ਨਨਕਾਣਾ ਸਾਹਿਬ ਜਾਣ ਵਾਲੇ ਜੱਥੇ ’ਤੇ ਕੇਂਦਰ ਵੱਲੋਂ ਰੋਕ ਲਾਉਣ ਤੋਂ ਬਾਅਦ ਜਗੀਰ ਕੌਰ ਦੀ ਪੀਐੱਮ ਮੋਦੀ ਨੂੰ ਚਿੱਠੀ

    • ਲੇਖਕ, ਰਵਿੰਦਰ ਸਿੰਘ ਰੌਬਿਨ
    • ਰੋਲ, ਬੀਬੀਸੀ ਸਹਿਯੋਗੀ

ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਜੱਥੇ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਰੋਕ ਲਗਾਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗੀਰ ਕੌਰ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ।

ਜਗੀਰ ਕੌਰ ਵੱਲੋਂ ਲਿਖੀ ਗਈ ਚਿੱਠੀ 'ਚ ਉਨ੍ਹਾਂ ਕਿਹਾ, "ਕੇਂਦਰ ਸਰਕਾਰ ਵੱਲੋਂ ਜੱਥੇ 'ਤੇ ਰੋਕ ਲਗਾਉਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਹ ਸਿੱਖ ਸੰਗਤ ਨਾਲ ਅਨਿਆਂ ਹੈ। ਇਸ ਤੋਂ ਪਹਿਲਾਂ ਕਾਫ਼ੀ ਸਮੇਂ ਤੋਂ ਕਰਤਾਰਪੁਰ ਸਾਹਿਬ ਜਾਣ 'ਤੇ ਵੀ ਮਨਾਹੀ ਹੈ। ਬਾਰ-ਬਾਰ ਕਹਿਣ ਦੇ ਬਾਵਜੂਦ ਲਾਂਘਾ ਨਹੀਂ ਖੋਲ੍ਹਿਆ ਗਿਆ ਹੈ।"

ਉਨ੍ਹਾਂ ਨੇ ਅੱਗੇ ਕਿਹਾ, "ਪਾਕਿਸਤਾਨ ਵਿੱਚ ਸੈਂਕੜੇ ਇਤਿਹਾਸਕ ਗੁਰਦੁਆਰੇ ਹਨ ਜਿਨ੍ਹਾਂ 'ਚੋਂ ਸਾਨੂੰ ਸਿਰਫ਼ 15 'ਚ ਜਾਣ ਦੀ ਇਜਾਜ਼ਤ ਹੈ। ਸਿੱਖ ਸੰਗਤ ਨੂੰ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣ ਤੋਂ ਰੋਕਣ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਆਹਤ ਹੋਣਗੀਆਂ।"

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜੱਥੇ ਨੂੰ ਪਾਕਿਸਤਾਨ ਜਾਣ 'ਤੇ ਰੋਕਣ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਤਾਂਕਿ ਸੰਗਤਾਂ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਦੀ ਮੁੱਖ ਪ੍ਰੋਗਰਾਮ ਵਿੱਚ ਪਹੁੰਚ ਸਕਣ।

ਨਾਲ ਹੀ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਵੀ ਰੱਖੀ।

ਇਹ ਵੀ ਪੜ੍ਹੋ:

ਦਰਅਸਲ ਬੁੱਧਵਾਰ ਨੂੰ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਜੱਥੇ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਰੋਕ ਲਾ ਦਿੱਤੀ ਹੈ।

ਗ੍ਰਹਿ ਮੰਤਰਾਲੇ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਇਹ ਰੋਕ ਲਾਈ। ਗ੍ਰਹਿ ਵਿਭਾਗ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਚਿੱਠੀ ਭੇਜੀ ਹੈ ਜਿਸ ਵਿੱਚ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਹੈ।

ਤਕਰਬੀਨ 600 ਮੈਂਬਰਾਂ ਦੇ ਇਸ ਜੱਥੇ ਨੇ 18 ਤੋਂ 25 ਫਰਵਰੀ ਤੱਕ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਜਾਣਾ ਸੀ।

ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਨੇ ਕਿਹਾ, "ਪਾਕਿਸਤਾਨ ਭੇਜੇ ਜਾ ਰਹੇ ਜੱਥੇ 'ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸਾਰੀਆਂ ਤਿਆਰੀਆਂ ਮੁਕੰਮਲ ਹੋਣ 'ਤੇ ਆਖ਼ਰੀ ਮੌਕੇ ਜਥੇ 'ਤੇ ਰੋਕ ਲਗਾਉਣੀ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ।"

