You’re viewing a text-only version of this website that uses less data. View the main version of the website including all images and videos.
ਵਿਧਾਨ ਸਭਾ ਚੋਣਾਂ 2022: ਚੋਣ ਜ਼ਾਬਤਾ ਲਾਗੂ ਹੋਣ 'ਤੇ ਸਿਆਸਤਦਾਨ ਕੀ ਕਰ ਸਕਦੇ ਹਨ ਤੇ ਕੀ ਨਹੀਂ
ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਜਾਂਦਾ ਹੈ।
ਚੋਣ ਜ਼ਾਬਤਾ ਚੋਣਾਂ ਤੋਂ ਪਹਿਲਾਂ ਇਸ ਲਈ ਲਗਾਇਆ ਜਾਂਦਾ ਹੈ ਤਾਂ ਜੋ ਸਿਆਸੀ ਪਾਰਟੀਆਂ ਚੋਣਾਂ ਦੇ ਦੌਰਾਨ ਕਿਸੇ ਤਰ੍ਹਾਂ ਦਾ ਲਾਹਾ ਨਾ ਲੈ ਸਕਣ।
ਇਸ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਤੇ ਜਾਂਦੇ ਭਾਸ਼ਣਾਂ ਤੋਂ ਲੈ ਕੇ ਕਈ ਤਰ੍ਹਾਂ ਦੇ ਅਧਿਕਾਰਤ ਐਲਾਨਾਂ ਵਿੱਚ ਇੱਕ ਸੀਮਾ ਤੈਅ ਕੀਤੀ ਜਾਂਦੀ ਹੈ।
ਕਿਨ੍ਹਾਂ 'ਤੇ ਲਗਦਾ ਹੈ ਚੋਣ ਜ਼ਾਬਤਾ
- ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤਾ ਕੇਂਦਰ ਦੇ ਸਿਆਸੀ ਆਗੂਆਂ ਤੋਂ ਲੈ ਕੇ ਸੂਬੇ ਦੇ ਸਿਆਸੀ ਆਗੂਆਂ ਤੱਕ ਸਭ ਉੱਤੇ ਲਾਗੂ ਹੁੰਦਾ ਹੈ।
- ਸਿਆਸੀ ਪਾਰਟੀਆਂ ਤੋਂ ਇਲਾਵਾ ਇਸ ਵਿੱਚ ਕਾਮਨਵੈਲਥ ਗੇਮਜ਼ ਪ੍ਰਬੰਧਕ ਕਮੇਟੀ, ਡੀਡੀਏ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ, ਜਲ ਬੋਰਡ, ਟਰਾਂਸਪੋਰਟ ਕਾਰਪੋਰੇਸ਼ਨਸ ਅਤੇ ਕੋਈ ਵੀ ਵਿਕਾਸ ਅਥਾਰਿਟੀ।
- ਕਿਸੇ ਵੀ ਤਰ੍ਹਾਂ ਦਾ ਇਸ਼ਤਿਹਾਰ ਜਾਂ ਆਪਣੇ ਕੀਤੇ ਕੰਮਾਂ ਨੂੰ ਉਭਾਰਨਾ ਵੀ ਚੋਣ ਜ਼ਾਬਤੇ ਹੇਠ ਆਉਂਦਾ ਹੈ।
- ਇਸ ਤੋਂ ਇਲਾਵਾ ਨਵੀਆਂ ਸਬਸਿਡੀਆਂ ਦਾ ਐਲਾਨ ਕਰਨਾ, ਨਵੀਂ ਸਕੀਮਾਂ ਲਿਆਉਣੀਆਂ, ਟੈਕਸ ਦੇ ਵਿੱਚ ਕਿਸੇ ਤਰ੍ਹਾਂ ਦਾ ਬਦਲਾਅ ਕਰਨਾ ਉਹ ਵੀ ਚੋਣ ਜ਼ਾਬਤੇ ਹੇਠ ਆਉਂਦਾ ਹੈ।
- ਚੋਣ ਕਮਿਸ਼ਨ, ਸਿਆਸੀ ਪ੍ਰੋਗਰਾਮਾਂ 'ਤੇ ਨਜ਼ਰ ਰੱਖਣ ਲਈ ਅਬਜ਼ਰਵਰ ਵੀ ਨਿਯੁਕਤ ਕਰਦਾ ਹੈ।
