ਕੈਪਟਨ ਅਮਰਿੰਦਰ ਨੇ ਨਰਿੰਦਰ ਮੋਦੀ ਤੋਂ ਕੀਤੀ ਕੌਮੀ ਡਰੱਗ ਨੀਤੀ ਬਣਾਉਣ ਦੀ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਕੌਮੀ ਡਰੱਗ ਪਾਲਿਸੀ ਬਣਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ ਮੋਦੀ ਗ੍ਰਹਿ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਿਆਂ ਨੂੰ ਇਸ ਮਸਲੇ ਨੂੰ ਹੋਰ ਵੱਧ ਗੰਭੀਰਤਾ ਨਾਲ ਸੁਲਝਾਉਣ ਦੀ ਸਲਾਹ ਦੇਣ।

ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੌਰਾਨ ਨਸ਼ੇ ਨੂੰ 100 ਦਿਨ ਵਿੱਚ ਖਤਮ ਕਰਨ ਦਾ ਵਾਅਦਾ ਕੀਤਾ ਸੀ।

ਬੀਬੀਸੀ ਨੂੰ ਦਿੱਤੇ ਇੱਕ ਇੰਟਰਵੀਊ ਵਿੱਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ 100 ਦਿਨ ਵਿੱਚ ਨਸ਼ੇ ਦਾ ਲੱਕ ਤੋੜਨ ਦਾ ਵਾਅਦਾ ਕੀਤਾ ਸੀ ਅਤੇ ਇਸ ਲਈ ਕਈ ਕਦਮ ਚੁੱਕੇ ਗਏ ਹਨ।

ਇਹ ਵੀ ਪੜ੍ਹੋ:-

ਨਸ਼ਾ ਖਤਮ ਕਰਨ ਲਈ ਤਿੰਨ ਪੜਾਵੀ ਰਣਨੀਤੀ

ਮੁੱਖ ਮੰਤਰੀ ਨੇ ਮੁਲਕ ਵਿੱਚ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੜਾਵੀ ਰਣਨੀਤੀ-ਕਾਰਵਾਈ, ਨਸ਼ਾ ਮੁਕਤੀ ਅਤੇ ਰੋਕਥਾਮ (ਈ.ਡੀ.ਪੀ.) ਲਈ ਕੌਮੀ ਨੀਤੀ ਘੜਨ ਵਾਸਤੇ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਡਰੱਗ ਪਾਲਿਸੀ ਬਣਨ ਨਾਲ ਸਾਰੇ ਸੂਬੇ ਇਸ ਸਮੱਸਿਆ ਪ੍ਰਤੀ ਪੂਰਨ ਤੌਰ 'ਤੇ ਨਹੀਂ ਤਾਂ ਘੱਟੋ-ਘੱਟ ਮਿਲਦੀ-ਜੁਲਦੀ ਪਹੁੰਚ ਅਤੇ ਰਣਨੀਤੀ ਅਪਣਾ ਸਕਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ, "ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਮੀ ਸਰਹੱਦ ਹੈ ਅਤੇ ਸਾਡੇ ਮੁਲਕ ਦੀ ਸੁਰੱਖਿਆ ਦੇ ਲਿਹਾਜ਼ ਤੋਂ ਸੂਬੇ ਦੀ ਰਣਨੀਤਿਕ ਅਹਿਮੀਅਤ ਹੈ। ਨਾਰਕੋ ਅੱਤਵਾਦ ਨਾਲ ਪੈਦਾ ਹੋਈਆਂ ਸੁਰੱਖਿਆ ਚਿੰਤਾਵਾਂ ਪੰਜਾਬ ਦੇ ਸੰਦਰਭ ਵਿੱਚ ਹੋਰ ਵਧੇਰੇ ਚਿੰਤਾਜਨਕ ਹੈ।"

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਦੀ ਵਰਤੋਂ ਬਿਨਾਂ ਸ਼ੱਕ ਇਕ ਆਲਮੀ ਸਮੱਸਿਆ ਹੈ ਜਿਸ ਦੀ ਵੱਡੇ ਪੱਧਰ 'ਤੇ ਸਮਾਜਿਕ ਤੇ ਆਰਥਿਕ ਕੀਮਤ ਉਤਾਰਨੀ ਪੈ ਰਹੀ ਹੈ।

ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ, "ਪਿਛਲੇ ਦੋ ਦਹਾਕਿਆਂ ਵਿੱਚ ਨਸ਼ਿਆਂ ਦੀ ਨਾਜਾਇਜ਼ ਤਸਕਰੀ ਦਾ ਬੋਲਬਾਲਾ ਭਾਰਤ 'ਚ ਵੀ ਖਤਰਨਾਕ ਪੱਧਰ 'ਤੇ ਪਹੁੰਚ ਚੁੱਕਾ ਹੈ।"

"ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਏਮਜ਼ ਦੇ ਨੈਸ਼ਨਲ ਡਰੱਗ ਡਿਪੈਂਡੈਂਸ ਟਰੀਟਮੈਂਟ ਸੈਂਟਰ ਦੇ ਸਹਿਯੋਗ ਨਾਲ ਫਰਵਰੀ, 2019 ਨੂੰ ਜਾਰੀ ਕੀਤੀ ਤਾਜ਼ਾ ਰਿਪੋਰਟ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਭਾਰਤ ਵਿੱਚ ਨਸ਼ਿਆਂ ਦੀ ਗਹਿਰੀ ਸਮੱਸਿਆ ਹੈ ਅਤੇ ਇਸ ਨਾਲ ਨਜਿੱਠਣ ਲਈ ਬਹੁ-ਪੜਾਵੀ ਅਤੇ ਸਾਂਝੀ ਨੀਤੀ ਦੀ ਲੋੜ ਹੈ।

ਇਹ ਵੀ ਪੜ੍ਹੋ:-

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)