ਜਗੀਰ ਕੌਰ ਨੇ ਚੁੱਕੇ ਸਵਾਲ

ਜਗੀਰ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਖੇ ਸ਼ਰਧਾਲੂਆਂ ਦੀ ਸੁਰੱਖਿਆ ਦਾ ਮਸਲਾ ਹੈ ਅਤੇ ਮਾਰਚ 2020 ਤੋਂ ਕੋਵਿਡ-19 ਦੇ ਚੱਲਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਵੀ ਬੰਦ ਚੱਲ ਰਹੀ ਹੈ।

ਜਗੀਰ ਕੌਰ ਨੇ ਕਿਹਾ, "ਇਹ ਤਰਕ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ ਕਿਉਂਕਿ ਲੰਘੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ। ਜੇਕਰ ਉਸ ਵਕਤ ਕੋਈ ਖਤਰਾ ਨਹੀਂ ਸੀ ਤਾਂ ਹੁਣ ਖਤਰਾ ਕਿਵੇਂ ਪੈਦਾ ਹੋ ਗਿਆ।"

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਜਗੀਰ ਕੌਰ ਨੇ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਹੀਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਹੋਏ ਹਨ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਤਿਆਰੀਆਂ ਮੁਕੰਮਲ ਹਨ ਅਤੇ ਸ਼ਰਧਾਲੂਆਂ ਨੂੰ ਪਾਸਪੋਰਟ ਵੀ ਵੰਡ ਦਿੱਤੇ ਗਏ ਹਨ ਤਾਂ ਜਥੇ 'ਤੇ ਰੋਕ ਲਗਾਉਣੀ ਹੈਰਾਨੀਜਨਕ ਹੈ।

ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਵਿਖੇ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ 'ਤੇ ਸਾਰੇ ਪ੍ਰਬੰਧ ਕਰ ਲਏ ਗਏ ਸਨ।

ਜਥੇਦਾਰ ਨੇ ਵੀ ਨਰਾਜ਼ਗੀ ਜਤਾਈ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਨਕਾਣਾ ਸਾਹਿਬ ਸਿੱਖਾਂ ਲਈ ਬਹੁਤ ਅਹਿਮ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਕਿ ਮੱਕਾ ਤੇ ਮਦੀਨਾ, ਹਿੰਦੁਆਂ ਲਈ ਅਯੁੱਧਿਆ, ਬਨਾਰਸ ਤੇ ਜਗਨਨਾਥ ਪੁਰੀ ਸਥਾਨ ਹਨ।

ਉਨ੍ਹਾਂ ਕਿਹਾ, " ਤਕਰੀਬਨ 700 ਲੋਕਾਂ ਨੇ ਜੱਥੇ 'ਤੇ ਸ਼ਹੀਦਾਂ ਦੀ ਯਾਦ ਵਿੱਚ 100 ਸਾਲਾ ਸ਼ਤਾਬਦੀ ਮਨਉਣ ਲਈ ਜਾਣਾ ਸੀ। ਤਕਰੀਬਨ ਸਭ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਐਨ ਮੌਕੇ 'ਤੇ ਜੱਥੇ ਨੂੰ ਮਨ੍ਹਾ ਕਰਨਾ ਇਹ ਕੇਂਦਰ ਸਰਕਾਰ ਦਾ ਸਿੱਖਾਂ ਦੀ ਆਸਥਾ 'ਤੇ ਇੱਕ ਕਿਸਮ ਦਾ ਹਮਲਾ ਹੈ। ਮੈਨੂੰ ਹੈਰਾਨੀ ਨਹੀਂ ਹੋ ਰਹੀ ਕਿਉਂਕਿ ਧਾਰਮਿਕ ਯਾਤਰਾਵਾਂ 'ਤੇ ਪਾਬੰਦੀ ਮੁਗਲ ਕਾਲ ਵਿੱਚ ਵੀ ਲੱਗਦੀ ਰਹੀ ਹੈ।

ਉਸ ਦੌਰ ਵਿੱਚ ਹਿੰਦੂਆਂ ਨੂੰ ਯਾਤਰਾ ਕਰਨ 'ਤੇ ਰੋਕਿਆ ਜਾਂਦਾ ਸੀ ਅਤੇ ਅੱਜ ਆਜ਼ਾਦ ਭਾਰਤ ਵਿੱਚ ਸਿੱਖਾਂ ਨੂੰ ਆਪਣੇ ਬਹੁਤ ਹੀ ਪਾਵਨ ਅਸਥਾਨ 'ਤੇ ਜਾਣ ਤੋਂ ਰੋਕਿਆ ਗਿਆ ਹੈ। ਬਹਾਨਾ ਵੀ ਬੇਤੁਕਾ ਬਣਾਇਆ ਗਿਆ ਹੈ। ਨਵੰਬਰ ਵਿੱਚ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਜਥਾ ਪਾਕਿਸਤਾਨ ਦੀ ਧਰਨੀ 'ਤੇ ਮਨਾ ਕੇ ਆਇਆ ਹੈ। ਭਾਰਤ ਸਰਕਾਰ ਦੀ ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ।"