ਇਹ ਵੀ ਪੜ੍ਹੋ:
ਚੋਣ ਜ਼ਾਬਤੇ ਦੌਰਾਨ ਕਿਹੜੀਆਂ ਚੀਜ਼ਾਂ 'ਤੇ ਹੁੰਦੀ ਹੈ ਰੋਕ
- ਕਿਸੇ ਵੀ ਤਰ੍ਹਾਂ ਦੀ ਵਿੱਤੀ ਗਰਾਂਟ ਦਾ ਐਲਾਨ ਨਹੀਂ ਕੀਤਾ ਜਾ ਸਕਦਾ।
- ਕੋਈ ਵਾਅਦੇ ਨਹੀਂ ਕੀਤੇ ਜਾ ਸਕਦੇ।
- ਕਿਸੇ ਨਵੀਂ ਸਕੀਮ ਦਾ ਐਲਾਨ ਜਾਂ ਕਿਸੇ ਪ੍ਰਾਜੈਕਟ ਦਾ ਨੀਂਹ ਪੱਥਰ ਨਹੀਂ ਰੱਖਿਆ ਜਾ ਸਕਦਾ
- ਸੜਕਾਂ ਦੀ ਉਸਾਰੀ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਪ੍ਰਬੰਧ ਲਈ ਕੋਈ ਵਾਅਦਾ ਨਹੀਂ ਕੀਤਾ ਜਾ ਸਕਦਾ। ਇਹ ਗੱਲਾਂ ਸੱਤਾਧਾਰੀ ਪਾਰਟੀ ਦੇ ਪੱਖ ਵਿੱਚ ਕੰਮ ਕਰਦੀਆਂ ਹਨ।
- ਚੋਣ ਕਮਿਸ਼ਨ ਵੱਲੋਂ ਮੁੱਖ ਚੋਣ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਜਾਂਦੀ ਹੈ ਕਿ ਚੋਣਾਂ ਦੀ ਤਰੀਕ ਦੇ ਐਲਾਨ ਦੇ 72 ਘੰਟੇ ਦੇ ਅੰਦਰ-ਅੰਦਰ ਉਹ ਸਾਰੇ ਪ੍ਰਾਜੈਕਟਾਂ ਦੀ ਸੂਚੀ ਹਾਸਲ ਕਰਨ ਜਿਸ ਵਿੱਚ ਜ਼ਮੀਨੀ ਪੱਧਰ 'ਤੇ ਸ਼ੁਰੂ ਕੀਤੇ ਗਏ ਅਤੇ ਸ਼ੁਰੂ ਕੀਤੇ ਜਾਣ ਵਾਲੇ ਦੋਵੇਂ ਪ੍ਰਾਜੈਕਟ ਸ਼ਾਮਲ ਹਨ।
- ਇਹ ਹਦਾਇਤ ਨਵੀਆਂ ਸਕੀਮਾਂ ਅਤੇ ਚੱਲ ਰਹੀਆਂ ਸਕੀਮਾਂ ਦੋਵਾਂ 'ਤੇ ਹੀ ਲਾਗੂ ਹੁੰਦੀ ਹੈ।
- ਸਰਕਾਰੀ ਵਾਹਨ, ਸਰਕਾਰੀ ਜਹਾਜ਼ ਜਾਂ ਸਰਕਾਰੀ ਬੰਗਲਾ ਚੋਣ ਪ੍ਰਚਾਰ ਲਈ ਨਹੀਂ ਵਰਤਿਆ ਜਾ ਸਕਦਾ।
- ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਜਨਤਾ ਦੇ ਪੈਸੇ ਦੀ ਵਰਤੋਂ ਅਜਿਹੇ ਕਿਸੇ ਸਮਾਗਮ ਲਈ ਨਹੀਂ ਕੀਤੀ ਜਾ ਸਕਦੀ ਜਿਸ ਨਾਲ ਕਿਸੇ ਵਿਸ਼ੇਸ਼ ਪਾਰਟੀ ਨੂੰ ਫਾਇਦਾ ਹੋਵੇ।
ਪਾਰਟੀਆਂ ਕੀ ਕਰ ਸਕਦੀਆਂ ਹਨ
- ਚੋਣ ਪ੍ਰਚਾਰ ਦੌਰਾਨ ਸਾਰੀਆਂ ਪਾਰਟੀਆਂ ਜਾਂ ਲੀਡਰਾਂ ਲਈ ਮੈਦਾਨ ਜਾਂ ਹੈਲੀਪੈਡਸ ਬਰਾਬਰ ਪੱਧਰ 'ਤੇ ਮੁਹੱਈਆ ਹੋਣੇ ਚਾਹੀਦੇ ਹਨ।
- ਕਿਸੇ ਵੀ ਬੈਠਕ ਜਾਂ ਪ੍ਰੋਗਰਾਮ ਲਈ ਸਥਾਨਕ ਪੁਲਿਸ ਅਥਾਰਿਟੀ ਨੂੰ ਸਮੇਂ ਸਿਰ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਲੋੜੀਂਦੀ ਇਜਾਜ਼ਤ ਲੈਣੀ ਚਾਹੀਦੀ ਹੈ।
