ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਪਰਮਰਾਜ ਸਿੰਘ ਉਮਰਾਨੰਗਲ ਨਾਮਜ਼ਦ

    • ਲੇਖਕ, ਸੁਰਿੰਦਰ ਮਾਨ
    • ਰੋਲ, ਬੀਬੀਸੀ ਪੰਜਾਬੀ ਲਈ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨਾਲ ਜੁੜੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਉਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੁਲਿਸ ਨੇ ਕਤਲ ਅਤੇ ਇਰਾਦਾ-ਏ-ਕਤਲ ਦੇ ਕੇਸ 'ਚ ਨਾਮਜ਼ਦ ਕਰ ਲਿਆ ਹੈ।

ਅਸਲ ਵਿੱਚ ਪੰਜਾਬ ਪੁਲਿਸ ਦੀ ਸ਼ਪੈਸ਼ਲ ਇਨਵੈਸਟੀਗੇਸ਼ਨ ਟੀਮ 14 ਅਕਤੂਬਰ 2015 ਨੂੰ ਜ਼ਿਲਾ ਫਰੀਦਕੋਟ ਅਧੀਨ ਪੈਂਦੇ ਪਿੰਡ ਬਹਿਬਲ ਕਲਾਂ 'ਚ ਪੁਲਿਸ ਵੱਲੋਂ ਚਲਾਈਆਂ ਗਈਆਂ ਗੋਲੀਆਂ 'ਚ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੀ ਹੋਈ ਮੌਤ ਦੀ ਜਾਂਚ ਕਰ ਰਹੀ ਹੈ।

ਜਾਂਚ ਟੀਮ ਸਬੰਧਤ ਥਾਣਾ ਬਾਜਾਖਾਨਾ ਦੀ ਪੁਲਿਸ ਕੋਲ ਇਹ ਦਾਅਵਾ ਕੀਤਾ ਹੈ ਕਿ ਮੁਢਲੀ ਜਾਂਚ ਵਿੱਚ ਗਵਾਹਾਂ ਵੱਲੋਂ ਦਿੱਤੇ ਦਰਜ ਕਰਵਾਏ ਗਏ ਬਿਆਨਾਂ ਅਤੇ ਦਸਤਾਵੇਜ਼ਾਂ ਦੇ ਅਧਾਰ 'ਤੇ ਕੀਤੀ ਗਈ ਪੜਤਾਲ ਵਿੱਚ ਇਸ ਗੱਲ ਦਾ ਖੁਲਾਸਾ ਕਰਦੀ ਹੈ ਕਿ ਇਹ ਦੋਵੇਂ ਪੁਲਿਸ ਅਧਿਕਾਰੀ ਗੋਲੀ ਕਾਂਡ ਲਈ ਜ਼ਿੰਮੇਵਾਰ ਹਨ।

ਇਹ ਵੀ ਪੜ੍ਹੋ-

ਥਾਣਾ ਬਾਜਾਖਾਨਾ 'ਚ ਤਾਇਨਾਤ ਇੱਕ ਹੈਡ ਕਾਂਸਟੇਬਲ ਦੇ ਦਸਤਖ਼ਤਾਂ ਹੇਠ ਦਰਜ ਕੀਤੀ ਗਈ 'ਜਨਰਲ ਡਾਇਰੀ ਡਿਟੇਲਸ' 'ਚ ਕਿਹਾ ਗਿਆ ਹੈ ਕਿ ਜਾਂਚ ਟੀਮ ਵੱਲੋਂ ਮੁੱਖ ਥਾਣਾ ਅਫ਼ਸਰ ਬਾਜਾਖਾਨਾ ਨੂੰ 21 ਅਕਤੂਬਰ 2015 ਨੂੰ ਭਾਰਤੀ ਦੰਡ ਵਿਧਾਨ ਦੀ ਧਾਰਾ 302, 307, 218, 201, 166-ਏ, 120-ਬੀ, 34, 194, 195, 109 ਅਤੇ ਅਸਲਾ ਐਕਟ ਦੀ ਧਾਰਾ 25-27-54-59 ਅਧੀਨ ਦਰਜ ਕੀਤੇ ਗਏ ਕੇਸ ਦੇ ਸੰਦਰਭ ਵਿੱਚ ਇੱਕ ਵਟਸਐਪ ਮੈਸਜ ਰਾਹੀਂ ਲਿਖਿਆ ਗਿਆ ਹੈ ਕਿ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੁਲਿਸ ਕਮਿਸ਼ਨਰ ਪਰਮਰਾਜ ਸਿੰਘ ਉਮਰਾਨੰਗਲ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਸਿਟ ਦੀ ਇਸ ਪੜਤਾਲ ਦੇ ਅਧਾਰ 'ਤੇ ਇਨਾਂ ਦੋਵਾਂ ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਇਸ ਦੀ ਰਿਪੋਰਟ ਐੱਸਆਈਟੀ ਦੀਆਂ ਹਦਾਇਤਾਂ ਮੁਤਾਬਕ ਇਲਾਕਾ ਮੈਜਿਸਟਰੇਟ ਨੂੰ ਭੇਜੀ ਜਾ ਰਹੀ ਹੈ।

ਦਰਅਸਲ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਜਾਂਚ ਤੋਂ ਬਾਅਦ ਪੁਲਿਸ ਇਸ ਮਾਮਲੇ 'ਚ ਮੋਗਾ ਦੇ ਤਤਕਾਲੀ ਐੱਸਐੱਸਪੀ ਚਰਨਜੀਤ ਸ਼ਰਮਾ ਸਮੇਤ ਐੱਸਪੀ ਰੈਂਕ ਦੇ ਦੋ ਪੁਲਿਸ ਅਫ਼ਸਰਾਂ ਸਣੇ ਕੁਝ ਹੋਰ ਪੁਲਿਸ ਵਾਲਿਆਂ ਨੂੰ ਪਹਿਲਾਂ ਹੀ ਇਸ ਮਾਮਲੇ 'ਚ ਨਾਮਜ਼ਦ ਕਰ ਚੁੱਕੀ ਹੈ।

ਹ ਵੀ ਪੜ੍ਹੋ-

ਬੇਅਦਬੀ ਮਾਮਲੇ ਦਾ ਪੂਰਾ ਘਟਨਾਕ੍ਰਮ

  • 1 ਜੂਨ 2015: ਗੁਰੂ ਗ੍ਰੰਥ ਸਾਹਿਬ ਪਿੰਡ ਕੋਟਕਪੂਰਾ ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ।
  • 12 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿੱਚੋਂ ਮਿਲੇ।
  • 14 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ। ਇਸੇ ਦਿਨ ਬਹਿਬਲ ਕਲਾਂ ਵਿਚ ਸਿੱਖਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ।
  • 18 ਅਕਤੂਬਰ 2015: ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਐੱਸਆਈਟੀ ਦਾ ਗਠਨ। ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਪਰ ਪੁਲਿਸ ਦੇ ਦਾਅਵਿਆਂ ਉੱਤੇ ਸਵਾਲ ਖੜੇ ਹੋਏ।
  • 24 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਹੁਦੇ ਤੋਂ ਹਟਾਇਆ ਗਿਆ ਅਤੇ ਸੇਵਾ ਮੁਕਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ।
  • 26 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ
  • 30 ਜੂਨ,2016: ਜਸਟਿਸ ਜ਼ੋਰ ਸਿੰਘ ਕਮਿਸ਼ਨ ਨੇ ਰਿਪੋਰਟ ਸਰਕਾਰ ਨੂੰ ਸੌਂਪੀ, ਪਰ ਕਮਿਸ਼ਨ ਦੀਆਂ ਤਜਵੀਜ਼ਾਂ ਉੱਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
  • 14 ਅਪ੍ਰੈਲ 2017: ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ।
  • 30 ਜੂਨ 2018: ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ।
  • 31 ਜੂਨ 2018: ਅਮਰਿੰਦਰ ਸਿੰਘ ਦੀ ਸਰਕਾਰ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਸੀਬੀਆਈ ਹਵਾਲੇ ਕੀਤੀ।
  • 28 ਅਗਸਤ 2018: ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਅਤੇ ਅਕਾਲੀ ਦਲ ਵੱਲੋਂ ਬਹਿਸ ਦਾ ਬਾਈਕਾਟ। ਮਾਮਲੇ ਦੀ ਜਾਂਚ ਲਈ ਸੀਬੀਆਈ ਤੋਂ ਕੇਸ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ।
  • 10 ਸਤੰਬਰ 2018: ਪੰਜਾਬ ਸਰਕਾਰ ਵੱਲੋਂ ਬਹਿਬਲਾਂ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ।

ਇਹ ਵੀ ਪੜ੍ਹੋ-

ਇਹ ਵੀ ਵੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)