ਸੁਧੀਰ ਸੂਰੀ ਨੂੰ ਜਿਸ ਇਲਜ਼ਾਮ ਤਹਿਤ ਫੜਿਆ ਗਿਆ ਉਸ ਬਾਰੇ ਉਹ ਕੀ ਦੇ ਰਿਹਾ ਸਫ਼ਾਈ

ਪੰਜਾਬ ਪੁਲਿਸ ਨੇ ਐਤਵਾਰ ਨੂੰ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਇੱਕ ਕਥਿਤ ਵਾਇਰਲ ਵੀਡੀਓ ਵਿੱਚ ਔਰਤਾਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਨ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ।

ਸੂਰੀ ਨੂੰ ਪੰਜਾਬ ਪੁਲਿਸ ਨੇ ਕਰੀਬ 1300 ਕਿਮੀ ਦੂਰ ਮੱਧ ਪ੍ਰਦੇਸ਼ ਦੇ ਇੰਦੌਰ ਵਿਚੋਂ ਫੜ੍ਹਨ ਦਾ ਦਾਅਵਾ ਕੀਤਾ ਹੈ। ਡੀਜੀਪੀ ਦਿਨਕਰ ਗੁਪਤਾ ਅਨੁਸਾਰ 11 ਪੁਲਿਸ ਜਵਾਨਾਂ ਦੀ ਦੋ ਟੀਮਾਂ ਨੇ ਐਤਵਾਰ ਸਵੇਰੇ ਸੂਰੀ ਨੂੰ ਕਾਬੂ ਕੀਤਾ ਹੈ।

ਉੱਧਰ ਸੁਧੀਰ ਸੂਰੀ ਨੇ ਇਨ੍ਹਾਂ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਨੇ ਉਨ੍ਹਾਂ ਦੀ ਅਵਾਜ਼ ਬਣਾ ਕੇ ਉਹ ਵੀਡੀਓ ਵਾਇਰਲ ਕੀਤਾ ਹੈ ਤਾਂ ਜੋ ਉਨ੍ਹਾਂ ਦੇ ਅਕਸ ਨੂੰ ਖਰਾਬ ਕੀਤਾ ਜਾ ਸਕੇ। ਸੂਰੀ ਦਾ ਕਹਿਣਾ ਹੈ ਕਿ ਉਹ ਇਸ ਬਾਰੇ ਕਾਨੂੰਨੀ ਕਾਰਵਾਈ ਕਰਨਗੇ।

ਆਖ਼ਰ ਕੀ ਹੈ ਪੂਰਾ ਮਾਮਲਾ?

ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲੀ ਕਥਿਤ ਵੀਡੀਓ ਜਾਰੀ ਹੋਣ ਤੋਂ ਬਾਅਦ ਸੁਧੀਰ ਸੂਰੀ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਉਸ ਨੂੰ ਫੜਨ ਲਈ ਇੱਕ ਮੁਹਿੰਮ ਚਲਾਈ ਗਈ ਸੀ।

ਡੀਜੀਪੀ ਨੇ ਦੱਸਿਆ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ‘ਤੇ ਭਾਰਤ ਅਤੇ ਵਿਦੇਸ਼ ਵਿੱਚ ਭਾਰੀ ਅਲੋਚਨਾ ਹੋਣ ਮਗਰੋਂ ਜੰਡਿਆਲਾ ਪੁਲਿਸ, ਅੰਮ੍ਰਿਤਸਰ (ਦਿਹਾਤੀ) ਨੇ ਸੂਰੀ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕੀਤਾ ਸੀ।

ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਕਲਿੱਪ ਦੀ ਜਲਦੀ ਜਾਂਚ ਕੀਤੀ ਜਾਵੇ।

ਡੀਜੀਪੀ ਅਨੁਸਾਰ ਜਾਂਚ ਵਿੱਚ ਪਤਾ ਲਗਿਆ ਕਿ ਗ੍ਰਿਫ਼ਤਾਰੀ ਦੇ ਡਰ ਕਰਕੇ ਸੁਧੀਰ ਸੂਰੀ ਇੰਦੋਰ ਚਲਾ ਗਿਆ ਹੈ।

ਇਹ ਵੀਡੀਓ ਵੀ ਦੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)