- ਬੈਠਕ ਜਾਂ ਚੋਣ ਪ੍ਰਚਾਰ ਲਈ ਰੱਖੇ ਗਏ ਪ੍ਰੋਗਰਾਮ ਲਈ ਲਾਊਡ ਸਪੀਕਰ ਅਤੇ ਦੂਜੀਆਂ ਸਹੂਲਤਾਂ ਲਈ ਇਜਾਜ਼ਤ ਲੈਣੀ ਜ਼ਰੂਰੀ ਹੈ।
- ਜੇਕਰ ਇਸ ਦੌਰਾਨ ਕਿਸੇ ਵੀ ਆਮ ਸ਼ਖ਼ਸ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਪੁਲਿਸ ਉਸ ਨਾਲ ਸਬੰਧਤ ਕਾਰਵਾਈ ਕਰੇ।
ਪਾਰਟੀਆਂ ਕੀ ਨਹੀਂ ਕਰ ਸਕਦੀਆਂ
- ਭਾਈਚਾਰੇ ਜਾਂ ਜਾਤ ਦੇ ਆਧਾਰ 'ਤੇ ਲੋਕਾਂ ਨੂੰ ਵੋਟ ਲਈ ਅਪੀਲ ਨਹੀਂ ਕਰ ਸਕਦੇ।
- ਅਜਿਹੀ ਕੋਈ ਕਾਰਵਾਈ ਨਹੀਂ ਕਰ ਸਕਦੇ ਜਿਸ ਨਾਲ ਕੋਈ ਭਾਈਚਾਰਾ, ਧਰਮ, ਗਰੁੱਪ ਜਾਂ ਫਿਰ ਵੱਖੋ-ਵੱਖ ਜਾਤਾਂ ਪ੍ਰਭਾਵਿਤ ਹੋਣ।
- ਬਿਨਾਂ ਸਬੂਤਾਂ ਦੇ ਆਧਾਰ 'ਤੇ ਕਿਸੇ ਵੀ ਪਾਰਟੀ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਨਹੀਂ ਕਰ ਸਕਦੇ।
- ਚੋਣ ਪ੍ਰੋਪੇਗੰਡਾ ਵਿੱਚ ਕਿਸੇ ਵੀ ਤਰ੍ਹਾਂ ਦੇ ਮੰਦਿਰ, ਮਸਜਿਦ, ਗੁਰਦੁਆਰਾ ਅਤੇ ਚਰਚ ਨੂੰ ਸ਼ਾਮਲ ਨਹੀਂ ਕੀਤਾ ਜਾ ਸਕਦਾ। ਨਾ ਹੀ ਗਾਣਿਆ ਵਿੱਚ, ਨਾ ਭਾਸ਼ਣਾਂ ਵਿੱਚ ਅਤੇ ਨਾ ਹੀ ਪੋਸਟਰਾਂ ਵਿੱਚ।
- ਕਿਸੇ ਹੋਰ ਪਾਰਟੀ ਵੱਲੋਂ ਰੱਖੀ ਗਈ ਬੈਠਕ ਜਾਂ ਪ੍ਰੋਗਰਾਮ ਵਿੱਚ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾ ਸਕਦੇ।
ਚੋਣ ਜ਼ਾਬਤੇ ਦੀ ਉਲੰਘਣਾ 'ਤੇ ਚੋਣ ਕਮਿਸ਼ਨ ਕੀ ਕਰ ਸਕਦਾ ਹੈ?
- ਜੇਕਰ ਕੋਈ ਉਮੀਦਵਾਰ ਜਾਂ ਸਿਆਸੀ ਪਾਰਟੀ ਚੋਣ ਜ਼ਾਬਤੇ ਦੀ ਉਲੰਘਣਾ ਕਰਦੀ ਹੈ ਤਾਂ ਚੋਣ ਕਮਿਸ਼ਨ ਨਿਯਮਾਂ ਅਨੁਸਾਰ ਕਾਰਵਾਈ ਕਰ ਸਕਦਾ ਹੈ।
- ਉਮੀਦਵਾਰ ਨੂੰ ਚੋਣ ਲੜਨ ਤੋਂ ਰੋਕਿਆ ਜਾ ਸਕਦਾ ਹੈ। ਲੋੜ ਪੈਣ 'ਤੇ ਅਪਰਾਧਿਕ ਮੁਕੱਦਮਾ ਵੀ ਦਰਜ ਕਰਵਾਇਆ ਜਾ ਸਕਦਾ ਹੈ।
- ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਜੇਲ੍ਹ ਜਾਣ ਤੱਕ ਦੀਆਂ ਵੀ ਤਜਵੀਜ਼ਾਂ ਹਨ।
ਇਹ ਵੀ ਪੜ੍ਹੋ:
ਇਹ ਵੀ ਦੇਖੋ: