You’re viewing a text-only version of this website that uses less data. View the main version of the website including all images and videos.
ਰਾਜੋਆਣਾ ਦੀ ਸਜ਼ਾ ਮੁਆਫ਼ੀ ਬਾਰੇ ਕੇਂਦਰ ਦੋ ਹਫ਼ਤਿਆਂ 'ਚ ਫ਼ੈਸਲਾ ਲਵੇ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਬਾਰੇ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ 'ਚ ਫ਼ੈਸਲਾ ਲੈਣ ਦਾ 'ਆਖਰੀ ਮੌਕਾ' ਦਿੱਤਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ 'ਚ ਭਾਈ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਕੇਂਦਰ ਨੇ ਅਰਜ਼ੀ 'ਤੇ ਸੁਣਵਾਈ ਦੌਰਾਨ ਮੰਗ ਕੀਤੀ ਸੀ ਕਿ ਉਸ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਜਾਵੇ ਕਿਉਂਕਿ ਸਰਕਾਰ ਮੁੱਦੇ ਦੀ ਘੋਖ ਕਰ ਰਹੀ ਹੈ ਅਤੇ ਉਸ ਨੂੰ ਮੌਜੂਦਾ ਹਾਲਾਤ ਦੌਰਾਨ ਹੋਰ ਸਮੇਂ ਦੀ ਲੋੜ ਹੈ।
ਦਿ ਟ੍ਰਿਬਿਊਨ ਅਖ਼ਬਾਰ ਮੁਤਾਬਕ, ਚੀਫ਼ ਜਸਟਿਸ ਐੱਸ ਏ ਬੋਬੜੇ, ਜਸਟਿਸ ਏ ਐੱਸ ਬੋਪੰਨਾ ਅਤੇ ਵੀ ਰਾਮਾਸੁਬਰਾਮਣੀਅਨ ਦੇ ਬੈਂਚ ਨੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਅੱਗਿਉਂ ਸਵਾਲ ਕੀਤਾ ਕਿ ਸਰਕਾਰ ਨੂੰ ਤਿੰਨ ਹੋਰ ਹਫ਼ਤਿਆਂ ਦੀ ਲੋੜ ਕਿਉਂ ਹੈ?
ਇਹ ਵੀ ਪੜ੍ਹੋ
ਬੈਂਚ ਨੇ ਕਿਹਾ ਕਿ ਤਿੰਨ ਹਫ਼ਤਿਆਂ ਦਾ ਸਮਾਂ ਉਨ੍ਹਾਂ ਨੂੰ ਢੁੱਕਵਾਂ ਨਹੀਂ ਜਾਪਦਾ ਹੈ। “ਅਸੀਂ ਤੁਹਾਨੂੰ 26 ਜਨਵਰੀ ਤੱਕ ਫ਼ੈਸਲਾ ਲੈਣ ਲਈ ਕਿਹਾ ਸੀ ਅਤੇ ਅੱਜ 25 ਜਨਵਰੀ ਹੈ।”
ਮਹਿਤਾ ਨੇ ਕਿਹਾ ਕਿ ਮੌਜੂਦਾ ਹਾਲਾਤ 'ਚ ਠੀਕ ਰਹੇਗਾ ਕਿ ਮਾਮਲੇ 'ਤੇ ਸੁਣਵਾਈ ਤਿੰਨ ਹਫ਼ਤਿਆਂ ਮਗਰੋਂ ਹੋਵੇ। ਬੈਂਚ ਨੇ ਕਿਹਾ,''ਅਸੀਂ ਤੁਹਾਨੂੰ ਆਖਰੀ ਮੌਕਾ ਦੇ ਰਹੇ ਹਾਂ ਅਤੇ ਦੋ ਹਫ਼ਤਿਆਂ 'ਚ ਜਵਾਬ ਦਾਖ਼ਲ ਕਰੋ।''
ਸੁਣਵਾਈ ਦੌਰਾਨ ਭਾਈ ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਉਨ੍ਹਾਂ ਦਾ ਮੁਵੱਕਿਲ ਪਿਛਲੇ 25 ਸਾਲਾਂ ਤੋਂ ਜੇਲ੍ਹ 'ਚ ਹੈ ਅਤੇ ਉਸ ਦੀ ਰਹਿਮ ਦੀ ਅਰਜ਼ੀ 9 ਸਾਲਾਂ ਤੋਂ ਬਕਾਇਆ ਪਈ ਹੈ।
ਗਣਤੰਤਰ ਦਿਵਸ ਦੀ ਪੂਰਬੀ ਸ਼ਾਮ ਨੂੰ ਕਿਸਾਨਾਂ ਬਾਰੇ ਕੀ ਬੋਲੇ ਰਾਸ਼ਟਰਪਤੀ
ਗਣਤੰਤਰ ਦਿਵਸ ਤੋਂ ਪਹਿਲੀ ਸ਼ਾਮ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਦਾ ਸਮਰਥਨ ਕਰਦਿਆਂ ਦੇਸ਼ ਵਿੱਚ ਕਿਸਾਨਾਂ ਦੇ ਯੋਗਦਾਨ ਨੂੰ ਸਰਾਹਿਆ।