ਪਾਕਿਸਤਾਨ ਦੀ ਗੁਰਦੁਆਰਾ ਕਮੇਟੀ ਨੇ ਕੀ ਕਿਹਾ

ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਵੀ ਭਾਰਤ ਸਰਕਾਰ ਵੱਲੋਂ ਜੱਥੇ ਨੂੰ ਰੋਕੇ ਜਾਣ ਤੇ ਦੁੱਖ ਜ਼ਾਹਰ ਕੀਤਾ ਹੈ।

ਉਨ੍ਹਾਂ ਕਿਹਾ, "ਹਿੰਦੁਸਤਾਨ ਦੀ ਸਰਕਾਰ ਨੇ ਜੋ 700 ਦੇ ਕਰੀਬ ਸੰਗਤਾਂ ਆ ਰਹੀਆਂ ਸਨ, ਉਸ 'ਤੇ ਰੋਕ ਲਾ ਦਿੱਤੀ ਹੈ। ਉਹ ਛੋਟੇ-ਮੋਟੇ ਬਹਾਨੇ ਤਲਾਸ਼ ਰਹੇ ਹਨ ਜਿਵੇਂ ਕਿ ਸ਼ਾਇਦ ਉੱਥੇ ਸੁਰੱਖਿਆ ਦਾ ਮਸਲਾ ਹੈ, ਹਾਲਾਤ ਸਹੀ ਨਹੀਂ ਹਨ। ਅਸੀਂ ਇਸ ਦਾ ਵਿਰੋਧ ਕਰਦੇ ਹਾਂ।"

"ਅਸੀਂ ਦੱਸਦੇ ਹਾਂ ਕਿ ਪਾਕਿਸਤਾਨ ਪੂਰਾ ਅਮਨ ਵਾਲਾ ਮੁਲਕ ਹੈ, ਸ਼ਾਂਤੀ ਹੈ, ਕੋਈ ਸੁਰੱਖਿਆ ਦਾ ਮਾਮਲਾ ਨਹੀਂ ਹੈ। ਅਸੀਂ ਬੜੇ ਧਾਰਮਿਕ ਆਜ਼ਾਦੀ ਨਾਲ ਇੱਥੇ ਰਹਿ ਰਹੇ ਹਾਂ। ਸਾਡੇ ਧਾਰਮਿਕ ਅਸਥਾਨ ਸੁਰੱਖਿਅਤ ਹਨ। ਅਸੀਂ ਬੜੀ ਸ਼ਰਧਾ ਨਾਲ ਮਨਾ ਰਹੇ ਹਾਂ। ਇਸ ਦੀ ਗਵਾਹੀ ਨਵੰਬਰ ਵਿੱਚ ਹਿੰਦੁਸਤਾਨ ਦੀ ਧਰਤੀ ਤੋਂ ਆਈ ਸੰਗਤ ਦੇਣਗੇ।"

ਇਸ ਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ, "ਮੈਂ ਹਿੰਦੁਸਤਾਨ ਦੀ ਸਰਕਾਰ ਨੂੰ ਅਪੀਲ ਕਰਾਂਗਾ ਕਿ ਨਨਕਾਣਾ ਸਾਹਿਬ ਦਾ ਸਾਕਾ ਮਨਾਉਣਾ ਸਿੱਖਾਂ ਦਾ ਹੱਕ ਹੈ। ਉਨ੍ਹਾਂ ਨੂੰ ਨਹੀਂ ਰੋਕਣਾ ਚਾਹੀਦਾ।''

''ਪੂਰੇ ਸਿੱਖ ਜਗਤ ਨੂੰ ਅਪੀਲ ਕਰਨਾ ਚਾਹਾਂਗੇ ਕਿ ਹਿੰਦੁਸਤਾਨ ਦੀ ਸਰਕਾਰ 'ਤੇ ਦਬਾਅ ਪਾਉਣ। ਉਨ੍ਹਾਂ ਪਹਿਲਾਂ ਕਰਤਾਰਪੁਰ ਦਾ ਲਾਂਘਾ ਬੰਦ ਕੀਤਾ ਹੁਣ ਨਨਕਾਣਾ ਸਾਹਿਬ ਜਾਣ ਤੋਂ ਰੋਕਿਆ। ਅਸੀਂ ਫਿਰ ਵੀ ਸੰਗਤਾਂ ਦੀ ਕੱਲ੍ਹ ਉਡੀਕ ਕਰਾਂਗੇ।"

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)