਿਸ਼ਨ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ ਸੀ।

ਇਹ ਵੀ ਪੜ੍ਹੋ:

ਰਣਜੀਤ ਸਿੰਘ ਕਮਿਸ਼ਨ ਬਾਰੇ

2015 ਵਿੱਚ ਕੋਟਕਪੂਰਾ ਦੇ ਬਰਗਾੜੀ ਪਿੰਡ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਵਿੱਚ ਦੋ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਕਾਰਵਾਈ ਦੌਰਾਨ ਮੌਤ ਦੀ ਜਾਂਚ ਇਸ ਕਮਿਸ਼ਨ ਨੇ ਕੀਤੀ।

ਇਹ ਕਮਿਸ਼ਨ ਕਾਂਗਰਸ ਸਰਕਾਰ ਵਲੋਂ ਅਪ੍ਰੈਲ 2017 ਵਿੱਚ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ

ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਬਾਦਲ ਵੱਲ ਵੀ ਇਸ਼ਾਰਾ

ਕਮਿਸ਼ਨ ਨੇ ਪਹਿਲਾਂ ਕਿਹਾ ਸੀ ਕਿ ਕੁਝ ਤੱਥ ਮੁੱਖ ਮੰਤਰੀ ਦਫਤਰ ਦੇ ਕੋਟਕਪੂਰਾ ਦੇ ਘਟਨਾਕ੍ਰਮ ਵਿੱਚ "ਸ਼ਾਮਲ ਹੋਣ ਵੱਲ ਇਸ਼ਾਰਾ ਕਰਦੇ ਸਨ" ਪਰ "ਹੁਣ ਇਹ ਸਾਫ ਹੈ ਕਿ ਮੁੱਖ ਮੰਤਰੀ (ਬਾਦਲ) ਅਤੇ ਮੁੱਖ ਮੰਤਰੀ ਦਫਤਰ ਨੂੰ ਕੋਟਕਪੂਰਾ ਵਿੱਚ ਕੀਤੀ ਗਈ ਪੁਲਿਸ ਕਾਰਵਾਈ ਬਾਰੇ ਜਾਣਕਾਰੀ ਸੀ।"

ਰਿਪੋਰਟ ਮੁਤਾਬਕ, ''ਪੰਜਾਬ ਦੇ ਤਤਕਾਲੀ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਦੀ ਦੱਸੀ ਗੱਲ ਦਾ ਵੀ ਹਵਾਲਾ ਦਿੰਦੀ ਹੈ ਕਿ 13 ਅਤੇ 14 ਅਕਤੂਬਰ ਦੀ ਦਰਮਿਆਨੀ ਰਾਤ ਨੂੰ 2 ਵਜੇ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਫੋਨ ਕੀਤਾ ਅਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਲਈ।''

ਰਿਪੋਰਟ ਵਿੱਚ ਅੱਗੇ ਕਿਹਾ ਗਿਆ, "ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਡੀਜੀਪੀ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਪੁਲਿਸ ਦੁਆਰਾ ਕੋਟਕਪੂਰਾ ਵਿੱਚ ਕੀਤੀ ਕਾਰਵਾਈ ਤੋਂ ਅਣਜਾਣ ਨਹੀਂ ਮੰਨਿਆ ਜਾ ਸਕਦਾ।"

ਬੇਅਦਬੀ ਮਾਮਲੇ ਦਾ ਪੂਰਾ ਘਟਨਾਕ੍ਰਮ

  • ਇੱਕ ਜੂਨ 2015: ਗੁਰੂ ਗ੍ਰੰਥ ਸਾਹਿਬ ਪਿੰਡ ਕੋਟਕਪੂਰਾ ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ।
  • 12 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿਚੋਂ ਮਿਲੇ।
  • 14 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ। ਇਸੇ ਦਿਨ ਬਹਿਬਲ ਕਲਾਂ ਵਿਚ ਸਿੱਖਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ।
  • 18 ਅਕਤੂਬਰ 2015: ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਐੱਸਆਈਟੀ ਦਾ ਗਠਨ। ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਪਰ ਪੁਲਿਸ ਦੇ ਦਾਅਵਿਆਂ ਉੱਤੇ ਸਵਾਲ ਖੜੇ ਹੋਏ।
  • 24 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਹੁਦੇ ਤੋਂ ਹਟਾਇਆ ਗਿਆ ਅਤੇ ਸੇਵਾ ਮੁਕਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ।
  • 26 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ
  • 30 ਜੂਨ,2016: ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨੇ ਰਿਪੋਰਟ ਸਰਕਾਰ ਨੂੰ ਸੌਂਪੀ, ਪਰ ਕਮਿਸ਼ਨ ਦੀਆਂ ਤਜਵੀਜ਼ਾਂ ਉੱਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
  • 14 ਅਪ੍ਰੈਲ 2017: ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ।
  • 30 ਜੂਨ 2018: ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ।
  • 31 ਜੂਨ 2018: ਅਮਰਿੰਦਰ ਸਿੰਘ ਦੀ ਸਰਕਾਰ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਸੀਬੀਆਈ ਹਵਾਲੇ ਕੀਤੀ।
  • 28 ਅਗਸਤ 2018: ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਅਤੇ ਅਕਾਲੀ ਦਲ ਵੱਲੋਂ ਬਹਿਸ ਦਾ ਬਾਈਕਾਟ। ਮਾਮਲੇ ਦੀ ਜਾਂਚ ਲਈ ਸੀਬੀਆਈ ਤੋਂ ਕੇਸ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ।
  • 10 ਸਤੰਬਰ 2018: ਪੰਜਾਬ ਸਰਕਾਰ ਵੱਲੋਂ ਬਹਿਬਲਾਂ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ।
  • ਬਰਗਾੜੀ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਪੁਲਿਸ ਫਾਇਰਿੰਗ ਮਾਮਲੇ 'ਚ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ, ਸੁਖਬੀਰ ਬਾਦਲ ਨੂੰ 19 ਨਵੰਬਰ ਅਤੇ ਅਕਸ਼ੇ ਕੁਮਾਰ ਨੂੰ 21 ਨਵੰਬਰ 2018 ਨੂੰ ਐੱਸਆਈਟੀ ਨੇ ਪੁੱਛਗਿੱਛ ਲਈ ਸੱਦਿਆ ਸੀ। ਸੰਮਨ ਮੁਤਾਬਕ, ''ਬਰਗਾੜੀ ਬੇਅਦਬੀ ਮਾਮਲਾ, ਕੋਟਕਪੂਰਾ ਤੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਦੀ ਜਾਂਚ ਦੇ ਮਾਮਲੇ ਵਿੱਚ ਜਿਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਉਨ੍ਹਾਂ ਦਾ ਹਾਜ਼ਿਰ ਹੋਣਾ ਲਾਜ਼ਮੀ ਹੈ। ਇਨ੍ਹਾਂ ਘਟਨਾਵਾਂ ਦੇ ਸਬੰਧ ਵਿੱਚ ਉਨ੍ਹਾਂ ਕੋਲੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਨ੍ਹਾਂ ਕੋਲ ਜੋ ਵੀ ਜਾਣਕਾਰੀਆਂ ਹਨ ਉਹ ਦਿੱਤੀਆਂ ਜਾਣ।''

ਇਹ ਵੀ ਪੜ੍ਹੋ-

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)