ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿੱਚ ਕਤਲ

ਸਾਲ 2015 ਵਿੱਚ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਮਹਿੰਦਰਪਾਲ ਸਿੰਘ ਬਿੱਟੂ (49) ਦਾ ਨਾਭਾ ਦਾ ਜੇਲ੍ਹ ਵਿੱਚ 2 ਹੋਰ ਬੰਦੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ।

ਖ਼ਬਰ ਦੀ ਪੁਲਿਸ ਵਿਭਾਗ ਅਤੇ ਮੁੱਖ ਮੰਤਰੀ ਦਫਤਰ ਵੱਲੋਂ ਪੁਸ਼ਟੀ ਕੀਤੀ ਗਈ। ਬਿੱਟੂ ਡੇਰਾ ਸੱਚਾ ਸੌਦਾ ਦਾ ਸ਼ਰਧਾਲੂ ਸੀ ਅਤੇ ਪੁਲਿਸ ਮੁਤਾਬਕ ਡੇਰਾ ਪ੍ਰੇਮੀਆਂ ਨੇ ਹੀ ਬੇਅਦਬੀ ਨੂੰ ਅੰਜਾਮ ਦਿੱਤਾ ਸੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਤੇ ਸਾਰੇ ਭਾਈਚਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਸੂਬੇ ਵਿੱਚ ਸੁਰੱਖਿਆ ਵਧਾਉਣ ਦੇ ਵੀ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਹਮਲਾਵਰਾਂ ਨੂੰ ਉਨ੍ਹਾਂ ਦੇ ਜੁਰਮ ਦੀ ਸਜ਼ਾ ਦਿੱਤੀ ਜਾਵੇਗੀ।

ਬਿੱਟੂ ਉੱਪਰ ਕੈਦੀਆਂ ਨੇ ਇਹ ਹਮਲਾ ਸ਼ਨਿੱਚਰਵਾਰ ਸ਼ਾਮ ਸਵਾ ਪੰਜ ਵਜੇ ਕੀਤਾ। ਉਨ੍ਹਾਂ ਨੂੰ ਨਾਭਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਬਿੱਟੂ ਨੂੰ ਮ੍ਰਿਤ ਐਲਾਨ ਦਿੱਤਾ ਗਿਆ।

ਮੁੱਖ ਮੰਤਰੀ ਮੁਤਾਬਕ ਹੁਣ ਤਕ ਪਤਾ ਚੱਲਿਆ ਹੈ ਕਿ ਬਿੱਟੂ ਉੱਪਰ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੇ ਹਮਲਾ ਕੀਤਾ। ਇਹ ਦੋਵੇਂ ਵੀ ਇੱਕ ਕਤਲ ਦੀ ਸਜ਼ਾ ਕੱਟ ਰਹੇ ਹਨ।

ਇਹ ਵੀ ਪੜ੍ਹੋ:

ਕੌਣ ਕਰੇਗਾ ਜਾਂਚ

ਏਡੀਜੀਪੀ (ਜੇਲ੍ਹਾਂ) ਰੋਹਿਤ ਚੌਧਰੀ ਇਸ ਤੱਥ-ਪੜਤਾਲ ਕਮੇਟੀ ਦੀ ਅਗਵਾਈ ਕਰਨਗੇ। ਉਨ੍ਹਾਂ ਨੂੰ ਆਪਣੀ ਰਿਪੋਰਟ ਤਿੰਨ ਦਿਨਾਂ ਵਿੱਚ ਦੇਣ ਨੂੰ ਕਿਹਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਜਾਂਚ ਨਿਆਂਇਕ ਜਾਂਚ ਤੋਂ ਇਲਾਵਾ ਹੋਵੇਗੀ।

ਪੁਲਿਸ ਅਧਿਕਾਰੀਆਂ ਦੁਆਰਾ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੂੰ ਦਿੱਤੀ ਜਾਣਕਾਰੀ ਮੁਤਾਬਕ ਬਿੱਟੂ ਆਪਣੇ ਉੱਚ-ਸੁਰੱਖਿਆ ਵਾਲੇ ਬੈਰਕ ਵਿੱਚੋਂ ਬਾਹਰ ਆ ਕੇ ਸੈਰ ਕਰ ਰਿਹਾ ਸੀ ਜਦੋਂ ਕੁਝ ਹੋਰ ਕੈਦੀਆਂ ਨੇ ਉਸ ਉੱਪਰ ਹਮਲਾ ਕੀਤਾ।

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੂੰ ਦੱਸਿਆ ਕਿ ਪੁਲਿਸ ਅਧਿਕਾਰੀ ਇਸ ਦੀ ਜਾਂਚ ਕਰਨਗੇ ਕਿ ਉਸ ਨੂੰ ਬਾਹਰ ਕਿਵੇਂ ਆਉਣ ਦਿੱਤਾ ਗਿਆ।

ਇਹ ਵੀ ਪੜ੍ਹੋ:

ਬਿੱਟੂ ਨੂੰ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਬਰਗਾੜੀ ਬੇਅਦਬੀ ਮਾਮਲੇ ਵਿੱਚ ਗ੍ਰਿਫਤਾਰੀਆਂ ਵੇਲੇ ਪੁਲਿਸ ਦਾ ਦਾਅਵਾ ਸੀ ਕਿ ਕੁਝ ਡੇਰਾ ਪ੍ਰੇਮੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਚਾਹੁੰਦੇ ਸਨ ਕਿਉਂਕਿ ਸਿੱਖ ਧਰਮ ਦੇ ਮੁੱਖ ਤਖਤ, ਅਕਾਲ ਤਖਤ ਵੱਲੋਂ ਡੇਰਾ ਮੁਖੀ ਦਾ ਸਮਾਜਕ ਬਾਈਕਾਟ ਕਰਨ ਦਾ ਆਦੇਸ਼ ਦਿੱਤਾ ਗਿਆ ਸੀ।

ਪਹਿਲੀ ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਪਿੰਡ ਦੇ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਇਆ ਸੀ।

12 ਅਕਤੂਬਰ ਨੂੰ ਬਰਗਾੜੀ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ ਅਤੇ ਮਾੜੀ ਸ਼ਬਦਾਵਲੀ ਵਾਲੇ ਧਮਕੀ ਭਰੇ ਹੱਥ-ਲਿਖਤ ਪੋਸਟਰ ਵੀ ਲੱਗੇ ਮਿਲੇ ਸਨ।

ਇਹ ਵੀਡੀਓ ਵੀ ਜ਼ਰੂਰ ਦੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।