ਦਿ ਹਿੰਦੂ ਅਖ਼ਬਾਰ ਮੁਤਾਬਕ, ਰਾਸ਼ਟਰਪਤੀ ਨੇ ਦੇਸ਼ ਦੇ 72ਵੇਂ ਗਣਤੰਤਰ ਦਿਵਸ ਦੀ ਪੂਰਬੀ ਸ਼ਾਮ ਦੇਸ਼ ਵਾਸੀਆਂ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਬਿਨਾਂ ਸ਼ੱਕ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ।
ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਭਾਰਤ ਹਮੇਸ਼ਾ ਅਮਨ ਪ੍ਰਤੀ ਵਚਨਬੱਧ ਰਿਹਾ ਹੈ ਤੇ ਦੇਸ਼ ਦੀ ਕੌਮੀ ਸੁਰੱਖਿਆ ਨੂੰ ਮਿਲਣ ਵਾਲੀ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਦੇ ਸਮਰੱਥ ਹਨ। ਉਨ੍ਹਾਂ ਇਹ ਗੱਲ ਪਿਛਲੇ ਸਾਲ ਲੱਦਾਖ 'ਚ ਚੀਨ ਵੱਲੋਂ ਕੀਤੀ ਗਈ ਘੁਸਪੈਠ ਦੇ ਸੰਦਰਭ ਵਿੱਚ ਕਹੀ।
ਕੋਵਿਡ-19 ਖ਼ਿਲਾਫ਼ ਭਾਰਤ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਆਪਸੀ ਭਾਈਚਾਰੇ ਤੋਂ ਬਿਨਾਂ ਇਸ ਮਹਾਮਾਰੀ ਖ਼ਿਲਾਫ਼ ਜੰਗ ਸੰਭਵ ਨਹੀਂ ਸੀ।
ਇਹ ਵੀ ਪੜ੍ਹੋ
ਕੈਪਟਨ ਨੇ ਕਿਹਾ, ‘ਬਿੱਟੂ ਅਤੇ ਜ਼ੀਰਾ 'ਤੇ ਹੋਏ ਹਮਲੇ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ’
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਾਂਗਰਸ ਐਮਪੀ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਕੁਲਬੀਰ ਸਿੰਘ ਜੀਰਾ 'ਤੇ ਸਿੰਘੂ ਬਾਰਡਰ 'ਤੇ ਹੋਏ ਹਮਲੇ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਦੱਸਿਆ।
ਇੰਡੀਅਨ ਐਕਸਪ੍ਰੈਸ ਅਖ਼ਬਾਰ ਮੁਤਾਬਕ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਲੀਡਰਾਂ ਉੱਤੇ ਹਮਲਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਨਹੀਂ ਬਲਕਿ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਨੇ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਅਜਿਹੇ ਪੈਂਤੜੇ ਆਪਣਾ ਰਹੀ ਹੈ।
ਇਸ ਦਾ ਜਵਾਬ ਦਿੰਦਿਆਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਰਾਘਵ ਚੱਡਾ ਨੇ ਕਿਹਾ ਕਿ ਕਿਸਾਨ ਅੰਦੋਲਨ ਆਮ ਲੋਕ ਚਲਾ ਰਹੇ ਹਨ, ਨਾ ਕਿ ਆਮ ਆਦਮੀ ਪਾਰਟੀ।
ਇਹ ਖ਼ਬਰਾਂ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ: