26 ਜਨਵਰੀ ਤੋਂ ਲਾਪਤਾ ਕਿਸਾਨਾਂ ਦਾ ਪਤਾ ਲਾਉਣ ਲਈ ਪੰਜਾਬ ਸਰਕਾਰ ਤੇ ਅਕਾਲੀ ਦਲ ਵੱਲੋਂ ਇੰਝ ਕੀਤੀ ਜਾ ਰਹੀ ਹੈ ਮਦਦ - ਪ੍ਰੈਸ ਰਿਵੀਊ

26 ਜਨਵਰੀ ਤੋਂ ਬਾਅਦ ਲਾਪਤਾ ਹੋਏ ਲੋਕਾਂ ਜਾਂ ਕਿਸਾਨਾਂ ਦੀ ਭਾਲ ਲਈ ਪੰਜਾਬ ਸਰਕਾਰ ਅਤੇ ਅਕਾਲੀ ਦਲ ਵੱਲੋਂ ਮਦਦ ਕਰਨ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।

ਦਿ ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ 112 ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਕਿਸਾਨਾਂ ਦੀ ਮੁਫ਼ਤ ਕਾਨੂੰਨੀ ਮਦਦ ਲਈ 70 ਵਕੀਲ ਨਿਯੁਕਤ ਕੀਤੇ ਗਏ ਹਨ।

ਇੱਕ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਦੇ ਮੰਤਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਹਨ ਅਤੇ ਉਹ ਖੁਦ ਲਾਪਤਾ ਲੋਕਾਂ ਜਾਂ ਕਿਸਾਨਾਂ ਦਾ ਮੁੱਦਾ ਗ੍ਰਹਿ ਮੰਤਰਾਲੇ ਕੋਲ ਚੁੱਕਣਗੇ।

ਉੱਧਰ ਅਕਾਲੀ ਦਲ ਨੇ ਵੀ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹੈ।

ਇਹ ਖ਼ਬਰਾਂ ਵੀ ਪੜ੍ਹੋ:

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਰਾਹੀਂ 26 ਜਨਵਰੀ ਤੋਂ ਲਾਪਤਾ ਜਾਂ ਹਿਰਾਸਤ ਵਿੱਚ ਲਏ ਗਏ ਲੋਕਾਂ ਜਾਂ ਕਿਸਾਨ ਪਰਿਵਾਰਾਂ ਦੀ ਮਦਦ ਲਈ ਮੁਫ਼ਤ ਕਾਨੂੰਨੀ ਮਦਦ ਕੀਤੀ ਜਾਵੇਗੀ।

ਸੋਸ਼ਲ ਮੀਡੀਆ ਰੈਗੁਲੇਟ ਕਰਨ ਸਬੰਧੀ ਕੇਂਦਰ ਨੂੰ ਸੁਪਰੀਮ ਕੋਰਟ ਦਾ ਨੋਟਿਸ

ਦਿ ਟ੍ਰਿਬਿਊਨ ਮੁਤਾਬਕ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਨੂੰ ਇੱਕ ਜਨਹਿਤ ਪਟੀਸ਼ਨ 'ਤੇ ਨੋਟਿਸ ਜਾਰੀ ਕਰਕੇ ਸੋਸ਼ਲ ਮੀਡੀਆ ਪਲੇਟਫਾਰਮਸ ਜਿਵੇਂ ਕਿ ਫੇਸਬੁੱਕ ਅਤੇ ਟਵਿੱਟਰ ਨੂੰ ਨਿਯਮਤ ਕਰਨ ਦੇ ਨਿਯਮਾਂ ਦੀ ਮੰਗ ਕੀਤੀ ਹੈ ਤਾਂ ਕਿ ਕਥਿਤ ਫੇਕ ਨਿਊਜ਼ ਅਤੇ ਨਫ਼ਰਤ ਭਰੀ ਸਪੀਚ ਫੈਲਾਉਣ ਵਾਲੇ ਅਕਾਊਂਟਸ ਨੂੰ ਰੱਦ ਕੀਤਾ ਜਾ ਸਕੇ।

ਚੀਫ਼ ਜਸਟਿਸ ਆਫ਼ ਇੰਡੀਆ ਐੱਸਏ ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਨੂੰ ਐਡਵੋਕੇਟ ਵਿਨੀਤ ਜਿੰਦਲ ਵੱਲੋਂ ਦਾਇਰ ਪਟੀਸ਼ਨ ਦਾ ਜਵਾਬ ਦੇਣ ਲਈ ਕਿਹਾ ਹੈ।

ਉਨ੍ਹਾਂ ਇਸ ਪਟੀਸ਼ਨ ਨੂੰ ਇੱਕ ਹੋਰ ਪਟੀਸ਼ਨ ਨਾਲ ਜੋੜ ਦਿੱਤਾ ਹੈ ਜਿਸ ਵਿੱਚ ਟੀਵੀ ਨਿਊਜ਼ ਚੈਨਲਾਂ ਵਿਰੁੱਧ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਟ੍ਰਿਬਿਊਨਲ ਸਥਾਪਤ ਕਰਨ ਦੀ ਮੰਗ ਕੀਤੀ ਗਈ ਹੈ।

ਕਿਸਾਨ ਅੰਦੋਲਨ ਕਾਰਨ ਫਿਰ ਟਰੇਨਾ ਪ੍ਰਭਾਵਿਤ

ਜਗ ਬਾਣੀ ਅਖ਼ਬਾਰ ਮੁਤਾਬਕ ਉੱਤਰੀ ਰੇਲਵੇ ਨੇ ਫਿਰ ਤੋਂ ਪੰਜਾਬ ਵਿੱਚ ਕਿਸਾਨ ਅੰਦੋਲਨ ਕਰਕੇ ਕੁਝ ਰੇਲ ਗੱਡੀਆਂ ਰੱਦ ਜਾਂ ਅੰਸ਼ਿਕ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਕੁਝ ਰੇਲ ਗੱਡੀਆਂ ਦੇ ਰੂਟ ਬਦਲ ਦਿੱਤੇ ਗਏ ਹਨ।

ਜਿਨ੍ਹਾਂ ਟਰੇਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚ ਦਰਭੰਗਾ-ਅੰਮ੍ਰਿਤਸਰ ਐਕਸਪ੍ਰੈਸ, ਨਾਂਦੇੜ-ਅੰਮ੍ਰਿਤਸਰ ਐਕਸਪ੍ਰੈਸ ਤੇ ਕੋਰਬਾ-ਅੰਮ੍ਰਿਤਸਰ ਐਕਸਪ੍ਰੈਸ ਸ਼ਾਮਲ ਹਨ।

ਇਹ ਖ਼ਬਰਾਂ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)